ਪਿੰਡ ਭੁੰਬਲੀ ਦਾ ਛਿੰਝ ਮੇਲਾ ਪੰਜਾਬ ਦੇ ਅਮੀਰ ਸੱਭਿਆਚਾਰ ਅਤੇ ਖੇਡ ਵਿਰਸੇ ਦੀ ਸ਼ਾਨਦਾਰ ਮਿਸਾਲ: ਡਿਪਟੀ ਸਪੀਕਰ ਜੈ ਕਿਸ਼ਨ ਰੋੜੀ

ਡਿਪਟੀ ਸਪੀਕਰ ਜੈ ਕਿਸ਼ਨ ਰੋੜੀ, ਰਮਨ ਬਹਿਲ ਅਤੇ ਜਗਰੂਪ ਸਿੰਘ ਸੇਖਵਾਂ ਨੇ ਮੇਲੇ ਵਿੱਚ ਕੀਤੀ ਸ਼ਿਰਕਤ

‘ਨਸ਼ਿਆਂ ਨੂੰ ਨਾਂਹ, ਖੇਡਾਂ ਨੂੰ ਹਾਂ’ ਦਾ ਸੁਨੇਹਾ ਘਰ-ਘਰ ਪਹੁੰਚਾਉਣਾ ਸਮੇਂ ਦੀ ਲੋੜ: ਜੈਕਿਸ਼ਨ ਰੋੜੀ

ਡਿਪਟੀ ਸਪੀਕਰ ਵੱਲੋਂ ਮੇਲਾ ਪ੍ਰਬੰਧਕੀ ਕਮੇਟੀ ਨੂੰ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦੇਣ ਦਾ ਐਲਾਨ

ਵੱਖ ਵੱਖ ਕਬੱਡੀ ਦੀਆਂ ਟੀਮਾਂ ਵਿੱਚ ਦਿਲਖਿੱਚਵੇਂ ਮੁਕਾਬਲੇ ਹੋਏ

ਗੁਰਦਾਸਪੁਰ, 4 ਸਤੰਬਰ 2026 (ਮੰਨਨ ਸੈਣੀ )।ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਅਤੇ ਨੌਜਵਾਨ ਪੀੜ੍ਹੀ ਨੂੰ ਆਪਣੇ ਵਿਰਸੇ ਨਾਲ ਜੋੜਨ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ।

ਇਹ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ੍ਰੀ ਜੈ ਕਿਸ਼ਨ ਰੋੜੀ ਨੇ ਪਿੰਡ ਭੁੰਬਲੀ ਵਿਖੇ ਕਰਵਾਏ ਗਏ ਧੰਨ-ਧੰਨ ਬਾਬਾ ਚੱਠਾ ਜੀ ਮੇਲਾ ਛਿੰਝ ਦੌਰਾਨ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਮੇਲੇ ਦੀ ਪ੍ਰਬੰਧਕੀ ਕਮੇਟੀ ਵੱਲੋਂ ਪੰਜਾਬੀ ਸੱਭਿਆਚਾਰ, ਖੇਡਾਂ ਅਤੇ ਕੁਸ਼ਤੀ ਦੀ ਰਵਾਇਤ ਨੂੰ ਕਾਇਮ ਰੱਖਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਰਮਨ ਬਹਿਲ ਦੀ ਸਿਫਾਰਸ਼ ’ਤੇ ਆਪਣੇ ਅਖਤਿਆਰੀ ਫੰਡ ਵਿੱਚੋਂ 5 ਲੱਖ ਰੁਪਏ ਵਿਕਾਸ ਕਾਰਜਾਂ ਲਈ ਦੇਣ ਦਾ ਐਲਾਨ ਕੀਤਾ। ਇਸ ਮੌਕੇ ਹਲਕਾ ਇੰਚਾਰਜ ਰਮਨ ਬਹਿਲ ਅਤੇ ਸੂਬਾ ਉਪ ਪ੍ਰਧਾਨ ਪੰਜਾਬ ਅਤੇ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਜਗਰੂਪ ਸਿੰਘ ਸੇਖਵਾਂ ਨੇ ਮੇਲੇ ਵਿੱਚ ਵਿਸ਼ੇਸ਼ ਤੌਰ’ਤੇ ਸ਼ਿਰਕਤ ਕੀਤੀ।

ਜੈ ਕਿਸ਼ਨ ਰੋੜੀ ਨੇ ਕਿਹਾ ਕਿ ਪਿੰਡ ਭੁੰਬਲੀ ਵਿਖੇ ਲੱਗਣ ਵਾਲਾ ਛਿੰਝ ਮੇਲਾ ਸਿਰਫ਼ ਗੁਰਦਾਸਪੁਰ ਜਾਂ ਮਾਝੇ ਤੱਕ ਹੀ ਸੀਮਤ ਨਹੀਂ, ਸਗੋਂ ਇਹ ਪੂਰੇ ਪੰਜਾਬ ਵਿੱਚ ਆਪਣੀ ਵਿਲੱਖਣ ਪਛਾਣ ਰੱਖਦਾ ਹੈ। ਉਨ੍ਹਾਂ ਕਿਹਾ ਕਿ ਮੇਲੇ ਦੌਰਾਨ ਸੱਭਿਆਚਾਰਕ ਪ੍ਰੋਗਰਾਮਾਂ ਦੇ ਨਾਲ-ਨਾਲ ਕਬੱਡੀ ਅਤੇ ਖਾਸ ਕਰਕੇ ਕੁਸ਼ਤੀ ਦੇ ਮੁਕਾਬਲੇ ਕਰਵਾਏ ਜਾਣਾ ਪੰਜਾਬ ਦੀ ਖੇਡ ਪਰੰਪਰਾ ਨੂੰ ਮਜ਼ਬੂਤ ਕਰਨ ਦਾ ਸ਼ਲਾਘਾਯੋਗ ਉਪਰਾਲਾ ਹੈ।

ਉਨ੍ਹਾਂ ਕਿਹਾ ਕਿ ਅਜਿਹੇ ਮੇਲੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਅਤੇ ਆਪਣੇ ਸੱਭਿਆਚਾਰ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ‘ਨਸ਼ਿਆਂ ਨੂੰ ਨਾਂਹ, ਖੇਡਾਂ ਨੂੰ ਹਾਂ’ ਦਾ ਸੁਨੇਹਾ ਹਰ ਨੌਜਵਾਨ ਤੱਕ ਪਹੁੰਚਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਦਾ ਸੁਪਨਾ ਦੇਖਿਆ ਗਿਆ ਹੈ ਅਤੇ ਇਸ ਸੁਪਨੇ ਨੂੰ ਸਾਕਾਰ ਕਰਨ ਲਈ ਸਰਕਾਰ ਦੇ ਨਾਲ-ਨਾਲ ਸਮਾਜ ਦੀਆਂ ਵੱਖ-ਵੱਖ ਸਖ਼ਸ਼ੀਅਤਾਂ ਅਤੇ ਸੰਸਥਾਵਾਂ ਵੀ ਆਪਣਾ ਯੋਗਦਾਨ ਪਾ ਰਹੀਆਂ ਹਨ।

ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਨੇ ਰਮਨ ਬਹਿਲ, ਹਲਕਾ ਇੰਚਾਰਜ ਵਿਧਾਨ ਸਭਾ ਹਲਕਾ ਗੁਰਦਾਸਪੁਰ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਸ ਇਤਿਹਾਸਕ ਮੇਲੇ ਵਿੱਚ ਸ਼ਾਮਲ ਹੋਣ ਦਾ ਮੌਕਾ ਦੇਣ ਲਈ ਉਹ ਰਮਨ ਬਹਿਲ ਦੇ ਧੰਨਵਾਦੀ ਹਨ। ਉਨ੍ਹਾਂ ਮੇਲਾ ਛਿੰਝ ਦੀ ਪ੍ਰਬੰਧਕੀ ਕਮੇਟੀ ਅਤੇ ਸਮੂਹ ਇਲਾਕਾ ਵਾਸੀਆਂ ਨੂੰ ਮੇਲੇ ਦੀ ਸਫਲਤਾ ਲਈ ਮੁਬਾਰਕਬਾਦ ਵੀ ਦਿੱਤੀ।

