ਸਾਡੀ ਸਰਕਾਰ ਦੀ ਨੀਅਤ ਸਾਫ਼, ਅਸੀਂ ਲੋਕਾਂ ਦਾ ਪੈਸਾ ਲੋਕਾਂ ਨੂੰ ਹੀ ਮੋੜ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪਿਛਲੀਆਂ ਸਰਕਾਰਾਂ ਨੇ ਜਨਤਾ ਦੇ ਪੈਸੇ ਨਾਲ ਆਪਣੇ ਖ਼ਜ਼ਾਨੇ ਭਰੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਭਾਜਪਾ, ਅਕਾਲੀ ਤੇ ਕਾਂਗਰਸ ਲੋਕ-ਪੱਖੀ ਮੁਫ਼ਤ ਸਹੂਲਤਾਂ ਬੰਦ ਕਰਨ ਦੀਆਂ ਧਮਕੀਆਂ ਦੇ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸਾਢੇ ਚਾਰ ਸਾਲਾਂ ’ਚ ਮੈਰਿਟ ਦੇ ਆਧਾਰ ’ਤੇ 70,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪਹਿਲਾਂ ਸਿਰਫ਼ ਅਮੀਰਾਂ ਦੇ ਬੱਚੇ ਡਾਕਟਰ-ਇੰਜੀਨੀਅਰ ਬਣਦੇ ਸਨ, ਹੁਣ ਗ਼ਰੀਬ ਪਰਿਵਾਰਾਂ ਦੇ ਬੱਚੇ ਵੀ ਬਣ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
25 ਸਾਲ ਰਾਜ ਕਰਨ ਦੇ ਦਾਅਵੇ ਕਰਨ ਵਾਲੇ ਅਕਾਲੀਆਂ ਨੂੰ ਅੱਜ 5 ਸਮਰਥਕ ਵੀ ਨਹੀਂ ਮਿਲ ਰਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਨਕੋਦਰ, 28 ਅਕਤੂਬਰ 2026 ( ਦੀ ਪੰਜਾਬ ਵਾਇਰ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨੂੰ ਐਲਾਨ ਕੀਤਾ ਕਿ 1 ਨਵੰਬਰ ਨੂੰ ਔਰਤਾਂ ਦੇ ਮੋਬਾਈਲ ਫ਼ੋਨਾਂ ’ਤੇ ਇਕ ਵਾਰ ਫਿਰ ‘ਟੂੰ-ਟੂੰ’ ਦੇ ਸੁਨੇਹੇ ਗੂੰਜਣਗੇ, ਕਿਉਂਕਿ ਉਨ੍ਹਾਂ ਦੀ ਸਰਕਾਰ ਪਹਿਲੀ ਨਵੰਬਰ ਨੂੰ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਅਗਲੀ ਕਿਸ਼ਤ ਜਾਰੀ ਕਰਨ ਜਾ ਰਹੀ ਹੈ। ਉਨ੍ਹਾਂ ਨੇ ਲੋਕਾਂ ਦਾ ਪੈਸਾ ਸਿੱਧਾ ਲੋਕਾਂ ਤੱਕ ਪਹੁੰਚਾਉਣ ਦੀ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਜਲੰਧਰ ਜ਼ਿਲ੍ਹੇ ਦੇ ਹਲਕਾ ਨਕੋਦਰ ਅਧੀਨ ਪੈਂਦੇ ਪਿੰਡ ਸਰੀਂਹ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਜਨਤਾ ਦੇ ਪੈਸੇ ਨਾਲ ਆਪਣੇ ਖ਼ਜ਼ਾਨੇ ਭਰੇ ਅਤੇ ਹੁਣ ਭਾਜਪਾ, ਅਕਾਲੀ ਅਤੇ ਕਾਂਗਰਸੀ ਸਾਡੀਆਂ ਸ਼ੁਰੂ ਕੀਤੀਆਂ ਲੋਕ-ਪੱਖੀ ਸਕੀਮਾਂ ਨੂੰ ਬੰਦ ਕਰਨ ਦੀਆਂ ਧਮਕੀਆਂ ਦੇ ਰਹੇ ਹਨ।
ਆਪਣੀ ਸਰਕਾਰ ਦਾ ਰਿਕਾਰਡ ਪੇਸ਼ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਢੇ ਚਾਰ ਸਾਲਾਂ ਦੌਰਾਨ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ’ਤੇ 70,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਹੁਣ ਗ਼ਰੀਬ ਪਰਿਵਾਰਾਂ ਦੇ ਬੱਚੇ ਵੀ ਡਾਕਟਰ ਅਤੇ ਇੰਜੀਨੀਅਰ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦਾ ਭਰੋਸਾ ਹੀ ਸਰਕਾਰ ਦੀ ਅਸਲ ਤਾਕਤ ਹੈ। ਉਨ੍ਹਾਂ ਨੇ ਸਿੱਖਿਆ, ਸਿਹਤ, ਰੋਜ਼ਗਾਰ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਰਾਹੀਂ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਦੇ ਆਪਣੇ ਅਹਿਦ ਨੂੰ ਦੁਹਰਾਇਆ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ‘ਐਕਸ’ ਹੈਂਡਲ ’ਤੇ ਪੋਸਟ ਸਾਂਝੀ ਕਰਦਿਆਂ ਲਿਖਿਆ: “ਜਲੰਧਰ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਨਕੋਦਰ ਦੇ ਪਿੰਡ ਸਰੀਂਹ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਵੱਡੇ ਇਕੱਠ ਨੂੰ ਸੰਬੋਧਨ ਕੀਤਾ। ਲੋਕਾਂ ਦਾ ਸਾਡੇ ਉੱਤੇ ਭਰੋਸਾ ਅਤੇ ਪਿਆਰ ਹੀ ਸਾਡੀ ਅਸਲ ਤਾਕਤ ਹੈ। ਵਿਰੋਧੀਆਂ ਦੀਆਂ ਪਿਛਲੀਆਂ ਸਰਕਾਰਾਂ ਨੇ ਸਿਰਫ਼ ਲੋਕਾਂ ਨੂੰ ਲੁੱਟਿਆ, ਪਰ ਸਾਡੀ ਸਰਕਾਰ ਦਾ ਇੱਕੋ-ਇੱਕ ਮਕਸਦ ਪੰਜਾਬ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਉਣਾ ਅਤੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣਾ ਹੈ। ਅਸੀਂ ਸਿੱਖਿਆ, ਸਿਹਤ ਅਤੇ ਰੋਜ਼ਗਾਰ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੇ ਹਾਂ ਤਾਂ ਜੋ ਆਮ ਪਰਿਵਾਰਾਂ ਦੇ ਬੱਚੇ ਪੜ੍ਹ-ਲਿਖ ਕੇ ਅੱਗੇ ਵਧਣ ਅਤੇ ਵੱਡੇ ਅਫ਼ਸਰ ਬਣ ਸਕਣ। ਪੰਜਾਬ ਵਾਸੀਆਂ ਨਾਲ ਕੀਤੇ ਵਾਅਦੇ ਮੁਤਾਬਕ ਅਸੀਂ ‘ਰੰਗਲਾ ਪੰਜਾਬ’ ਬਣਾਉਣ ਲਈ ਦਿਨ-ਰਾਤ ਮਿਹਨਤ ਕਰ ਰਹੇ ਹਾਂ।”
ਲੋਕਾਂ ਦੇ ਭਾਰੀ ਇਕੱਠ ਵਾਲੀ ‘ਲੋਕ ਮਿਲਣੀ’ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਮਾਵਾਂ-ਧੀਆਂ ਦੀ ਭਲਾਈ, ਸਵੈ-ਮਾਣ ਅਤੇ ਆਰਥਿਕ ਸਸ਼ਕਤੀਕਰਨ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਮੁੜ ਦੁਹਰਾਇਆ। ਉਨ੍ਹਾਂ ਕਿਹਾ, “ਸਾਡੀ ਨੀਅਤ ਬਿਲਕੁਲ ਸਾਫ਼ ਹੈ ਅਤੇ ਸਾਡੀਆਂ ਨੀਤੀਆਂ ਭਲਾਈ ਤੇ ਵਿਕਾਸ ਮੁਖੀ ਉਪਰਾਲਿਆਂ ਰਾਹੀਂ ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜਨ ਵੱਲ ਸੇਧਿਤ ਹਨ। ਉਨ੍ਹਾਂ ਕਿਹਾ ਕਿ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਲਈ ਜਨਤਕ ਵਸੀਲਿਆਂ ਦੀ ਲੁੱਟ ਕਰਨ ਵਾਲੀਆਂ ਪਿਛਲੀਆਂ ਸਰਕਾਰਾਂ ਦੇ ਉਲਟ ਸਾਡੀ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਸਰਕਾਰੀ ਸਹੂਲਤਾਂ ਦਾ ਲਾਭ ਆਮ ਘਰਾਂ ਤੱਕ ਪਹੁੰਚੇ।
ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ, “ਸਾਡਾ ਮੰਨਣਾ ਹੈ ਕਿ ਲੋਕਾਂ ਦਾ ਪੈਸਾ ਲੋਕਾਂ ਦਾ ਹੀ ਹੈ ਅਤੇ ਇਸ ਨੂੰ ਉਨ੍ਹਾਂ ਦੀ ਭਲਾਈ ਲਈ ਹੀ ਖ਼ਰਚਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ 1 ਨਵੰਬਰ ਨੂੰ ਸੂਬੇ ਦੀਆਂ ਮਾਵਾਂ- ਭੈਣਾਂ ਨੂੰ ਮੋਬਾਈਲ ਫੋਨਾਂ ‘ਤੇ ਮੁੜ ਸਨਮਾਨ ਰਾਸ਼ੀ ਦੇ ਸੁਨੇਹੇ ਪ੍ਰਾਪਤ ਹੋਣਗੇ ਕਿਉਂਕਿ ਉਨ੍ਹਾਂ ਦਾ ਸਤਿਕਾਰ, ਸੁਰੱਖਿਆ ਅਤੇ ਆਰਥਿਕ ਖ਼ੁਦਮੁਖ਼ਤਿਆਰੀ ਸਾਡੀ ਸਰਕਾਰ ਦੀਆਂ ਮੁੱਖ ਤਰਜੀਹਾਂ ਹਨ। ਉਨ੍ਹਾਂ ਕਿਹਾ ਕਿ ਅਸੀਂ ਕਿਸੇ ’ਤੇ ਕੋਈ ਅਹਿਸਾਨ ਨਹੀਂ ਕਰ ਰਹੇ, ਸਗੋਂ ਪੰਜਾਬ ਦੇ ਲੋਕਾਂ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾ ਰਹੇ ਹਾਂ।”
ਭਾਜਪਾ, ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ’ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ, “ਇਹ ਮੰਦਭਾਗੀ ਗੱਲ ਹੈ ਕਿ ਇਹ ਪਾਰਟੀਆਂ ਆਮ ਪਰਿਵਾਰਾਂ ਨੂੰ ਰਾਹਤ ਦੇਣ ਵਾਲੇ ਇਨ੍ਹਾਂ ਉਪਰਾਲਿਆਂ ਦੀ ਸ਼ਲਾਘਾ ਕਰਨ ਦੀ ਬਜਾਏ ਭਲਾਈ ਸਕੀਮਾਂ ਨੂੰ ਬੰਦ ਕਰਨ ਦੀਆਂ ਧਮਕੀਆਂ ਦੇ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਉਨ੍ਹਾਂ ਨੂੰ ਮਿਲ ਰਹੇ ਉਕਤ ਲਾਭਾਂ ਤੋਂ ਵਾਂਝੇ ਕਰਨ ਦੀਆਂ ਕੋਸ਼ਿਸ਼ਾਂ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਭਾਜਪਾ ਮੈਨੂੰ ਕੁਰਸੀ ਤੋਂ ਲਾਹੁਣ ਦੇ ਇੱਕੋ-ਇੱਕ ਮਕਸਦ ਨਾਲ ਫਰੈਂਡਲੀ ਮੈਚ ਖੇਡ ਰਹੀਆਂ ਹਨ।
ਮੁੱਖ ਮੰਤਰੀ ਨੇ ਅੱਗੇ ਕਿਹਾ, “ਇਨ੍ਹਾਂ ਦੋਵਾਂ ਪਾਰਟੀਆਂ ਵੱਲੋਂ ਇਕ-ਦੂਜੇ ਦੀ ਆਲੋਚਨਾ ਨਾ ਕਰਨਾ ਉਨ੍ਹਾਂ ਦੀ ਅੰਦਰੂਨੀ ਸਿਆਸੀ ਮਿਲੀਭੁਗਤ ਨੂੰ ਬੇਨਕਾਬ ਕਰਦਾ ਹੈ ਅਤੇ ਆਮ ਲੋਕਾਂ ਦੇ ਸਸ਼ਕਤੀਕਰਨ ਪ੍ਰਤੀ ਉਨ੍ਹਾਂ ਦੀ ਬੇਚੈਨੀ ਨੂੰ ਜ਼ਾਹਰ ਕਰਦਾ ਹੈ ਕਿਉਂਕਿ ਕਿ ਉਨ੍ਹਾਂ ਦੀ ਸਮੱਸਿਆ ਸਿਰਫ਼ ਭਗਵੰਤ ਸਿੰਘ ਮਾਨ ਨਹੀਂ ਹੈ।”
ਉਨ੍ਹਾਂ ਜ਼ੋਰ ਦੇ ਕੇ ਆਖਿਆ, “ਇਨ੍ਹਾਂ ਪਾਰਟੀਆਂ ਦੀ ਅਸਲ ਦਿੱਕਤ ਆਮ ਆਦਮੀ ਦਾ ਉਭਾਰ ਹੈ ਕਿਉਂਕਿ ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੇ ਕਿ ਇਕ ਸਾਧਾਰਨ ਪਰਿਵਾਰ ਦਾ ਵਿਅਕਤੀ ਮੁੱਖ ਮੰਤਰੀ ਦੀ ਕੁਰਸੀ ’ਤੇ ਬੈਠ ਕੇ ਸਮਾਜ ਦੇ ਹਰ ਵਰਗ ਲਈ ਦਿਨ-ਰਾਤ ਕੰਮ ਕਰ ਰਿਹਾ ਹੈ। ਉਹ ਮੈਨੂੰ ਇਸ ਲਈ ਹਟਾਉਣਾ ਚਾਹੁੰਦੇ ਹਨ ਕਿਉਂਕਿ ਸਾਡੀ ਸਰਕਾਰ ਨੇ ਉਸ ਪੁਰਾਣੇ ਸਿਸਟਮ ਨੂੰ ਚੁਣੌਤੀ ਦਿੱਤੀ ਹੈ ਜਿੱਥੇ ਸਿਆਸੀ ਤਾਕਤ ਸਿਰਫ਼ ਕੁਝ ਰਸੂਖ਼ਦਾਰ ਪਰਿਵਾਰਾਂ ਦੇ ਹੱਥਾਂ ਵਿੱਚ ਹੀ ਸਿਮਟੀ ਹੋਈ ਸੀ।”
