ਚੰਡੀਗੜ੍ਹ, 22 ਅਗਸਤ 2025 (ਦੀ ਪੰਜਾਬ ਵਾਇਰ)। ਪੰਜਾਬ ਵਿੱਚ ਹੜ੍ਹਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਕ ਵੱਡਾ ਐਲਾਨ ਕਰਦਿਆਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਇਸ ਫੈਸਲੇ ਦਾ ਉਦੇਸ਼ ਹੜ੍ਹਾਂ ਕਾਰਨ ਹੋਏ ਫਸਲਾਂ ਅਤੇ ਜਾਇਦਾਦਾਂ ਦੇ ਨੁਕਸਾਨ ਦਾ ਸਹੀ ਅਨੁਮਾਨ ਲਗਾਉਣਾ ਅਤੇ ਪੀੜਤਾਂ ਨੂੰ ਜਲਦੀ ਤੋਂ ਜਲਦੀ ਮੁਆਵਜ਼ਾ ਦੇਣਾ ਹੈ।
ਅੱਜ ਸਵੇਰੇ ਮੁੱਖ ਮੰਤਰੀ ਮਾਨ ਨੇ ਖੁਦ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਉਨ੍ਹਾਂ ਨੇ ਪਾਣੀ ਵਿੱਚ ਡੁੱਬੀਆਂ ਫਸਲਾਂ ਅਤੇ ਪ੍ਰਭਾਵਿਤ ਲੋਕਾਂ ਦਾ ਹਾਲ ਜਾਣਿਆ। ਇਸ ਦੌਰੇ ਤੋਂ ਬਾਅਦ ਉਨ੍ਹਾਂ ਨੇ ਅਧਿਕਾਰੀਆਂ ਨੂੰ ਸਖ਼ਤ ਹੁਕਮ ਦਿੱਤੇ ਕਿ ਜਿਵੇਂ ਹੀ ਹੜ੍ਹ ਦਾ ਪਾਣੀ ਘਟਦਾ ਹੈ, ਤੁਰੰਤ ਵਿਸ਼ੇਸ਼ ਗਿਰਦਾਵਰੀ ਸ਼ੁਰੂ ਕੀਤੀ ਜਾਵੇ ਤਾਂ ਜੋ ਕਿਸਾਨਾਂ ਨੂੰ ਬਿਨਾਂ ਦੇਰੀ ਆਰਥਿਕ ਮਦਦ ਮਿਲ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਪੂਰੀ ਤਰ੍ਹਾਂ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਕਿਸੇ ਵੀ ਪੀੜਤ ਪਰਿਵਾਰ ਨੂੰ ਬੇਸਹਾਰਾ ਨਹੀਂ ਛੱਡਿਆ ਜਾਵੇਗਾ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਗਿਰਦਾਵਰੀ ਦਾ ਕੰਮ ਪੂਰੀ ਪਾਰਦਰਸ਼ਤਾ ਨਾਲ ਕੀਤਾ ਜਾਵੇਗਾ ਅਤੇ ਹਰ ਹੱਕਦਾਰ ਨੂੰ ਉਸਦਾ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ।
ਇਸ ਐਲਾਨ ਨਾਲ ਖਾਸ ਕਰਕੇ ਕਿਸਾਨਾਂ ਵਿੱਚ ਵੱਡੀ ਰਾਹਤ ਦੀ ਲਹਿਰ ਹੈ, ਕਿਉਂਕਿ ਉਨ੍ਹਾਂ ਦੀਆਂ ਫਸਲਾਂ ਦਾ ਵੱਡਾ ਨੁਕਸਾਨ ਹੋਇਆ ਹੈ।