‘ਖੇਡਾਂ ਵਤਨ ਪੰਜਾਬ ਦੀਆਂ’ ਰਾਹੀਂ ਲੱਖਾਂ ਖਿਡਾਰੀਆਂ ਨੂੰ ਮਿਲ ਰਿਹਾ ਮੌਕਾ: ਜਗਰੂਪ ਸਿੰਘ ਸੇਖਵਾਂ

ਇਸ ਮੌਕੇ ਸੂਬਾ ਉਪ ਪ੍ਰਧਾਨ ਪੰਜਾਬ ਅਤੇ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਸ. ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸੇ ਮਕਸਦ ਤਹਿਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਚੌਥਾ ਐਡੀਸ਼ਨ ਸ਼ੁਰੂ ਕੀਤਾ ਗਿਆ ਹੈ, ਜਿਸ ਵਿੱਚ ਪੰਜਾਬ ਭਰ ਤੋਂ ਲੱਖਾਂ ਖਿਡਾਰੀ ਹਿੱਸਾ ਲੈਣਗੇ।

ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਇਹ ਖੇਡਾਂ ਪਿੰਡ ਪੱਧਰ ਤੋਂ ਬਲਾਕ, ਜ਼ਿਲ੍ਹਾ ਅਤੇ ਸੂਬਾ ਪੱਧਰ ਤੱਕ ਕਰਵਾਈਆਂ ਜਾਣਗੀਆਂ। ਦਿਵਿਆਂਗ ਖਿਡਾਰੀਆਂ ਲਈ ਵੱਖਰੇ ਪੈਰਾ-ਖੇਡ ਮੁਕਾਬਲੇ ਵੀ ਕਰਵਾਏ ਜਾਣਗੇ ਅਤੇ ਜੇਤੂ ਖਿਡਾਰੀਆਂ ਨੂੰ ਪੰਜਾਬ ਸਰਕਾਰ ਵੱਲੋਂ ਕਰੋੜਾਂ ਰੁਪਏ ਦੇ ਇਨਾਮ ਦਿੱਤੇ ਜਾਣਗੇ।

ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ 3100 ਖੇਡ ਸਟੇਡੀਅਮ ਬਣਾਉਣ ਦਾ ਕੰਮ ਚੱਲ ਰਿਹਾ ਹੈ। ਇਨ੍ਹਾਂ ਵਿੱਚੋਂ ਸੈਂਕੜੇ ਸਟੇਡੀਅਮ ਤਿਆਰ ਹੋ ਚੁੱਕੇ ਹਨ, ਜਦਕਿ ਬਾਕੀ ਵੀ ਆਉਣ ਵਾਲੇ ਸਮੇਂ ਵਿੱਚ ਤਿਆਰ ਹੋ ਜਾਣਗੇ। ਉਨ੍ਹਾਂ ਕਿਹਾ ਕਿ ਲਗਭਗ ਹਰ 5-6 ਪਿੰਡਾਂ ਪਿੱਛੇ ਇੱਕ ਖੇਡ ਸਟੇਡੀਅਮ ਵਿਕਸਤ ਕਰਨ ਦਾ ਟੀਚਾ ਹੈ, ਤਾਂ ਜੋ ਪਿੰਡਾਂ ਦੇ ਨੌਜਵਾਨਾਂ ਨੂੰ ਬਿਹਤਰ ਖੇਡ ਸਹੂਲਤਾਂ ਮਿਲ ਸਕਣ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਿਆ ਜਾ ਸਕੇ।

ਛਿੰਝ ਮੇਲੇ ਨੇ ਪੰਜਾਬ ਦੇ ਸੱਭਿਆਚਾਰ ਅਤੇ ਖੇਡ ਵਿਰਸੇ ਨੂੰ ਸੰਭਾਲਿਆ: ਰਮਨ ਬਹਿਲ

ਇਸ ਤੋਂ ਪਹਿਲਾਂ ਰਮਨ ਬਹਿਲ, ਹਲਕਾ ਇੰਚਾਰਜ ਵਿਧਾਨ ਸਭਾ ਹਲਕਾ ਗੁਰਦਾਸਪੁਰ ਨੇ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ, ਜਗਰੂਪ ਸਿੰਘ ਸੇਖਵਾਂ ਅਤੇ ਮੇਲੇ ਵਿੱਚ ਪਹੁੰਚੀਆਂ ਸਮੂਹ ਸਖ਼ਸ਼ੀਅਤਾਂ ਦਾ ਸਵਾਗਤ ਕਰਦਿਆਂ ਧੰਨਵਾਦ ਕੀਤਾ।

