ਵਿਕਾਸ ਦੀ ਦਰ ਨਾ ਰੁਕੀ ਹੈ, ਨਾ ਰੁਕੇਗੀ, ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣਾ ਮੇਰਾ ਸੁਪਨਾ: ਰਮਨ ਬਹਿਲ
ਗੁਰਦਾਸਪੁਰ, 10 ਸਤੰਬਰ 2026 (ਮੰਨਨ ਸੈਣੀ)– ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ‘ਰੰਗਲਾ ਪੰਜਾਬ’ ਬਣਾਉਣ ਦਾ ਲਿਆ ਸੁਪਨਾ ਅੱਜ ਸਾਕਾਰ ਹੁੰਦਾ ਨਜ਼ਰ ਆ ਰਿਹਾ ਹੈ। ਇਸੇ ਤਹਿਤ ਹਲਕਾ ਇੰਚਾਰਜ ਵਿਧਾਨ ਸਭਾ ਹਲਕਾ ਗੁਰਦਾਸਪੁਰ ਰਮਨ ਬਹਿਲ ਵੱਲੋਂ ਪੰਜਾਬ ਨਿਰਮਾਣ ਯੋਜਨਾ ਤਹਿਤ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੀਆਂ 55 ਪੰਚਾਇਤਾਂ ਨੂੰ ਵੱਖ-ਵੱਖ ਵਿਕਾਸ ਕਾਰਜਾਂ ਲਈ 2 ਕਰੋੜ 68 ਲੱਖ 39 ਹਜ਼ਾਰ ਰੁਪਏ ਦੀ ਰਾਸ਼ੀ ਦੇ ਚੈੱਕ ਵੰਡੇ ਗਏ।
ਇਸ ਮੌਕੇ ਰਮਨ ਬਹਿਲ ਨੇ ਕਿਹਾ ਕਿ ਇਹ ਰਾਸ਼ੀ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਦਿੱਤੀ ਗਈ ਹੈ ਅਤੇ ਇਸ ਨਾਲ ਪਿੰਡਾਂ ਵਿੱਚ ਵੱਖ-ਵੱਖ ਤਰ੍ਹਾਂ ਦੇ ਵਿਕਾਸ ਕਾਰਜ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਗੰਦੇ ਪਾਣੀ ਦੀ ਨਿਕਾਸੀ, ਐੱਸ.ਸੀ. ਭਾਈਚਾਰੇ ਦੀਆਂ ਧਰਮਸ਼ਾਲਾਵਾਂ, ਇਸਾਈ ਭਾਈਚਾਰੇ ਦੀਆਂ ਧਰਮਸ਼ਾਲਾਵਾਂ, ਗਲੀਆਂ ਵਿੱਚ ਲਾਈਟਾਂ, ਪੱਕੀਆਂ ਗਲੀਆਂ ਅਤੇ ਨਾਲੀਆਂ ਸਮੇਤ ਹੋਰ ਲੋੜੀਂਦੇ ਵਿਕਾਸ ਕਾਰਜ ਇਸ ਰਾਸ਼ੀ ਨਾਲ ਕਰਵਾਏ ਜਾ ਸਕਣਗੇ। ਉਨ੍ਹਾਂ ਕਿਹਾ ਕਿ ਪਿੰਡਾਂ ਦੀ ਲੋੜ ਨੂੰ ਧਿਆਨ ਵਿੱਚ ਰੱਖਦਿਆਂ ਕੋਈ ਵੀ ਜ਼ਰੂਰੀ ਵਿਕਾਸ ਕਾਰਜ ਅਣਦੇਖਾ ਨਹੀਂ ਕੀਤਾ ਗਿਆ।
ਰਮਨ ਬਹਿਲ ਨੇ ਕਿਹਾ ਕਿ ਉਹ ਪਹਿਲਾਂ ਵੀ ਕਈ ਵਾਰ ਕਹਿ ਚੁੱਕੇ ਹਨ ਕਿ ਗੁਰਦਾਸਪੁਰ ਵਿਧਾਨ ਸਭਾ ਹਲਕੇ ਵਿੱਚ ਵਿਕਾਸ ਦੀ ਦਰ ਨਾ ਰੁਕੀ ਹੈ ਅਤੇ ਨਾ ਹੀ ਰੁਕੇਗੀ। ਆਉਣ ਵਾਲੇ ਸਮੇਂ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਲਿਜਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਸੁਪਨਾ ਹੈ ਕਿ ਹਲਕੇ ਦੇ ਪਿੰਡਾਂ ਨੂੰ ਵੀ ਸ਼ਹਿਰਾਂ ਵਰਗੀਆਂ ਸੁੱਖ-ਸਹੂਲਤਾਂ ਮੁਹੱਈਆ ਕਰਵਾਈਆਂ ਜਾਣ, ਤਾਂ ਜੋ ਪਿੰਡਾਂ ਦੇ ਲੋਕਾਂ ਦਾ ਜੀਵਨ ਹੋਰ ਸੁਖਾਲਾ ਬਣ ਸਕੇ।
ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਲਈ ਖੁਸ਼ੀ ਦੀ ਗੱਲ ਹੈ ਕਿ ‘ਰੰਗਲਾ ਪੰਜਾਬ’ ਯੋਜਨਾ ਤਹਿਤ ਦੂਜੀ ਕਿਸ਼ਤ ਦੀ ਰਾਸ਼ੀ ਪਿੰਡਾਂ ਨੂੰ ਦਿੱਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਵੀ ਵਿੱਤ ਕਮਿਸ਼ਨ ਦੀਆਂ ਤਿੰਨ ਕਿਸ਼ਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਗੱਲ ਕੀਤੀ ਜਾਵੇ, ਪੀਣ ਵਾਲੇ ਪਾਣੀ ਦੀਆਂ ਸਹੂਲਤਾਂ ਦੀ ਗੱਲ ਹੋਵੇ ਜਾਂ ਖੇਡ ਮੈਦਾਨਾਂ ਦੀ, ਹਲਕੇ ਵਿੱਚ ਹਰ ਖੇਤਰ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।
ਉਨ੍ਹਾਂ ਗੁਰਦਾਸਪੁਰ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀ ਰਾਜਨੀਤੀ ਹਮੇਸ਼ਾ ਲੋਕਾਂ ਦੇ ਵਿਕਾਸ ਅਤੇ ਇਲਾਕੇ ਦੀ ਤਰੱਕੀ ਲਈ ਹੋਵੇਗੀ। ਉਨ੍ਹਾਂ ਗੁਰਦਾਸਪੁਰ ਵਿਧਾਨ ਸਭਾ ਹਲਕੇ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਨੂੰ ਆਪਣਾ ਸਮਰਥਨ, ਸਹਿਯੋਗ ਅਤੇ ਵਿਸ਼ਵਾਸ ਦੇਣ। ਉਨ੍ਹਾਂ ਕਿਹਾ ਕਿ ਜੇਕਰ ਲੋਕ ਇੱਕ ਮੌਕਾ ਦੇਣਗੇ ਤਾਂ ਇਸ ਇਲਾਕੇ ਨੂੰ ਹੋਰ ਉੱਚਾਈਆਂ ’ਤੇ ਲੈ ਕੇ ਜਾਣ ਦੀ ਜ਼ਿੰਮੇਵਾਰੀ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ।
ਅੰਤ ਵਿੱਚ ਰਮਨ ਬਹਿਲ ਨੇ ਗੁਰਦਾਸਪੁਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਲਈ 2 ਕਰੋੜ 68 ਲੱਖ 39 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕਰਨ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ, ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਦਿਲੋਂ ਧੰਨਵਾਦ ਕੀਤਾ।
ਇਸ ਮੌਕੇ ਬੀ.ਡੀ.ਪੀ.ਓ. ਦਿਲਬਾਗ ਸਿੰਘ, ਬਲਾਕ ਸੰਮਤੀ ਦੇ ਚੇਅਰਮੈਨਰਣਜੀਤ ਸਿੰਘ ਰਾਣਾ, ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮਟਿਡ ਗੁਰਦਾਸਪੁਰ ਦੇ ਚੇਅਰਮੈਨ. ਲਖਵਿੰਦਰ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁੱਚਾ ਸਿੰਘ ਮੁਲਤਾਨੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਤਿੰਦਰ ਕੌਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਣਜੀਤ ਸਿੰਘ, ਹੋਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਬਲਾਕ ਸੰਮਤੀ ਮੈਂਬਰ ਅਤੇ ਵੱਖ-ਵੱਖ ਪਿੰਡਾਂ ਦੇ ਸਰਪੰਚ-ਪੰਚ ਹਾਜ਼ਰ ਸਨ।

