ਮਾਨ ਸਰਕਾਰ ਵੱਲੋਂ ਚਲਾਇਆ ਜਾ ਰਿਹਾ ‘ਯੁੱਧ ਨਸ਼ਿਆਂ ਵਿਰੁੱਧ‘ ਫ਼ੈਸਲਾਕੁਨ ਦੌਰ ‘ਚ ਪਹੁੰਚਿਆ – ਜਗਰੂਪ ਸਿੰਘ ਸੇਖਵਾਂ
ਗੁਰਦਾਸਪੁਰ, 31 ਮਈ 2025 (ਦੀ ਪੰਜਾਬ ਵਾਇਰ ) – ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਸ. ਜਗਰੂਪ ਸਿੰਘ ਸੇਖਵਾਂ ਵੱਲੋਂ ਬੀਤੀ ਸ਼ਾਮ ਕ੍ਰਿਸਚਨ ਕਲੋਨੀ ਕਾਹਲਵਾਂ, ਪੱਤੀ ਗੁਰੂ ਨਾਨਕ ਨਗਰ ਤੇ ਕਠਾਣਾ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਡਿਫੈਂਸ ਕਮੇਟੀਆਂ, ਗਰਾਮ ਪੰਚਾਇਤਾਂ, ਸਮਾਜ ਸੇਵੀ ਸੰਸਥਾਵਾਂ ਤੇ ਯੂਥ ਕਲੱਬਾਂ ਦੀ ਭਰਵੀਂ ਸ਼ਮੂਲੀਅਤ ਨਾਲ ਕਰਵਾਈਆਂ ਗਈਆਂ ਪ੍ਰਭਾਵਸ਼ਾਲੀ ਰੈਲੀਆਂ ਦੌਰਾਨ ਸਮੂਹ ਹਾਜ਼ਰੀਨ ਨੂੰ ਨਸ਼ਿਆਂ ਵਿਰੁੱਧ ਸਮੂਹਿਕ ਸਹੁੰ ਚੁਕਵਾਈ ਗਈ । ਇਨ੍ਹਾਂ ਰੈਲੀਆਂ ‘ਚ ਨੌਜੁਆਨਾਂ ਤੇ ਔਰਤਾਂ ਨੇ ਵੀ ਵੱਡੀ ਪੱਧਰ ਤੇ ਸ਼ਮੂਲੀਅਤ ਕੀਤੀ।
ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀਆਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਗੁਰੂਆਂ, ਪੀਰਾਂ, ਫ਼ਕੀਰਾਂ ਤ ਪੈਗ਼ੰਬਰਾਂ ਦੀ ਪਵਿੱਤਰ ਧਰਤੀ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਿੱਢਿਆ ਗਿਆ ‘ਯੁੱਧ ਨਸ਼ਿਆਂ ਵਿਰੁੱਧ‘ ਫ਼ੈਸਲਾਕੁਨ ਦੌਰ ‘ਚ ਪੁੱਜ ਚੁੱਕਾ ਹੈ। ਉਨ੍ਹਾਂ ਕਿਹਾ ਕਿ 12 ਹਜ਼ਾਰ ਦੇ ਕਰੀਬ ਤਸਕਰਾਂ ਨੂੰ ਰੰਗੇ ਹੱਥੀ ਦਬੋਚ ਕੇ ਵੱਡੀ ਮਾਤਰਾ ‘ਚ ਨਸ਼ੀਲੇ ਪਦਾਰਥਾਂ ਸਣੇ 9 ਕਰੋੜ ਰੁਪਏ ਤੋਂ ਵੱਧ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਨਸ਼ਾ ਤਸਕਰਾਂ ਦੀਆਂ ਗੈਰ ਕਾਨੂੰਨੀ ਜਾਇਦਾਦਾਂ ਉੱਪਰ ਬੁਲਡੋਜ਼ਰ ਫੇਰ ਕੇ ਉਨ੍ਹਾਂ ਨੂੰ ਢਹਿ-ਢੇਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਦ੍ਰਿੜ੍ਹ ਸੰਕਲਪ ਹੈ ਅਤੇ ਕਿਸ ਵੀ ਨਸ਼ਾ ਤਸਕਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਨਸ਼ੇ ਦੀ ਗ੍ਰਿਫ਼ਤ ਵਿੱਚ ਆਏ ਵਿਅਕਤੀਆਂ ਨੂੰ ਇਸ ਦਲ-ਦਲ ਵਿਚੋਂ ਬਾਹਰ ਕੱਢਣ ਦੇ ਯਤਨ ਵੀ ਕੀਤੇ ਜਾ ਰਹੇ ਹਨ ਅਤੇ ਨਸ਼ਾ ਗ੍ਰਸਤ ਵਿਅਕਤੀਆਂ ਨੂੰ ਮੁਫ਼ਤ ਇਲਾਜ ਲਈ ਨਸ਼ਾ ਮੁਕਤੀ ਕੇਂਦਰਾਂ ਵਿੱਚ ਦਾਖਲ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਛੱਡ ਚੁੱਕੇ ਨੌਜਵਾਨਾਂ ਦੇ ਪੁਨਰਵਾਸ ਦਾ ਪ੍ਰਬੰਧ ਵੀ ਰਾਜ ਸਰਕਾਰ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਹਲਕਾ ਵਾਸੀਆਂ ਨੂੰ ਸੱਦਾ ਦਿੱਤਾ ਹੈ ਕਿ ਆਓ ਅਸੀਂ ਸਾਰੇ ਮਿਲ ਕੇ ਨਸ਼ਾ ਮੁਕਤੀ ਯਾਤਰਾ ਵਿੱਚ ਆਪਣਾ ਹਿੱਸਾ ਪਾ ਕੇ ਆਪਣੇ ਸੂਬੇ ਨੂੰ ਨਸ਼ਾ ਮੁਕਤ ਕਰੀਏ ਅਤੇ ਰੰਗਲਾ ਪੰਜਾਬ ਬਣਾਈਏ।
