ਅਸੀਂ ਮਹਾਰਿਸ਼ੀ ਭਗਵਾਨ ਵਾਲਮੀਕਿ ਤੀਰਥ ਸਥਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਗਵਾਨ ਵਾਲਮੀਕਿ ਤੀਰਥ ਸਥਲ ਦੇ ਸੁੰਦਰੀਕਰਨ ਲਈ ਪੰਜਾਬ ਸਰਕਾਰ 17.72 ਕਰੋੜ ਰੁਪਏ ਖਰਚ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਗਵਾਨ ਵਾਲਮੀਕਿ ਤੀਰਥ ਸਥਲ ਵਿਖੇ ਸਾਊਂਡ ਸਿਸਟਮ, ਸਰੋਵਰ, ਸਰਾਂ ਅਤੇ ਲਾਈਟਿੰਗ ਦਾ ਬਿਹਤਰ ਪ੍ਰਬੰਧ ਕੀਤਾ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਦੇ ਪਸਾਰ ਲਈ ਪੂਰੀ ਤਰ੍ਹਾਂ ਯਤਨਸ਼ੀਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੇ ਹਮੇਸ਼ਾ ਸਮਾਜਿਕ, ਧਾਰਮਿਕ ਅਤੇ ਲੋਕ ਭਲਾਈ ਦੇ ਉਪਰਾਲਿਆਂ ਦੀ ਹਮਾਇਤ ਕੀਤੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧਾਰਮਿਕ ਅਸਥਾਨਾਂ ਦਾ ਪ੍ਰਬੰਧ ਸਿਆਸਤਦਾਨਾਂ ਦੀ ਬਜਾਏ ਧਾਰਮਿਕ ਭਾਈਚਾਰਿਆਂ ਵੱਲੋ ਕੀਤਾ ਜਾਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਅੰਮ੍ਰਿਤਸਰ ਵਿੱਚ ਸੂਬਾ ਪੱਧਰੀ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤੀ ਸ਼ਿਰਕਤ

ਅੰਮ੍ਰਿਤਸਰ; 26 ਅਕਤੂਬਰ 2026 (ਦੀ ਪੰਜਾਬ ਵਾਇਰ)– ਮਹਾਰਿਸ਼ੀ ਭਗਵਾਨ ਸ੍ਰੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਨਤਮਸਤਕ ਹੁੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਦੀ ਮਹਾਨ ਵਿਰਾਸਤ ਦੀ ਸਾਂਭ-ਸੰਭਾਲ ਅਤੇ ਸਮਾਨਤਾ, ਮਾਨਵਤਾ ਤੇ ਧਰਮ ਬਾਰੇ ਉਨ੍ਹਾਂ ਦੀਆਂ ਸਿੱਖਿਆਵਾਂ ਦੇ ਪਸਾਰ ਪ੍ਰਤੀ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਤੀਰਥ ਸਥਲ ਨੂੰ ਵਿਸ਼ਵ ਪੱਧਰੀ ਸੈਲਾਨੀ ਸਥਾਨ ਵਜੋਂ ਵਿਕਸਤ ਕਰਨ ਅਤੇ ਇਸ ਦੇ ਸੁੰਦਰੀਕਰਨ ਲਈ 17.72 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਇਸ ਰਾਹੀਂ ਉਨ੍ਹਾਂ ਦੀ ਸਰਕਾਰ ਧਾਰਮਿਕ ਅਸਥਾਨਾਂ ਦੀ ਪਵਿੱਤਰਤਾ ਨੂੰ ਕਾਇਮ ਰੱਖਦਿਆਂ ਸ਼ਰਧਾਲੂਆਂ ਲਈ ਬਿਹਤਰ ਸਹੂਲਤਾਂ ਯਕੀਨੀ ਬਣਾ ਰਹੀ ਹੈ।

