ਪੰਜਵੇਂ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ

ਗੁਰੂ ਅਰਜਨ ਦੇਵ ਸਾਹਿਬ ਦੀ ਸ਼ਹਾਦਤ ਸਮੁੱਚੀ ਮਾਨਵਤਾ ਲਈ ਰਾਹ ਦਸੇਰਾ – ਚੇਅਰਮੈਨ ਰਮਨ ਬਹਿਲ

ਸਰਕਾਰੀ ਕਾਲਜ ਗੁਰਦਾਸਪੁਰ ਦੇ ਅਕਾਦਮਿਕ ਸਾਲ 2025-26 ਦੇ ਪ੍ਰਾਸਪੈਕਟਸ ਨੂੰ ਜਾਰੀ ਕੀਤਾ

ਗੁਰਦਾਸਪੁਰ, 29 ਮਈ 2025 (ਦੀ ਪੰਜਾਬ ਵਾਇਰ )। ਪੰਜਵੇਂ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਅੱਜ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਕੀਤੀ ਗਈ। ਇਸ ਸਮਾਗਮ ਦੌਰਾਨ ਇਤਿਹਾਸ ਦੇ ਸਾਬਕਾ ਪ੍ਰੋਫੈਸਰ ਰਾਜ ਕੁਮਾਰ ਵੱਲੋਂ ਪੰਜਵੇਂ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਬਾਰੇ ਵਿਸਥਾਰ ਵਿੱਚ ਚਾਨਣਾ ਪਾਇਆ ਗਿਆ।

ਇਸ ਮੌਕੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਿੱਜਦਾ ਕਰਦਿਆਂ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਮਨੁੱਖਤਾ ਦੇ ਇਤਿਹਾਸ ਅੰਦਰ ਇਕ ਇਨਕਲਾਬੀ ਮੋੜ ਸੀ। ਇਸ ਸ਼ਹਾਦਤ ਨੇ ਜਿੱਥੇ ਧਾਰਮਿਕ ਕੱਟੜਤਾ ਦੇ ਨਾਂ ’ਤੇ ਮਨੁੱਖੀ ਅੱਤਿਆਚਾਰ ਦੀ ਪ੍ਰਵਿਰਤੀ ਨੂੰ ਸਿਖਰਲੀ ਚੁਣੌਤੀ ਦਿੱਤੀ, ਉੱਥੇ ਹੀ ਮਾਨਵਤਾ ਨੂੰ ਜਬਰ ਦੇ ਮੁਕਾਬਲੇ ਲਈ ਭੈਅ ਮੁਕਤ ਵੀ ਕੀਤਾ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਅੰਦਰ ਪੰਜਵੇਂ ਗੁਰੂ ਦੀ ਸ਼ਹਾਦਤ ਇਕ ਕ੍ਰਾਂਤੀਕਾਰੀ ਪੰਨੇ ਵਜੋਂ ਅੰਕਿਤ ਹੈ, ਜਿਸ ਦੀ ਪ੍ਰੇਰਣਾ ਅੱਜ ਵੀ ਸਮੁੱਚੀ ਮਾਨਵਤਾ ਲਈ ਰਾਹ-ਦਸੇਰਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਦੀ ਸ਼ਹਾਦਤ ਤੋਂ ਪ੍ਰੇਰਨਾ ਲੈ ਕੇ ਸੱਚ ਦੀ ਖ਼ਾਤਰ ਸੰਘਰਸ਼ਸ਼ੀਲ ਰਹਿਣਾ ਹੈ ਚਾਹੀਦਾ ਹੈ ਅਤੇ ਝੂਠ, ਅਨਿਆਂ ਆਦਿ ਦੀ ਜੜ੍ਹ ਪੁੱਟਣ ਲਈ ਕਦੇ ਵੀ ਪਿੱਛੇ ਨਹੀਂ ਹਟਣਾ ਚਾਹੀਦਾ।