ਲੋਕ ਮਿਲਣੀ ਵਿੱਚ ਵੱਡੀ ਗਿਣਤੀ ਵਿੱਚ ਪਹੁੰਚੇ ਲੋਕਾਂ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਲੋਕਾਂ ਦਾ ਪਿਆਰ ਅਤੇ ਵਿਸ਼ਵਾਸ ਪੰਜਾਬ ਦੀ ਸੇਵਾ ਹੋਰ ਸਮਰਪਣ ਨਾਲ ਕਰਨ ਦੇ ਮੇਰੇ ਇਰਾਦੇ ਨੂੰ ਹੋਰ ਮਜ਼ਬੂਤ ਕਰਦਾ ਹੈ। ਮੈਂ ਖ਼ਾਸ ਕਰਕੇ ਉਨ੍ਹਾਂ ਮਾਵਾਂ-ਭੈਣਾਂ ਦਾ ਸਵਾਗਤ ਕਰਦਾ ਹਾਂ ਜੋ ਆਪਣੇ ਰੋਜ਼ਾਨਾ ਦੇ ਘਰੇਲੂ ਰੁਝੇਵਿਆਂ ਨੂੰ ਛੱਡ ਕੇ ਇਸ ਇਕੱਠ ਵਿੱਚ ਪਹੁੰਚੀਆਂ ਹਨ। ਮੈਨੂੰ ਮਿਲਣ ਲਈ
ਆਉਣ ਵਾਸਤੇ ਪੁੱਟਿਆ ਉਨ੍ਹਾਂ ਦਾ ਹਰ ਕਦਮ ਮੈਨੂੰ ਹੌਸਲਾ ਦਿੰਦਾ ਹੈ ਅਤੇ ਤੁਹਾਡੇ ਲਈ ਹੋਰ ਸਖ਼ਤ ਮਿਹਨਤ ਕਰਨ ਦੀ ਪ੍ਰੇਰਨਾ ਦਿੰਦਾ ਹੈ। ਮੈਂ ਲੋਕਾਂ ਦਾ ਹਾਂ ਅਤੇ ਹਮੇਸ਼ਾ ਉਨ੍ਹਾਂ ਦੀ ਭਲਾਈ ਲਈ ਵਚਨਬੱਧ ਰਹਾਂਗਾ।
2027 ਦੀਆਂ ਵਿਧਾਨ ਸਭਾ ਚੋਣਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ, “ਲੋਕਾਂ ਦਾ ਇਹ ਭਾਰੀ ਉਤਸ਼ਾਹ ਸਾਡੀ ਸਰਕਾਰ ਦੇ ਕੰਮਾਂ ਪ੍ਰਤੀ ਉਨ੍ਹਾਂ ਦੇ ਭਰੋਸੇ ਅਤੇ ਪੰਜਾਬ ਦੇ ਭਵਿੱਖ ਲਈ ਉਨ੍ਹਾਂ ਦੀਆਂ ਉਮੀਦਾਂ ਨੂੰ ਦਰਸਾਉਂਦਾ ਹੈ ਅਤੇ ਲੋਕ ਆਪਣਾ ਫ਼ੈਸਲਾ ਆਪਣੀ ਵੋਟ ਦੀ ਤਾਕਤ ਨਾਲ ਸੁਣਾਉਣਗੇ।
ਰੋਜ਼ਗਾਰ ਦੀ ਦਿਸ਼ਾ ਵਿੱਚ ਸਰਕਾਰ ਦੇ ਰਿਕਾਰਡ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ, “ਸਾਢੇ ਚਾਰ ਸਾਲਾਂ ਤੋਂ ਵੱਧ ਸਮੇਂ ਵਿੱਚ ਅਸੀਂ ਨੌਜਵਾਨਾਂ ਨੂੰ ਬਿਨਾਂ ਕਿਸੇ ਪੱਖਪਾਤ ਅਤੇ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ’ਤੇ 70,862 ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਅਸੀਂ ਸਿਫ਼ਾਰਸ਼ ਅਤੇ ਭ੍ਰਿਸ਼ਟਾਚਾਰ ਦੇ ਸੱਭਿਆਚਾਰ ਨੂੰ ਪਾਰਦਰਸ਼ਤਾ ਅਤੇ ਬਰਾਬਰ ਮੌਕਿਆਂ ਵਿੱਚ ਬਦਲਣ ਦਾ ਯਤਨ ਕੀਤਾ ਹੈ, ਜਿਸ ਸਦਕਾ ਆਮ ਪਰਿਵਾਰਾਂ ਦੇ ਯੋਗ ਉਮੀਦਵਾਰ ਅੱਜ ਸਰਕਾਰੀ ਨੌਕਰੀਆਂ ਹਾਸਲ ਕਰ ਰਹੇ ਹਨ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦਿੱਤਾ, “ਨੌਜਵਾਨ ਝੂਠੇ ਲਾਰਿਆਂ ਦੇ ਨਹੀਂ ਸਗੋਂ ਮੌਕਿਆਂ ਦੇ ਹੱਕਦਾਰ ਹਨ। ਅਸੀਂ ਇਹ ਯਕੀਨੀ ਬਣਾਉਣ ਲਈ ਕੰਮ ਕੀਤਾ ਹੈ ਕਿ ਹਰ ਭਰਤੀ ਪੈਸੇ, ਰਸੂਖ਼ ਜਾਂ ਸਿਆਸੀ ਪਹੁੰਚ ਦੀ ਥਾਂ ਸਿਰਫ਼ ਯੋਗਤਾ ਦੇ ਆਧਾਰ ’ਤੇ ਹੋਵੇ।”
ਮੁੱਖ ਮੰਤਰੀ ਨੇ ਅੱਗੇ ਕਿਹਾ, “ਹਰ ਯੋਗ ਨੌਜਵਾਨ ਵਿੱਚ ਇਹ ਭਰੋਸਾ ਹੋਣਾ ਚਾਹੀਦਾ ਹੈ ਕਿ ਤਾਕਤਵਰ ਲੋਕਾਂ ਨਾਲ ਨੇੜਤਾ ਨਹੀਂ, ਸਗੋਂ ਉਨ੍ਹਾਂ ਦੀ ਸਖ਼ਤ ਮਿਹਨਤ ਹੀ ਉਨ੍ਹਾਂ ਦੇ ਭਵਿੱਖ ਦਾ ਫ਼ੈਸਲਾ ਕਰੇਗੀ। ਸਾਡੇ ਸਿੱਖਿਆ ਸੁਧਾਰ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਦੇ ਬੱਚਿਆਂ ਦੇ ਸੁਪਨਿਆਂ ਅਤੇ ਭਵਿੱਖ ਨੂੰ ਨਵੀਂ ਦਿਸ਼ਾ ਦੇ ਰਹੇ ਹਨ। ਜਦੋਂ ਮੈਂ 2022 ਵਿੱਚ ਅਹੁਦੇ ਦਾ ਹਲਫ਼ ਲਿਆ ਸੀ ਤਾਂ ਸਿੱਖਿਆ ਦੇ ਖੇਤਰ ਵਿੱਚ ਪੰਜਾਬ 27ਵੇਂ ਸਥਾਨ ’ਤੇ ਸੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਰਵਾਏ ਗਏ ਹਾਲ ਹੀ ਦੇ ਮੁਲਾਂਕਣ ਅਨੁਸਾਰ ਸੂਬੇ ਨੇ ਪ੍ਰਾਇਮਰੀ ਸਿੱਖਿਆ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ , ਜੋ ਸਾਡੀ ਸਰਕਾਰ ਕੀਤੇ ਗਏ ਵੱਡੇ ਸਿੱਖਿਆ ਸੁਧਾਰਾਂ ਦਾ ਪ੍ਰਤੱਖ ਪ੍ਰਮਾਣ ਹੈ।”
ਮੁੱਖ ਮੰਤਰੀ ਨੇ ਕਿਹਾ, “ਅਧਿਆਪਕਾਂ ਦੇ ਪੜ੍ਹਾਉਣ ਦੇ ਹੁਨਰ ਨੂੰ ਨਿਖਾਰਨ ਅਤੇ ਬਿਹਤਰ ਵਿਦਿਅਕ ਅਭਿਆਸਾਂ ਨੂੰ ਅਪਣਾਉਣ ਲਈ ਉਨ੍ਹਾਂ ਨੂੰ ਫ਼ਿਨਲੈਂਡ, ਸਿੰਗਾਪੁਰ ਅਤੇ ਆਈ.ਆਈ.ਐੱਮ.ਵਰਗੀਆਂ ਨਾਮਵਰ ਸੰਸਥਾਵਾਂ ਵਿੱਚ ਭੇਜਿਆ ਜਾ ਰਿਹਾ ਹੈ। ‘ਸਕੂਲ ਆਫ਼ ਐਮੀਨੈਂਸ’ ਵਿਦਿਆਰਥੀਆਂ ਨੂੰ ਬਿਹਤਰ ਵਿਦਿਅਕ ਮਾਹੌਲ ਅਤੇ ਉਨ੍ਹਾਂ ਦੇ ਟੀਚਿਆਂ ਦੀ ਪੂਰਤੀ ਲਈ ਸੁਚੱਜੇ ਮੌਕੇ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਿਰਫ਼ ਲਾਲ ਕਾਰਡ ਜਾਂ ਨੀਲੇ ਕਾਰਡ ਕਿਸੇ ਪਰਿਵਾਰ ਨੂੰ ਗ਼ਰੀਬੀ ਵਿੱਚੋਂ ਬਾਹਰ ਨਹੀਂ ਕੱਢ ਸਕਦੇ, ਸਗੋਂ ਇਹ ਸਿੱਖਿਆ ਹੈ, ਜੋ ਪੀੜ੍ਹੀਆਂ ਦੀ ਤਕਦੀਰ ਬਦਲ ਸਕਦੀ ਹੈ।”
ਮੁੱਖ ਮੰਤਰੀ ਨੇ ਅੱਗੇ ਕਿਹਾ, “ਜਦੋਂ ਬੱਚੇ ਮਿਆਰੀ ਸਿੱਖਿਆ ਪ੍ਰਾਪਤ ਕਰਦੇ ਹਨ, ਤਾਂ ਉਨ੍ਹਾਂ ਵਿੱਚ ਆਪਣੇ ਪੈਰਾਂ ’ਤੇ ਖੜ੍ਹੇ ਹੋਣ ਅਤੇ ਆਪਣੇ ਪਰਿਵਾਰ ਲਈ ਬਿਹਤਰ ਭਵਿੱਖ ਸਿਰਜਣ ਦੀ ਸਮਰੱਥਾ ਆਉਂਦੀ ਹੈ ਅਤੇ ਨੀਟ ਦੇ ਨਤੀਜੇ ਇਸ ਤਬਦੀਲੀ ਦੀ ਗਵਾਹੀ ਭਰਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਕੁੱਲ 882 ਵਿਦਿਆਰਥੀਆਂ ਨੇ ਇਹ ਪ੍ਰੀਖਿਆ ਪਾਸ ਕੀਤੀ ਹੈ, ਜਦਕਿ 2021 ਵਿੱਚ ਇਹ ਗਿਣਤੀ ਸਿਰਫ਼ 80 ਸੀ। ਉਨ੍ਹਾਂ ਕਿਹਾ ਕਿ ਇਸ ਗਿਣਤੀ ਵਿੱਚ ਇਹ ਲਗਭਗ 11 ਗੁਣਾ ਵਾਧਾ ਸਰਕਾਰੀ ਸਿੱਖਿਆ ਪ੍ਰਣਾਲੀ ਦੀ ਮਜ਼ਬੂਤੀ ਨੂੰ ਦਰਸਾਉਂਦਾ ਹੈ।”
ਉਨ੍ਹਾਂ ਜ਼ੋਰ ਦੇ ਕੇ ਕਿਹਾ, “ਅੱਜ ਰਿਕਸ਼ਾ ਚਾਲਕਾਂ, ਛੋਟੇ ਦੁਕਾਨਦਾਰਾਂ ਅਤੇ ਰੇਹੜੀ ਵਾਲਿਆਂ ਦੇ ਬੱਚੇ ਨੀਟ ਵਰਗੀਆਂ ਵੱਕਾਰੀ ਪ੍ਰੀਖਿਆਵਾਂ ਪਾਸ ਕਰ ਰਹੇ ਹਨ। ਇਸ ਤੋਂ ਪਹਿਲਾਂ ਗਰੀਬ ਵਿਦਿਆਰਥੀਆਂ ਲਈ ਡਾਕਟਰ ਜਾਂ ਇੰਜੀਨੀਅਰ ਬਣਨ ਦਾ ਸੁਪਨਾ ਪਰਿਵਾਰ ਦੀ ਆਰਥਿਕ ਹਾਲਤ ਨਿਰਧਾਰਤ ਕਰਦੀ ਸੀ।
