ਭਾਰਤ-ਪਾਕਿ ਸਰਹੱਦ ‘ਤੇ ‘ਸੈਕੰਡ ਲਾਈਨ ਆਫ ਡਿਫੈਂਸ’ ਵਜੋਂ ਅਹਿਮ ਭੂਮਿਕਾ, 2 ਕਿਲੋ 760 ਗ੍ਰਾਮ ਹੈਰੋਇਨ ਸਮੇਤ ਤਸਕਰ ਗ੍ਰਿਫ਼ਤਾਰ
ਗੁਰਦਾਸਪੁਰ, 7 ਸਤੰਬਰ 2026 (ਮੰਨਨ ਸੈਣੀ)। ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਤੋਂ ਡਰੋਨ ਰਾਹੀਂ ਨਸ਼ੇ ਦੀ ਖੇਪ ਪਹੁੰਚਾਉਣ ਦੀ ਕੋਸ਼ਿਸ਼ ਨੂੰ ਗੁਰਦਾਸਪੁਰ ਪੁਲਿਸ ਨੇ ਨਾਕਾਮ ਕਰ ਦਿੱਤਾ ਹੈ। ਰਾਵੀ ਦਰਿਆ ਦੇ ਕੰਢੇ ਪੁਲਿਸ ਵੱਲੋਂ ਕੀਤੀ ਗਈ ਮੁਸਤੈਦੀ ਦੌਰਾਨ 2 ਕਿਲੋ 760 ਗ੍ਰਾਮ ਹੈਰੋਇਨ ਬਰਾਮਦ ਕਰਕੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਹ ਕਾਰਵਾਈ ਸਰਹੱਦੀ ਖੇਤਰ ਵਿੱਚ ਪੁਲਿਸ ਦੀ ‘ਸੈਕੰਡ ਲਾਈਨ ਆਫ ਡਿਫੈਂਸ’ ਵਜੋਂ ਨਿਭਾਈ ਜਾ ਰਹੀ ਅਹਿਮ ਭੂਮਿਕਾ ਨੂੰ ਵੀ ਉਜਾਗਰ ਕਰਦੀ ਹੈ।
ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਦੇ ਵਿਰੁੱਧ’ ਮੁਹਿੰਮ ਅਤੇ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੀਤੀ ਇਸ ਕਾਰਵਾਈ ਵਿੱਚ ਸਪੈਸ਼ਲ ਬ੍ਰਾਂਚ ਗੁਰਦਾਸਪੁਰ ਅਤੇ ਥਾਣਾ ਬਹਿਰਾਮਪੁਰ ਦੀ ਪੁਲਿਸ ਟੀਮ ਨੇ ਅਹਿਮ ਭੂਮਿਕਾ ਨਿਭਾਈ। ਪੁਲਿਸ ਨੂੰ ਸਰਹੱਦੀ ਖੇਤਰ ਵਿੱਚ ਡਰੋਨ ਦੀ ਗਤੀਵਿਧੀ ਬਾਰੇ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਰਾਵੀ ਦਰਿਆ ਦੇ ਕੰਢੇ ਨਾਕਾਬੰਦੀ ਕਰਕੇ ਸ਼ੱਕੀ ਗਤੀਵਿਧੀਆਂ ‘ਤੇ ਨਜ਼ਰ ਰੱਖੀ ਜਾ ਰਹੀ ਸੀ।
ਇਸ ਦੌਰਾਨ ਮੋਟਰਸਾਈਕਲ ‘ਤੇ ਜਾ ਰਹੇ ਇੱਕ ਨੌਜਵਾਨ ਨੂੰ ਪੁਲਿਸ ਨੇ ਸ਼ੱਕ ਦੇ ਆਧਾਰ ‘ਤੇ ਰੋਕਿਆ। ਉਪ ਕਪਤਾਨ ਪੁਲਿਸ, ਦੀਨਾਨਗਰ ਦੀ ਮੌਜੂਦਗੀ ਵਿੱਚ ਕੀਤੀ ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿੱਚੋਂ ਹੈਰੋਇਨ ਦੇ ਪੰਜ ਪੈਕਟ ਬਰਾਮਦ ਹੋਏ, ਜਿਨ੍ਹਾਂ ਦਾ ਕੁੱਲ ਵਜ਼ਨ 2 ਕਿਲੋ 760 ਗ੍ਰਾਮ ਸੀ। ਪੁਲਿਸ ਨੇ ਮੁਲਜ਼ਮ ਦੇ ਕਬਜ਼ੇ ਵਿੱਚੋਂ ਮੋਟਰਸਾਈਕਲ ਨੰਬਰ PB 06 BC 0950 ਵੀ ਬਰਾਮਦ ਕੀਤਾ।
ਐਸਐਸਪੀ ਗੁਰਦਾਸਪੁਰ ਆਦਿਤਿਯ ਵੱਲੋਂ ਕੀਤੀ ਗਈ ਪ੍ਰੈਸ ਵਾਰਤਾ ਅਨੁਸਾਰ ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਬਲਵਿੰਦਰ ਸਿੰਘ ਉਰਫ਼ ਟੀਟਾ (34), ਪੁੱਤਰ ਜਸਬੀਰ ਸਿੰਘ, ਵਾਸੀ ਰਾਜਪੁਰ ਚੇਬੇ, ਹਾਲ ਵਾਸੀ ਨਵੀਂ ਆਬਾਦੀ, ਚੰਡੀਗੜ੍ਹ ਵਜੋਂ ਹੋਈ ਹੈ। ਮੁੱਢਲੀ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਹੈ ਕਿ ਹੈਰੋਇਨ ਦੀ ਇਹ ਖੇਪ ਡਰੋਨ ਰਾਹੀਂ ਸਰਹੱਦ ਪਾਰੋਂ ਮੰਗਵਾਈ ਗਈ ਸੀ।
