ਦੀਵਾਲੀ ਮੌਕੇ ਭਗਵੰਤ ਮਾਨ ਸਰਕਾਰ ਦਾ ਮੁਲਾਜ਼ਮਾਂ ਨੂੰ ਤੋਹਫ਼ਾ: 6,507 ਕੰਪਿਊਟਰ ਅਧਿਆਪਕਾਂ ਦਾ ਮਹਿੰਗਾਈ ਭੱਤਾ 181% ਤੋਂ ਵਧ ਕੇ 221% ਹੋਇਆ

ਚੰਡੀਗੜ੍ਹ, 7 ਨਵੰਬਰ 2026 (ਦੀ ਪੰਜਾਬ ਵਾਇਰ)। ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ 6,507 ਕੰਪਿਊਟਰ ਅਧਿਆਪਕਾਂ (PICTES) ਦੇ ਮਹਿੰਗਾਈ ਭੱਤੇ (DA) ਵਿੱਚ ਵਾਧਾ ਕੀਤਾ ਹੈ। ਇਹ ਭੱਤਾ ਹੁਣ 181% ਤੋਂ ਵਧ ਕੇ 221% ਹੋ ਗਿਆ ਹੈ।

ਇਸ ਫ਼ੈਸਲੇ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਪਲੇਟਫ਼ਾਰਮ ਐਕਸ (X) ’ਤੇ ਸਾਂਝੀ ਕੀਤੀ। ਮੁੱਖ ਮੰਤਰੀ ਨੇ ਇਸ ਵਾਧੇ ਨੂੰ ਇਤਿਹਾਸਕ ਦੱਸਿਆ ਹੈ।

ਮੁੱਖ ਮੰਤਰੀ ਅਨੁਸਾਰ ਇਸ ਦੇ ਨਾਲ ਹੀ ਸਮੱਗਰ ਸਿੱਖਿਆ ਅਧੀਨ ਕੰਮ ਕਰਦੇ 1,007 ਨਾਨ-ਟੀਚਿੰਗ ਮੁਲਾਜ਼ਮਾਂ ਸੰਬੰਧੀ ਵੀ ਫ਼ੈਸਲਾ ਲਿਆ ਗਿਆ ਹੈ। ਇਨ੍ਹਾਂ ਮੁਲਾਜ਼ਮਾਂ ਦੀਆਂ ਸੇਵਾਵਾਂ ਕੁਝ ਸਮਾਂ ਪਹਿਲਾਂ ਪੱਕੀਆਂ (Regular) ਕਰ ਦਿੱਤੀਆਂ ਗਈਆਂ ਸਨ, ਅਤੇ ਹੁਣ ਉਨ੍ਹਾਂ ਨੂੰ ਤਨਖ਼ਾਹ ਸੰਬੰਧੀ ਲਾਭ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ।

ਮੁੱਖ ਮੰਤਰੀ ਨੇ ਆਪਣੀ ਪੋਸਟ ਵਿੱਚ ਕਿਹਾ ਕਿ ਸਰਕਾਰ ਆਪਣੇ ਮੁਲਾਜ਼ਮਾਂ ਦੀ ਭਲਾਈ ਅਤੇ ਸੁਰੱਖਿਅਤ ਭਵਿੱਖ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਨੇ ਸਭ ਨੂੰ ਦੀਵਾਲੀ ਦੀਆਂ ਮੁਬਾਰਕਾਂ ਵੀ ਦਿੱਤੀਆਂ।

Exit mobile version