ਪ੍ਰਕਾਸ਼ ਪੁਰਬ ਤੋਂ ਪਹਿਲਾਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਮੰਗ

ਕੇਂਦਰ ਸਰਕਾਰ ਨੂੰ ਪਾਕਿਸਤਾਨ ਨਾਲ ਕੂਟਨੀਤਕ ਪੱਧਰ ’ਤੇ ਗੱਲਬਾਤ ਕਰਨ ਦੀ ਅਪੀਲ

ਗੁਰਦਾਸਪੁਰ, 13 ਅਕਤੂਬਰ 2026 (ਮੰਨਨ ਸੈਣੀ)– ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਪੈਸਜ ਸੰਘਰਸ਼ ਕਮੇਟੀ ਨੇ ਨਵੰਬਰ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਮੰਗ ਕੀਤੀ ਹੈ। ਕਮੇਟੀ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਸ ਮਾਮਲੇ ਨੂੰ ਪਾਕਿਸਤਾਨ ਸਰਕਾਰ ਕੋਲ ਕੂਟਨੀਤਕ ਪੱਧਰ ’ਤੇ ਉਠਾਇਆ ਜਾਵੇ, ਤਾਂ ਜੋ ਸ਼ਰਧਾਲੂ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਕਰਤਾਰਪੁਰ ਵਿਖੇ ਨਤਮਸਤਕ ਹੋ ਸਕਣ।

ਇਸ ਸਬੰਧੀ ਕਮੇਟੀ ਨੇ ਕੇਂਦਰ ਸਰਕਾਰ ਵਿੱਚ ਭਾਈਵਾਲ ਜਨਤਾ ਦਲ (ਯੂਨਾਈਟਿਡ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਨਿਤੀਸ਼ ਕੁਮਾਰ ਨੂੰ ਪੱਤਰ ਲਿਖ ਕੇ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਲੰਬੇ ਸਮੇਂ ਤੋਂ ਚੱਲ ਰਹੀ ਇਸ ਮੰਗ ਬਾਰੇ ਜਾਣੂ ਕਰਵਾਇਆ ਹੈ। ਕਮੇਟੀ ਮੈਬਰਾਂ ਨੇ ਕਰਤਾਰਪੁਰ ਦੋਰੇ ਪਰ ਆਏ ਜੇਡੀਯੂ ਪੰਜਾਬ ਦੇ ਪ੍ਰਧਾਨ ਮਲਵਿੰਦਰ ਸਿੰਘ ਬੈਨੀਪਾਲ ਨੂੰ ਮੰਗ ਪੱਤਰ ਸੌਪਿਆ। ਕਮੇਟੀ ਨੇ ਅਪੀਲ ਕੀਤੀ ਹੈ ਕਿ ਪ੍ਰਕਾਸ਼ ਪੁਰਬ ਦੀ ਮਹੱਤਤਾ ਨੂੰ ਦੇਖਦਿਆਂ ਲਾਂਘਾ ਖੋਲ੍ਹਣ ਲਈ ਜਲਦ ਲੋੜੀਂਦੇ ਕਦਮ ਚੁੱਕੇ ਜਾਣ।

ਕਮੇਟੀ ਨੇ ਕਿਹਾ ਕਿ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਕਰਤਾਰਪੁਰ ਸਿੱਖ ਸੰਗਤ ਲਈ ਬੇਹੱਦ ਪਵਿੱਤਰ ਧਾਰਮਿਕ ਅਸਥਾਨ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖਰੀ ਵਰ੍ਹੇ ਇੱਥੇ ਬਿਤਾਏ ਸਨ। ਇਹ ਪਵਿੱਤਰ ਅਸਥਾਨ ਗੁਰੂ ਸਾਹਿਬ ਦੇ ਸ਼ਾਂਤੀ, ਮਨੁੱਖਤਾ, ਬਰਾਬਰਤਾ ਅਤੇ ਆਪਸੀ ਭਾਈਚਾਰੇ ਦੇ ਸੰਦੇਸ਼ ਦਾ ਪ੍ਰਤੀਕ ਹੈ।