ਇਸ ਗੱਲ ‘ਤੇ ਜ਼ੋਰ ਦਿੰਦਿਆਂ ਕਿ ਧਾਰਮਿਕ ਅਸਥਾਨਾਂ ਦਾ ਪ੍ਰਬੰਧ ਧਾਰਮਿਕ ਸ਼ਖਸੀਅਤਾਂ ਅਤੇ ਵਿਦਵਾਨ ਵੱਲੋਂ ਕੀਤਾ ਜਾਣਾ ਚਾਹੀਦਾ ਹੈ, ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਧਰਤੀ ‘ਤੇ ਹਰ ਬੀਜ ਪੁੰਗਰ ਸਕਦਾ ਹੈ, ਪਰ ਨਫ਼ਰਤ ਦਾ ਬੀਜ ਇਸ ਪਵਿੱਤਰ ਧਰਤੀ ‘ਤੇ ਕਦੇ ਨਹੀਂ ਉੱਗ ਸਕਦਾ।

ਇਸ ਸਮਾਗਮ ਦੀਆਂ ਕੁਝ ਝਲਕੀਆਂ ਸਾਂਝੀਆਂ ਕਰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਕਸ’ ‘ਤੇ ਲਿਖਿਆ: “ਅੱਜ ਮੈਨੂੰ ਅੰਮ੍ਰਿਤਸਰ ਵਿਖੇ ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਦੇ ਪਵਿੱਤਰ ਪ੍ਰਕਾਸ਼ ਪੁਰਬ ਮੌਕੇ ਕਰਵਾਏ ਸੂਬਾ ਪੱਧਰੀ ਸਮਾਗਮ ਵਿੱਚ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ। ਇਸ ਅਸਥਾਨ ਦੇ ਵਿਕਾਸ ਲਈ ਅੱਜ 17.5 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਸਾਡਾ ਮੰਨਣਾ ਹੈ ਕਿ ਧਾਰਮਿਕ ਅਸਥਾਨਾਂ ਦਾ ਪ੍ਰਬੰਧ ਸਿਆਸਤਦਾਨਾਂ ਦੀ ਬਜਾਏ ਧਾਰਮਿਕ ਸ਼ਖਸੀਅਤਾਂ ਅਤੇ ਵਿਦਵਾਨ ਵੱਲੋਂ ਕੀਤਾ ਜਾਣਾ ਚਾਹੀਦਾ ਹੈ। ਪੰਜਾਬ ਵਿੱਚ ਹਰ ਬੀਜ ਪੁੰਗਰ ਸਕਦਾ ਹੈ, ਪਰ ਨਫ਼ਰਤ ਦਾ ਬੀਜ ਇਸ ਪਵਿੱਤਰ ਧਰਤੀ ‘ਤੇ ਕਦੇ ਨਹੀਂ ਉੱਗ ਸਕਦਾ।”

ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਕਰਵਾਏ ਸੂਬਾ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਦੀ ਅਧਿਆਤਮਿਕ, ਇਤਿਹਾਸਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਸੰਭਾਲ ਕੇ ਰੱਖਿਆ ਜਾਵੇਗਾ।”

ਇਸ ਪਵਿੱਤਰ ਅਸਥਾਨ ‘ਤੇ ਨਤਮਸਤਕ ਹੁੰਦਿਆਂ ਮੁੱਖ ਮੰਤਰੀ ਨੇ ਦੇਸ਼-ਵਿਦੇਸ਼ ਦੇ ਸ਼ਰਧਾਲੂਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਵੱਲੋਂ ਦਰਸਾਏ ਧਰਮ, ਸਮਾਨਤਾ ਅਤੇ ਮਾਨਵਤਾ ਦੇ ਮਾਰਗ ‘ਤੇ ਚੱਲ ਕੇ ਇਕ ਸਮਾਨਤਾਵਾਦੀ ਸਮਾਜ ਦੀ ਉਸਾਰੀ ਕਰ ਰਹੀ ਹੈ ਜਿੱਥੇ ਹਰੇਕ ਵਿਅਕਤੀ ਨੂੰ ਮਾਣ-ਸਤਿਕਾਰ ਅਤੇ ਬਰਾਬਰ ਦੇ ਮੌਕੇ ਮਿਲਣ।

