ਵਿਧਾਇਕ ਰੰਧਾਵਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਰੱਤਾ, ਮਾਹਲ ਨੰਗਲ, ਭੁਗਤਾਣਾ ਤੁੱਲੀਆਂ ਅਤੇ ਸ਼ਕਰੀ ਵਿਖੇ ਸਿੱਖਿਆ ਕ੍ਰਾਂਤੀ ਤਹਿਤ ਹੋਏ ਵਿਕਾਸ ਕਾਰਜਾਂ ਦੇ ਉਦਘਾਟਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਸਿੱਖਿਆ ਕ੍ਰਾਂਤੀ ਨਾਲ ਪੰਜਾਬ ਦੇ ਸਕੂਲਾਂ ਦੀ ਨੁਹਾਰ ਬਦਲੀ – ਵਿਧਾਇਕ ਰੰਧਾਵਾ

ਡੇਰਾ ਬਾਬਾ ਨਾਨਕ/ਗੁਰਦਾਸਪੁਰ, 21 ਮਈ 2025 (ਦੀ ਪੰਜਾਬ ਵਾਇਰ)- – ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਵੱਲੋਂ ਅੱਜ ਹਲਕੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਰੱਤਾ, ਮਾਹਲ ਨੰਗਲ, ਭੁਗਤਾਣਾ ਤੁੱਲੀਆਂ ਅਤੇ ਸ਼ਕਰੀ ਵਿਖੇ ਸਿੱਖਿਆ ਕ੍ਰਾਂਤੀ ਤਹਿਤ ਹੋਏ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ। 

ਇਸ ਮੌਕੇ ਸਕੂਲਾਂ ਵਿੱਚ ਕਰਵਾਏ ਵਿਸ਼ੇਸ਼ ਸਮਾਗਮਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੁਆਰਾ ਰਾਜ ਵਿੱਚ ਲਿਆਂਦੀ ਸਿੱਖਿਆ ਕ੍ਰਾਂਤੀ ਨੇ ਪੰਜਾਬ ਦੇ ਸਕੂਲਾਂ ਦੀ ਨੁਹਾਰ ਬਦਲ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਦੇ ਸਮਾਂ ਸੀ ਸੂਬੇ ਵਿੱਚ ਸਰਕਾਰੀ ਸਕੂਲਾਂ ਵੱਲ ਕੋਈ ਧਿਆਨ ਨਹੀਂ ਸੀ ਦਿੱਤਾ ਜਾਂਦਾ ਪਰੰਤੂ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਬਾਅਦ ਸਾਰਾ ਜ਼ੋਰ ਸਿੱਖਿਆ ਅਤੇ ਸਿਹਤ ਸੁਧਾਰਾਂ ਤੇ ਲਗਾਇਆ ਗਿਆ ਹੈ। ਨਤੀਜੇ ਵਜੋਂ ਅੱਜ ਸਕੂਲ ਆਫ਼ ਐਮੀਨੈਂਸ, ਸਕੂਲ ਆਫ਼ ਹੈਪੀਨੈਸ ਵਿਦਿਆਰਥੀਆਂ ਦੇ ਭਵਿੱਖ ਨੂੰ ਤਰਾਸ਼ਣ ਵਿੱਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਨੂੰ ਮਾਤ ਪਾਉਂਦੇ ਹਨ। 

ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਵਿਦਿਆਰਥੀਆਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਹ ਪੂਰੀ ਮਿਹਨਤ ਤੇ ਲਗਨ ਨਾਲ ਆਪਣੀ ਪੜ੍ਹਾਈ ਕਰਨ ਕਿਉਂਕਿ ਪੜ੍ਹਾਈ ਜਰੀਏ ਹੀ ਉਹ ਆਪਣੇ ਭਵਿੱਖ ਦੇ ਸੁਪਨੇ ਪੂਰੇ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਸਾਰਾ ਸਟਾਫ਼ ਬਹੁਤ ਕਾਬਲ ਅਤੇ ਤਜ਼ਰਬੇਕਾਰ ਹੈ ਅਤੇ ਮਾਪਿਆਂ ਨੂੰ ਵੀ ਅਪੀਲ ਹੈ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਹੀ ਪੜ੍ਹਾਉਣ। ਇਸ ਮੌਕੇ ਉਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ।

Exit mobile version