ਕੋਈ ਵੀ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ: ਗੁਰਦਾਸਪੁਰ ਵਿੱਚ 17 ਤੋਂ 20 ਨਵੰਬਰ ਤੱਕ ਵਿਸ਼ੇਸ਼ ਮੁਹਿੰਮ

ਗੁਰਦਾਸਪੁਰ, 14 ਨਵੰਬਰ 2026 (ਮੰਨਨ ਸੈਣੀ)। ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਪੰਜਾਬ ਦੇ ਸਿਹਤ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਸ਼ੇਸ਼ ਟੀਕਾਕਰਨ ਮੁਹਿੰਮ 17 ਤੋਂ 20 ਨਵੰਬਰ ਤੱਕ ਚਲਾਈ ਜਾਵੇਗੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਗੁਰਦਾਸਪੁਰ ਡਾ. ਮਹੇਸ਼ ਕੁਮਾਰ ਪ੍ਰਭਾਕਰ ਨੇ ਦੱਸਿਆ ਕਿ ਬੱਚਿਆਂ ਨੂੰ ਘਾਤਕ ਬਿਮਾਰੀਆਂ ਤੋਂ ਸੁਰੱਖਿਅਤ ਰੱਖਣ ਦੇ ਮਨੋਰਥ ਨਾਲ ਸਿਹਤ ਵਿਭਾਗ ਲਗਾਤਾਰ ਯਤਨਸ਼ੀਲ ਹੈ। ਇਸੇ ਤਹਿਤ 17 ਤੋਂ 20 ਨਵੰਬਰ ਤੱਕ ਪੂਰੇ ਜ਼ਿਲ੍ਹੇ ਵਿੱਚ ਵਿਸ਼ੇਸ਼ ਟੀਕਾਕਰਨ ਮੁਹਿੰਮ ਚਲਾਈ ਜਾਵੇਗੀ।

ਉਨ੍ਹਾਂ ਦੱਸਿਆ ਕਿ ਜਿਹੜੇ ਬੱਚੇ ਨਿਯਮਤ ਟੀਕਾਕਰਨ ਦੌਰਾਨ ਟੀਕਿਆਂ ਤੋਂ ਵਾਂਝੇ ਰਹਿ ਗਏ ਹਨ, ਉਨ੍ਹਾਂ ਤੱਕ ਪਹੁੰਚ ਯਕੀਨੀ ਬਣਾਉਣ ਲਈ ਇਹ ਮੁਹਿੰਮ ਉਲੀਕੀ ਗਈ ਹੈ। ਸਰਕਾਰੀ ਟੀਕਾਕਰਨ ਸਾਰਣੀ ਅਨੁਸਾਰ ਬੱਚਿਆਂ ਦਾ ਸੰਪੂਰਨ ਟੀਕਾਕਰਨ ਕੀਤਾ ਜਾਵੇਗਾ।

ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ-ਘਰ ਜਾ ਕੇ ਯੋਗ ਬੱਚਿਆਂ ਦੀਆਂ ਸੂਚੀਆਂ ਤਿਆਰ ਕੀਤੀਆਂ ਗਈਆਂ ਹਨ। ਵਿਸ਼ੇਸ਼ ਤੌਰ ’ਤੇ ਉੱਚ ਜੋਖਮ ਵਾਲੇ ਖੇਤਰਾਂ, ਜਿਵੇਂ ਕਿ ਸਰਹੱਦੀ ਪਿੰਡਾਂ, ਪ੍ਰਵਾਸੀ ਮਜ਼ਦੂਰਾਂ ਦੀਆਂ ਬਸਤੀਆਂ, ਇੱਟਾਂ ਦੇ ਭੱਠਿਆਂ, ਉਸਾਰੀ ਅਧੀਨ ਥਾਵਾਂ ਅਤੇ ਸ਼ਹਿਰੀ ਸਲੱਮ ਖੇਤਰਾਂ ’ਤੇ ਵਧੇਰੇ ਧਿਆਨ ਕੇਂਦਰਿਤ ਕੀਤਾ ਜਾਵੇਗਾ, ਤਾਂ ਜੋ ਝੁੱਗੀ-ਝੌਂਪੜੀ ਜਾਂ ਦੂਰ-ਦੁਰਾਡੇ ਖੇਤਰ ਦਾ ਕੋਈ ਵੀ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ।

ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਭਾਵਨਾ ਸ਼ਰਮਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿੱਚ ਹਿੱਸਾ ਲੈਂਦਿਆਂ ਆਪਣੇ ਬੱਚਿਆਂ ਦਾ ਸੰਪੂਰਨ ਟੀਕਾਕਰਨ ਕਰਵਾਉਣ।

Exit mobile version