ਮੁੱਖ ਮੰਤਰੀ ਨੇ ਕਿਹਾ, “ਹੁਣ ਸਾਧਾਰਨ ਪਿਛੋਕੜ ਵਾਲੇ ਬੱਚੇ ਇਹ ਸਾਬਤ ਕਰ ਰਹੇ ਹਨ ਕਿ ਹੁਨਰ ਸਿਰਫ਼ ਅਮੀਰਾਂ ਦੀ ਜਗੀਰ ਨਹੀਂ ਹੈ। ਇਹੀ ਉਹ ਅਸਲ ਬਦਲਾਅ ਹੈ ਜੋ ਅਸੀਂ ਪੰਜਾਬ ਵਿੱਚ ਲਿਆਉਣਾ ਚਾਹੁੰਦੇ ਸੀ। ਪੰਜਾਬ ਦੇ ਲਗਭਗ 90 ਫ਼ੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਸਕੀਮ ਦਾ ਲਾਭ ਮਿਲ ਰਿਹਾ ਹੈ, ਜਿਸ ਨਾਲ ਵਧਦੇ ਘਰੇਲੂ ਖ਼ਰਚਿਆਂ ਨਾਲ ਜੂਝ ਰਹੇ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੀ ਹੈ। ਸਾਡੀ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਸਰਕਾਰੀ ਖ਼ਜ਼ਾਨਾ ਸਿਆਸੀ ਰਸੂਖ਼ਦਾਰਾਂ ਦੇ ਹਿੱਤ ਪੂਰਨ ਦੀ ਬਜਾਏ ਸਿੱਧੇ ਰੂਪ ਵਿੱਚ ਆਮ ਨਾਗਰਿਕਾਂ ਦੀ ਭਲਾਈ ਲਈ ਖਰਚ ਹੋਵੇ।”
ਮੁੱਖ ਮੰਤਰੀ ਨੇ ਕਿਹਾ, “ਜਦੋਂ ਕਿਸੇ ਪਰਿਵਾਰ ਨੂੰ ਜ਼ੀਰੋ ਬਿਜਲੀ ਬਿੱਲ ਮਿਲਦਾ ਹੈ, ਤਾਂ ਬਿਜਲੀ ’ਤੇ ਖ਼ਰਚ ਹੋਣ ਵਾਲਾ ਉਹ ਪੈਸਾ ਬੱਚਿਆਂ ਦੀ ਪੜ੍ਹਾਈ, ਦਵਾਈਆਂ ਜਾਂ ਹੋਰ ਜ਼ਰੂਰੀ ਲੋੜਾਂ ਲਈ ਵਰਤਿਆ ਜਾ ਸਕਦਾ ਹੈ। ਇਕ ਸਾਧਾਰਨ ਪਰਿਵਾਰ ਲਈ ਇਹ ਰਾਹਤ ਬਹੁਤ ਵੱਡਾ ਫ਼ਰਕ ਪਾਉਂਦੀ ਹੈ। ਸਾਡੀ ਸਰਕਾਰ ਦਾ ਮੰਨਣਾ ਹੈ ਕਿ ਵਿਕਾਸ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾਣਾ ਚਾਹੀਦਾ ਹੈ ਕਿ ਇਸ ਨਾਲ ਲੋਕਾਂ ਦੇ ਰੋਜ਼ਾਨਾ ਜੀਵਨ ਵਿੱਚ ਕਿੰਨਾ ਸੁਧਾਰ ਆਇਆ ਹੈ।”
ਮੁੱਖ ਮੰਤਰੀ ਨੇ ਉਨ੍ਹਾਂ ਯੋਗ ਪਰਿਵਾਰਾਂ ਨੂੰ ਵੀ ਆਪਣੇ ਸਿਹਤ ਕਾਰਡ ਬਣਵਾਉਣ ਦੀ ਅਪੀਲ ਕੀਤੀ ਜੋ ਅਜੇ ਤੱਕ ‘ਮੁੱਖ ਮੰਤਰੀ ਸਿਹਤ ਯੋਜਨਾ’ ਅਧੀਨ ਰਜਿਸਟਰ ਨਹੀਂ ਹੋਏ। ਉਨ੍ਹਾਂ ਦੱਸਿਆ, “ਹੁਣ ਤੱਕ ਲਗਭਗ 54 ਲੱਖ ਪਰਿਵਾਰਾਂ ਦੇ ਸਿਹਤ ਕਾਰਡ ਬਣਾਏ ਜਾ ਚੁੱਕੇ ਹਨ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ, “ਸਰਕਾਰ ਦਾ ਟੀਚਾ ਇਹ ਯਕੀਨੀ ਬਣਾਉਣਾ ਹੈ ਕਿ ਆਰਥਿਕ ਤੰਗੀ ਕਦੇ ਵੀ ਕਿਸੇ ਪਰਿਵਾਰ ਦੇ ਇਲਾਜ ਵਿੱਚ ਰੁਕਾਵਟ ਨਾ ਬਣੇ। ਕਿਸੇ ਵੀ ਮਾਪੇ ਨੂੰ ਆਪਣੇ ਬੱਚੇ ਦੇ ਇਲਾਜ ਖ਼ਰਚੇ ਦੀ ਚਿੰਤਾ ਨਾ ਕਰਨੀ ਪਵੇ। ਸਾਡਾ ਟੀਚਾ ਹੈ ਕਿ ਸਿਹਤ ਸਹੂਲਤਾਂ ਅਤੇ ਮਾਣ-ਸਤਿਕਾਰ ਹਰ ਘਰ ਤੱਕ ਪਹੁੰਚੇ।”
ਪੰਜਾਬ ਦੀ ਆਰਥਿਕਤਾ ਲਈ ਖੇਤੀਬਾੜੀ ਦੇ ਮਹੱਤਵ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ, “ਸਾਡੀ ਸਰਕਾਰ ਨਹਿਰਾਂ ਅਤੇ ਪਾਈਪਲਾਈਨਾਂ ਰਾਹੀਂ ਕਿਸਾਨਾਂ ਦੇ ਖੇਤਾਂ ਤੱਕ ਪਾਣੀ ਪਹੁੰਚਾਉਣ ਲਈ ਸਿੰਚਾਈ ਢਾਂਚੇ ਨੂੰ ਲਗਾਤਾਰ ਮਜ਼ਬੂਤ ਕਰ ਰਹੀ ਹੈ। ਲਗਭਗ 14,000 ਕਿਲੋਮੀਟਰ ਪਾਈਪਲਾਈਨਾਂ ਵਿਛਾਈਆਂ ਗਈਆਂ ਹਨ ਅਤੇ ਸਿੰਚਾਈ ਨੈੱਟਵਰਕ ਰਾਹੀਂ ਖੇਤਾਂ ਤੱਕ 18,000 ਕਿਊਸਿਕ ਪਾਣੀ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਹਿਰੀ ਸਿੰਚਾਈ ਤੱਕ ਵੱਧ ਤੋਂ ਵੱਧ ਪਹੁੰਚ ਨਾਲ ਧਰਤੀ ਹੇਠਲੇ ਪਾਣੀ ’ਤੇ ਨਿਰਭਰਤਾ ਘਟੇਗੀ ਅਤੇ ਕਿਸਾਨਾਂ ਨੂੰ ਨਿਰਵਿਘਨ ਪਾਣੀ ਦੀ ਸਪਲਾਈ ਮਿਲ ਸਕੇਗੀ।”
