ਚੇਅਰਮੈਨ ਰਮਨ ਬਹਿਲ ਨੇ ਗੁਰਦਾਸਪੁਰ ਸ਼ਹਿਰ ਨੂੰ ਦਿੱਤਾ ਇੱਕ ਹੋਰ ਤੋਹਫ਼ਾ

1.75 ਕਰੋੜ ਰੁਪਏ ਦੀ ਲਾਗਤ ਨਾਲ ਗੁਰਦਾਸਪੁਰ ਸ਼ਹਿਰ ਵਿੱਚ ਬਣਾਏ ਜਾਣਗੇ 7 ਹੋਰ ਨਵੇਂ ਆਮ ਆਦਮੀ ਕਲੀਨਿਕ

ਚੇਅਰਮੈਨ ਰਮਨ ਬਹਿਲ ਨੇ ਚਾਰ ਆਮ ਆਦਮੀ ਕਲੀਨਿਕਾਂ ਦੀ ਉਸਾਰੀ ਦਾ ਕੰਮ ਅੱਜ ਸ਼ੁਰੂ ਕਰਵਾਇਆ

ਗੁਰਦਾਸਪੁਰ, 19 ਜੁਲਾਈ 2025 (ਮੰਨਨ ਸੈਣੀ )। ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਗੁਰਦਾਸਪੁਰ ਸ਼ਹਿਰ ਵਾਸੀਆਂ ਨੂੰ ਇੱਕ ਹੋਰ ਖ਼ੂਬਸੂਰਤ ਤੋਹਫ਼ਾ ਦਿੱਤਾ ਹੈ। ਚੇਅਰਮੈਨ ਸ੍ਰੀ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਸਰਕਾਰ ਵੱਲੋਂ 1.75 ਕਰੋੜ ਰੁਪਏ ਦੀ ਲਾਗਤ ਨਾਲ ਗੁਰਦਾਸਪੁਰ ਸ਼ਹਿਰ ਵਿੱਚ 7 ਹੋਰ ਨਵੇਂ ਆਮ ਆਦਮੀ ਕਲੀਨਿਕ ਬਣਾਏ ਜਾਣਗੇ, ਜਿਨ੍ਹਾਂ ਵਿਚੋਂ ਚਾਰ ਆਮ ਆਦਮੀ ਕਲੀਨਿਕਾਂ ਦੀ ਉਸਾਰੀ ਦਾ ਕੰਮ ਅੱਜ ਸ਼ੁਰੂ ਹੋ ਗਿਆ ਹੈ।

ਗੀਤਾ ਭਵਨ, ਅੱਖਾਂ ਦਾ ਹਸਪਤਾਲ (ਨੇੜੇ ਸਰਕਾਰੀ ਆਈ.ਟੀ.ਆਈ.), ਪੀ.ਐੱਚ.ਸੀ ਘੁਰਾਲਾ ਅਤੇ ਕਮਿਊਨਿਟੀ ਹਾਲ ਨਬੀਪੁਰ ਵਿਖੇ ਨਵੇਂ ਬਣਨ ਵਾਲੇ ਆਮ ਆਦਮੀ ਕਲੀਨਿਕਾਂ ਦੀ ਉਸਾਰੀ ਸ਼ੁਰੂ ਕਰਵਾਉਣ ਮੌਕੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਹਰੇਕ ਆਮ ਆਦਮੀ ਕਲੀਨਿਕ ਦੀ ਉਸਾਰੀ ਉੱਪਰ 25 ਲੱਖ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਸ਼ਹਿਰ ਵਿੱਚ ਕੁੱਲ 7 ਨਵੇਂ ਆਮ ਆਦਮੀ ਕਲੀਨਿਕ ਮਨਜ਼ੂਰ ਕੀਤੇ ਗਏ ਹਨ ਜਿਨ੍ਹਾਂ ਵਿਚੋਂ ਚਾਰ ਦੀ ਉਸਾਰੀ ਦਾ ਕੰਮ ਅੱਜ ਸ਼ੁਰੂ ਕਰਵਾ ਦਿੱਤਾ ਗਿਆ ਹੈ, ਜਦਕਿ ਤਿੰਨ ਹੋਰ ਆਮ ਆਦਮੀ ਕਲੀਨਿਕ ਬੱਸ ਸਟੈਂਡ, ਕੋਰਟ ਕੰਪਲੈਕਸ ਅਤੇ ਬਾਬੋਵਾਲ ਵਿਖੇ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ 7 ਆਮ ਆਦਮੀ ਕਲੀਨਿਕਾਂ ਦੀ ਉਸਾਰੀ ਉੱਪਰ ਕੁੱਲ 1.75 ਕਰੋੜ ਰੁਪਏ ਦੀ ਲਾਗਤ ਆਵੇਗੀ।

