ਇਸ ਸੰਕਟ ਦੀ ਘੜੀ ਵਿੱਚ ਉਹ ਆਪਣੇ ਲੋਕਾਂ ਦੇ ਨਾਲ ਖੜ੍ਹੇ ਹਨ – ਰਮਨ ਬਹਿਲ
ਗੁਰਦਾਸਪੁਰ, 24 ਸਤੰਬਰ 2025 (ਮਨਨ ਸੈਣੀ )। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਇੰਚਾਰਜ ਸ੍ਰੀ ਰਮਨ ਬਹਿਲ ਵੱਲੋਂ ਅੱਜ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ 10 ਪਿੰਡਾਂ ਦੇ 100 ਲੋੜਵੰਦ ਪਰਿਵਾਰਾਂ ਨੂੰ ਕੰਬਲ, ਮੱਛਰਦਾਨੀਆਂ, ਗੱਦੇ ਅਤੇ ਹੋਰ ਲੋੜੀਂਦਾ ਸਮਾਨ ਵੰਡਿਆ ਗਿਆ।
ਅੱਜ ਕੱਦਾਂ ਵਾਲੀ ਮੰਡੀ ਗੁਰਦਾਸਪੁਰ ਵਿਖੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਲੋੜੀਂਦਾ ਸਮਾਨ ਵੰਡਦੇ ਹੋਏ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਇਸ ਸੰਕਟ ਦੀ ਘੜੀ ਵਿੱਚ ਉਹ ਉਨ੍ਹਾਂ ਦੇ ਨਾਲ ਹਨ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਇਹ ਸਮਾਨ ਸਾਈ ਐਸੋਸੀਏਟਸ ਅਤੇ ਵਪਾਰੀ ਭਰਾਵਾਂ ਦੇ ਸਹਿਯੋਗ ਨਾਲ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਸਾਥੀਆਂ ਦੇ ਨਾਲ ਪਹਿਲੇ ਦਿਨ ਤੋਂ ਹੀ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਹਰ ਸੰਭਵ ਉਪਰਾਲੇ ਕਰ ਰਹੇ ਹਨ ਅਤੇ ਅਸੀਂ ਸਾਰੇ ਮਿਲ ਕੇ ਇਸ ਸੰਕਟ ਉੱਪਰ ਕਾਬੂ ਪਾ ਲਵਾਂਗੇ। ਇਸ ਮੌਕੇ ਉਨ੍ਹਾਂ ਹੜ੍ਹ ਪੀੜਤਾਂ ਦੀ ਮਦਦ ਕਰਨ ਲਈ ਦਾਨੀ ਸੱਜਣਾਂ ਦਾ ਵੀ ਧੰਨਵਾਦ ਕੀਤਾ।

ਸ੍ਰੀ ਰਮਨ ਬਹਿਲ ਨੇ ਕਿਹਾ ਕਿ ਹੜ੍ਹਾਂ ਦੇ ਸੰਕਟ ਨਾਲ ਨਜਿੱਠਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਮੁੱਚੀ ਪੰਜਾਬ ਸਰਕਾਰ ਵੀ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਪਤਾ ਲਗਾਇਆ ਜਾ ਰਿਹਾ ਹੈ ਅਤੇ ਹਰ ਪੀੜਤ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਤੇ ਪੁਨਰਵਾਸ ਦੇ ਕਾਰਜ ਜੰਗੀ ਪੱਧਰ ‘ਤੇ ਜਾਰੀ ਹਨ।
ਇਸ ਮੌਕੇ ਉਨ੍ਹਾਂ ਨਾਲ ਗਗਨ ਮਹਾਜਨ ਅਕਾਊਂਟੈਂਟ, ਮੋਹਨ ਸਿੰਘ, ਅਜੇ ਮਹਾਜਨ, ਆਕਾਸ਼ ਮਹਾਜਨ, ਨਵਲ ਗੁਪਤਾ, ਰਜਿੰਦਰ ਸਿੰਘ ਠੇਕੇਦਾਰ, ਰਾਜੇਸ਼ ਸਰਪਾਲ, ਸੰਜੀਵ ਸਰਪਾਲ, ਹਿਤੇਸ਼ ਮਹਾਜਨ ਬਲਾਕ ਪ੍ਰਧਾਨ ਅਤੇ ਟਰੱਸਟੀ, ਅਸ਼ਵਨੀ ਸ਼ਰਮਾ ਹਲਕਾ ਕੋਆਰਡੀਨੇਟਰ ਐਜੂਕੇਸ਼ਨ ਅਤੇ ਪਿੰਡਾਂ ਦੇ ਪੰਚ ਅਤੇ ਸਰਪੰਚ ਵੀ ਹਾਜ਼ਰ ਸਨ।