ਫਸਲਾਂ ਦੇ ਹੋਏ ਨੁਕਸਾਨ ਦੇ ਨਾਲ-ਨਾਲ ਘਰਾਂ ਅਤੇ ਦੁਕਾਨਾਂ ਦੇ ਹੋਏ ਨੁਕਸਾਨ ਦਾ ਅੰਤਰਿਮ ਮੁਆਵਜ਼ਾ ਮੰਗਿਆ
ਪਠਾਨਕੋਟ, 6 ਸਤੰਬਰ 2025 (ਮੰਨਨ ਸੈਣੀ)। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੰਗ ਕੀਤੀ ਕਿ ਹੜ੍ਹ ਪ੍ਰਭਾਵਤ ਖੇਤਰਾਂ ਵਿਚ ਸਾਰੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਸਾਰੇ ਕਰਜ਼ੇ ਮੁਆਫ ਕੀਤੇ ਜਾਣ ਅਤੇ ਫਸਲਾਂ ਦੇ ਹੋਏ ਨੁਕਸਾਨ ਦੇ ਨਾਲ-ਨਾਲ ਘਰਾਂ, ਦੁਕਾਨਾਂ ਅਤੇ ਹੋਰ ਥਾਵਾਂ ਦੇ ਹੋਏ ਨੁਕਸਾਨ ਦਾ ਤੁਰੰਤ ਮੁਆਵਜ਼ਾ ਦਿੱਤਾ ਜਾਵੇ।
ਅਕਾਲੀ ਦਲ ਦੇ ਪ੍ਰਧਾਨ ਨੇ ਭੋਆ ਹਲਕੇ ਵਿਚ ਰਾਵੀ ਦਰਿਆ ਦੇ ਨਾਲ-ਨਾਲ ਕਥਲੌਰ ਅਤੇ ਗਵਾਂਢੀ ਇਲਾਕਿਆਂ ਦਾ ਦੌਰਾ ਕੀਤਾ ਅਤੇ ਜਿਥੇ ਹੜ੍ਹਾਂ ਕਾਰਨ ਕਾਫੀ ਨੁਕਸਾਨ ਹੋਇਆ ਹੈ। ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਨੇ ਬੰਨ ਮਜ਼ਬੂਤ ਕਰਨ ਵਾਸਤੇ ਅਤੇ ਹੜ੍ਹਾਂ ਦਾ ਪਾਣੀ ਉਤਰਣ ਮਗਰੋਂ ਖੇਤਾਂ ਵਿਚੋਂ ਰੇਤਾ ਕੱਢਣ ਵਾਸਤੇ ਹਰ ਸੰਭਵ ਮਦਦ ਦਾ ਭਰੋਸਾ ਦੁਆਇਆ।
ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਲੱਖਾਂ ਏਕੜ ਜ਼ਮੀਨ ’ਤੇ ਫਸਲ ਤਬਾਹ ਹੋ ਗਈ ਹੈ ਅਤੇ ਵਿਆਪਕ ਤਬਾਹੀ ਹੋਈ ਹੈ ਜਿਸ ਕਾਰਨ ਇਹ ਕਰਜ਼ਾ ਮੁਆਫੀ ਦਾ ਢੁਕਵਾਂ ਮਾਮਲਾ ਬਣਦਾ ਹੈ। ਉਹਨਾਂ ਕਿਹਾ ਕਿ ਪ੍ਰਭਾਵਤ ਸਾਰੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦਾ ਸਾਰਾ ਬੈਂਕ ਅਤੇ ਸਹਿਕਾਰੀ ਸਭਾਵਾਂ ਦਾ ਕਰਜ਼ਾ ਮੁਆਫ ਹੋਣਾ ਚਾਹੀਦਾ ਹੈ। ਉਹਨਾਂ ਨੇ ਹੈਰਾਨੀ ਪ੍ਰਗਟ ਕੀਤੀ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਹਾਲੇ ਤੱਕ ਫਸਲਾਂ ਦੇ ਹੋਏ ਨੁਕਸਾਨ ਦਾ ਕੋਈ ਅੰਤਰਿਮ ਮੁਆਵਜ਼ਾ ਨਹੀਂ ਦਿੱਤਾ। ਉਹਨਾਂ ਕਿਹਾ ਕਿ ਹੜ੍ਹਾਂ ਕਾਰਨ ਜਿਹਨਾਂ ਦੇ ਘਰ, ਦੁਕਾਨਾਂ, ਸ਼ੈਡ ਤੇ ਹੋਰ ਠਿਕਾਣੇ ਤਬਾਹ ਹੋਏ ਹਨ, ਉਹਨਾਂ ਨੂੰ ਤੁਰੰਤ ਮੁਆਵਜ਼ਾ ਮਿਲਣਾ ਚਾਹੀਦਾ ਹੈ। ਉਹਨਾਂ ਨੇ ਉਸ ਥਾਂ ਦਾ ਵੀ ਦੌਰਾ ਕੀਤਾ ਜਿਥੋਂ 100 ਤੋਂ 150 ਦੁਕਾਨਾਂ ਅਤੇ ’ਮਸਜਿਦ’ ਹੜ੍ਹਾਂ ਦੇ ਪਾਣੀਆਂ ਵਿਚ ਰੁੜ੍ਹ ਗਏ ਹਨ। ਭਾਵੁਕ ਹੁੰਦਿਆਂ ਉਹਨਾਂ ਕਿਹਾ ਕਿ ਅਕਾਲੀ ਦਲ ਉਜੜੇ ਲੋਕਾਂ ਦੇ ਮੁੜ ਵਸੇਬੇ ਵਿਚ ਮਦਦ ਕਰੇਗਾ।
