ਜਸ਼ਨ-ਏ-ਅਜ਼ਾਦੀ ਲਈ ਜ਼ਿਲ੍ਹਾ ਗੁਰਦਾਸਪੁਰ ਪੂਰੀ ਤਰ੍ਹਾਂ ਤਿਆਰ

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਜ਼ਾਦੀ ਦਿਹਾੜੇ ਮੌਕੇ ਗੁਰਦਾਸਪੁਰ ਵਿਖੇ ਕੌਮੀ ਝੰਡਾ ਲਹਿਰਾਉਣਗੇ

ਗੁਰਦਾਸਪੁਰ, 14 ਅਗਸਤ 2025 (ਦੀ ਪੰਜਾਬ ਵਾਇਰ)–  ਦੇਸ਼ ਦੇ 79ਵੇਂ ਆਜ਼ਾਦੀ ਦਿਹਾੜੇ ਅਤੇ 78ਵੀਂ ਵਰ੍ਹੇਗੰਢ ਮੌਕੇ 15 ਅਗਸਤ 2025 ਨੂੰ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਟੇਡੀਅਮ, ਸਰਕਾਰੀ ਕਾਲਜ, ਗੁਰਦਾਸਪੁਰ ਵਿਖੇ ਜਸ਼ਨ-ਏ-ਅਜ਼ਾਦੀ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ।  ਅਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸੂਬੇ ਦੇ ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਕੈਬਨਿਟ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਉਪਰੰਤ ਪਰੇਡ ਦਾ ਨਿਰੀਖਣ ਕੀਤਾ ਜਾਵੇਗਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ ਜਾਵੇਗੀ। ਇਸ ਦੌਰਾਨ ਉਨ੍ਹਾਂ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਸ਼ੁੱਭ ਕਾਮਨਾਵਾਂ ਦਿੰਦਿਆਂ ਆਪਣਾ ਸੰਦੇਸ਼ ਵੀ ਦਿੱਤਾ ਜਾਵੇਗਾ।

ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੀ.ਟੀ. ਸ਼ੋਅ ਤੋਂ ਇਲਾਵਾ ਗਿੱਧਾ, ਭੰਗੜਾ, ਸਭਿਆਚਾਰਕ ਤੇ ਦੇਸ਼ ਭਗਤੀ ਨਾਲ ਸਬੰਧਿਤ ਵੱਖ-ਵੱਖ ਪੇਸ਼ਕਾਰੀਆਂ ਵੀ ਕੀਤੀਆਂ ਜਾਣਗੀਆਂ। ਇਸ ਮੌਕੇ ਕੈਬਨਿਟ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਵੱਲੋਂ ਆਜ਼ਾਦੀ ਘੁਲਾਟੀਆਂ ਤੇ ਜੰਗੀ ਵਿਧਵਾਵਾਂ ਦਾ ਸਨਮਾਨ ਤੇ ਲੋੜਵੰਦਾਂ ਨੂੰ ਟਰਾਲੀ ਸਾਈਕਲ ਅਤੇ ਸਿਲਾਈ ਮਸ਼ੀਨਾਂ ਦੀ ਵੰਡ ਵੀ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਗੁਰਦਾਸਪੁਰ ਵਿਖੇ ਮਨਾਏ ਜਾ ਰਹੇ ਜ਼ਿਲ੍ਹਾ ਪੱਧਰੀ ਅਜ਼ਾਦੀ ਜਸ਼ਨਾਂ ਵਿੱਚ ਜ਼ਰੂਰ ਸ਼ਾਮਲ ਹੋਣ।

Exit mobile version