ਮਹਾਂਰਿਸ਼ੀ ਭਗਵਾਨ ਵਾਲਮੀਕਿ ਜੀ ਨੂੰ ਸੰਸਕ੍ਰਿਤ ਸਾਹਿਤ ਦੇ ਪਿਤਾਮਾ ਅਤੇ ਆਦਿ ਕਵੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ, “ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਵੱਲੋਂ ਰਚਿਤ ਅਮਰ ਮਹਾਂਕਾਵਿ ਰਮਾਇਣ ਨੇ ਹਜ਼ਾਰਾਂ ਸਾਲਾਂ ਤੋਂ ਮਨੁੱਖਤਾ ਨੂੰ ਧਰਮ ਦਾ ਰਾਹ ਦਿਖਾਇਆ ਹੈ। ਇਹ ਰਚਨਾ ਬੁਰਾਈ ਉੱਤੇ ਸੱਚ ਦੀ ਜਿੱਤ ਦਾ ਸਦੀਵੀ ਸੰਦੇਸ਼ ਦਿੰਦੀ ਹੈ ਅਤੇ ਸੱਚ, ਨੈਤਿਕਤਾ, ਹਮਦਰਦੀ ਤੇ ਨੈਤਿਕ ਆਚਰਣ ਲਈ ਇੱਕ ਚਾਨਣ-ਮੁਨਾਰੇ ਵਜੋਂ ਕੰਮ ਕਰਦੀ ਹੈ।

ਉਨ੍ਹਾਂ ਕਿਹਾ, “ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਕਿਸੇ ਵਿਸ਼ੇਸ਼ ਕਾਲ ਜਾਂ ਭਾਈਚਾਰੇ ਤੱਕ ਸੀਮਤ ਨਹੀਂ ਹਨ, ਸਗੋਂ ਇਹ ਸਮੁੱਚੀ ਮਨੁੱਖਤਾ ਨਾਲ ਸਬੰਧਤ ਹਨ।”

ਮੁੱਖ ਮੰਤਰੀ ਨੇ ਕਿਹਾ, “ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਦੀ ਅਮਰ ਰਚਨਾ ਰਾਮਾਇਣ ਸਮਾਜ ਨੂੰ ਸੱਚ, ਨਿਆਂ, ਸਮਾਨਤਾ ਅਤੇ ਧਰਮ ਦੇ ਰਾਹ ‘ਤੇ ਚੱਲਣ ਦੀ ਸੇਧ ਦਿੰਦੀ ਆ ਰਹੀ ਹੈ। ਅਜਿਹੇ ਸਮੇਂ ਵਿੱਚ, ਜਦੋਂ ਮਨੁੱਖੀ ਰਿਸ਼ਤਿਆਂ ‘ਤੇ ਪਦਾਰਥਵਾਦੀ ਸੋਚ ਦਾ ਪ੍ਰਭਾਵ ਵਧਦਾ ਜਾ ਰਿਹਾ ਹੈ, ਇਸ ਪਵਿੱਤਰ ਮਹਾਂਕਾਵਿ ਵਿੱਚ ਦਰਸਾਏ ਗਏ ਆਦਰਸ਼ ਪਹਿਲਾਂ ਨਾਲੋਂ ਕਿਤੇ ਵੱਧ ਢੁੱਕਦੇ ਹਨ।

ਮੌਜੂਦਾ ਸਮਾਜ ਵਿੱਚ ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਨੇ ਇੱਕ ਆਦਰਸ਼ ਵਿਅਕਤੀ, ਇੱਕ ਆਦਰਸ਼ ਸ਼ਾਸਕ ਅਤੇ ਇੱਕ ਆਦਰਸ਼ ਸਮਾਜ ਦੇ ਸਦੀਵੀ ਆਦਰਸ਼ ਸਥਾਪਤ ਕੀਤੇ।