ਇਸ ਸਬੰਧੀ ਥਾਣਾ ਬਹਿਰਾਮਪੁਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21(ਸੀ)/61/85 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਮੁਲਜ਼ਮ ਨੂੰ ਰਿਮਾਂਡ ‘ਤੇ ਲੈ ਕੇ ਉਸ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਜਾਂਚ ਕੀਤੀ ਜਾਵੇਗੀ, ਤਾਂ ਜੋ ਸਰਹੱਦ ਪਾਰੋਂ ਖੇਪ ਭੇਜਣ ਵਾਲਿਆਂ ਅਤੇ ਸਥਾਨਕ ਪੱਧਰ ‘ਤੇ ਇਸ ਨੂੰ ਅੱਗੇ ਪਹੁੰਚਾਉਣ ਵਾਲੇ ਨੈੱਟਵਰਕ ਦਾ ਪਤਾ ਲਗਾਇਆ ਜਾ ਸਕੇ।

ਸਰਹੱਦੀ ਸੁਰੱਖਿਆ ਦੀ ਦੂਜੀ ਅਹਿਮ ਕੜੀ
ਸਰਹੱਦੀ ਜ਼ਿਲ੍ਹੇ ਵਿੱਚ ਕੀਤੀ ਗਈ ਇਹ ਕਾਰਵਾਈ ਸਿਰਫ਼ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੱਕ ਸੀਮਤ ਨਹੀਂ ਹੈ। ਭਾਰਤ-ਪਾਕਿ ਸਰਹੱਦ ‘ਤੇ ਤਾਇਨਾਤ ਸੁਰੱਖਿਆ ਬਲਾਂ ਦੀ ਨਿਗਰਾਨੀ ਤੋਂ ਬਾਅਦ ਦੇਸ਼ ਦੇ ਅੰਦਰ ਹੋਣ ਵਾਲੀ ਹਰ ਸ਼ੱਕੀ ਗਤੀਵਿਧੀ ‘ਤੇ ਨਜ਼ਰ ਰੱਖਣਾ ਅਤੇ ਤਸਕਰੀ ਦੇ ਨੈੱਟਵਰਕ ਨੂੰ ਅੱਗੇ ਵਧਣ ਤੋਂ ਰੋਕਣਾ ਪੁਲਿਸ ਦੀ ‘ਸੈਕੰਡ ਲਾਈਨ ਆਫ ਡਿਫੈਂਸ’ ਵਜੋਂ ਅਹਿਮ ਜ਼ਿੰਮੇਵਾਰੀ ਹੈ। ਡਰੋਨ ਰਾਹੀਂ ਸਰਹੱਦ ਪਾਰੋਂ ਭੇਜੀ ਗਈ ਖੇਪ ਨੂੰ ਫੜ ਕੇ ਪੁਲਿਸ ਨੇ ਇਸ ਭੂਮਿਕਾ ਦੀ ਅਹਿਮੀਅਤ ਨੂੰ ਮੁੜ ਸਾਬਤ ਕੀਤਾ ਹੈ।
ਐਸਐਸਪੀ ਗੁਰਦਾਸਪੁਰ ਸ੍ਰੀ ਆਦਿੱਤਯ ਨੇ ਦੱਸਿਆ ਕਿ ਪਿਛਲੇ ਇੱਕ ਹਫ਼ਤੇ ਦੌਰਾਨ ਗੁਰਦਾਸਪੁਰ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕਰਦਿਆਂ ਵਪਾਰਕ ਮਾਤਰਾ ਵਿੱਚ ਹੈਰੋਇਨ ਦੇ 6 ਮਾਮਲੇ ਦਰਜ, 7 ਮੁਲਜ਼ਮ ਗ੍ਰਿਫ਼ਤਾਰ ਅਤੇ ਕਰੀਬ 7.2 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਨ੍ਹਾਂ ਕਾਰਵਾਈਆਂ ਦੌਰਾਨ ਇੱਕ ਪਿਸਤੌਲ ਅਤੇ ਇੱਕ ਰਿਵਾਲਵਰ ਵੀ ਬਰਾਮਦ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਪੁਲਿਸ ਦੀ ਕਾਰਵਾਈ ਦਾ ਮਕਸਦ ਸਿਰਫ਼ ਤਸਕਰਾਂ ਨੂੰ ਗ੍ਰਿਫ਼ਤਾਰ ਕਰਨਾ ਨਹੀਂ, ਸਗੋਂ ਸਰਹੱਦ ਪਾਰੋਂ ਲੈ ਕੇ ਸਥਾਨਕ ਪੱਧਰ ਤੱਕ ਸਰਗਰਮ ਪੂਰੇ ਨਸ਼ਾ ਤਸਕਰੀ ਨੈੱਟਵਰਕ ਦੀ ਪਛਾਣ ਕਰਕੇ ਇਸ ਦੀ ਸਪਲਾਈ ਚੇਨ ਨੂੰ ਤੋੜਨਾ ਹੈ। ਗੁਰਦਾਸਪੁਰ ਪੁਲਿਸ ਨੇ ਨਸ਼ਾ ਤਸਕਰਾਂ ਅਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਜ਼ੀਰੋ ਟਾਲਰੈਂਸ ਦੀ ਨੀਤੀ ਤਹਿਤ ਕਾਰਵਾਈ ਜਾਰੀ ਰੱਖਣ ਦੀ ਵਚਨਬੱਧਤਾ ਦੁਹਰਾਈ ਹੈ।