ਮੁੱਖ ਮੰਤਰੀ ਨੇ ਕਿਹਾ, “ਪੰਜਾਬ ਦੇ ਕਿਸਾਨਾਂ ਨੇ ਆਪਣੇ ਖ਼ੂਨ-ਪਸੀਨੇ ਅਤੇ ਸਖ਼ਤ ਮਿਹਨਤ ਨਾਲ ਦੇਸ਼ ਦਾ ਢਿੱਡ ਭਰਦੇ ਹਨ। ਉਹ ਅਜਿਹੀ ਸਰਕਾਰ ਦੇ ਹੱਕਦਾਰ ਹਨ ਜੋ ਉਨ੍ਹਾਂ ਨਾਲ ਡੱਟ ਕੇ ਖੜ੍ਹੇ। ਸਾਡੀ ਸਰਕਾਰ ਖੇਤਾਂ ਤੱਕ ਪਾਣੀ ਪਹੁੰਚਾਉਣ ਅਤੇ ਸੂਬੇ ਦੇ ਸਿੰਚਾਈ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ ਤਾਂ ਜੋ ਕਿਸਾਨਾਂ ਨੂੰ ਬਿਹਤਰ ਸਹੂਲਤਾਂ ਦਾ ਲਾਭ ਮਿਲ ਸਕੇ।”
ਮੁੱਖ ਮੰਤਰੀ ਨੇ ਪੰਜਾਬ ਦੇ ਪਾਣੀਆਂ ਦੇ ਹਿੱਤਾਂ ਦੀ ਰਾਖੀ ਕਰਨ ਵਿੱਚ ਅਸਫ਼ਲ ਰਹਿਣ ’ਤੇ ਪਿਛਲੀਆਂ ਸਰਕਾਰਾਂ ਨੂੰ ਵੀ ਆੜੇ ਹੱਥੀਂ ਲਿਆ ਅਤੇ ਕਿਹਾ, “ਸੂਬੇ ਦੇ ਜਾਇਜ਼ ਸਰੋਤਾਂ ਦੀ ਰਾਖੀ ਕਰਨਾ ਹਮੇਸ਼ਾ ਤੋਂ ਸਾਡੀ ਮੁੱਖ ਤਰਜੀਹ ਰਹੀ ਹੈ।”
ਅਕਾਲੀ ਲੀਡਰਸ਼ਿਪ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ, “ਜਿਹੜੇ ਕਦੇ ਪੰਜਾਬ ’ਤੇ 25 ਸਾਲ ਰਾਜ ਕਰਨ ਦੇ ਦਾਅਵੇ ਕਰਦੇ ਸਨ, ਅੱਜ ਉਨ੍ਹਾਂ ਨੂੰ ਲੋਕਾਂ ਦਾ ਸਮਰਥਨ ਜੁਟਾਉਣ ਲਈ ਸੰਘਰਸ਼ ਕਰਨਾ ਪੈ ਰਿਹਾ ਹੈ।” ਮੁੱਖ ਮੰਤਰੀ ਨੇ ਅਕਾਲੀ ਦਲ ਬਦਲਦੇ ਸਿਆਸੀ ਸਟੈਂਡਾਂ ਦੀ ਆਲੋਚਨਾ ਕੀਤੀ ਅਤੇ ਭਾਜਪਾ ਨੂੰ ਕਿਸਾਨ ਵਿਰੋਧੀ ਕਰਾਰ ਦੇਣ ਤੋਂ ਬਾਅਦ ਹੁਣ ਉਸੇ ਨਾਲ ਮੁੜ ਗੱਠਜੋੜ ਕਰਨ ਦੀਆਂ ਕੋਸ਼ਿਸ਼ਾਂ ’ਤੇ ਸਵਾਲ ਚੁੱਕੇ। ਉਨ੍ਹਾਂ ਨੇ ਪਿਛਲੇ ਸਿਆਸੀ ਆਗੂਆਂ ਵੱਲੋਂ ਜਨਤਕ ਵਸੀਲਿਆਂ ਅਤੇ ਆਰਥਿਕ ਮੌਕਿਆਂ ਨੂੰ ਸ਼ਕਤੀਸ਼ਾਲੀ ਲੋਕਾਂ ਦੇ ਹੱਥਾਂ ਵਿੱਚ ਸੌਂਪਣ ਦੀ ਵੀ ਸਖ਼ਤ ਨਿਖੇਧੀ ਕੀਤੀ।
ਉਹਨਾਂ ਅੱਗੇ ਕਿਹਾ, “ਪੰਜਾਬ ਦੇ ਲੋਕ ਜਵਾਬਦੇਹੀ ਵਾਲਾ ਸ਼ਾਸਨ, ਪਾਰਦਰਸ਼ੀ ਪ੍ਰਸ਼ਾਸਨ ਅਤੇ ਆਮ ਨਾਗਰਿਕਾਂ ਲਈ ਮੌਕੇ ਚਾਹੁੰਦੇ ਹਨ, ਨਾ ਕਿ ਪੁਰਾਣੀ ਸਿਆਸੀ ਵਿਵਸਥਾ ਵੱਲ ਵਾਪਸੀ ਚਾਹੁੰਦੇ ਹਨ। ਪੰਜਾਬ ਦੇ ਲੋਕਾਂ ਨੇ ਅਜਿਹੀਆਂ ਬਹੁਤ ਸਾਰੀਆਂ ਸਰਕਾਰਾਂ ਦੇਖੀਆਂ ਹਨ ਜਿਨ੍ਹਾਂ ਨੇ ਸਿਰਫ਼ ਆਪਣੇ ਹਿੱਤਾਂ ਲਈ ਕੰਮ ਕੀਤਾ ਜਦਕਿ ਅੱਜ ਲੋਕ ਅਜਿਹੀ ਸਰਕਾਰ ਚਾਹੁੰਦੇ ਹਨ ਜੋ ਉਹਨਾਂ ਦੀਆਂ ਸਮੱਸਿਆਵਾਂ ਨੂੰ ਸਮਝੇ ਕਿਉਂਕਿ ਇਹ ਸਰਕਾਰ ਆਮ ਲੋਕਾਂ ਵਿੱਚੋਂ ਹੀ ਚੁਣ ਕੇ ਆਈ ਹੈ।”
ਕਾਂਗਰਸ ਦੀ ਅੰਦਰੂਨੀ ਫੁੱਟ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਵਿਰੋਧੀ ਪਾਰਟੀਆਂ ਪੰਜਾਬ ਲਈ ਭਰੋਸੇਯੋਗ ਏਜੰਡਾ ਪੇਸ਼ ਕਰਨ ਦੀ ਬਜਾਏ ਸਿਆਸੀ ਜੋੜ-ਤੋੜ ਅਤੇ ਲੀਡਰਸ਼ਿਪ ਦੀ ਖਿੱਚੋਤਾਣ ਵਿੱਚ ਵੱਧ ਉਲਝੀਆਂ ਹੋਈਆਂ ਹਨ।”
