ਮੁਲਾਜ਼ਮਾਂ ਨੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਤੇ ਕੌਂਸਲ ਪ੍ਰਧਾਨ ਦਾ ਮੂੰਹ ਮਿੱਠਾ ਕਰਵਾ ਕੇ ਕੀਤਾ ਧੰਨਵਾਦ
ਗੁਰਦਾਸਪੁਰ, 28 ਨਵੰਬਰ 2026 (ਮੰਨਨ ਸੈਣੀ)। ਨਗਰ ਕੌਂਸਲ ਗੁਰਦਾਸਪੁਰ ਦੇ ਸਫ਼ਾਈ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਮਤਾ ਸਰਕਾਰ ਵੱਲੋਂ ਮਨਜ਼ੂਰ ਕਰ ਲਿਆ ਗਿਆ ਹੈ। ਇਸ ਫ਼ੈਸਲੇ ਨਾਲ ਲੰਮੇ ਸਮੇਂ ਤੋਂ ਠੇਕੇ ‘ਤੇ ਕੰਮ ਕਰ ਰਹੇ ਇਨ੍ਹਾਂ ਮੁਲਾਜ਼ਮਾਂ ਦੇ ਜਲਦੀ ਹੀ ਪੱਕੇ ਹੋਣ ਦਾ ਰਾਹ ਖੁੱਲ੍ਹ ਗਿਆ ਹੈ।
ਇਹ ਜਾਣਕਾਰੀ ਨਗਰ ਕੌਂਸਲ ਦੇ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਦਿੱਤੀ। ਖ਼ੁਸ਼ੀ ਵਿੱਚ ਸਫ਼ਾਈ ਮੁਲਾਜ਼ਮਾਂ ਨੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਅਤੇ ਕੌਂਸਲ ਪ੍ਰਧਾਨ ਬਲਜੀਤ ਸਿੰਘ ਪਾਹੜਾ ਨੂੰ ਲੱਡੂ ਖੁਆ ਕੇ ਧੰਨਵਾਦ ਕੀਤਾ।
ਪ੍ਰਧਾਨ ਪਾਹੜਾ ਨੇ ਦੱਸਿਆ ਕਿ ਸਫ਼ਾਈ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਮਤਾ ਸਰਕਾਰ ਨੂੰ ਭੇਜਿਆ ਗਿਆ ਸੀ, ਜਿਸ ਨੂੰ ਹੁਣ ਮਨਜ਼ੂਰੀ ਮਿਲ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਲਾਜ਼ਮਾਂ ਨੂੰ ਪੱਕਾ ਕਰਵਾਉਣਾ ਉਨ੍ਹਾਂ ਲਈ ਬਹੁਤ ਖ਼ੁਸ਼ੀ ਅਤੇ ਤਸੱਲੀ ਵਾਲੀ ਗੱਲ ਹੈ। ਉਨ੍ਹਾਂ ਮੁਤਾਬਕ ਇਨ੍ਹਾਂ ਮੁਲਾਜ਼ਮਾਂ ਨੇ ਕਈ ਸਾਲਾਂ ਤੋਂ ਨਗਰ ਕੌਂਸਲ ਵਿੱਚ ਸੇਵਾ ਨਿਭਾ ਕੇ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਸੁਚਾਰੂ ਰੱਖਣ ਵਿੱਚ ਅਹਿਮ ਹਿੱਸਾ ਪਾਇਆ ਹੈ। ਉਨ੍ਹਾਂ ਦੀ ਮਿਹਨਤ ਅਤੇ ਲਗਨ ਨੂੰ ਵੇਖਦਿਆਂ ਹੀ ਮਤਾ ਸਰਕਾਰ ਨੂੰ ਭੇਜਿਆ ਗਿਆ ਸੀ।
ਪਾਹੜਾ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਇਹ ਪਹਿਲੀ ਨਗਰ ਕੌਂਸਲ ਕਮੇਟੀ ਹੈ, ਜਿਸ ਦੇ ਮੁਲਾਜ਼ਮਾਂ ਨੂੰ ਕਾਂਗਰਸ ਸਰਕਾਰ ਦੇ ਸਮੇਂ ਠੇਕੇ ‘ਤੇ ਰੱਖਿਆ ਗਿਆ ਸੀ। ਉਸੇ ਪ੍ਰਕਿਰਿਆ ਤਹਿਤ ਭਰਤੀ ਹੋਏ ਇਹ ਮੁਲਾਜ਼ਮ ਹੁਣ ਪੱਕੇ ਹੋਣ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨੂੰ ਉਨ੍ਹਾਂ ਦਾ ਹੱਕ ਮਿਲਣ ਨਾਲ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਆ ਮਿਲੇਗੀ ਅਤੇ ਉਹ ਪਹਿਲਾਂ ਨਾਲੋਂ ਵੱਧ ਜੋਸ਼ ਨਾਲ ਆਪਣੀ ਜ਼ਿੰਮੇਵਾਰੀ ਨਿਭਾ ਸਕਣਗੇ।
ਪ੍ਰਧਾਨ ਪਾਹੜਾ ਨੇ ਕਿਹਾ ਕਿ ਸਾਰੇ ਮੁਲਾਜ਼ਮ ਉਨ੍ਹਾਂ ਦੇ ਪਰਿਵਾਰ ਦਾ ਹਿੱਸਾ ਹਨ ਅਤੇ ਉਹ ਇਨ੍ਹਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ। ਮੁਲਾਜ਼ਮਾਂ ਦੀ ਭਲਾਈ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਉਨ੍ਹਾਂ ਦੀਆਂ ਤਰਜੀਹਾਂ ਵਿੱਚ ਸ਼ਾਮਲ ਹੈ।
