ਚੇਅਰਮੈਨ ਬਹਿਲ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਹਲਕਾ ਗੁਰਦਾਸਪੁਰ ਦੇ ਨਵਾਂ ਪਿੰਡ ਝਾਵਰ, ਬਾਹੀਆਂ, ਅਲਾਵਲਪੁਰ ਅਤੇ ਰੋੜਾਂਵਾਲੀ ਵਿੱਚ ਡਿਫੈਂਸ ਕਮੇਟੀਆਂ ਨਾਲ ਮੀਟਿੰਗਾਂ ਕੀਤੀਆਂ

ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ – ਰਮਨ ਬਹਿਲ

ਗੁਰਦਾਸਪੁਰ, 26 ਜੁਲਾਈ 2025 (ਮੰਨਨ ਸੈਣੀ )। ਨਸ਼ਾ ਮੁਕਤੀ ਯਾਤਰਾ ਨਸ਼ਿਆਂ ਦੇ ਖ਼ਾਤਮੇ ਲਈ ਸੂਬਾ ਸਰਕਾਰ ਦੀ ਇੱਕ ਅਜਿਹੀ ਪਹਿਲ ਕਦਮੀ ਹੈ, ਜਿਸ ਰਾਹੀਂ ਲੋਕਾਂ ਨਾਲ ਸਿੱਧਾ ਰਾਬਤਾ ਰੱਖਿਆ ਜਾ ਰਿਹਾ ਹੈ ਅਤੇ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਖ਼ਾਤਮਾ ਕਰਨ ਵਿੱਚ ਵੱਡੇ ਪੱਧਰ ਉੱਤੇ ਮਦਦ ਮਿਲ ਰਹੀ ਹੈ।

ਇਹ ਪ੍ਰਗਟਾਵਾ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਬੀਤੀ ਸ਼ਾਮ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਨਵਾਂ ਪਿੰਡ ਝਾਵਰ, ਬਾਹੀਆਂ, ਅਲਾਵਲਪੁਰ ਅਤੇ ਰੋੜਾਂਵਾਲੀ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਮੁਕਤੀ ਯਾਤਰਾ ਅਧੀਨ ਵਿਲੇਜ ਡਿਫੈਂਸ ਕਮੇਟੀਆਂ ਨਾਲ ਕੀਤੀਆਂ ਮੀਟਿੰਗਾਂ ਦੌਰਾਨ ਕੀਤਾ।

ਇਸ ਮੌਕੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਨੂੰ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ ਅਤੇ ਪਿੰਡ ਵਾਸੀਆਂ ਨੂੰ ਨਿਰੰਤਰ ਨਸ਼ੇ ਖ਼ਿਲਾਫ਼ ਲੜੀ ਜਾ ਰਹੀ ਜੰਗ ਵਿੱਚ ਇੱਕਜੁੱਟ ਹੋ ਕੇ ਸਰਕਾਰ ਦਾ ਸਹਿਯੋਗ ਦੇਣ ਲਈ ਪ੍ਰੇਰਤ ਕੀਤਾ। ਉਨ੍ਹਾਂ ਨੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾਉਣ ਲਈ ਉਨ੍ਹਾਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਲਿਆਂਦਾ ਜਾਵੇ।

ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਰਕਾਰ ਵੱਲੋਂ ਨਸ਼ਾ ਤਸਕਰਾਂ ਉੱਪਰ ਮਿਸਾਲੀ ਕਾਰਵਾਈਆਂ ਕਰ ਕੇ ਬਹੁਤ ਹੱਦ ਤੱਕ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜ ਦਿੱਤਾ ਗਿਆ ਹੈ ਅਤੇ ਸੂਬੇ ਨੂੰ ਮੁੜ ਹੱਸਦਾ-ਵੱਸਦਾ ਤੇ ਰੰਗਲਾ ਪੰਜਾਬ ਬਣਾਉਣ ਦੇ ਰਾਹ ਪਾਇਆ ਗਿਆ ਹੈ।

ਉਨ੍ਹਾਂ ਨੇ ਸਮੂਹ ਹਾਜ਼ਰੀਨ ਨੂੰ ਨਸ਼ਾ ਮੁਕਤੀ ਮੁਹਿੰਮ ਵਿੱਚ ਆਪਣਾ ਪੂਰਨ ਸਹਿਯੋਗ ਦੇਣ ਦਾ ਪ੍ਰਣ ਵੀ ਦਿਵਾਇਆ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਸਬੰਧੀ ਪ੍ਰਸ਼ਾਸਨ ਤੇ ਪੁਲਿਸ ਵਿਭਾਗ ਨੂੰ ਸਹਿਯੋਗ ਦੇਣ।

ਇਸ ਮੌਕੇ ਹਲਕਾ ਕੋਆਰਡੀਨੇਟਰ ਨੀਰਜ ਸਲਹੋਤਰਾ, ਨਸ਼ਾ ਮੁਕਤੀ ਮੋਰਚਾ ਦੇ ਵਾਈਸ ਕੋਆਰਡੀਨੇਟਰ ਪਵਨ ਕੁਮਾਰ, ਸੁੱਚਾ ਸਿੰਘ ਮੁਲਤਾਨੀ, ਰਾਕੇਸ਼ ਸ਼ਰਮਾ, ਦਵਿੰਦਰ ਸਿੰਘ ਹੈਪੀ, ਸਰਪੰਚ ਰਣਜੀਤ ਸਿੰਘ ਬਾਜੇਚੱਕ, ਸਨੀ ਬਾਹੀਆ, ਨਵਾਂ ਪਿੰਡ ਝਾਵਰ ਦੇ ਸਰਪੰਚ ਹਰਦੀਪ ਸਿੰਘ, ਬਾਹੀਆ ਦੇ ਸਰਪੰਚ ਜਗਜੀਤ ਸਿੰਘ, ਅਲਾਵਲਪੁਰ ਦੇ ਸਰਪੰਚ ਨਿਰਮਲ ਸਿੰਘ ਅਤੇ ਰੋੜਾਂਵਾਲੀ ਦੇ ਸਰਪੰਚ ਮਨਪ੍ਰੀਤ ਸਿੰਘ ਤੋਂ ਇਲਾਵਾ ਇਲਾਕੇ ਦੇ ਹੋਰ ਮੁਹਤਬਰ ਵੀ ਹਾਜ਼ਰ ਸਨ।

Exit mobile version