ਗੁਰਦਾਸਪੁਰ, 28 ਅਕਤੂਬਰ 2025 (ਮਨਨ ਸੈਣੀ)। ਕਾਂਗਰਸ ਦੇ ਸਾਬਕਾ ਮੰਤਰੀ ਅਤੇ ਕਾਂਗਰਸੀ ਵਿਧਾਇਕ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਸ੍ਰੀ ਅਨੰਦਪੁਰ ਸਾਹਿਬ ਵਿੱਚ ਕਰਵਾਉਣ ਦੇ ਪ੍ਰਸਤਾਵ ਨੂੰ ਸਿੱਧੇ ਤੌਰ ‘ਤੇ ਚੁਣੌਤੀ ਦਿੱਤੀ ਹੈ। ਬਾਜਵਾ ਨੇ ਮੁੱਖ ਮੰਤਰੀ ਨੂੰ ਲਿਖੇ ਪੱਤਰ ਵਿੱਚ ਇਸ ਨੂੰ ਇਤਿਹਾਸਕ ਨਜ਼ੀਰ ਦੇ ਉਲਟ, ਲੌਜਿਸਟਿਕ ਰੂਪ ਵਿੱਚ ਅਸੰਭਵ ਅਤੇ ਸੰਸਥਾ ਦੀ ਮਰਿਆਦਾ ਨੂੰ ਠੇਸ ਪਹੁੰਚਾਉਣ ਵਾਲਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਸਰਕਾਰ ਦੇ ਭਾਵਨਾਤਮਕ ਉਦੇਸ਼ ਨੂੰ ਪੂਰੀ ਤਰ੍ਹਾਂ ਸਮਝਦੇ ਅਤੇ ਸਲਾਘਾ ਕਰਦੇ ਹਨ ਪਰ ਇਸ ਤੇ ਵਿਚਾਰ ਕਰਨ ਦੀ ਲੋੜ ਹੈ।
ਆਪਣੇ ਪੱਤਰ ਵਿੱਚ ਬਾਜਵਾ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦਾ ਇਤਿਹਾਸਕ ਤੌਰ ‘ਤੇ ਸੈਸ਼ਨ ਹਮੇਸ਼ਾ ਚੰਡੀਗੜ੍ਹ ਦੇ ਵਿਧਾਨ ਸਭਾ ਕੰਪਲੈਕਸ ਵਿੱਚ ਹੀ ਹੁੰਦਾ ਰਿਹਾ ਹੈ, ਜੋ ਇਸ ਸੰਸਥਾ ਦੀ ਮਰਿਆਦਾ, ਸੁਰੱਖਿਆ ਅਤੇ ਪ੍ਰੋਟੋਕੋਲ ਨੂੰ ਬਣਾਈ ਰੱਖਣ ਲਈ ਖਾਸ ਤੌਰ ‘ਤੇ ਡਿਜ਼ਾਈਨ ਕੀਤਾ ਗਿਆ ਹੈ। ਅਨੰਦਪੁਰ ਸਾਹਿਬ ਵਿੱਚ ਸੈਸ਼ਨ ਕਰਵਾਉਣ ਨਾਲ ਨਾ ਸਿਰਫ਼ ਇੱਕ ਗਲਤ ਨਜ਼ੀਰ ਸਥਾਪਿਤ ਹੋਵੇਗੀ, ਸਗੋਂ ਸੁਰੱਖਿਆ ਅਤੇ ਆਵਾਜਾਈ ਦੀਆਂ ਵੱਡੀਆਂ ਮੁਸ਼ਕਲਾਂ ਵੀ ਪੈਦਾ ਹੋਣਗੀਆਂ।
