ਗੁਰਦਾਸਪੁਰ 11 ਸਤੰਬਰ 2026 (ਮੰਨਨ ਸੈਣੀ)– ਵਿਦਿਆਰਥੀਆਂ ਨੂੰ ਕਿੱਤਾ ਮੁਖੀ ਕੋਰਸਾਂ, ਉਚੇਰੀ ਸਿੱਖਿਆ ਦੇ ਮੌਕਿਆਂ ਅਤੇ ਵੱਖ-ਵੱਖ ਪ੍ਰਤੀਯੋਗੀ ਪ੍ਰੀਖਿਆਵਾਂ ਸਬੰਧੀ ਵਡਮੁੱਲੀ ਜਾਣਕਾਰੀ ਪ੍ਰਦਾਨ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੇਸ਼ ਕੁਮਾਰ ਸ਼ਰਮਾ ਸਟੇਟ ਅਵਾਰਡੀ ਦੀ ਅਗਵਾਈ ਹੇਠ ਜ਼ਿਲ੍ਹਾ ਗਾਈਡੈਂਸ ਕੌਂਸਲਰ ਮੁਕੇਸ਼ ਵਰਮਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਨਿਆੜ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਿਆਰ ਦਾ ਵਿਸ਼ੇਸ਼ ਦੌਰਾ ਕੀਤਾ ਗਿਆ।
ਦੌਰੇ ਦੌਰਾਨ ਸ੍ਰੀ ਮੁਕੇਸ਼ ਵਰਮਾ ਵੱਲੋਂ ਦੋਵਾਂ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਭਲਾਈ ਅਤੇ ਸਰਵਪੱਖੀ ਵਿਕਾਸ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਰੁਚੀ, ਯੋਗਤਾ ਅਤੇ ਸਮਰੱਥਾ ਅਨੁਸਾਰ ਸਹੀ ਕਿੱਤੇ ਦੀ ਚੋਣ ਕਰਨ, ਕਿੱਤਾ ਮੁਖੀ ਕੋਰਸਾਂ ਅਤੇ ਵੱਖ-ਵੱਖ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਕਰਨ ਸਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ।
ਇਸ ਤੋਂ ਇਲਾਵਾ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲਾਂ ਵਿੱਚ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਦਾ ਵੀ ਜਾਇਜ਼ਾ ਲਿਆ ਗਿਆ। ਇਸ ਦੌਰਾਨ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਅਤੇ ਉਨ੍ਹਾਂ ਨੂੰ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਪ੍ਰੇਰਿਤ ਕਰਨ ਵਾਸਤੇ ਕੀਤੇ ਜਾ ਰਹੇ ਉਪਰਾਲਿਆਂ ਦੀ ਵੀ ਸਮੀਖਿਆ ਕੀਤੀ ਗਈ।
ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਿਰਫ਼ ਪਾਠਕ੍ਰਮ ਤੱਕ ਸੀਮਤ ਰੱਖਣ ਦੀ ਬਜਾਏ ਉਨ੍ਹਾਂ ਨੂੰ ਸਮਾਜਿਕ ਸਰੋਕਾਰਾਂ, ਨਸ਼ਿਆਂ ਵਿਰੁੱਧ ਜਾਗਰੂਕਤਾ, ਸੱਭਿਆਚਾਰਕ ਵਿਰਸੇ ਅਤੇ ਹੋਰ ਸਮਾਜਿਕ ਮੁੱਦਿਆਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਅਜਿਹੇ ਉਪਰਾਲਿਆਂ ਨਾਲ ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ, ਜ਼ਿੰਮੇਵਾਰੀ ਦੀ ਭਾਵਨਾ ਅਤੇ ਸਮਾਜ ਪ੍ਰਤੀ ਆਪਣੀ ਭੂਮਿਕਾ ਨਿਭਾਉਣ ਦੀ ਚੇਤਨਾ ਪੈਦਾ ਹੁੰਦੀ ਹੈ।
ਇਸ ਮੌਕੇ ਸਕੂਲਾਂ ਵਿੱਚ ਦਿੱਤੀ ਜਾ ਰਹੀ ਗਾਈਡੈਂਸ ਸਬੰਧੀ ਜਾਣਕਾਰੀ ਦਾ ਵੀ ਵਿਸਥਾਰਪੂਰਵਕ ਜਾਇਜ਼ਾ ਲਿਆ ਗਿਆ ਅਤੇ ਵਿਦਿਆਰਥੀਆਂ ਦੀਆਂ ਵੱਖ-ਵੱਖ ਸਮੱਸਿਆਵਾਂ ਅਤੇ ਭਵਿੱਖ ਸਬੰਧੀ ਯੋਜਨਾਵਾਂ ਬਾਰੇ ਉਨ੍ਹਾਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਵਿਦਿਆਰਥੀਆਂ ਨੇ ਵੀ ਉਤਸ਼ਾਹ ਨਾਲ ਆਪਣੇ ਸਵਾਲ ਪੁੱਛੇ ਅਤੇ ਕਰੀਅਰ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ।
ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਪ੍ਰਕਾਸ਼ ਜੋਸ਼ੀ, ਬਲਾਕ ਗਾਈਡੈਂਸ ਕੌਂਸਲਰ ਰਜਿੰਦਰ ਸਿੰਘ, ਲੈਕਚਰਾਰ ਰਾਜੇਸ਼ ਕੁਮਾਰ, ਗਾਈਡੈਂਸ ਕੌਂਸਲਰ ਸ੍ਰੀਮਤੀ ਰਮਾ ਦੇਵੀ ਅਤੇ ਹੋਰ ਸਟਾਫ ਮੈਂਬਰ ਮੌਜੂਦ ਰਹੇ। ਸਕੂਲ ਪ੍ਰਬੰਧਕਾਂ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੇਸ਼ ਕੁਮਾਰ ਸ਼ਰਮਾ ਅਤੇ ਜ਼ਿਲ੍ਹਾ ਗਾਈਡੈਂਸ ਕੌਂਸਲਰ ਮੁਕੇਸ਼ ਵਰਮਾ ਦਾ ਧੰਨਵਾਦ ਕੀਤਾ ਗਿਆ।

