ਚੇਅਰਮੈਨ ਸੇਖਵਾਂ ਨੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਕਾਦੀਆਂ ਵਿੱਚ 72 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਕਾਦੀਆਂ/ਗੁਰਦਾਸਪੁਰ, 11 ਅਪ੍ਰੈਲ 2025 (ਦੀ ਪੰਜਾਬ ਵਾਇਰ ) । ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਸਿੱਖਿਆ ਖੇਤਰ ਨੂੰ ਬਿਹਤਰੀਨ ਬਣਾਉਣ ਵਾਸਤੇ ਵਿੱਢੀ ਗਈ ਮੁਹਿੰਮ “ਪੰਜਾਬ ਸਿੱਖਿਆ ਕ੍ਰਾਂਤੀ” ਤਹਿਤ ਸਰਕਾਰੀ ਸਕੂਲਾਂ ਵਿੱਚ ਮਿਸਾਲੀ ਕਾਰਜ ਕੀਤੇ ਗਏ ਹਨ ਤੇ ਕਰਵਾਏ ਜਾ ਰਹੇ ਹਨ, ਜਿਸ ਨਾਲ ਸੂਬੇ ਦਾ ਸਿੱਖਿਆ ਢਾਂਚਾ ਦੇਸ਼ ਭਰ ਲਈ ਮਿਸਾਲ ਬਣਿਆ ਹੈ।
ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਗ ਸੇਖਵਾਂ ਨੇ ਅੱਜ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਕਾਦੀਆਂ ਵਿਖੇ ਪੰਜਾਬ ਸਰਕਾਰ ਵੱਲੋਂ 72 ਲੱਖ ਰੁਪਏ ਤੋਂ ਵੱਧ ਦੀ ਲਾਗਤ ਨਾਲ ਕਰਵਾਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ।

ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਦੱਸਿਆ ਕਿ ‘ਸਿੱਖਿਆ ਕ੍ਰਾਂਤੀ’ ਤਹਿਤ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਕਾਦੀਆਂ ਵਿਖੇ 72 ਲੱਖ ਰੁਪਏ ਦੀ ਲਾਗਤ ਨਾਲ 9 ਨਵੇਂ ਸਮਾਰਟ ਕਲਾਸ ਰੂਮ. 7 ਕਲਾਸ ਰੂਮਾਂ ਦੀ ਮੁਰੰਮਤ ਅਤੇ ਸਕੂਲ ਦੀ ਚਾਰ ਦੀਵਾਰੀ ਦੀ ਮੁਰੰਮਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਲਗਾਤਾਰ ਸੁਧਾਰ ਕੀਤੇ ਜਾ ਰਹੇ ਹਨ। ਸ. ਸੇਖਵਾਂ ਨੇ ਕਿਹਾ ਕਿ ਕੋਈ ਸਮਾਂ ਸੀ ਜਦੋਂ ਆਮ ਵਿਅਕਤੀ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਾਉਣ ਨੂੰ ਹੀ ਤਰਜੀਹ ਦਿੰਦੇ ਸਨ ਪ੍ਰੰਤੂ ਮੌਜੂਦਾ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਗਏ ਇਤਿਹਾਸਕ ਉਪਰਾਲਿਆਂ ਸਦਕਾ ਅੱਜ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖ਼ਲੇ ਦੀ ਗਿਣਤੀ ਵਿੱਚ ਵੱਡਾ ਇਜ਼ਾਫਾ ਹੋਇਆ ਹੈ।
ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਦੇਸ਼ ਵਿੱਚੋਂ ਸਭ ਤੋਂ ਬਿਹਤਰੀਨ ਸਿੱਖਿਆ ਪ੍ਰਬੰਧ ਦੇਣ ਦਾ ਟੀਚਾ ਲੈ ਕੇ ਦਿਨ-ਰਾਤ ਇੱਕ ਕਰਕੇ ਕੰਮ ਕਰ ਰਹੀ ਹੈ। ਸਰਕਾਰ ਵੱਲੋਂ ਕੀਤੇ ਯਤਨਾਂ ਦੇ ਸਾਰਥਿਕ ਸਿੱਟੇ ਨਿਕਲ ਕੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ 20 ਹਜ਼ਾਰ ਸਰਕਾਰੀ ਸਕੂਲਾਂ ਵਿੱਚ ਲਗਭਗ 28 ਲੱਖ ਵਿਦਿਆਰਥੀ ਸਿੱਖਿਆ ਪ੍ਰਾਪਤ ਕਰ ਰਹੇ ਹਨ। ਇਹਨਾਂ ਵਿੱਚੋਂ ਕਰੀਬ 17 ਹਜ਼ਾਰ ਸਕੂਲਾਂ ਨੂੰ ਵਾਈ-ਫਾਈ ਦੀ ਸਹੂਲਤ ਨਾਲ ਲੈਸ ਕੀਤਾ ਗਿਆ ਹੈ। ਇਸ ਦੇ ਨਾਲ-ਨਾਲ ਸਕੂਲ ਆਫ਼ ਐਮੀਨੈਂਸ ਦੇ ਰੂਪ ਵਿੱਚ ਪੰਜਾਬ ਦੇ ਵਿਦਿਆਰਥੀਆਂ ਨੂੰ ਇੱਕ ਵੱਡੀ ਸੌਗਾਤ ਦਿੱਤੀ ਗਈ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਨੂੰ ਤਰਜੀਹ ਦੇਣ।
ਇਸ ਮੌਕੇ ਉਨ੍ਹਾਂ ਨਾਲ ਡਿਪਟੀ ਡੀ.ਈ.ਓ. ਡਾ. ਅਨਿਲ ਸ਼ਰਮਾ, ਪ੍ਰਿੰਸੀਪਲ ਡਾ. ਸੁਨੀਤਾ ਕੌਸ਼ਲ ਤੋਂ ਇਲਾਵਾ ਸਕੂਲ ਵਿਦਿਆਰਥੀਆਂ ਦੇ ਮਾਪੇ, ਪੀ.ਟੇ.ਏ. ਦੇ ਮੈਂਬਰ ਅਤੇ ਇਲਾਕੇ ਦੇ ਮੁਹਤਬਰ ਹਾਜ਼ਰ ਸਨ।