ਮੁੱਖ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ, “ਮੇਰੇ ਆਮ ਪਰਿਵਾਰਕ ਪਿਛੋਕੜ ਨੇ ਮੈਨੂੰ ਸਧਾਰਨ ਪਰਿਵਾਰਾਂ, ਖਾਸ ਕਰਕੇ ਪਿੰਡਾਂ ਵਿੱਚ ਰਹਿਣ ਵਾਲੇ ਅਤੇ ਆਪਣੇ ਬੱਚਿਆਂ ਦੇ ਬਿਹਤਰ ਭਵਿੱਖ ਲਈ ਜੱਦੋ-ਜਹਿਦ ਕਰਨ ਵਾਲੇ ਲੋਕਾਂ ਦੀਆਂ ਚੁਣੌਤੀਆਂ ਨੂੰ ਸਮਝਣ ਦੇ ਯੋਗ ਬਣਾਇਆ ਹੈ। ਮੈਂ ਇੱਕ ਆਮ ਜ਼ਿੰਦਗੀ ਬਿਤਾਈ ਹੈ, ਖੇਤਾਂ ਵਿੱਚ ਕੰਮ ਕੀਤਾ ਹੈ ਅਤੇ ਪੇਂਡੂ ਪੰਜਾਬ ਦੀਆਂ ਹਕੀਕਤਾਂ ਨੂੰ ਦਿਲੋਂ ਮਹਿਸੂਸ ਕੀਤਾ ਹੈ। ਮੈਂ ਜਾਣਦਾ ਹਾਂ ਕਿ ਇੱਕ ਪਰਿਵਾਰ ਲਈ ਆਪਣੇ ਬੱਚਿਆਂ ਨੂੰ ਪੜ੍ਹਾਉਣ ਅਤੇ ਰੋਜ਼ਾਨਾ ਦੇ ਖਰਚੇ ਪੂਰੇ ਕਰਨ ਲਈ ਸੰਘਰਸ਼ ਕਰਨ ਦਾ ਕੀ ਮਤਲਬ ਹੁੰਦਾ ਹੈ। ਸ਼ਾਇਦ ਇਹੋ ਗੱਲ ਉਹਨਾਂ ਲੋਕਾਂ ਨੂੰ ਤਕਲੀਫ਼ ਦਿੰਦੀ ਹੈ ਜੋ ਇਹ ਬਰਦਾਸ਼ਤ ਨਹੀਂ ਕਰ ਸਕਦੇ ਕਿ ਇੱਕ ਆਮ ਇਨਸਾਨ ਮੁੱਖ ਮੰਤਰੀ ਦੀ ਕੁਰਸੀ ‘ਤੇ ਪਹੁੰਚ ਗਿਆ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਲੋਕਾਂ ਦਾ ਪਿਆਰ, ਮਾਵਾਂ-ਭੈਣਾਂ ਦਾ ਆਸ਼ੀਰਵਾਦ ਅਤੇ ਆਮ ਘਰਾਂ ਵਿੱਚ ਪਰਤ ਰਹੀਆਂ ਖੁਸ਼ੀਆਂ ਅਤੇ ਰੌਣਕਾਂ ਹੀ ਮੇਰੀ ਸ਼ਕਤੀ ਦਾ ਸਭ ਤੋਂ ਵੱਡਾ ਸਰੋਤ ਹਨ। ਮੇਰੀ ਸਰਕਾਰ ਅਤੇ ਵਿਰੋਧੀ ਧਿਰ ਵਿਚਕਾਰ ਲੋਕ ਭਲਾਈ ਪ੍ਰਤੀ ਫਰਕ ਸਾਡੇ ਨਜ਼ਰੀਏ ਤੋਂ ਵੱਖ ਵੱਖ ਤਰੀਕੇ ਨਾਲ ਝਲਕਦਾ ਹੈ। ਇੱਕ ਪਾਸੇ ਪੰਜਾਬ ਦੇ ਲੋਕਾਂ ਦਾ ਪਿਆਰ ਹੈ, ਜੋ ਮੈਨੂੰ ਆਸ਼ੀਰਵਾਦ ਦਿੰਦੇ ਹਨ ਅਤੇ ਮੇਰੇ ‘ਤੇ ਭਰੋਸਾ ਕਰਦੇ ਹਨ। ਦੂਜੇ ਪਾਸੇ ਉਹ ਲੋਕ ਹਨ ਜਿਨ੍ਹਾਂ ਨੇ ਵਾਰ-ਵਾਰ ਸਿਆਸੀ ਤਾਕਤ ਅਤੇ ਨਿੱਜੀ ਹਿੱਤਾਂ ਨੂੰ ਪਹਿਲ ਦਿੱਤੀ ਹੈ।”
ਮੁੱਖ ਮੰਤਰੀ ਨੇ ਦਾਅਵਾ ਕੀਤਾ, “ਮੈਂ ਉਹਨਾਂ ਲੋਕਾਂ ਦੇ ਨਾਲ ਖੜ੍ਹਾ ਰਹਾਂਗਾ ਜਿਨ੍ਹਾਂ ਨੇ ਮੈਨੂੰ ਇਹ ਜ਼ਿੰਮੇਵਾਰੀ ਸੌਂਪੀ ਹੈ ਅਤੇ ਮੈਂ ਉਹਨਾਂ ਦੇ ਭਰੋਸੇ ‘ਤੇ ਖਰਾ ਉਤਰਨ ਲਈ ਹਰ ਦਿਨ ਕੰਮ ਕਰਾਂਗਾ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁਹਰਾਇਆ, “ਸਾਡੀ ਸਰਕਾਰ ਮਹਿਲਾ ਸਸ਼ਕਤੀਕਰਨ, ਰੋਜ਼ਗਾਰ, ਸਿੱਖਿਆ, ਸਿਹਤ ਸੰਭਾਲ, ਸਸਤੀ ਬਿਜਲੀ ਅਤੇ ਸਿੰਚਾਈ ‘ਤੇ ਧਿਆਨ ਕੇਂਦਰਿਤ ਕਰਨਾ ਜਾਰੀ ਰੱਖੇਗੀ। ਪੰਜਾਬ ਦੇ ਭਵਿੱਖ ਨੂੰ ਇੱਥੋਂ ਦੇ ਲੋਕਾਂ ਦੀਆਂ ਇੱਛਾਵਾਂ ਅਨੁਸਾਰ ਘੜਿਆ ਜਾਣਾ ਚਾਹੀਦਾ ਹੈ। ਮੈਨੂੰ ਪੂਰਾ ਵਿਸ਼ਵਾਸ ਹੈ ਕਿ ਲੋਕ ਸਿਆਸੀ ਬਿਆਨਬਾਜ਼ੀ ਜਾਂ ਆਮ ਨਾਗਰਿਕਾਂ ਲਈ ਕੰਮ ਕਰਨ ਵਾਲੀ ਸਰਕਾਰ ਨੂੰ ਢਾਹ ਲਾਉਣ ਦੀਆਂ ਕੋਸ਼ਿਸ਼ਾਂ ਦੀ ਬਜਾਏ, ਸਿਆਸੀ ਪਾਰਟੀਆਂ ਦੇ ਕੰਮ ਅਤੇ ਪੰਜਾਬ ਪ੍ਰਤੀ ਉਹਨਾਂ ਦੀ ਵਚਨਬੱਧਤਾ ਦੇ ਆਧਾਰ ‘ਤੇ ਹੀ ਉਹਨਾਂ ਦਾ ਫੈਸਲਾ ਕਰਨਗੇ।”