ਉਨ੍ਹਾਂ ਨੇ ਅੱਗੇ ਕਿਹਾ ਕਿ ਇਸ ਪਵਿੱਤਰ ਮੌਕੇ ‘ਤੇ ਦੁਨੀਆ ਭਰ ਤੋਂ ਲੱਖਾਂ ਸ਼ਰਧਾਲੂ ਅਨੰਦਪੁਰ ਸਾਹਿਬ ਪਹੁੰਚਣਗੇ, ਜਿਸ ਕਾਰਨ ਵਿਧਾਇਕਾਂ, ਅਧਿਕਾਰੀਆਂ ਅਤੇ ਮੀਡੀਆ ਲਈ ਵੈਨਿਊ ਤੱਕ ਪਹੁੰਚਣਾ ਮੁਸ਼ਕਲ ਹੋ ਜਾਵੇਗਾ। ਸਥਾਨਕ ਪ੍ਰਸ਼ਾਸਨ ਅਤੇ ਪੁਲਿਸ ਪਹਿਲਾਂ ਹੀ ਭੀੜ ਨੂੰ ਸੰਭਾਲਣ ਵਿੱਚ ਦਬਾਅ ਵਿੱਚ ਹੋਵੇਗੀ। ਇਸ ਤੋਂ ਇਲਾਵਾ, ਅਸਥਾਈ ਬੁਨਿਆਦੀ ਢਾਂਚਾ ਤਿਆਰ ਕਰਨਾ ਜਿਵੇਂ ਕਿ ਬੈਠਣ ਦੀਆਂ ਵਿਵਸਥਾਵਾਂ, ਮੀਡੀਆ ਗੈਲਰੀਆਂ ਅਤੇ ਸੁਰੱਖਿਆ ਪ੍ਰਬੰਧ – ਇਹ ਸਭ ਕਾਫ਼ੀ ਖਰਚੀਲਾ ਅਤੇ ਅਣਜਰੂਰੀ ਹੋਵੇਗਾ। ਇਸ ਦੀ ਬਜਾਏ ਇਨ੍ਹਾਂ ਫੰਡਾਂ ਨੂੰ ਸ਼ਰਧਾਲੂਆਂ ਲਈ ਸਹੂਲਤਾਂ ਵਧਾਉਣ ‘ਤੇ ਖਰਚ ਕੀਤਾ ਜਾ ਸਕਦਾ ਹੈ।
ਬਾਜਵਾ ਨੇ ਯਾਦ ਦਿਵਾਇਆ ਕਿ ਪਿਛਲੀ ਕਾਂਗਰਸ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ਼ ਸੈਸ਼ਨ ਚੰਡੀਗੜ੍ਹ ਦੇ ਵਿਧਾਨ ਸਭਾ ਹਾਲ ਵਿੱਚ ਹੀ ਕਰਵਾਇਆ ਸੀ, ਜਿੱਥੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਵੀ ਸ਼ਿਰਕਤ ਕੀਤੀ ਸੀ। ਉਨ੍ਹਾਂ ਨੇ ਸੁਝਾਅ ਦਿੱਤਾ ਕਿ ਇਸ ਵਾਰ ਵੀ ਚੰਡੀਗੜ੍ਹ ਵਿੱਚ ਹੀ ਸੈਸ਼ਨ ਕਰਵਾਇਆ ਜਾਵੇ ਤਾਂ ਜੋ ਮਰਿਆਦਾ ਬਣੀ ਰਹੇ ਅਤੇ ਸਰਕਾਰੀ ਮਸ਼ੀਨਰੀ ਅਨੰਦਪੁਰ ਸਾਹਿਬ ਵਿੱਚ ਸਮਾਗਮਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ‘ਤੇ ਧਿਆਨ ਕੇਂਦਰਿਤ ਕਰ ਸਕੇ।
ਇਸ ਪੱਤਰ ਨਾਲ ਸਿਆਸੀ ਗਲਿਆਰਿਆਂ ਵਿੱਚ ਚਰਚਾ ਛਿੜ ਗਈ ਹੈ। ਕਾਂਗਰਸ ਪਾਰਟੀ ਨੇ ਇਸ ਨੂੰ ਸਰਕਾਰ ਦੀ “ਸ਼ੋਅਬਾਜ਼ੀ” ਕਰਾਰ ਦਿੱਤਾ ਹੈ, ਜਦਕਿ ਸੱਤਾਧਾਰੀ ਪਾਰਟੀ ਨੇ ਅਜੇ ਤੱਕ ਕੋਈ ਜਵਾਬ ਨਹੀਂ ਦਿੱਤਾ।