ਮੁੱਖ ਮੰਤਰੀ ਨੇ ਕਿਹਾ, “ਇਹ ਸਿਧਾਂਤ ਸਮਾਜ ਨੂੰ ਵੰਡੀਆਂ ਤੋਂ ਉੱਪਰ ਉੱਠਣ ਅਤੇ ਆਪਸੀ ਸਤਿਕਾਰ, ਸਮਾਜਿਕ ਨਿਆਂ ਅਤੇ ਭਾਈਚਾਰਕ ਸਾਂਝ ‘ਤੇ ਆਧਾਰਿਤ ਭਵਿੱਖ ਦਾ ਨਿਰਮਾਣ ਕਰਨ ਲਈ ਪ੍ਰੇਰਿਤ ਕਰ ਸਕਦੇ ਹਨ। ਪੰਜਾਬ ਨੂੰ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ, ਪੀਰਾਂ-ਫ਼ਕੀਰਾਂ ਅਤੇ ਪੈਗੰਬਰਾਂ ਦੀ ਮਹਾਨ ਵਿਰਾਸਤ ਦੀ ਬਖਸ਼ਿਸ਼ ਪ੍ਰਾਪਤ ਹੈ ਅਤੇ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਨੇ ਇਸ ਪਵਿੱਤਰ ਧਰਤੀ ‘ਤੇ ਪ੍ਰਭੂ ਸ਼੍ਰੀ ਰਾਮ ਜੀ ਦੇ ਸਪੁੱਤਰਾਂ ਲਵ ਅਤੇ ਕੁਸ਼ ਨੂੰ ਗਿਆਨ ਅਤੇ ਸਿੱਖਿਆ ਦਿੱਤੀ ਸੀ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਪਵਿੱਤਰ ਅਸਥਾਨ ‘ਤੇ ਨਤਮਸਤਕ ਹੋਣ ਦੇ ਮੌਕੇ ਨੂੰ ਰੂਹਾਨੀ ਸੰਤੁਸ਼ਟੀ ਅਤੇ ਸੁਭਾਗੇ ਪਲ ਦੱਸਿਆ।

ਇਸ ਪਵਿੱਤਰ ਅਸਥਾਨ ਦੇ ਸਰਬਪੱਖੀ ਵਿਕਾਸ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ, “ਪੰਜਾਬ ਸਰਕਾਰ ਵਿੱਤੀ ਵਰ੍ਹੇ 2026-27 ਦੌਰਾਨ ਭਗਵਾਨ ਵਾਲਮੀਕਿ ਤੀਰਥ ਸਥਲ ‘ਤੇ ਵੱਖ-ਵੱਖ ਵਿਕਾਸ ਅਤੇ ਸੁੰਦਰੀਕਰਨ ਦੇ ਕਾਰਜਾਂ ‘ਤੇ 17.72 ਕਰੋੜ ਰੁਪਏ ਖਰਚ ਕਰ ਰਹੀ ਹੈ। ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਦਰਸਾਉਂਦਾ ਇੱਕ ਆਕਰਸ਼ਕ ਪੈਨੋਰਾਮਾ ਸਾਲ  2024 ਵਿੱਚ 25 ਕਰੋੜ ਰੁਪਏ ਦੀ ਲਾਗਤ ਨਾਲ ਸ਼ਰਧਾਲੂਆਂ ਨੂੰ ਸਮਰਪਿਤ ਕੀਤਾ ਗਿਆ ਸੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਪਵਿੱਤਰ ਅਸਥਾਨ ਦੀ ਸੁੰਦਰਤਾ ਨੂੰ ਵਧਾਉਣ ਲਈ ਫਸਾਡ ਲਾਈਟਿੰਗ (ਫ੍ਰੰਟ ਲਾਈਟਾਂ) ਵੀ ਲਾਈ ਗਈ ਹੈ, ਜਿਸ ਨਾਲ ਰਾਤ ਸਮੇਂ ਆਕਰਸ਼ਕ ਦਿੱਖ ਹੁੰਦੀ ਹੈ।”ਮੁੱਖ ਮੰਤਰੀ ਨੇ ਕਿਹਾ, “ਭਗਵਾਨ ਵਾਲਮੀਕਿ ਜੀ ਦੇ ਤੀਰਥ ਸਥਲ ਦਾ ਵਿਕਾਸ ਮਹਿਜ਼ ਇੱਕ ਢਾਂਚਾਗਤ ਪ੍ਰੋਜੈਕਟ ਨਹੀਂ ਹੈ, ਸਗੋਂ ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਪ੍ਰਤੀ ਸਾਡੀ ਡੂੰਘੀ ਸ਼ਰਧਾ ਦਾ ਪ੍ਰਗਟਾਵਾ ਹੈ, ਜਿਨ੍ਹਾਂ ਦੀਆਂ ਸਿੱਖਿਆਵਾਂ ਨੇ ਸਦੀਆਂ ਤੋਂ ਮਨੁੱਖਤਾ ਨੂੰ ਅਮੀਰ ਬਣਾਇਆ ਹੈ।”

