ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਗੁਰਦਾਸਪੁਰ `ਚ ਝੋਨੇ ਦੀ ਪਰਾਲੀ ਸਾੜਨ ’ਤੇ ਪਾਬੰਦੀ ਲਗਾਈ


ਉਲੰਘਣਾ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਹੋਵੇਗੀ ਕਾਨੂੰਨੀ ਕਾਰਵਾਈ



ਗੁਰਦਾਸਪੁਰ, 29 ਸਤੰਬਰ 2025 (ਦੀ ਪੰਜਾਬ ਵਾਇਰ)– ਡਾ. ਹਰਜਿੰਦਰ ਸਿੰਘ ਬੇਦੀ, ਆਈ.ਏ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਝੋਨੇ ਦੀ ਕਟਾਈ ਉਪਰੰਤ ਇਸ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਨ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ 15 ਸਤੰਬਰ ਤੋਂ 15 ਨਵੰਬਰ 2025 ਤੱਕ ਲਾਗੂ ਰਹਿਣਗੇ।

ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਇਹ ਪਾਬੰਦੀ ਦੇ ਹੁਕਮ ਜਾਰੀ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਝੋਨੇ ਦੀ ਕਟਾਈ ਜਿਆਦਾਤਰ ਕੰਬਾਈਨ ਮਸ਼ੀਨ ਦੁਆਰਾ ਹੀ ਕੀਤੀ ਜਾਂਦੀ ਹੈ ਅਤੇ ਝੋਨੇ ਦੀ ਪਰਾਲੀ ਨੂੰ ਜ਼ਮੀਨ ਵਿੱਚ ਹੀ ਛੱਡ ਦਿੱਤਾ ਜਾਂਦਾ ਹੈ ਅਤੇ ਬਾਅਦ ਵਿੱਚ ਇਸ ਪਰਾਲੀ ਨੂੰ ਅੱਗ ਲਗਾ ਕੇ ਸਾੜਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਲਗਾਈ ਗਈ ਅੱਗ ਖੇਤਾਂ ਵਿੱਚ ਫ਼ਸਲਾਂ, ਘਰਾਂ, ਦਰੱਖਤਾਂ, ਪਸ਼ੂਆਂ, ਰਸਤੇ ਤੋਂ ਗੁਜ਼ਰਦੇ ਵਾਹਨਾਂ ਆਦਿ ਨੂੰ ਵੀ ਆਪਣੀ ਲਪੇਟ ਵਿੱਚ ਲੈ ਲੈਂਦੀ ਹੈ, ਜਿਸ ਨਾਲ ਕਾਫ਼ੀ ਜਾਨੀ ਤੇ ਮਾਲੀ ਨੁਕਸਾਨ ਹੁੰਦਾ ਹੈ ਅਤੇ ਕਈ ਹਾਦਸੇ ਵੀ ਵਾਪਰਦੇ ਹਨ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਉਣ ਨਾਲ ਧਰਤੀ ਵਿਚੋਂ ਕਈ ਕੀਮਤੀ ਤੱਤ ਨਸ਼ਟ ਹੋ ਜਾਂਦੇ ਹਨ ਜਿਸ ਨਾਲ ਧਰਤੀ ਦੀ ਉਪਜਾਊ ਸ਼ਕਤੀ ’ਤੇ ਮਾੜਾ ਅਸਰ ਪੈਂਦਾ ਹੈ। ਸਿੱਟੇ ਵਜੋਂ ਜਨ-ਜੀਵਨ ਅਤੇ ਵਾਤਾਵਰਨ ’ਤੇ ਬਹੁਤ ਅਸਰ ਪੈਂਦਾ ਹੈ। ਇਸ ਸਥਿਤੀ ਨੂੰ ਮੁੱਖ ਰੱਖਦੇ ਹੋਏ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਇਹ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ।

ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਮਨਾਹੀ ਦੇ ਇਹ ਇੱਕਤਰਫ਼ਾ ਹੁਕਮ ਜਾਰੀ ਕਰਦੇ ਹੋਏ ਆਮ ਲੋਕਾਂ ਨੂੰ ਇਸਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਇਸ ਹੁਕਮ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਪੁਲਿਸ ਵੱਲੋਂ ਧਾਰਾ 163 ਅਧੀਨ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Exit mobile version