ਮੁੱਖ ਮੰਤਰੀ ਮਾਨ ਹਸਪਤਾਲ ਤੋਂ ਹੀ ਕਰਨਗੇ ਕੈਬਿਨੇਟ ਮੀਟਿੰਗ ਦੀ ਪ੍ਰਧਾਨਗੀ, ਹੜ੍ਹ ਪ੍ਰਭਾਵਿਤ ਖੇਤਰਾਂ ਲਈ ਹੋ ਸਕਦੇ ਹਨ ਵੱਡੇ ਫ਼ੈਸਲੇ
ਚੰਡੀਗੜ੍ਹ, 7 ਸਤੰਬਰ 2025 (ਦੀ ਪੰਜਾਬ ਵਾਇਰ)। ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਅਤੇ ਲਗਾਤਾਰ ਪੈ ਰਹੇ ਮੀਂਹ ਦੇ ਚਿੰਤਾਜਨਕ ਮਾਹੌਲ ਦੌਰਾਨ ਕੱਲ੍ਹ, ਸੋਮਵਾਰ ਨੂੰ ਪੰਜਾਬ ਕੈਬਿਨੇਟ ਦੀ ਇੱਕ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਦੁਪਹਿਰ 12 ਵਜੇ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ। ਇਸ ਮੀਟਿੰਗ ਦੀ ਖ਼ਾਸ ਗੱਲ ਇਹ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਇਸ ਵਿੱਚ ਹਸਪਤਾਲ ਤੋਂ ਹੀ ਵੀਡੀਓ ਕਾਨਫਰੰਸ ਰਾਹੀਂ ਸ਼ਾਮਲ ਹੋਣਗੇ।
ਦੱਸਣਯੋਗ ਹੈ ਕਿ ਕਈ ਦਿਨਾਂ ਤੋਂ ਸਿਹਤ ਠੀਕ ਨਾ ਹੋਣ ਕਾਰਨ ਮੁੱਖ ਮੰਤਰੀ ਭਗਵੰਤ ਮਾਨ ਹਸਪਤਾਲ ਵਿੱਚ ਦਾਖ਼ਲ ਹਨ। ਹਾਲਾਂਕਿ, ਉਨ੍ਹਾਂ ਦੀ ਸਿਹਤ ਪੂਰੀ ਤਰ੍ਹਾਂ ਠੀਕ ਨਾ ਹੋਣ ਦੇ ਬਾਵਜੂਦ ਵੀ ਉਹ ਸੂਬੇ ਦੇ ਪ੍ਰਸ਼ਾਸਨਿਕ ਕੰਮਾਂ ਤੋਂ ਲਗਾਤਾਰ ਅਪਡੇਟ ਰਹਿ ਰਹੇ ਹਨ ਅਤੇ ਲੋਕਾਂ ਦੀ ਸੇਵਾ ਨੂੰ ਆਪਣੀ ਪਹਿਲੀ ਤਰਜੀਹ ਦੱਸ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਹੈ, “ਲੋਕਾਂ ਦੀ ਸੇਵਾ ਹੀ ਮੇਰੀ ਤਰਜੀਹ ਹੈ।”
ਇਸ ਮੀਟਿੰਗ ਵਿੱਚ ਹੜ੍ਹ ਕਾਰਨ ਹੋਏ ਨੁਕਸਾਨ ਅਤੇ ਰਾਹਤ ਕਾਰਜਾਂ ਨੂੰ ਲੈ ਕੇ ਕਈ ਮਹੱਤਵਪੂਰਨ ਫ਼ੈਸਲੇ ਲਏ ਜਾਣ ਦੀ ਉਮੀਦ ਹੈ। ਇਸ ਤੋਂ ਇਲਾਵਾ, ਸੂਬੇ ਦੇ ਆਰਥਿਕ ਅਤੇ ਸਮਾਜਿਕ ਮੁੱਦਿਆਂ ‘ਤੇ ਵੀ ਚਰਚਾ ਹੋ ਸਕਦੀ ਹੈ।
ਮੁੱਖ ਮੰਤਰੀ ਦਾ ਬੀਮਾਰੀ ਦੀ ਹਾਲਤ ਵਿੱਚ ਵੀ ਇਸ ਤਰ੍ਹਾਂ ਜ਼ਿੰਮੇਵਾਰੀ ਨਿਭਾਉਣਾ ਲੋਕਾਂ ਵਿੱਚ ਉਨ੍ਹਾਂ ਦੇ ਸਮਰਪਣ ਪ੍ਰਤੀ ਸਕਾਰਾਤਮਕ ਪ੍ਰਤੀਕਰਮ ਪੈਦਾ ਕਰ ਰਿਹਾ ਹੈ। ਉਨ੍ਹਾਂ ਵੱਲੋਂ ਖ਼ੁਦ ਹਸਪਤਾਲ ਵਿੱਚੋਂ ਹੀ ਰਾਹਤ ਕਾਰਜਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਇਸ ਮੀਟਿੰਗ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਕਈ ਨਵੇਂ ਐਲਾਨ ਕੀਤੇ ਜਾਣ ਦੀ ਸੰਭਾਵਨਾ ਹੈ ਜੋ ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਪ੍ਰਦਾਨ ਕਰ ਸਕਦੇ ਹਨ।
ਇੱਥੇ ਇਹ ਵੀ ਦੱਸਣਯੋਗ ਹੈ ਕਿ 9 ਤਰੀਕ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਪੰਜਾਬ ਦੇ ਦੌਰੇ ਤੇ ਹਨ ਅਤੇ ਗੁਰਦਾਸਪੁਰ ਆ ਰਹੇ ਹਨ।