ਉਨ੍ਹਾਂ ਕਿਹਾ, “ਅਸੀਂ ਚਾਹੁੰਦੇ ਹਾਂ ਕਿ ਸ਼ਰਧਾਲੂ ਇਸ ਪਵਿੱਤਰ ਅਸਥਾਨ ਦੀ ਅਧਿਆਤਮਿਕ ਵਿਸ਼ਾਲਤਾ ਦਾ ਅਨੁਭਵ ਕਰਨ ਅਤੇ ਨਾਲ ਹੀ ਇਹ ਯਕੀਨੀ ਬਣਾਇਆ ਜਾਵੇ ਕਿ ਇਸ ਦੀ ਅਮੀਰ ਵਿਰਾਸਤ ਨੂੰ ਸੰਭਾਲਿਆ ਜਾਵੇ ਅਤੇ ਦੁਨੀਆ ਸਾਹਮਣੇ ਰੂਪਮਾਨ ਕੀਤਾ ਜਾਵੇ। ਰਾਜ ਸਰਕਾਰ ਇਸ ਧਾਰਮਿਕ ਅਸਥਾਨ ਦੇ ਸਰਬਪੱਖੀ ਵਿਕਾਸ ਲਈ ਲੋੜੀਂਦੇ ਸਰੋਤ ਮੁਹੱਈਆ ਕਰਵਾਉਣਾ ਜਾਰੀ ਰੱਖੇਗੀ ਅਤੇ ਸ਼ਰਧਾਲੂਆਂ ਲਈ ਸਹੂਲਤਾਂ ਵਿੱਚ ਸੁਧਾਰ ਲਈ ਲੋੜੀਂਦੇ ਸਾਰੇ ਬਾਕੀ ਕੰਮ ਕਰਵਾਏਗੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਪਵਿੱਤਰ ਧਰਤੀ ਦੇ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਅਤੇ ਸਰਕਾਰ ਆਪਣੀ ਵਚਨਬੱਧਤਾ ਨੂੰ ਪੂਰਾ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ।”

ਉਨ੍ਹਾਂ ਕਿਹਾ, “ਸਰਕਾਰ ਪੂਰੇ ਪੰਜਾਬ ਵਿੱਚ ਫਿਰਕੂ ਸਦਭਾਵਨਾ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਦੇ ਆਦਰਸ਼ਾਂ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ।”

ਮੁੱਖ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਧਾਰਮਿਕ ਸੰਸਥਾਵਾਂ ਨੂੰ ਆਪਣੀਆਂ ਅਧਿਆਤਮਿਕ ਪਰੰਪਰਾਵਾਂ ਵਿੱਚ ਹੀ ਪਰਪੱਕ ਰਹਿਣਾ ਚਾਹੀਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਧਾਰਮਿਕ ਸੰਸਥਾਵਾਂ ਦਾ ਪ੍ਰਬੰਧ ਬਿਨਾਂ ਕਿਸੇ ਬੇਲੋੜੀ ਸਿਆਸੀ ਦਖਲਅੰਦਾਜ਼ੀ ਦੇ ਸਬੰਧਤ ਧਰਮਾਂ ਨਾਲ ਜੁੜੇ ਲੋਕਾਂ ਦੁਆਰਾ ਹੀ ਕੀਤਾ ਜਾਣਾ ਚਾਹੀਦਾ ਹੈ।”

ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਸ਼ਰਧਾਲੂਆਂ ਨੂੰ ਅੰਮ੍ਰਿਤਸਰ ਦੇ ਹੋਰ ਪ੍ਰਮੁੱਖ ਪਵਿੱਤਰ ਅਸਥਾਨਾਂ ਦੇ ਨਾਲ-ਨਾਲ ਭਗਵਾਨ ਵਾਲਮੀਕਿ ਤੀਰਥ ਸਥਲ ਦੇ ਦਰਸ਼ਨ ਕਰਨ ਦੀ ਸਹੂਲਤ ਦਿੱਤੀ ਜਾ ਰਹੀ ਹੈ, ਜਿਸ ਨਾਲ ਸੰਗਤ ਨੂੰ ਇਹਨਾਂ ਪਵਿੱਤਰ ਅਸਥਾਨਾਂ ‘ਤੇ ਸੀਸ ਨਿਵਾਉਣ ਦਾ ਸੁਭਾਗ ਹਾਸਲ ਹੋ ਰਿਹਾ ਹੈ।

ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਦੇ ਜੀਵਨ ਅਤੇ ਫ਼ਲਸਫ਼ੇ ਤੋਂ ਪ੍ਰੇਰਣਾ ਲੈਣ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਨੂੰ ਸੱਚੀ ਸ਼ਰਧਾਂਜਲੀ ਇਹ ਹੋਵੇਗੀ ਕਿ ਅਸੀਂ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਮਲੀ ਰੂਪ ਦੇਈਏ ਅਤੇ ਰੋਜ਼ਾਨਾ ਜੀਵਨ ਵਿੱਚ ਬਰਾਬਰੀ, ਦਇਆ, ਸਦਾਚਾਰ ਅਤੇ ਆਪਸੀ ਸਤਿਕਾਰ ਦੀਆਂ ਕਦਰਾਂ-ਕੀਮਤਾਂ ਨੂੰ ਪ੍ਰਫੁੱਲਤ ਕਰੀਏ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਦਾ ਸੱਦਾ ਦਿੰਦਿਆਂ ਕਿਹਾ ਕਿ ਅਜਿਹੇ ਸਮਾਜ ਦੀ ਸਿਰਜਣਾ ਕੀਤੀ ਜਾਣੀ ਚਾਹੀਦੀ ਹੈ, ਜਿੱਥੇ ਕਿਸੇ ਨਾਲ ਵੀ ਵਿਤਕਰਾ ਨਾ ਹੋਵੇ, ਹਰ ਵਿਅਕਤੀ ਨੂੰ ਮਾਣ-ਸਤਿਕਾਰ ਮਿਲੇ ਅਤੇ ਆਪਸੀ ਭਾਈਚਾਰੇ ਤੇ ਸਦਭਾਵਨਾ ਦੀਆਂ ਤੰਦਾਂ ਦਿਨੋ-ਦਿਨ ਹੋਰ ਮਜ਼ਬੂਤ ਹੋਣ।

ਭਗਵੰਤ ਮਾਨ ਸਰਕਾਰ ਵੱਲੋਂ ਭਗਵਾਨ ਵਾਲਮੀਕਿ ਤੀਰਥ ਸਥਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰਨ ਦੀ ਪਹਿਲ

ਭਗਵੰਤ ਮਾਨ ਸਰਕਾਰ ਵੱਲੋਂ ਸਾਲ 2026-27 ਦੌਰਾਨ ਅੰਮ੍ਰਿਤਸਰ ਵਿਖੇ ਸਥਿਤ ਮਹਾਰਿਸ਼ੀ ਭਗਵਾਨ ਵਾਲਮੀਕਿ ਤੀਰਥ ਸਥਲ (ਰਾਮ ਤੀਰਥ) ਦੇ ਵਿਕਾਸ ਅਤੇ ਸੁੰਦਰੀਕਰਨ ਲਈ 17.72 ਕਰੋੜ ਰੁਪਏ ਖ਼ਰਚ ਕੀਤੇ ਜਾ ਰਹੇ ਹਨ। ਇਸ ਪਵਿੱਤਰ ਅਸਥਾਨ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰਨਾ ਇਸ ਪਹਿਲ ਦਾ ਮੁੱਖ ਉਦੇਸ਼ ਹੈ।

ਵਿਕਾਸ ਅਤੇ ਸੁੰਦਰੀਕਰਨ

ਭਗਵੰਤ ਮਾਨ ਸਰਕਾਰ ਵੱਲੋਂ ਸਾਲ 2026-27 ਦੌਰਾਨ ਮਹਾਰਿਸ਼ੀ ਭਗਵਾਨ ਵਾਲਮੀਕਿ ਤੀਰਥ ਸਥਲ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਅਤੇ ਸੁੰਦਰੀਕਰਨ ਦੇ ਕੰਮਾਂ ’ਤੇ 17.72 ਕਰੋੜ ਰੁਪਏ ਖ਼ਰਚ ਕੀਤੇ ਜਾ ਰਹੇ ਹਨ।

