ਗੁਰਮੀਤ ਸਿੰਘ ਖੁੱਡੀਆਂ ਨੇ ਡੇਅਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

 ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਕਾਰਜਕਾਲ ਦੌਰਾਨ ਇਕੱਲੇ ਡੇਅਰੀ ਵਿਕਾਸ ਵਿਭਾਗ ਵਿੱਚ 52 ਨੌਜਵਾਨ ਹੋਏ ਭਰਤੀ; 55 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਵੱਖ ਵੱਖ ਵਿਭਾਗਾਂ ਵਿੱਚ ਮਿਲੀਆਂ ਸਰਕਾਰੀ ਨੌਕਰੀਆਂ

ਚੰਡੀਗੜ੍ਹ, 18 ਸਤੰਬਰ 2025 (ਦੀ ਪੰਜਾਬ ਵਾਇਰ)–  ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਡੇਅਰੀ ਵਿਕਾਸ ਵਿਭਾਗ ਵਿੱਚ ਭਰਤੀ ਕੀਤੇ ਤਿੰਨ ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਸਾਲ 2022 ਤੋਂ ਹੁਣ ਤੱਕ ਇਸ ਵਿਭਾਗ ਵਿੱਚ ਨਵੀਆਂ ਭਰਤੀਆਂ ਦੀ ਕੁੱਲ ਗਿਣਤੀ 52 ਹੋ ਗਈ ਹੈ। ਇਨ੍ਹਾਂ ਨਿਯੁਕਤੀਆਂ ਵਿੱਚ 34 ਇੰਸਪੈਕਟਰ ਗ੍ਰੇਡ-2 ਅਧਿਕਾਰੀ, 8 ਕਲਰਕ, 5 ਆਈ.ਟੀ. ਕਲਰਕ, 4 ਸਟੈਨੋਟਾਈਪਿਸਟ ਅਤੇ 1 ਡਰਾਈਵਰ ਸ਼ਾਮਲ ਹਨ, ਜਿਸ ਨਾਲ ਵਿਭਾਗ ਦੀ ਕਾਰਜ ਕੁਸ਼ਲਤਾ ਵਿੱਚ ਮਹੱਤਵਪੂਰਨ ਸੁਧਾਰ ਹੋਇਆ ਹੈ।

ਨਵ-ਨਿਯੁਕਤ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਉਨ੍ਹਾਂ ਨੂੰ ਆਪਣੀਆਂ ਸੇਵਾਵਾਂ ਲਗਨ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਜਨਤਕ ਸੇਵਾਵਾਂ ਨੂੰ ਇਮਾਨਦਾਰੀ ਅਤੇ ਦਿਆਨਤਦਾਰੀ ਨਾਲ ਨਿਭਾਉਣ ਦੀ ਲੋੜ ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ ਦੀ ਮਜ਼ਬੂਤੀ ਸਾਡੇ ਕਿਸਾਨਾਂ ਦੀ ਸਹਾਇਤਾ ਕਰਨ ਅਤੇ ਪੇਂਡੂ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਅਤਿ ਮਹੱਤਵਪੂਰਨ ਹੈ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੇ ਯਤਨਾਂ ਤੇ ਚਾਨਣਾ ਪਾਉਂਦਿਆਂ ਸ. ਖੁੱਡੀਆਂ ਨੇ ਦੱਸਿਆ ਕਿ ਮੌਜੂਦਾ ਸੂਬਾ ਸਰਕਾਰ ਨੇ ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕਰਕੇ ਇੱਕ ਇਤਿਹਾਸਕ ਮਿਸਾਲ ਕਾਇਮ ਕੀਤੀ ਹੈ। ਇਹ ਸਾਰੀਆਂ ਨੌਕਰੀਆਂ ਪੂਰੀ ਪਾਰਦਰਸ਼ਤਾ ਅਤੇ ਮੈਰਿਟ ਦੇ ਆਧਾਰ ਉਤੇ ਦਿੱਤੀਆਂ ਗਈਆਂ ਹਨ।

Exit mobile version