ਗੁਰਦਾਸਪੁਰ,28 ਸਤੰਬਰ 2026 (ਮੰਨਨ ਸੈਣੀ)। ਕਾਂਗਰਸ ਪਾਰਟੀ ਵੱਲੋਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਵਿੱਢੇ ਸੰਘਰਸ਼ ਤਹਿਤ ਸੋਮਵਾਰ ਨੂੰ ਜ਼ਿਲ੍ਹਾ ਹੈੱਡਕੁਆਰਟਰ ‘ਤੇ ਜ਼ਿਲ੍ਹਾ ਪ੍ਰਧਾਨ ਬਰਿੰਦਰਮੀਤ ਸਿੰਘ ਪਾਹੜਾ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਤੋਂ ਪਹਿਲਾਂ ਸ਼ਹਿਰ ਵਿੱਚ ਰੋਸ ਮਾਰਚ ਕੱਢਿਆ ਗਿਆ ਅਤੇ ਜਹਾਜ਼ ਚੌਕ ਵਿੱਚ ਪੁਤਲਾ ਫੂਕਿਆ ਗਿਆ।
ਇਸ ਮੌਕੇ ਬੋਲਦਿਆਂ ਪਾਹੜਾ ਨੇ ਕਿਹਾ ਕਿ ਕਾਂਗਰਸ ਦੇਸ਼ ਭਰ ਵਿੱਚ ਚੋਣਾਂ ਦੀ ਨਿਰਪੱਖਤਾ, ਵੋਟਰਾਂ ਦੇ ਹੱਕਾਂ ਅਤੇ ਵੋਟ ਦੀ ਸੁਰੱਖਿਆ ਦੇ ਸਵਾਲ ਨੂੰ ਲੈ ਕੇ ਅੰਦੋਲਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੇ ਚੋਣ ਪ੍ਰਕਿਰਿਆ ਅਤੇ ਵੋਟਰ ਸੂਚੀ ਨਾਲ ਜੁੜੀਆਂ ਕਥਿਤ ਬੇਨਿਯਮੀਆਂ ਦੇ ਮੁੱਦੇ ਲਗਾਤਾਰ ਚੁੱਕੇ ਹਨ। ਪਾਹੜਾ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਤੋਂ ਅਸਤੀਫ਼ੇ ਦੀ ਮੰਗ ਕੀਤੀ ਅਤੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਨ ਲਈ ਕਿਹਾ।
ਪਾਹੜਾ ਨੇ ਕਿਹਾ ਕਿ ਚੋਣ ਕਮਿਸ਼ਨ ਇੱਕ ਸੰਵਿਧਾਨਕ ਸੰਸਥਾ ਹੈ, ਜਿਸ ਦੀ ਜ਼ਿੰਮੇਵਾਰੀ ਚੋਣਾਂ ਦੀ ਨਿਰਪੱਖਤਾ ਅਤੇ ਲੋਕਤੰਤਰੀ ਪ੍ਰਕਿਰਿਆ ਵਿੱਚ ਲੋਕਾਂ ਦਾ ਭਰੋਸਾ ਬਣਾਈ ਰੱਖਣਾ ਹੈ। ਕਾਂਗਰਸ ਦਾ ਕਹਿਣਾ ਹੈ ਕਿ ਵੋਟਰ ਸੂਚੀ ਵਿੱਚ ਤਬਦੀਲੀਆਂ ਅਤੇ ਵੋਟਾਂ ਨਾਲ ਜੁੜੇ ਮਾਮਲਿਆਂ ਵਿੱਚ ਪਾਰਦਰਸ਼ਤਾ ਯਕੀਨੀ ਬਣਾਈ ਜਾਣੀ ਚਾਹੀਦੀ ਹੈ। ਉਨ੍ਹਾਂ ਮੁੱਖ ਚੋਣ ਕਮਿਸ਼ਨਰ ਖ਼ਿਲਾਫ਼ ਮੁਕੱਦਮਾ ਦਰਜ ਕਰਨ ਅਤੇ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਵੀ ਕੀਤੀ।
ਪਾਹੜਾ ਨੇ ਦੋਸ਼ ਲਾਇਆ ਕਿ ਐੱਸ.ਆਈ.ਆਰ. ਦੇ ਨਾਂ ‘ਤੇ ਦੇਸ਼ ਭਰ ਵਿੱਚ ਕਰੋੜਾਂ ਵੋਟਰਾਂ ਦੇ ਨਾਂ ਸੂਚੀ ਵਿੱਚੋਂ ਕੱਟੇ ਗਏ ਹਨ, ਜੋ ਲੋਕਤੰਤਰ ‘ਤੇ ਬੇਮਿਸਾਲ ਹਮਲਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਚੋਣ ਕਮਿਸ਼ਨ ਨੇ ਸੰਵਿਧਾਨਕ ਰਵਾਇਤਾਂ ਦੀ ਉਲੰਘਣਾ ਕਰਕੇ ਇੱਕ-ਤਰਫ਼ਾ ਅਤੇ ਪੱਖਪਾਤੀ ਢੰਗ ਨਾਲ ਕੰਮ ਕੀਤਾ ਹੈ।
ਫ਼ਤਹਿਗੜ੍ਹ ਚੂੜੀਆਂ ਦੇ ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਕਈ ਮੌਕਿਆਂ ‘ਤੇ ਚੋਣਾਂ ਵਿੱਚ ਕਥਿਤ ਗੜਬੜੀਆਂ ਅਤੇ ‘ਵੋਟ ਚੋਰੀ’ ਦਾ ਮੁੱਦਾ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦਾ ਗਠਨ ਚੋਣਾਂ ਨੂੰ ਨਿਰਪੱਖ ਰੱਖਣ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰਨ ਦੇ ਮਕਸਦ ਨਾਲ ਕੀਤਾ ਗਿਆ ਸੀ। ਇਸ ਦੇ ਉਲਟ, ਮੁੱਖ ਚੋਣ ਕਮਿਸ਼ਨਰ ਨਿਯਮਾਂ ਦੇ ਉਲਟ ਕੰਮ ਕਰ ਰਹੇ ਹਨ। ਬਾਜਵਾ ਨੇ ਕਿਹਾ ਕਿ ਉਨ੍ਹਾਂ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ।
