ਆਮ ਆਦਮੀ ਪਾਰਟੀ ਨੂੰ ਬੁੱਧੀਜੀਵੀ ਵਰਗ ਦਾ ਵੀ ਮਿਲਿਆ ਸਾਥ
ਸਾਬਕਾ ਪ੍ਰਿੰਸੀਪਲ ਬਲਬੀਰ ਸਿੰਘ, ਕਰਨੈਲ ਸਿੰਘ ਬੱਲ ਅਤੇ ਰੁਲਦੂ ਰਾਮ ਚਾਹੀਆ ਨੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ
ਗੁਰਦਾਸਪੁਰ, 22 ਸਤੰਬਰ 2025 (ਮਨਨ ਸੈਣੀ)। ਸ੍ਰੀ ਰਮਨ ਬਹਿਲ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿੱਚ ਆਮ ਆਦਮੀ ਪਰਟੀ ਦਿਨੋਂ-ਦਿਨ ਮਜ਼ਬੂਤ ਹੁੰਦੀ ਜਾ ਰਹੀ ਹੈ। ਪਾਰਟੀ ਦੀਆਂ ਲੋਕਪੱਖੀ ਨੀਤੀਆਂ ਕਾਰਨ ਹਲਕਾ ਗੁਰਦਾਸਪੁਰ ਵਿੱਚ ਪਾਰਟੀ ਨੂੰ ਬੁੱਧੀਜੀਵੀ ਵਰਗ ਦਾ ਸਾਥ ਵੀ ਮਿਲ ਗਿਆ ਹੈ। ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਸਾਬਕਾ ਪ੍ਰਿੰਸੀਪਲ ਬਲਬੀਰ ਸਿੰਘ, ਸਾਬਕਾ ਲੈਕਚਰਾਰ ਕਰਨੈਲ ਸਿੰਘ ਬੱਲ ਅਤੇ ਰੁਲਦੂ ਰਾਮ ਚਾਹੀਆ ਆਪਣੇ ਸਾਥੀਆਂ ਸਮੇਤ ਬੀਤੀ ਸ਼ਾਮ ਸ੍ਰੀ ਰਮਨ ਬਹਿਲ ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ।

ਹਲਕਾ ਇੰਚਾਰਜ ਸ੍ਰੀ ਰਮਨ ਬਹਿਲ ਨੇ ਬੁੱਧੀਜੀਵੀ ਵਰਗ ਦਾ ਪਾਰਟੀ ਵਿੱਚ ਸ਼ਾਮਲ ਹੋਣ `ਤੇ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਸਮਾਜ ਦੇ ਬੁੱਧੀਜੀਵੀ ਵਰਗ ਵੱਲੋਂ ਪਾਰਟੀ ਨੂੰ ਸਮਰਥਨ ਦੇਣ ਨਾਲ ਪਾਰਟੀ ਮਜ਼ਬੂਤ ਹੋਈ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਇਨ੍ਹਾਂ ਸਾਰੇ ਆਗੂਆਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬੁੱਧੀਜੀਵੀ ਵਰਗ ਹਮੇਸ਼ਾਂ ਹੀ ਸਮਾਜ ਦੀ ਅਗਵਾਈ ਕਰਦਾ ਹੈ ਅਤੇ ਲੋਕ ਵੀ ਏਨ੍ਹਾਂ ਤੋਂ ਪ੍ਰੇਰਨਾ ਲੈਂਦੇ ਹਨ। ਉਨ੍ਹਾਂ ਕਿਹਾ ਕਿ ਅੱਜ ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿੱਚ ਬੁੱਧੀਜੀਵੀ ਵਰਗ ਨੇ ਜੋ ਆਮ ਆਦਮੀ ਪਾਰਟੀ ਨੂੰ ਆਪਣਾ ਸਮਰਥਨ ਤੇ ਸਾਥ ਦਿੱਤਾ ਹੈ ਇਸ ਨੇ ਇਹ ਪੱਕਿਆਂ ਕਰ ਦਿੱਤਾ ਹੈ ਕਿ ਸੂਬੇ ਦੇ ਅਵਾਮ ਦੀ ਇਮਾਨਦਾਰੀ ਨਾਲ ਸੇਵਾ ਕਰਨ ਵਾਲੀ ਪਾਰਟੀ ਸਿਰਫ਼ ਆਮ ਆਦਮੀ ਪਾਰਟੀ ਹੀ ਹੈ।
ਇਸ ਮੌਕੇ ਸਾਬਕਾ ਪ੍ਰਿੰਸੀਪਲ ਬਲਬੀਰ ਸਿੰਘ ਨੇ ਕਿਹਾ ਕਿ ਸ੍ਰੀ ਅਰਵਿੰਦ ਕੇਜ਼ਰੀਵਾਲ ਅਤੇ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵੱਲੋਂ ਇਮਾਨਦਾਰੀ ਨਾਲ ਲੋਕਾਂ ਦੀ ਸੇਵਾ ਕੀਤੀ ਜਾ ਰਹੀ ਹੈ, ਜਿਸ ਤੋਂ ਪ੍ਰਭਾਵਿਤ ਹੋ ਕੇ ਉਹ ਆਪਣੇ ਸਾਥੀਆਂ ਸਮੇਤ ਆਪ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਇਮਾਨਦਾਰੀ ਤੇ ਪਾਰਦਰਸ਼ਤਾ ਨਾਲ ਮੈਰਿਟ `ਤੇ ਨੌਂਕਰੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਉਸ ਦੇ ਪੁੱਤਰ ਤੇ ਧੀ ਨੂੰ ਵੀ ਮਾਨ ਸਰਕਾਰ ਵਿੱਚ ਮੈਰਿਟ ਦੇ ਅਧਾਰ `ਤੇ ਨੌਂਕਰੀ ਮਿਲੀ ਹੈ, ਜਿਸ ਲਈ ਉਹ ਸਰਕਾਰ ਦਾ ਧੰਨਵਾਦ ਕਰਦੇ ਹਨ।
ਸਾਬਕਾ ਪ੍ਰਿੰਸੀਪਲ ਬਲਬੀਰ ਸਿੰਘ ਤੇ ਉਸ ਦੇ ਸਾਥੀਆਂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੇ ਸੱਚੇ ਸਿਪਾਹੀ ਬਣਕੇ ਪਾਰਟੀ ਦੀ ਚੜ੍ਹਦੀਕਲਾ ਲਈ ਦਿਨ-ਰਾਤ ਕੰਮ ਕਰਨਗੇ।