ਪੰਜਾਬ ਪੁਲਿਸ ਦੀ ਵੱਡੀ ਕਾਰਵਾਈ: ਬੱਬਰ ਖਾਲਸਾ ਦੀ ਅੱਤਵਾਦੀ ਸਾਜ਼ਿਸ਼ ਨਾਕਾਮ, ਹਥਿਆਰਾਂ ਦਾ ਵੱਡਾ ਜਖੀਰਾ ਬਰਾਮਦ

ਗੁਰਦਾਸਪੁਰ, 9 ਜੁਲਾਈ 2025 (ਮੰਨਨ ਸੈਣੀ)। ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਨੇ ਖੁਫੀਆ ਜਾਣਕਾਰੀ ਦੇ ਅਧਾਰ ‘ਤੇ ਵੱਡੀ ਸਫਲਤਾ ਹਾਸਲ ਕਰਦਿਆਂ ਪਾਕਿਸਤਾਨ ਸਥਿਤ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ ਅੱਤਵਾਦੀ ਹਰਵਿੰਦਰ ਸਿੰਘ ਉਰਫ ਰਿੰਦਾ ਦੀ ਅਗਵਾਈ ਵਿੱਚ ਰਚੀ ਗਈ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਹ ਸਾਜ਼ਿਸ਼ ਪਾਕਿਸਤਾਨ ਦੀ ਖੁਫੀਆ ਏਜੰਸੀ ISI ਦੇ ਸਮਰਥਨ ਨਾਲ ਰਚੀ ਗਈ ਸੀ।

ਇਸ ਸੰਬੰਧੀ ਡੀਜੀਪੀ ਪੰਜਾਬ ਪੁਲਿਸ ਗੌਰਵ ਯਾਦਵ ਨੇ ਸੋਸ਼ਲ ਮੀਡੀਆ ‘ਤੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ AGTF ਨੇ ਮਨੁੱਖੀ ਖੁਫੀਆ ਜਾਣਕਾਰੀ ਦੇ ਅਧਾਰ ‘ਤੇ ਤੁਰੰਤ ਕਾਰਵਾਈ ਕਰਦਿਆਂ ਗੁਰਦਾਸਪੁਰ ਦੇ ਜੰਗਲੀ ਖੇਤਰ ਵਿੱਚੋਂ ਅੱਤਵਾਦੀ ਹਥਿਆਰਾਂ ਦਾ ਇੱਕ ਵੱਡਾ ਜਖੀਰਾ ਬਰਾਮਦ ਕੀਤਾ ਹੈ। ਇਸ ਵਿੱਚ ਦੋ AK-47 ਰਾਈਫਲਾਂ, 16 ਜਿੰਦਾ ਕਾਰਤੂਸ, ਦੋ ਮੈਗਜ਼ੀਨ ਅਤੇ ਦੋ P-86 ਹੈਂਡ ਗ੍ਰਨੇਡ ਸ਼ਾਮਲ ਹਨ। ਇਹ ਹਥਿਆਰ ਰਿੰਦਾ ਦੇ ਸਾਥੀਆਂ ਤੱਕ ਪਹੁੰਚਣ ਤੋਂ ਪਹਿਲਾਂ ਹੀ ਬਰਾਮਦ ਕਰ ਲਏ ਗਏ।

ਸ਼ੁਰੂਆਤੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਇਹ ਹਥਿਆਰਾਂ ਦਾ ਜਖੀਰਾ ਪਾਕਿਸਤਾਨੀ ਏਜੰਸੀਆਂ ਅਤੇ ਹਰਵਿੰਦਰ ਰਿੰਦਾ ਵੱਲੋਂ ਭਾਰਤ ਵਿੱਚ ਧੱਕਿਆ ਗਿਆ ਸੀ। ਇਸ ਦਾ ਮਕਸਦ ਪੰਜਾਬ ਵਿੱਚ ਕਈ ਥਾਵਾਂ ‘ਤੇ ਅੱਤਵਾਦੀ ਹਮਲੇ ਕਰਕੇ ਜਨਤਕ ਸ਼ਾਂਤੀ ਨੂੰ ਭੰਗ ਕਰਨਾ ਸੀ।

ਇਸ ਸਬੰਧੀ ਗੁਰਦਾਸਪੁਰ ਦੇ ਪੁਰਾਣਾ ਸ਼ਾਲਾ ਪੁਲਿਸ ਸਟੇਸ਼ਨ ਵਿਖੇ ਐਕਸਪਲੋਸਿਵ ਐਕਟ ਅਤੇ ਆਰਮਜ਼ ਐਕਟ ਦੀਆਂ ਧਾਰਾਵਾਂ ਅਧੀਨ ਐਫਆਈਆਰ ਦਰਜ ਕੀਤੀ ਗਈ ਹੈ।

ਪੰਜਾਬ ਪੁਲਿਸ ਵੱਲੋਂ ਅਗਲੇਰੀ ਜਾਂਚ ਜਾਰੀ ਹੈ, ਜਿਸ ਵਿੱਚ ਰਿੰਦਾ ਦੇ ਸਹਿਯੋਗੀਆਂ ਦੀ ਪਛਾਣ ਅਤੇ ਗ੍ਰਿਫਤਾਰੀ ਲਈ ਯਤਨ ਕੀਤੇ ਜਾ ਰਹੇ ਹਨ। ਪੰਜਾਬ ਪੁਲਿਸ ਨੇ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਹੈ ਕਿ ਉਹ ਸੰਗਠਿਤ ਅਪਰਾਧਿਕ ਨੈਟਵਰਕਾਂ ਨੂੰ ਤੋੜਨ ਅਤੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਸਮਰਪਿਤ ਹੈ।

Exit mobile version