ਚੰਡੀਗੜ੍ਹ, 25 ਅਗਸਤ 2025 (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਨੇ ਹੜ੍ਹ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਐਲਾਨ ਕੀਤਾ ਹੈ ਕਿ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ ਹੈ। ਜਿਸ ਦੇ ਚਲਦੇ ਰਾਜ ਪੱਧਰੀ ਹੜ੍ਹ ਕੰਟਰੋਲ ਰੂਮ ਜਲੰਧਰ ਵਿੱਚ ਸਥਾਪਤ ਕੀਤਾ ਗਿਆ ਹੈ। ਸਰਕਾਰ ਵੱਲੋਂ ਲੋਕਾਂ ਲਈ ਹੈਲਪਲਾਈਨ ਨੰਬਰ 0181-2240064 ਜਾਰੀ ਕੀਤਾ ਗਿਆ ਹੈ, ਜਿਸ ‘ਤੇ ਪ੍ਰਭਾਵਿਤ ਲੋਕ ਕਿਸੇ ਵੀ ਸਮੇਂ ਸੰਪਰਕ ਕਰ ਸਕਦੇ ਹਨ।
ਹੜ੍ਹ ਕੰਟਰੋਲ ਰੂਮ ਦੀ ਜ਼ਿੰਮੇਵਾਰੀ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਸੌਂਪੀ ਗਈ ਹੈ। ਇਸ ਤੋਂ ਇਲਾਵਾ, ਪੰਜਾਬ ਸੱਭਿਆਚਾਰ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਡਿਪਟੀ ਕਮਿਸ਼ਨਰ ਜਲੰਧਰ ਦੇ ਨਾਲ ਮਿਲ ਕੇ ਕੰਟਰੋਲ ਰੂਮ ਤੋਂ ਸਥਿਤੀ ਦੀ ਨਿਗਰਾਨੀ ਕਰਨਗੇ।
ਮੁੱਖ ਮੰਤਰੀ ਭਗਵੰਤ ਮਾਨ ਦੀ ਹਦਾਇਤ ‘ਤੇ ਕਈ ਕੈਬਨਿਟ ਮੰਤਰੀਆਂ ਨੂੰ ਵੱਖ-ਵੱਖ ਜ਼ਿਲ੍ਹਿਆਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਡਾ. ਬਲਬੀਰ ਸਿੰਘ, ਗੁਰਮੀਤ ਸਿੰਘ ਖੁੱਡੀਆ ਅਤੇ ਬਰਿੰਦਰ ਕੁਮਾਰ ਗੋਇਲ ਪੂਰੇ ਪੰਜਾਬ ਵਿੱਚ ਹੜ੍ਹ ਸਥਿਤੀ ‘ਤੇ ਨਿਗਰਾਨੀ ਰੱਖਣਗੇ।
- ਕਪੂਰਥਲਾ ਲਈ ਮਹਿੰਦਰ ਭਗਤ ਅਤੇ ਹਰਦੀਪ ਸਿੰਘ ਮੁੰਡੀਆ ਨੂੰ ਇੰਚਾਰਜ ਬਣਾਇਆ ਗਿਆ ਹੈ।
- ਤਰਨਤਾਰਨ ਵਿੱਚ ਨਿਗਰਾਨੀ ਲਈ ਲਾਲਜੀਤ ਸਿੰਘ ਭੁੱਲਰ ਅਤੇ ਹਰਭਜਨ ਸਿੰਘ ਈਟੀਓ ਨੂੰ ਜ਼ਿੰਮੇਵਾਰੀ ਦਿੱਤੀ ਗਈ ਹੈ।
- ਫਾਜ਼ਿਲਕਾ ਦੀ ਜ਼ਿੰਮੇਵਾਰੀ ਡਾ. ਬਲਜੀਤ ਕੌਰ ਅਤੇ ਤਰੁਣਪ੍ਰੀਤ ਸਿੰਘ ਸੌਂਧ ਨੂੰ ਸੌਂਪੀ ਗਈ ਹੈ।
ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਹੜ੍ਹ ਦੌਰਾਨ ਸਾਵਧਾਨੀ ਵਰਤਣ, ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨ ਅਤੇ ਕਿਸੇ ਵੀ ਐਮਰਜੈਂਸੀ ‘ਚ ਹੈਲਪਲਾਈਨ ਨੰਬਰ ‘ਤੇ ਤੁਰੰਤ ਸੰਪਰਕ ਕਰਨ।
