ਪੰਜਾਬ ਸਰਕਾਰ ਧਾਰਮਿਕ ਗ੍ਰੰਥਾਂ ਦੇ ਨਿਰਾਦਰ ਨੂੰ ਬਰਦਾਸ਼ਤ ਨਹੀਂ ਕਰੇਗੀ – ਰੰਧਾਵਾ
ਡੇਰਾ ਬਾਬਾ ਨਾਨਕ/ਗੁਰਦਾਸਪੁਰ, 16 ਜੁਲਾਈ 2025 (ਮੰਨਨ ਸੈਣੀ)। ਸਾਰੇ ਧਾਰਮਿਕ ਗ੍ਰੰਥਾਂ ਦੀ ਰਾਖੀ ਲਈ ਮਹੱਤਵਪੂਰਨ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਪੇਸ਼ ਕਰਕੇ ਸਾਰੇ ਧਰਮਾਂ ਦੇ ਮਾਣ- ਸਤਿਕਾਰ ਨੂੰ ਯਕੀਨੀ ਬਣਾਉਣ ਵੱਲ ਇਤਿਹਾਸਕ ਕਦਮ ਚੁੱਕਿਆ ਹੈ।
ਪੰਜਾਬ ਸਰਕਾਰ ਵੱਲੋਂ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧਾਂ ਦੀ ਰੋਕਥਾਮ ਬਾਰੇ ਬਿੱਲ ਲਿਆਉਣ ਦਾ ਸਵਾਗਤ ਕਰਦਿਆਂ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਾਸ਼ਨ ਦੌਰਾਨ ਬੇਅਦਬੀ ਦੀਆਂ ਘਟਨਾਵਾਂ ਨੇ ਸਿੱਖ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਈ, ਜਿਸ ਵਿੱਚ ਪਿਛਲੀਆਂ ਸਰਕਾਰਾਂ ਦੀ ਅਣਦੇਖੀ ਕਾਰਨ ਅਪਰਾਧੀ ਖੁੱਲ੍ਹੇ ਆਮ ਘੁੰਮਦੇ ਰਹੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਰੋਕਥਾਮ ਬਿੱਲ, 2025 ਪੇਸ਼ ਕਰਕੇ ਸਾਰੇ ਧਰਮਾਂ ਦੇ ਮਾਣ-ਸਤਿਕਾਰ ਨੂੰ ਯਕੀਨੀ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ।
ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਇਹ ਬਿੱਲ ਬੇਅਦਬੀ ਨੂੰ ਵਿਆਪਕ ਤੌਰ `ਤੇ ਪਰਿਭਾਸ਼ਿਤ ਕਰਦਾ ਹੈ, ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ, ਗੁਟਕਾ ਸਾਹਿਬ, ਸ੍ਰੀਮਦ ਭਗਵਦ ਗੀਤਾ, ਕੁਰਾਨ ਸ਼ਰੀਫ ਅਤੇ ਪਵਿੱਤਰ ਬਾਈਬਲ ਵਰਗੇ ਪਵਿੱਤਰ ਗ੍ਰੰਥਾਂ ਨਾਲ ਛੇੜਛਾੜ, ਗ੍ਰੰਥਾਂ ਨੂੰ ਸਾੜਨਾ, ਪਾੜਨਾ ਜਾਂ ਕਿਸੇ ਵੀ ਤਰੀਕੇ ਨਾਲ ਨੁਕਸਾਨ ਪਹੁੰਚਾਉਣਾ ਸ਼ਾਮਲ ਹੈ। ਉਨ੍ਹਾਂ ਕਿਹਾ ਬਿੱਲ ਵਿੱਚ ਅਪਰਾਧੀਆਂ ਲਈ ਸਖ਼ਤ ਸਜ਼ਾਵਾਂ ਦੀ ਤਜਵੀਜ਼ ਹੈ, ਜਿਸ ਵਿੱਚ ਘੱਟੋ-ਘੱਟ 10 ਸਾਲ ਤੱਕ ਤੋਂ ਉਮਰ ਕੈਦ ਤੱਕ ਦੀ ਸਜ਼ਾ ਅਤੇ 5 ਲੱਖ ਰੁਪਏ ਤੋਂ 10 ਲੱਖ ਰੁਪਏ ਤੱਕ ਦਾ ਜੁਰਮਾਨਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਬਿੱਲ ਵਿੱਚ ਬੇਅਦਬੀ ਨੂੰ ਗੈਰ-ਜ਼ਮਾਨਤੀ ਅਤੇ ਸਮਝੌਤਾ-ਰਹਿਤ ਅਪਰਾਧ ਵਜੋਂ ਪਰਿਭਾਸ਼ਿਤ ਕੀਤਾ ਗਿਆ ਹੈ, ਜੋ ਇਹ ਇਹ ਯਕੀਨੀ ਬਣਾਉਂਦਾ ਹੈ ਕਿ ਦੋਸ਼ੀ ਆਸਾਨੀ ਨਾਲ ਜ਼ਮਾਨਤ ਪ੍ਰਾਪਤ ਜਾਂ ਅਦਾਲਤ ਤੋਂ ਬਾਹਰ ਮਾਮਲੇ ਦਾ ਨਿਪਟਾਰਾ ਨਾ ਕਰ ਸਕਣ।
ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਇਹ ਬਿੱਲ ਪੰਜਾਬ ਦੇ ਸਾਰੇ ਧਾਰਮਿਕ ਭਾਈਚਾਰਿਆਂ ਲਈ ਮਾਣ-ਸਤਿਕਾਰ ਨੂੰ ਯਕੀਨੀ ਬਣਾਉਣ ਲਈ ਸਾਡੀ ਵਚਨਬੱਧਤਾ ਦਾ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਉਨ੍ਹਾਂ ਲੋਕਾਂ ਨੂੰ ਸਖ਼ਤ ਸਬਕ ਸਿਖਾਵੇਗਾ ਜੋ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਰਾਹੀਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਨੁਕਸਾਨ ਪਹੁੰਚਾਉਣ ਦੀ ਘਿਨਾਉਣੀ ਕੋਸ਼ਿਸ਼ ਕਰਦੇ ਹਨ।
