ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਮ ਆਦਮੀ ਦੀ ਬਿਹਤਰੀ ਲਈ ਚੁੱਕੇ ਕਈ ਕਦਮ – ਰਮਨ ਬਹਿਲ
ਗੁਰਦਾਸਪੁਰ, 25 ਸਤੰਬਰ 2025 (ਮਨਨ ਸੈਣੀ )। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਹਲਕਾ ਇੰਚਾਰਜ ਰਮਨ ਬਹਿਲ ਨੇ ਅੱਜ ਆਪਣੇ ਕੈਂਪ ਦਫ਼ਤਰ ਵਿਖੇ ਲੋਕ ਮਿਲਣੀ ਕਰਕੇ ਹਲਕੇ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦਾ ਹੱਲ ਕਰਵਾਇਆ। ਇਸ ਮੌਕੇ ਉਨ੍ਹਾਂ ਹਾਜ਼ਰ ਪਾਰਟੀ ਵਰਕਰਾਂ ਨੂੰ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਯੋਜਨਾਵਾਂ ਦੇ ਪ੍ਰਚਾਰ ਤੇ ਪਸਾਰ ਲਈ ਜ਼ਮੀਨੀ ਪੱਧਰ ‘ਤੇ ਕੰਮ ਕਰਨ ਤਾਂ ਜੋ ਕੋਈ ਵੀ ਲੋੜਵੰਦ ਸਰਕਾਰੀ ਸਹੂਲਤਾਂ ਤੋਂ ਵਾਂਝਾ ਨਾ ਰਹੇ।

ਆਪ ਆਗੂ ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਆਮ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਮਾਨ ਸਰਕਾਰ ਵੱਲੋਂ ਪਹਿਲੇ ਦਿਨ ਤੋਂ ਹੀ ਅਵਾਮ ਦੀ ਬਿਹਤਰੀ ਲਈ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਸਹੂਲਤ ਹਰ ਵਰਗ ਨੂੰ ਬਿਨਾਂ ਕਿਸੇ ਭੇਦ-ਭਾਵ ਦੇ ਮਿਲ ਰਹੀ ਹੈ ਅਤੇ 90 ਫ਼ੀਸਦੀ ਤੋਂ ਵੱਧ ਘਰਾਂ ਦੇ ਜ਼ੀਰੋ ਬਿੱਲ ਆ ਰਹੇ ਹਨ। ਇਸੇ ਤਰਾਂ ਆਮ ਆਦਮੀ ਕਲੀਨਿਕਾਂ ਨੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮਿਆਰੀ ਸਿਹਤ ਸੇਵਾਵਾਂ ਦੇਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਸਰਕਾਰੀ ਹਸਪਤਾਲਾਂ ਦੀ ਕਾਇਆ ਕਲਪ ਹੋਈ ਹੈ ਅਤੇ ਮਾਹਿਰ ਡਾਕਟਰਾਂ ਦੀ ਤਾਇਨਾਤੀ ਹੋਣ ਨਾਲ ਲੋਕਾਂ ਨੂੰ ਸਸਤੀਆਂ ਤੇ ਮਿਆਰੀ ਸਿਹਤ ਸੇਵਾਵਾਂ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦਸੰਬਰ ਮਹੀਨੇ ਤੋਂ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਪਰਿਵਾਰ ਲਈ 10 ਲੱਖ ਰੁਪਏ ਤੱਕ ਦੇ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ।
ਰਮਨ ਬਹਿਲ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਸੂਬੇ ਦੀ ਜਵਾਨੀ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬੀਤੇ ਸਾਢੇ ਤਿੰਨ ਸਾਲਾਂ ਦੇ ਵਕਫ਼ੇ ਦੌਰਾਨ 55000 ਤੋਂ ਵੱਧ ਨੌਜਵਾਨਾਂ ਨੂੰ ਮੈਰਿਟ ਦੇ ਅਧਾਰ ‘ਤੇ ਨੌਕਰੀਆਂ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ। ਨਸ਼ਿਆਂ ਦੇ ਖ਼ਾਤਮੇ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ। ਸਿੱਖਿਆ ਕ੍ਰਾਂਤੀ ਰਾਹੀਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਗਈ ਹੈ ਅਤੇ ਪੜ੍ਹਾਈ ਤੇ ਸਹੂਲਤਾਂ ਦੇ ਪੱਖ ਤੋਂ ਸਰਕਾਰੀ ਸਕੂਲ ਨਿੱਜੀ ਸਕੂਲਾਂ ਤੋਂ ਵੀ ਅੱਗੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਸਰਬਪੱਖੀ ਵਿਕਾਸ ਲਈ ਮਾਨ ਸਰਕਾਰ ਵੱਲੋਂ ਜੋ ਕਦਮ ਚੁੱਕੇ ਜਾ ਰਹੇ ਹਨ ਅਵਾਮ ਉਸ ਤੋਂ ਪੂਰੀ ਤਰ੍ਹਾਂ ਖ਼ੁਸ਼ ਹੈ।
ਇਸ ਮੌਕੇ ਸੀਨੀਅਰ ਆਪ ਆਗੂ ਨੀਰਜ ਸਲਹੋਤਰਾ, ਹਿਤੇਸ਼ ਮਹਾਜਨ, ਰਘੁਬੀਰ ਸਿੰਘ ਖ਼ਾਲਸਾ, ਸੁੱਚਾ ਸਿੰਘ ਮੁਲਤਾਨੀ ਤੋਂ ਇਲਾਵਾ ਹੋਰ ਪਾਰਟੀ ਵਰਕਰ ਵੀ ਹਾਜ਼ਰ ਸਨ।