ਇਸ ਮੌਕੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਾਲਜ ਦੇ ਅਕਾਦਮਿਕ ਸਾਲ 2025-26 ਦੇ ਪ੍ਰਾਸਪੈਕਟਸ ਨੂੰ ਵੀ ਜਾਰੀ ਕੀਤਾ। ਉਨ੍ਹਾਂ ਦੱਸਿਆ ਕਿ ਸਰਕਾਰੀ ਕਾਲਜ ਗੁਰਦਾਸਪੁਰ ਵਿੱਚ ਇਸ ਨਵੇਂ ਅਕਾਦਮਿਕ ਵਰ੍ਹੇ ਤੋਂ ਬੀ.ਕਾਮ ( ਟੈਕਸ ਪਲੈਨਿੰਗ ਐਂਡ ਮੈਨੇਜਮੈਂਟ) ਬੀਬੀਏ, ਐੱਮ.ਏ. ਪੰਜਾਬੀ ਅਤੇ ਐੱਮ. ਕਾਮ ਦੀਆਂ ਕਲਾਸਾਂ ਵੀ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਾਲਜ ਵਿੱਚ ਨਵੀਆਂ ਕਲਾਸਾਂ ਸ਼ੁਰੂ ਹੋਣ ਨਾਲ ਜ਼ਿਲ੍ਹੇ ਦੇ ਵਿਦਿਆਰਥੀਆਂ ਨੂੰ ਬਹੁਤ ਲਾਭ ਮਿਲੇਗਾ ਅਤੇ ਉਨ੍ਹਾਂ ਨੂੰ ਹੁਣ ਬੀ.ਕਾਮ ( ਟੈਕਸ ਪਲੈਨਿੰਗ ਐਂਡ ਮੈਨੇਜਮੈਂਟ) ਬੀਬੀਏ, ਐੱਮ.ਏ. ਪੰਜਾਬੀ ਅਤੇ ਐੱਮ. ਕਾਮ ਕਰਨ ਲਈ ਦੂਸਰੇ ਸ਼ਹਿਰਾਂ ਜਾਂ ਪ੍ਰਾਈਵੇਟ ਕਾਲਜਾਂ ਵਿੱਚ ਨਹੀਂ ਜਾਣਾ ਪਵੇਗਾ। ਉਨ੍ਹਾਂ ਕਿਹਾ ਸਰਕਾਰੀ ਕਾਲਜ ਗੁਰਦਾਸਪੁਰ ਦਾ ਉਚੇਰੀ ਸਿੱਖਿਆ ਦੇ ਖੇਤਰ ਵਿੱਚ ਬਹੁਤ ਨਾਮ ਹੈ ਅਤੇ ਜ਼ਿਲ੍ਹੇ ਦੇ ਵਿਦਿਆਰਥੀਆਂ ਨੂੰ ਏਥੋਂ ਉਚੇਰੀ ਸਿੱਖਿਆ ਹਾਸਲ ਕਰਕੇ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ।

ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਅਸ਼ਵਨੀ ਕੁਮਾਰ ਭੱਲਾ ਨੇ ਵੀ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਿੱਜਦਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਾਲਜ ਦੀਆਂ ਪ੍ਰਾਪਤੀਆਂ ਬਾਰੇ ਵੀ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਸਰਕਾਰੀ ਕਾਲਜ ਗੁਰਦਾਸਪੁਰ ਵਿੱਚ ਨਵੀਆਂ ਕਲਾਸਾਂ ਸ਼ੁਰੂ ਹੋਣ ਨਾਲ ਇਲਾਕੇ ਦੇ ਵਿਦਿਆਰਥੀਆਂ ਨੂੰ ਵੱਡਾ ਲਾਭ ਹੋਵੇਗਾ। ਉਨ੍ਹਾਂ ਨੇ ਨਵੀਆਂ ਕਲਾਸਾਂ ਸ਼ੁਰੂ ਕਰਨ ਲਈ ਚੇਅਰਮੈਨ ਸ੍ਰੀ ਰਮਨ ਬਹਿਲ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਇਸ ਮੌਕੇ ਡਾ. ਕਰਨਜੀਤ ਸ਼ਰਮਾ, ਡਾ. ਸਰਬਜੀਤ ਸਿੰਘ, ਡਾ. ਪਵਨ ਸਰਵਰ ਸਮੇਤ ਕਾਲਜ ਦੇ ਵਿਦਿਆਰਥੀ ਵੀ ਹਾਜ਼ਰ ਸਨ।

Exit mobile version