ਅਕਾਲੀ ਦਲ ਦੇ ਪ੍ਰਧਾਨ ਨਾਲ ਗੱਲਬਾਤ ਕਰਦਿਆਂ ਮਾਝਾ ਕਿਸਾਨ ਸੰਘਰਸ਼ ਸੰਮਤੀ ਦੇ ਮੈਂਬਰਾਂ ਨੇ ਦੱਸਿਆ ਕਿ ਹੜ੍ਹਾਂ ਦੇ ਪਾਣੀਆਂ ਨਾਲ 500 ਤੋਂ ਵੱਧ ਏਕੜ ਵਿਚ ਝੋਨੇ ਦੀ ਫਸਲ ਤਬਾਹ ਹੋ ਗਈ ਹੈ ਅਤੇ 20 ਤੋਂ 25 ਪਿੰਡ ਖ਼ਤਰੇ ਵਿਚ ਹਨ।
ਸਰਦਾਰ ਸੁਖਬੀਰ ਸਿੰਘ ਬਾਦਲ ਨੇ ਭਰੋਸਾ ਦੁਆਇਆ ਕਿ ਉਹ ਅਕਾਲੀ ਦਲ ਦੇ ਵਰਕਰਾਂ ਤੇ ਸਰੋਤਾਂ ਦੀ ਮਦਦ ਪ੍ਰਦਾਨ ਕਰਨਗੇ ਅਤੇ ਅਕਾਲੀ ਦਲ ਹੜ੍ਹਾਂ ਦਾ ਪਾਣੀ ਉਤਰਣ ਮਗਰੋਂ ਖੇਤਾਂ ਵਿਚੋਂ ਰੇਤਾ ਕੱਢਣ ਵਿਚ ਮਦਦ ਕਰੇਗਾ। ਉਹਨਾਂ ਕਿਹਾ ਕਿ ਅਸੀਂ ਇਸ ਵਾਸਤੇ ਟਰੈਕਟਰ, ਜੇ ਸੀ ਬੀ ਤੇ ਲੇਜ਼ਰ ਲੈਵਲਰ ਪ੍ਰਦਾਨ ਕਰਨਗੇ।
ਸਰਦਾਰ ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਆਪ ਸਰਕਾਰ ਵਿਚ ਲੀਡਰਸ਼ਿਪ ਦੇ ਸੰਕਟ ਕਾਰਨ ਪੰਜਾਬ ਵਿਚ ਸਰਕਾਰ ਵੀ ਗੰਭੀਰ ਸੰਕਟ ਵਿਚ ਹੈ। ਉਹਨਾਂ ਕਿਹਾ ਕਿ ਪੰਜਾਬ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਪ੍ਰਬੰਧਨ ਦਾ ਹੱਕ ਗੁਆ ਲਿਆ ਹੈ ਤੇ ਆਪ ਸਰਕਾ ਪੰਜਾਬ ਦੇ ਹੱਕਾਂ ਦੀ ਰਾਖੀ ਵਿਚ ਅਸਫਲ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬੀਆਂ ਨੂੰ ਉਹਨਾਂ ਦੇ ਹਾਲ ’ਤੇ ਛੱਡ ਦਿੱਤਾ ਗਿਆ ਹੈ ਅਤੇ ਉਹਨਾਂ ਨੂੰ ਬੰਨ ਮਜ਼ਬੂਤ ਕਰਨ ਵਾਸਤੇ ਆਪਣੇ ਆਪ ਹੀ ਕੰਮ ਕਰਨਾ ਪੈ ਰਿਹਾ ਹੈ। ਉਹਨਾਂ ਕਿਹਾ ਕਿ ਉਹ ਇਸ ਸੰਕਟ ਵੇਲੇ ਸਾਡੇ ਕਿਸਾਨਾਂ ਵੱਲੋਂ ਵਿਖਾਈ ਦਲੇਰੀ ਤੇ ਬਹਾਦਰੀ ਨੂੰ ਸਲਾਮ ਕਰਦੇ ਹਨ। ਉਹਨਾਂ ਨੇ ਕਿਸਾਨਾਂ ਨੂੰ ਆਖਿਆ ਕਿ ਉਹ ਚੜ੍ਹਦੀਕਲਾ ਵਿਚ ਰਹਿਣ। ਉਹਨਾਂ ਕਿਹਾ ਕਿ ਅਕਾਲੀ ਦਲ ਉਹਨਾਂ ਦੇ ਨਾਲ ਹੈ ਅਤੇ 2027 ਵਿਚ ਸਰਕਾਰ ਬਣਨ ’ਤੇ ਉਹਨਾਂ ਦੇ ਪੁਰਾਣੇ ਕਰਜ਼ੇ ਵੀ ਮੁਆਫ ਕੀਤੇ ਜਾਣਗੇ।
ਇਸ ਮੌਕੇ ਸੀਨੀਅਰ ਆਗੂ ਗੁਰਬਚਨ ਸਿੰਘ ਬੱਬੇਹਾਲੀ, ਰਵੀ ਮੋਹਨ ਤੇ ਹੋਰ ਆਗੂ ਵੀ ਉਹਨਾਂ ਦੇ ਨਾਲ ਸਨ।
