ਐਸ.ਡੀ.ਐਮ, ਸ੍ਰੀ ਵਿਕਰਮਜੀਤ ਸਿੰਘ ਪਾਂਥੇ ਵਲੋਂ ਅੰਤਰਰਾਸ਼ਟਰੀ ਨਸ਼ਾ-ਖੋਰੀ ਅਤੇ ਗੈਰ ਕਨੂੰਨੀ ਤਸ਼ਕਰੀ ਵਿਰੋਧੀ ਦਿਵਸ ਮੌਕੇ ਨਸ਼ਿਆਂ ਨੂੰ ਖਤਮ ਕਰਨ ਲਈ ਲੋਕਾਂ ਨੂੰ ਸਮੂਹਿਕ ਹੰਭਲਾ ਮਾਰਨ ਦੀ ਅਪੀਲ

ਬਟਾਲਾ, 26 ਜੂਨ 2025 (ਦੀ ਪੰਜਾਬ ਵਾਇਰ )। ਅੱਜ ਅੰਤਰਰਾਸ਼ਟਰੀ ਨਸ਼ਾ-ਖੋਰੀ ਅਤੇ ਗੈਰ ਕਨੂੰਨੀ ਤਸ਼ਕਰੀ ਵਿਰੋਧੀ ਦਿਵਸ ਮੌਕੇ ਸ੍ਰੀ ਵਿਕਰਮਜੀਤ ਸਿੰਘ ਪਾਂਥੇ,ਐਸ.ਡੀ.ਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਓ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਲਈ ਅੱਗੇ ਆਈਏ ਅਤੇ ਜੋ ਲੋਕ ਕਿਸੇ ਕਾਰਨ ਨਸ਼ੇ ਦੇ ਜਾਲ ਵਿੱਚ ਫਸ ਗਏ ਹਨ ਉਨਾਂ ਨੂੰ ਨਵਾਂ ਜੀਵਨ ਪ੍ਰਦਾਨ ਕਰਨ ਲਈ ਹੰਭਲਾ ਮਾਰੀਏ।

ਐਸ.ਡੀ.ਐਮ ਬਟਾਲਾ ਨੇ ਦੱਸਿਆ ਕਿ ਸ੍ਰੀ ਦਲਵਿੰਦਰਜੀਤ ਸਿੰਘ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਨਸ਼ੇ ਸਮਾਜ ਲਈ ਇਕ ਬਹੁਤ ਗੰਭੀਰ ਚਿੰਤਾ ਦਾ ਵਿਸ਼ਾ ਹੈ, ਕਿਉਕਿ ਕਿਸੇ ਵੀ ਦੇਸ਼ ਦੇ ਚੰਗੇ ਭਵਿੱਖ ਲਈ ਉਸ ਦੀ ਤਰੱਕੀ ਦੇ ਰਾਹ ਵਿਚ ਨਸ਼ਾ ਇਕ ਵੱਡੀ ਰੁਕਾਵਟ ਬਣਦਾ ਹੈ। ਇਸ ਲਈ ਸਾਡੇ ਸਾਰਿਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਲਈ ਰਲ ਕੇ ਹੰਭਲਾ ਮਾਰੀਏ।

ਉਨਾਂ ਅੱਗੇ ਕਿਹਾ ਕਿ ਨਸ਼ਾ ਇਕ ਮਾਨਸਿਕ ਰੋਗ ਹੈ ਜੋ ਇਨਸਾਨ ਨੂੰ ਸਰੀਰਕ, ਮਾਨਸਿਕ ਤੇ ਆਰਥਿਕ ਤੌਰ ਤੇ ਕਮਜ਼ੋਰ ਕਰ ਦਿੰਦਾ ਹੈ, ਇਸ ਲਈ ਸਾਨੂੰ ਕਿਸੇ ਵੀ ਕਿਸਮ ਦਾ ਨਸ਼ਾ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨਾਂ ਦੱਸਿਆ ਕਿ ਜੇਕਰ ਕੋਈ ਵਿਅਕਤੀ ਕਿਸੇ ਕਾਰਨ ਨਸ਼ਿਆਂ ਦੀ ਦਲਦਲ ਵਿੱਚ ਫਸਦਾ ਹੈ ਤਾਂ ਇਸਦਾ ਇਲਾਜ ਵੀ ਸੰਭਵ ਹੈ ਤੇ ਉਸਦਾ ਇਹ ਇਲਾਜ ਸਰਕਾਰ ਵੱਲੋਂ ਨਸ਼ਾ ਛੁਡਾਊ ਕੇਂਦਰਾਂ, ਓਟ ਕਲੀਨਿਕਾਂ ਅਤੇ ਮੁੜ ਵਸੇਬਾ ਕੇਂਦਰਾਂ ਵਿੱਚ ਬਿਲਕੁਲ ਮੁਫਤ ਕੀਤਾ ਜਾ ਰਿਹਾ ਹੈ।

Exit mobile version