ਰਮਨ ਬਹਿਲ ਨੇ ਕਿਹਾ ਕਿ ਪਿੰਡ ਭੁੰਬਲੀ ਵਿਖੇ ਹਰ ਸਾਲ ਲੱਗਣ ਵਾਲਾ ਛਿੰਝ ਮੇਲਾ ਬਹੁਤ ਪੁਰਾਣੀ ਅਤੇ ਮਾਣਮੱਤੀ ਪਰੰਪਰਾ ਦਾ ਹਿੱਸਾ ਹੈ। ਇਸ ਮੇਲੇ ਰਾਹੀਂ ਜਿੱਥੇ ਪੰਜਾਬੀ ਸੱਭਿਆਚਾਰ ਅਤੇ ਲੋਕ ਵਿਰਸੇ ਨੂੰ ਗੀਤ-ਸੰਗੀਤ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਰਾਹੀਂ ਲੋਕਾਂ ਤੱਕ ਪਹੁੰਚਾਇਆ ਜਾਂਦਾ ਹੈ, ਉੱਥੇ ਹੀ ਖੇਡਾਂ ਅਤੇ ਖਿਡਾਰੀਆਂ ਨੂੰ ਵੀ ਵੱਡਾ ਮੰਚ ਪ੍ਰਦਾਨ ਕੀਤਾ ਜਾਂਦਾ ਹੈ।

ਰਮਨ ਬਹਿਲ ਨੇ ਕਿਹਾ ਕਿ ਇਸ ਵਾਰ ਮੇਲੇ ਵਿੱਚ ਕਬੱਡੀ ਦੇ ਮੁਕਾਬਲਿਆਂ ਦੇ ਨਾਲ-ਨਾਲ ਕੁਸ਼ਤੀ ਦੇ ਮੁਕਾਬਲੇ ਵੀ ਕਰਵਾਏ ਗਏ। ਖਾਸ ਗੱਲ ਇਹ ਰਹੀ ਕਿ ਮੁੰਡਿਆਂ ਦੇ ਨਾਲ-ਨਾਲ ਕੁੜੀਆਂ ਨੇ ਵੀ ਕਬੱਡੀ ਦੇ ਮੁਕਾਬਲਿਆਂ ਵਿੱਚ ਹਿੱਸਾ ਲਿਆ, ਜੋ ਕਿ ਮਹਿਲਾ ਖੇਡਾਂ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਸ਼ਲਾਘਾਯੋਗ ਕਦਮ ਹੈ।

ਰਮਨ ਬਹਿਲ ਨੇ ਕਿਹਾ ਕਿ ਮੇਲਾ ਛਿੰਝ ਦੀ ਪ੍ਰਬੰਧਕੀ ਕਮੇਟੀ ਵਧਾਈ ਦੀ ਪਾਤਰ ਹੈ, ਜਿਸ ਨੇ ਪੰਜਾਬ ਦੇ ਸੱਭਿਆਚਾਰ ਅਤੇ ਖੇਡ ਵਿਰਸੇ ਦੀ ਰਵਾਇਤ ਨੂੰ ਕਾਇਮ ਰੱਖਿਆ ਹੈ। ਉਨ੍ਹਾਂ ਸਮੂਹ ਕਮੇਟੀ ਮੈਂਬਰਾਂ ਨੂੰ ਮੇਲੇ ਨੂੰ ਸਫਲਤਾਪੂਰਵਕ ਕਰਵਾਉਣ ਲਈ ਮੁਬਾਰਕਬਾਦ ਦਿੱਤੀ ਅਤੇ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਦਾ ਮੇਲੇ ਵਿੱਚ ਪਹੁੰਚਣ ’ਤੇ ਇਲਾਕੇ ਦੀ ਤਰਫੋਂ ਧੰਨਵਾਦ ਕੀਤਾ।

ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਚੌਥਾ ਪੜਾਅ ਸ਼ੁਰੂ ਹੋ ਚੁੱਕਾ ਹੈ, ਜਿਸ ਤਹਿਤ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੋੜ ਕੇ ਖੇਡ ਮੈਦਾਨਾਂ ਤੱਕ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿੱਚ 29 ਆਧੁਨਿਕ ਖੇਡ ਮੈਦਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਮਨਜ਼ੂਰੀ ਦਿੱਤੀ ਗਈ ਹੈ, ਜਿਨ੍ਹਾਂ ਵਿੱਚੋਂ ਕਈ ਖੇਡ ਮੈਦਾਨ ਤਿਆਰ ਹੋ ਚੁੱਕੇ ਹਨ ਅਤੇ ਲੋਕਾਂ ਨੂੰ ਸਮਰਪਿਤ ਵੀ ਕੀਤੇ ਜਾ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮੰਤਵ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਖੇਡਾਂ, ਸੱਭਿਆਚਾਰ ਅਤੇ ਉਸਾਰੂ ਗਤੀਵਿਧੀਆਂ ਨਾਲ ਜੋੜਨਾ ਹੈ ਅਤੇ ਇਸ ਦਿਸ਼ਾ ਵਿੱਚ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।

ਇਸ ਮੌਕੇ ਧੰਨ-ਧੰਨ ਬਾਬਾ ਚੱਠਾ ਜੀ ਮੇਲਾ ਛਿੰਝ ਪਿੰਡ ਭੁੰਬਲੀ ਦੀ ਪ੍ਰਬੰਧਕੀ ਕਮੇਟੀ ਵੱਲੋਂ ਡਿਪਟੀ ਸਪੀਕਰ ਜੈਨਕਿਸ਼ਨ ਰੋੜੀ ਸਮੇਤ ਵੱਖ-ਵੱਖ ਸਖ਼ਸ਼ੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵੱਖ ਵੱਖ ਕਬੱਡੀ ਦੀਆਂ ਟੀਮਾਂ ਵਿੱਚ ਦਿਲਖਿੱਚਵੇਂ ਮੁਕਾਬਲੇ ਹੋਏ।

ਇਸ ਮੌਕੇ ਚੇਅਰਮੈਨ ਬਲਾਕ ਸੰਮਤੀ ਰਣਜੀਤ ਸਿੰਘ ਰਾਣਾ, ਚੇਅਰਮੈਨ ਲਖਵਿੰਦਰ ਸਿੰਘ ਬੱਬਰੀ ਨੰਗਲ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ੍ਰੀਮਤੀ ਜਤਿੰਦਰ ਕੌਰ, ਟਰੱਸਟੀ ਜਗਜੀਤ ਸਿੰਘ ਪਿੰਟਾ, ਅਜੇ ਬਹਿਲ, ਸਰਪੰਚ ਟਿੰਕੂ ਸ਼ੇਰਗਿੱਲ ਪਿੰਡ ਬੱਬਰੀ, ਮੇਲਾ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ. ਲਖਵਿੰਦਰ ਸਿੰਘ, ਸੁੱਖਵਿੰਦਰ ਸਿੰਘ, ਹਰਪਾਲ ਸਿੰਘ, ਪ੍ਰਤਾਪ ਸਿੰਘ, ਮਨਜੀਤ ਸਿੰਘ, ਯੋਧਵੀਰ ਸਿੰਘ, ਗੁਰਪ੍ਰੀਤ ਸਿੰਘ, ਕੁਲਵਿੰਦਰ ਸਿੰਘ, ਗਾਇਕ ਹਰਪ੍ਰੀਤ ਢਿੱਲੋਂ, ਗਾਇਕਾ ਸਿਮ ਕੌਰ ਸਮੇਤ ਵੱਖ-ਵੱਖ ਪਿੰਡਾਂ ਦੇ ਪੰਚ-ਸਰਪੰਚ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।

Exit mobile version