ਤੀਰਥ ਸਥਲ ਵਿਖੇ ਸਹੂਲਤਾਂ ਵਿੱਚ ਸੁਧਾਰ

* ਮੁੱਖ ਮੰਦਰ: ਮੁੱਖ ਮੰਦਰ ਦੀ ਇਮਾਰਤ ਦੀ ਮੁਰੰਮਤ ਅਤੇ ਸੁੰਦਰੀਕਰਨ

* ਸਾਊਂਡ ਸਿਸਟਮ: ਨਵੇਂ ਸਾਊਂਡ ਸਿਸਟਮ ਦੀ ਸਥਾਪਨਾ

* ਸੁਰੱਖਿਆ: ਸ਼ਰਧਾਲੂਆਂ ਦੀ ਸੁਰੱਖਿਆ ਲਈ ਸੀ.ਸੀ.ਟੀ.ਵੀ ਕੈਮਰੇ ਲਗਾਏ

* ਪਵਿੱਤਰ ਸਰੋਵਰ: ਪਵਿੱਤਰ ਸਰੋਵਰ ਦੀ ਸਫ਼ਾਈ ਅਤੇ ਇਸ ਨਾਲ ਸਬੰਧਤ ਹੋਰ ਕਾਰਜ

* ਸੀਵਰੇਜ ਅਤੇ ਰਿਹਾਇਸ਼ੀ ਸਹੂਲਤਾਂ: ਸੀਵਰੇਜ ਟ੍ਰੀਟਮੈਂਟ ਪਲਾਂਟ ਚਾਲੂ ਕਰਨਾ ਅਤੇ ਮੰਦਰ ਤੇ ਸਰਾਂ ਵਿੱਚ ਏਅਰ ਕੰਡੀਸ਼ਨਰ ਲਗਾਉਣਾ। ਇਨ੍ਹਾਂ ਕਾਰਜਾਂ ’ਤੇ 2.60 ਕਰੋੜ ਰੁਪਏ ਖ਼ਰਚ ਕੀਤੇ ਜਾ ਰਹੇ ਹਨ

ਪਹਿਲਾਂ ਨੇਪਰੇ ਚਾੜ੍ਹੇ ਗਏ ਪ੍ਰਮੁੱਖ ਪ੍ਰਾਜੈਕਟ

* ਪੈਨੋਰਮਾ: ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਦਰਸਾਉਂਦਾ ਪੈਨੋਰਮਾ ਸਾਲ 2024 ਵਿੱਚ 25 ਕਰੋੜ ਰੁਪਏ ਦੀ ਲਾਗਤ ਨਾਲ ਸ਼ਰਧਾਲੂਆਂ ਨੂੰ ਸਮਰਪਿਤ ਕੀਤਾ ਗਿਆ ਸੀ

* ਫਸਾਡ ਲਾਈਟਿੰਗ: ਤੀਰਥ ਸਥਲ ਦੀ ਦਿੱਖ ਨੂੰ ਹੋਰ ਆਕਰਸ਼ਕ ਬਣਾਉਣ ਲਈ, ਖ਼ਾਸ ਕਰਕੇ ਰਾਤ ਸਮੇਂ ਇਸ ਦੀ ਸੁੰਦਰਤਾ ਨੂੰ ਨਿਖਾਰਨ ਲਈ, ਰੌਸ਼ਨੀ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।

ਸੈਰ-ਸਪਾਟੇ ਅਤੇ ਸ਼ਰਧਾਲੂਆਂ ਦੀਆਂ ਸਹੂਲਤਾਂ ’ਤੇ ਵਿਸ਼ੇਸ਼ ਧਿਆਨ

* ਪੰਜਾਬ ਸਰਕਾਰ ਇਸ ਪਵਿੱਤਰ ਅਸਥਾਨ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰਨ ਲਈ ਵਚਨਬੱਧ ਹੈ।

* ਸ਼ਰਧਾਲੂਆਂ ਦੀ ਸਹੂਲਤ ਨੂੰ ਹੋਰ ਬਿਹਤਰ ਬਣਾਉਣ ਲਈ ਲੋੜ ਅਨੁਸਾਰ ਵਾਧੂ ਵਿਕਾਸ ਕਾਰਜ ਵੀ ਕੀਤੇ ਜਾਣਗੇ।

* ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੰਮ੍ਰਿਤਸਰ ਆਉਣ ਵਾਲੇ ਸ਼ਰਧਾਲੂਆਂ ਨੂੰ ਭਗਵਾਨ ਵਾਲਮੀਕਿ ਤੀਰਥ ਸਥਲ ਸਮੇਤ ਹੋਰ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਾਉਣ ਦੀ ਸਹੂਲਤ ਵੀ ਪ੍ਰਦਾਨ ਕੀਤੀ ਜਾਂਦੀ ਹੈ।

Exit mobile version