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਗੇ ਦੱਸਿਆ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਦੀ ਇਮਾਰਤ ਵਿੱਚ ਡਾਕਟਰ ਰੂਮ, ਫਾਰਮੇਸੀ ਰੂਮ, ਮਰੀਜ਼ਾਂ ਲਈ ਵੇਟਿੰਗ ਰੂਮ, ਇੱਕ ਅਡੀਸ਼ਨਲ ਰੂਮ ਬਣਾਏ ਜਾਣਗੇ। ਇਸ ਤੋਂ ਇਲਾਵਾ ਆਮ ਆਦਮੀ ਕਲੀਨਿਕਾਂ ਵਿੱਚ ਸਮੁੱਚਾ ਫਰਨੀਚਰ, ਤਿੰਨ ਏ.ਸੀ. ਅਤੇ ਆਰ.ਓ. ਸਮੇਤ ਵਾਟਰ ਕੂਲਰ ਵੀ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਇਹ ਕਲੀਨਿਕ ਆਧੁਨਿਕ ਸਹੂਲਤਾਂ ਨਾਲ ਪੂਰੀ ਤਰ੍ਹਾਂ ਲੈਸ ਹੋਣਗੇ ਅਤੇ ਇੱਥੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ।

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹਾ ਗੁਰਦਾਸਪੁਰ ਵਿੱਚ 62 ਆਮ ਆਦਮੀ ਕਲੀਨਿਕ ਆਪਣੀ ਸੇਵਾਵਾਂ ਦੇ ਰਹੇ ਹਨ ਅਤੇ ਇਨ੍ਹਾਂ ਕਲੀਨਿਕਾਂ ਵਿੱਚੋਂ 24 ਲੱਖ ਤੋਂ ਵੱਧ ਨਾਗਰਿਕ ਇਲਾਜ ਸਹੂਲਤਾਂ ਲੈ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕ ਵਿੱਚ 46 ਤਰ੍ਹਾਂ ਦੇ ਟੈੱਸਟਾਂ ਦੀ ਮੁਫ਼ਤ ਸਹੂਲਤ ਉਪਲਬਧ ਹੈ ਅਤੇ 103 ਤਰ੍ਹਾਂ ਦੀਆਂ ਦਵਾਈਆਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ।

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਉਨ੍ਹਾਂ ਨੇ ਬੀਤੇ ਤਿੰਨ ਸਾਲਾਂ ਦੇ ਸਮੇਂ ਦੌਰਾਨ ਗੁਰਦਾਸਪੁਰ ਨੂੰ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਮੋਹਰੀ ਬਣਾਉਣ ਲਈ ਪੂਰੀ ਸੁਹਿਰਦਤਾ ਨਾਲ ਯਤਨ ਕੀਤੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਹਸਪਤਾਲ ਬੱਬਰੀ ਵਿਖੇ ਵੀ ਜਲਦੀ ਹੀ ਨਵੇਂ ਪ੍ਰੋਜੈਕਟ ਸ਼ੁਰੂ ਹੋ ਜਾਣਗੇ ਜੋ ਸਮੁੱਚੇ ਖੇਤਰ ਲਈ ਬਹੁਤ ਲਾਹੇਵੰਦ ਸਾਬਤ ਹੋਣਗੇ। ਸ੍ਰੀ ਬਹਿਲ ਨੇ ਸਿਹਤ ਖੇਤਰ ਵਿੱਚ ਸੁਧਾਰਾਂ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦਾ ਧੰਨਵਾਦ ਕੀਤਾ ਹੈ।

Exit mobile version