ਹਰਿਆਣਾ ਆਪਣੇ ਬਣਦੇ ਹਿੱਸੇ ਤੋਂ ਵੱਧ ਪਾਣੀ ਲੈ ਚੁੱਕਿਆ, ਹੋਰ ਦਿੱਤਾ ਤਾਂ ਪੰਜਾਬ ਦੇ ਖੇਤ ਸੁੱਕ ਜਾਣਗੇ – ਪ੍ਰਧਾਨ ਅਸ਼ਵਨੀ ਦੁੱਗਲ
ਪੰਜਾਬ ਕੋਲ ਕਿਸੇ ਨੂੰ ਦੇਣ ਲਈ ਇਕ ਬੂੰਦ ਵੀ ਵਾਧੂ ਪਾਣੀ ਨਹੀਂ – ਅਮਨਦੀਪ ਸਿੰਘ
ਧਾਰੀਵਾਲ, 1 ਮਈ 2025 (ਦੀ ਪੰਜਾਬ ਵਾਇਰ )। ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਹਿੱਤਾਂ ਤੇ ਡਾਕਾ ਮਾਰਨ ਲਈ ਭਾਖੜਾ ਬਿਆਸ ਮੈਨੈਜਮੈਂਟ ਬੋਰਡ ਰਾਹੀਂ ਕੀਤੀ ਜਾ ਰਹੀ ਧੱਕੇਸ਼ਾਹੀ ਖਿਲਾਫ ਅੱਜ ਧਾਰੀਵਾਲ ਵਿਖੇ ਨਗਰ ਕੌਂਸਲ ਦੇ ਪ੍ਰਧਾਨ ਸ੍ਰੀ ਅਸ਼ਵਨੀ ਦੁੱਗਲ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਪ੍ਰਧਾਨ ਅਸ਼ਵਨੀ ਦੁੱਗਲ ਨੇ ਆਖਿਆ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਰਾਜ ਦੇ ਪਾਣੀ ਦੀ ਰਾਖੀ ਲਈ ਦ੍ਰਿੜ ਸੰਕਲਪਿਤ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਕਿਸੇ ਦਾ ਹੱਕ ਨਹੀਂ ਮਾਰਦਾ ਸਗੋਂ ਅਸੀਂ ਆਪਣੇ ਹੱਕਾਂ ਦੀ ਰਾਖੀ ਲਈ ਲੜ ਰਹੇ ਹਾਂ। ਉਨ੍ਹਾਂ ਨੇ ਕਿਹਾ ਕਿ ਹਰਿਆਣਾ 21 ਮਈ ਤੱਕ ਦੇ ਬਣਦੇ ਆਪਣੇ ਪਾਣੀ ਦੇ ਹਿੱਸੇ ਤੋਂ 3 ਫੀਸਦੀ ਵੱਧ ਅਤੇ ਰਾਜਸਥਾਨ 11 ਫੀਸਦੀ ਵੱਧ ਪਾਣੀ ਲੈ ਚੁੱਕਾ ਹੈ ਜਦ ਕਿ ਪੰਜਾਬ ਨੇ ਆਪਣੇ ਪਾਣੀ ਦੀ ਸੰਜਮ ਨਾਲ ਵਰਤੋਂ ਕੀਤੀ ਹੈ ਅਤੇ ਉਸਨੂੰ ਹਾਲੇ ਹਿੱਸੇ ਦਾ 89 ਫੀਸਦੀ ਪਾਣੀ ਹੀ ਮਿਲਿਆ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਹੁਣ ਧੱਕੇਸ਼ਾਹੀ ਨਾਲ ਹੱਕ ਦਾ ਪਾਣੀ ਲੈਣ ਤੋਂ ਬਾਅਦ ਹੋਰ ਪਾਣੀ ਹਰਿਆਣਾ ਨੂੰ ਦਿੱਤਾ ਜਾਂਦਾ ਹੈ ਤਾਂ ਇਸ ਨਾਲ ਪੰਜਾਬ ਦੇ ਖੇਤ ਸੁੱਕ ਜਾਣਗੇ।
ਇਸ ਮੌਕੇ ਆਪ ਆਗੂ ਅਮਨਦੀਪ ਸਿੰਘ ਨੇ ਕਿਹਾ ਕਿ ਜਦ ਦੂਜੇ ਸੂਬੇ ਆਪਣੇ ਹਿੱਸੇ ਦਾ ਪਾਣੀ ਲੈ ਚੁੱਕੇ ਤਾਂ ਫਿਰ ਹੁਣ ਪੰਜਾਬ ਦਾ ਪਾਣੀ ਧੱਕੇ ਨਾਲ ਕਿਉਂ ਲੁੱਟਿਆਂ ਜਾ ਰਿਹਾ ਹੈ। ਉਨ੍ਹਾਂ ਨੇ ਬੀਬੀਐਮਬੀ ਦੇ ਡਾਇਰੈਕਟਰ ਦੇ ਅਹੁਦੇ ਕੀਤੀ ਗਈ ਬਦਲੀ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਹਿੱਤਾਂ ਦਾ ਘਾਣ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਹਮੇਸ਼ਾ ਹੀ ਪੰਜਾਬ ਵਿਰੋਧੀ ਕਾਰਵਾਈਆਂ ਕਰਦੀ ਹੈ।
ਇਸ ਮੌਕੇ ਵੱਡੀ ਗਿਣਤੀ ਵਿੱਚ ਆਪ ਆਗੂਆਂ ਅਤੇ ਧਾਰੀਵਾਲ ਦੇ ਲੋਕਾਂ ਨੇ ਪੰਜਾਬ ਦੇ ਪਾਣੀਆਂ ਦੀ ਲੁੱਟ ਵਿਰੁੱਧ ਆਪਣਾ ਰੋਸ ਜ਼ਾਹਰ ਕੀਤਾ।
