ਮਾਵਾਂ ਧੀਆਂ ਦੀ ਲਲਕਾਰ, ਬੰਦ ਕਰਾਵਾਂਗੇ ਨਸ਼ੇ ਦਾ ਵਪਾਰ’ ਤਹਿਤ ਹਰਸਿਮਰਤ ਕੌਰ ਬਾਦਲ ਭਲਕੇ ਗੁਰਦਾਸਪੁਰ ਪਹੁੰਚਣਗੇ, ਬੱਬੇਹਾਲੀ ਦੇ ਪ੍ਰੀਤ ਪੈਲੇਸ ਵਿੱਚ ਹੋਵੇਗਾ ਬੀਬੀਆਂ ਦਾ ਇਕੱਠ

ਗੁਰਦਾਸਪੁਰ, 11 ਨਵੰਬਰ 2026 (ਮੰਨਨ ਸੈਣੀ)। ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਵਿੱਚ ਨਸ਼ਿਆਂ ਦੇ ਵਪਾਰ ਖ਼ਿਲਾਫ਼ ਵਿੱਢੀ ਮੁਹਿੰਮ ‘ਮਾਵਾਂ ਧੀਆਂ ਦੀ ਲਲਕਾਰ, ਬੰਦ ਕਰਾਵਾਂਗੇ ਨਸ਼ੇ ਦਾ ਵਪਾਰ’ ਤਹਿਤ ਬਠਿੰਡਾ ਤੋਂ ਸੰਸਦ ਮੈਂਬਰ ਅਤੇ ਪਾਰਟੀ ਦੀ ਸੀਨੀਅਰ ਆਗੂ ਸਰਦਾਰਨੀ ਹਰਸਿਮਰਤ ਕੌਰ ਬਾਦਲ ਭਲਕੇ ਵੀਰਵਾਰ ਨੂੰ ਗੁਰਦਾਸਪੁਰ ਪਹੁੰਚ ਰਹੇ ਹਨ। ਇਸ ਦੌਰਾਨ ਉਹ ਪਿੰਡ ਬੱਬੇਹਾਲੀ ਸਥਿਤ ਪ੍ਰੀਤ ਪੈਲੇਸ ਵਿਖੇ ਕਰਵਾਏ ਜਾ ਰਹੇ ਬੀਬੀਆਂ ਦੇ ਵਿਸ਼ੇਸ਼ ਇਕੱਠ ਵਿੱਚ ਸ਼ਿਰਕਤ ਕਰਨਗੇ।

ਗੁਰਬਚਨ ਸਿੰਘ ਬੱਬੇਹਾਲੀ

ਹਰਸਿਮਰਤ ਕੌਰ ਬਾਦਲ ਦੀ ਆਮਦ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੀ ਸਥਾਨਕ ਲੀਡਰਸ਼ਿਪ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਹਰਸਿਮਰਤ ਕੌਰ ਬਾਦਲ ਸਵੇਰੇ 10 ਵਜੇ ਪ੍ਰੀਤ ਪੈਲੇਸ ਵਿਖੇ ਪਹੁੰਚਣਗੇ।

ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਦਾ ਮੁੱਖ ਮਕਸਦ ਨਸ਼ਿਆਂ ਦੇ ਗੰਭੀਰ ਮੁੱਦੇ ਖ਼ਿਲਾਫ਼ ਔਰਤਾਂ ਦੀ ਆਵਾਜ਼ ਨੂੰ ਮਜ਼ਬੂਤ ਕਰਨਾ ਅਤੇ ਇਸ ਸਮਾਜਿਕ ਬੁਰਾਈ ਵਿਰੁੱਧ ਲੋਕ ਲਹਿਰ ਖੜ੍ਹੀ ਕਰਨਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਇਕੱਠ ਵਿਸ਼ੇਸ਼ ਤੌਰ ’ਤੇ ਗੁਰਦਾਸਪੁਰ ਹਲਕੇ ਦਾ ਹੀ ਹੋਵੇਗਾ।

ਗੁਰਬਚਨ ਸਿੰਘ ਬੱਬੇਹਾਲੀ ਨੇ ਹਲਕੇ ਦੇ ਸਮੂਹ ਪਾਰਟੀ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਭਲਕੇ ਸਮੇਂ ਸਿਰ ਪ੍ਰੀਤ ਪੈਲੇਸ ਵਿਖੇ ਪਹੁੰਚਣ ਅਤੇ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ਇਸ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।

Exit mobile version