ਵਿਜੀਲੈਂਸ ਬਿਊਰੋ ਵੱਲੋਂ ਥਾਣਾ ਧਾਰ ਕਲਾਂ ਦਾ ਐੱਸ.ਐੱਚ.ਓ. 1 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 20 ਅਕਤੂਬਰ 2026 (ਦੀ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪਠਾਨਕੋਟ ਦੇ ਥਾਣਾ ਧਾਰ ਕਲਾਂ ਵਿੱਚ ਤਾਇਨਾਤ ਐੱਸ.ਐੱਚ.ਓ. ਇੰਸਪੈਕਟਰ ਗੁਲਸ਼ਨ ਕੁਮਾਰ ਨੂੰ 1 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਰਕਮ ਕੁੱਲ 2.5 ਲੱਖ ਰੁਪਏ ਦੀ ਮੰਗੀ ਗਈ ਰਿਸ਼ਵਤ ਦੀ ਪਹਿਲੀ ਕਿਸ਼ਤ ਸੀ।

ਇਹ ਜਾਣਕਾਰੀ ਅੱਜ ਇੱਥੇ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਨੂੰ ਅੰਮ੍ਰਿਤਸਰ ਦੇ ਵਸਨੀਕ ਇੱਕ ਸੇਵਾਮੁਕਤ ਐੱਲ.ਆਈ.ਸੀ. ਮੈਨੇਜਰ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਅਨੁਸਾਰ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਸ ਦੇ ਛੋਟੇ ਭਰਾ ਦੇ ਪਿੰਡ ਧਾਂਗੂ ਸਾਰਾ, ਜ਼ਿਲ੍ਹਾ ਪਠਾਨਕੋਟ ਵਿਖੇ ਸਥਿਤ ਰੈਸਟੋਰੈਂਟ ‘ਮਧੂਬਨ’ ਵਿੱਚ ਝਗੜਾ ਹੋਇਆ ਸੀ। ਇਸ ਘਟਨਾ ਵਿੱਚ ਦੋਵਾਂ ਧਿਰਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਅਤੇ ਥਾਣਾ ਧਾਰ ਕਲਾਂ ਵਿਖੇ ਰੈਸਟੋਰੈਂਟ ਦੇ ਕਾਮੇ ਕ੍ਰਿਸ਼ਨਾ ਅਤੇ ਤਿੰਨ ਅਣਪਛਾਤੇ ਵਿਅਕਤੀਆਂ ਵਿਰੁੱਧ ਐੱਫ਼.ਆਈ.ਆਰ. ਦਰਜ ਕੀਤੀ ਗਈ। ਇਸ ਮਾਮਲੇ ਵਿੱਚ ਸ਼ਿਕਾਇਤਕਰਤਾ ਦਾ ਨਾਮ ਵੀ ਸ਼ੱਕੀ ਵਿਅਕਤੀ ਵਜੋਂ ਦਰਜ ਕੀਤਾ ਗਿਆ ਸੀ। ਮੁਲਜ਼ਮ ਇੰਸਪੈਕਟਰ ਗੁਲਸ਼ਨ ਕੁਮਾਰ ਨੇ ਸ਼ਿਕਾਇਤਕਰਤਾ ਦਾ ਨਾਮ ਕੇਸ ਵਿੱਚੋਂ ਕੱਢਣ ਬਦਲੇ 5,00,000 ਰੁਪਏ ਦੀ ਰਿਸ਼ਵਤ ਮੰਗੀ।

ਬੇਨਤੀ ਕਰਨ ‘ਤੇ ਇਹ ਰਕਮ 2,50,000 ਰੁਪਏ ਤੈਅ ਹੋਈ, ਜੋ ਕਿਸ਼ਤਾਂ ਵਿੱਚ ਦਿੱਤੀ ਜਾਣੀ ਸੀ, ਜਿਸ ਵਿੱਚੋਂ 1,00,000 ਰੁਪਏ ਪਹਿਲੀ ਕਿਸ਼ਤ ਵਜੋਂ ਦਿੱਤੇ ਜਾਣੇ ਸਨ। ਰਿਸ਼ਵਤ ਦੀ ਮੰਗ ਸਬੰਧੀ ਗੱਲਬਾਤ ਸ਼ਿਕਾਇਤਕਰਤਾ ਨੇ ਰਿਕਾਰਡ ਕੀਤੀ ਹੋਈ ਹੈ।

ਨਾਜਾਇਜ਼ ਰਕਮ ਦੇਣ ਤੋਂ ਇਨਕਾਰੀ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਦੀ ਅੰਮ੍ਰਿਤਸਰ ਰੇਂਜ ਕੋਲ ਪਹੁੰਚ ਕੀਤੀ। ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਪਠਾਨਕੋਟ ਯੂਨਿਟ ਨੇ ਜਾਲ ਵਿਛਾਇਆ, ਜਿਸ ਦੌਰਾਨ ਮੁਲਜ਼ਮ ਇੰਸਪੈਕਟਰ ਗੁਲਸ਼ਨ ਕੁਮਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ। ਰਿਸ਼ਵਤ ਦੀ ਇਹ ਰਕਮ ਬਰਾਮਦ ਕਰ ਲਈ ਗਈ ਹੈ।

ਇਸ ਸਬੰਧ ਵਿੱਚ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

Exit mobile version