2027 ਵਿੱਚ ਆਮ ਆਦਮੀ ਪਾਰਟੀ ਮੁੜ ਸੱਤਾ ਵਿੱਚ ਆਵੇਗੀ – ਜਗਰੂਪ ਸਿੰਘ ਸੇਖਵਾਂ
ਗੁਰਦਾਸਪੁਰ, 23 ਜੂਨ 2025 (ਦੀ ਪੰਜਾਬ ਵਾਇਰ )। ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਜਗਰੂਪ ਸਿੰਘ ਸੇਖਵਾਂ ਨੇ ਲੁਧਿਆਣਾ ਪੱਛਮੀਂ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ੍ਰੀ ਸੰਜੀਵ ਅਰੋੜਾ ਦੀ ਹੋਈ ਰਿਕਾਰਡ ਅਤੇ ਸ਼ਾਨਦਾਰ ਜਿੱਤ ਲਈ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਅਤੇ ਵਲੰਟੀਅਰਜ਼ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਪੱਛਮੀਂ ਹਲਕੇ ਦੇ ਲੋਕਾਂ ਨੇ ਇੱਕ ਇਮਾਨਦਾਰ ਤੇ ਨੇਕ ਇਨਸਾਨ ਨੂੰ ਚੁਣ ਕੇ ਸਹੀ ਫ਼ੈਸਲਾ ਲਿਆ ਹੈ।
ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਅੱਜ ਦੀ ਇਹ ਜਿੱਤ 2027 ਦੀਆਂ ਵਿਧਾਨ ਸਭਾ ਚੋਣਾਂ ਅੰਦਰ ਆਮ ਆਦਮੀ ਪਾਰਟੀ ਦੇ ਸੂਬੇ ਵਿਚ ਮੁੜ ਸੱਤਾ ਵਿਚ ਆਉਣ ਦਾ ਸਪਸ਼ਟ ਸੰਕੇਤ ਹੈ। ਉਨ੍ਹਾਂ ਕਿਹਾ ਕਿ ਇਹ ਜਿੱਤ ਦਰਸਾਉਂਦੀ ਹੈ ਕਿ ਸੂਬੇ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕੰਮਾਂ ਅਤੇ ਪਾਰਟੀ ਦੀਆਂ ਨੀਤੀਆਂ ਤੋਂ ਬੇਹੱਦ ਖ਼ੁਸ਼ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਸੂਬੇ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਦਿਨ ਰਾਤ ਬਿਨਾਂ ਭੇਦਭਾਵ ਤੇ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ ਅਤੇ ਲੋਕ ਸੇਵਾ ਦੇ ਇਹ ਕਾਰਜ ਭਵਿੱਖ ਵਿੱਚ ਵੀ ਜਾਰੀ ਰਹਿਣਗੇ।