ਕਮੇਟੀ ਅਨੁਸਾਰ, ਲਾਂਘਾ ਖੁੱਲ੍ਹਣ ਨਾਲ ਸੰਗਤ ਨੂੰ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦਾ ਇਤਿਹਾਸਕ ਮੌਕਾ ਮਿਲਿਆ ਸੀ, ਪਰ ਇਸ ਦੇ ਬੰਦ ਹੋਣ ਕਾਰਨ ਸ਼ਰਧਾਲੂ ਇਸ ਸਹੂਲਤ ਤੋਂ ਵਾਂਝੇ ਹਨ। ਅਜਿਹੇ ਵਿੱਚ ਪ੍ਰਕਾਸ਼ ਪੁਰਬ ਤੋਂ ਪਹਿਲਾਂ ਲਾਂਘਾ ਮੁੜ ਖੋਲ੍ਹਣਾ ਸੰਗਤ ਲਈ ਵੱਡੀ ਰਾਹਤ ਹੋਵੇਗੀ ਅਤੇ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਵੀ ਹੋਵੇਗਾ। ਕਮੇਟੀ ਨੇ ਮੰਗ ਕੀਤੀ ਕਿ ਲਾਂਘਾ ਜਲਦ ਖੋਲ੍ਹਣ ਲਈ ਪਾਕਿਸਤਾਨ ਸਰਕਾਰ ਨਾਲ ਕੂਟਨੀਤਕ ਗੱਲਬਾਤ ਕੀਤੀ ਜਾਵੇ। ਇਸ ਦੇ ਨਾਲ ਹੀ ਸ਼ਰਧਾਲੂਆਂ ਦੀ ਸੁਰੱਖਿਆ, ਆਵਾਜਾਈ ਨੂੰ ਸੁਖਾਲਾ ਬਣਾਉਣ ਅਤੇ ਵੀਜ਼ਾ ਤੇ ਇਮੀਗ੍ਰੇਸ਼ਨ ਨਾਲ ਜੁੜੀਆਂ ਰਸਮਾਂ ਲਈ ਢੁਕਵੇਂ ਪ੍ਰਬੰਧ ਯਕੀਨੀ ਬਣਾਏ ਜਾਣ।

ਕਮੇਟੀ ਨੇ ਕਿਹਾ ਕਿ ਸੰਗਤ ਨੂੰ ਲੰਬੇ ਸਮੇਂ ਤੱਕ ਬੇਯਕੀਨੀ ਵਿੱਚ ਉਡੀਕ ਨਾ ਕਰਨੀ ਪਵੇ, ਇਸ ਲਈ ਇਸ ਮਸਲੇ ਦਾ ਸਥਾਈ ਅਤੇ ਵਿਹਾਰਕ ਹੱਲ ਕੱਢਣਾ ਜ਼ਰੂਰੀ ਹੈ। ਕਮੇਟੀ ਅਨੁਸਾਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਸਿਰਫ਼ ਦੋ ਦੇਸ਼ਾਂ ਵਿਚਾਲੇ ਆਵਾਜਾਈ ਦਾ ਰਸਤਾ ਨਹੀਂ, ਸਗੋਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ, ਸਾਂਝੀ ਵਿਰਾਸਤ ਅਤੇ ਮਨੁੱਖਤਾ ਦੇ ਸੰਦੇਸ਼ ਨਾਲ ਜੁੜਿਆ ਇੱਕ ਅਹਿਮ ਮਾਧਿਅਮ ਹੈ। ਕਮੇਟੀ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਸੰਗਤ ਦੀਆਂ ਭਾਵਨਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਸਮੇਂ ਸਿਰ ਹਾਂ-ਪੱਖੀ ਪਹਿਲਕਦਮੀ ਕੀਤੀ ਜਾਵੇ, ਤਾਂ ਜੋ ਪ੍ਰਕਾਸ਼ ਪੁਰਬ ਮੌਕੇ ਸ਼ਰਧਾਲੂਆਂ ਨੂੰ ਇਸ ਪਵਿੱਤਰ ਗੁਰਧਾਮ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਸਕੇ।

Exit mobile version