ਫਾਰਮੇਸੀ ਅਫ਼ਸਰ ਐਸੋਸੀਏਸ਼ਨ ਨੇ ਸਿਵਲ ਸਰਜਨ ਦਫ਼ਤਰ ਅੱਗੇ ਧਰਨਾ ਦੇ ਕੇ ਕੀਤੀ ਨਾਅਰੇਬਾਜ਼ੀ

ਗੁਰਦਾਸਪੁਰ, 3 ਦਿਸੰਬਰ 2025 (ਰਵੀ ਕੁਮਾਰ)। ਫਾਰਮੇਸੀ ਅਫ਼ਸਰ ਐਸੋਸੀਏਸ਼ਨ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ‘ਤੇ, ਫਾਰਮੇਸੀ ਅਫ਼ਸਰ ਐਸੋਸੀਏਸ਼ਨ ਜ਼ਿਲ੍ਹਾ ਗੁਰਦਾਸਪੁਰ ਵੱਲੋਂ ਜ਼ਿਲ੍ਹਾ ਪ੍ਰਧਾਨ ਗੁਰਜੀਤ ਸਿੰਘ ਭਿੰਡਰ ਦੀ ਅਗਵਾਈ ਹੇਠ ਪਿਛਲੇ 19 ਸਾਲਾਂ ਤੋਂ ਸਰਕਾਰ ਅਧੀਨ ਠੇਕੇ ‘ਤੇ ਕੰਮ ਕਰ ਰਹੇ ਫਾਰਮੇਸੀ ਅਫ਼ਸਰਾਂ ਨੇ ਸਿਵਲ ਸਰਜਨ ਦਫ਼ਤਰ ਦੇ ਸਾਹਮਣੇ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ। ਇਸ ਤੋਂ ਬਾਅਦ, ਸਿਵਲ ਸਰਜਨ ਰਾਹੀਂ ਆਪਣੀਆਂ ਮੰਗਾਂ ਸਬੰਧੀ ਇੱਕ ਮੰਗ ਪੱਤਰ ਪੰਜਾਬ ਸਰਕਾਰ ਨੂੰ ਭੇਜਿਆ ਗਿਆ।

ਜ਼ਿਲ੍ਹਾ ਪ੍ਰਧਾਨ ਗੁਰਜੀਤ ਸਿੰਘ ਭਿੰਡਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਪਿਛਲੇ 19 ਸਾਲਾਂ ਤੋਂ ਸਰਕਾਰ ਅਧੀਨ ਠੇਕੇ ‘ਤੇ ਕੰਮ ਕਰ ਰਹੇ ਹਨ। ਪੰਜਾਬ ਸਰਕਾਰ ਵੱਲੋਂ ਲਏ ਗਏ ਫੈਸਲੇ ਅਨੁਸਾਰ ਜੂਨ 2021 ਵਿੱਚ ਲਗਭਗ 600 ਫਾਰਮੇਸੀ ਅਫ਼ਸਰਾਂ ਨੂੰ ਪੇਂਡੂ ਪੰਚਾਇਤ ਅਤੇ ਵਿਕਾਸ ਵਿਭਾਗ ਤੋਂ ਸਿਹਤ ਵਿਭਾਗ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਸਰਕਾਰ ਵੱਲੋਂ ਕਰਮਚਾਰੀਆਂ ਦਾ ਡਿਊਟੀ ਦੇ ਨਾਂ ‘ਤੇ ਮਾਨਸਿਕ ਅਤੇ ਆਰਥਿਕ ਸ਼ੋਸ਼ਣ ਕੀਤਾ ਜਾ ਰਿਹਾ ਹੈ ਅਤੇ ਡਿਊਟੀ ਦੇ ਨਾਂ ‘ਤੇ ਬਿਨਾਂ ਟੀਏ (T.A.) ਅਤੇ ਡੀਏ (D.A.) ਦੇ 200/250 ਕਿਲੋਮੀਟਰ ਡਿਊਟੀ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ।

ਨੇਤਾਵਾਂ ਨੇ ਦੱਸਿਆ ਕਿ ਪਿਛਲੇ ਦਿਨੀਂ ਅਨੰਦਪੁਰ ਸ਼ਹੀਦੀ ਸਮਾਰੋਹ ਦੌਰਾਨ ਇੱਕ ਕਰਮਚਾਰੀ ਦੀ ਡਿਊਟੀ ਦੌਰਾਨ ਰੀੜ੍ਹ ਦੀ ਹੱਡੀ ‘ਤੇ ਗੰਭੀਰ ਸੱਟ ਲੱਗੀ ਹੈ। ਜਿਸ ਦੇ ਢੁਕਵੇਂ ਇਲਾਜ ਦੇ ਖਰਚੇ ਦਾ ਸਰਕਾਰ ਵੱਲੋਂ ਕੋਈ ਪ੍ਰਬੰਧ ਨਹੀਂ ਕੀਤਾ ਗਿਆ। ਜੇਕਰ ਇਲਾਜ ਦੌਰਾਨ ਲੰਬੀ ਛੁੱਟੀ ਦੀ ਲੋੜ ਪੈਂਦੀ ਹੈ ਤਾਂ ਕਰਮਚਾਰੀ ਨੂੰ ਬਿਨਾਂ ਤਨਖਾਹ ਛੁੱਟੀ ਲੈਣੀ ਪਵੇਗੀ, ਜੋ ਸਰਕਾਰ ਦੇ ‘ਮਾਡਲ ਇੰਪਲਾਈਰ’ ਹੋਣ ‘ਤੇ ਇੱਕ ਧੱਬਾ ਹੈ। ਸੰਗਠਨ ਸਰਕਾਰ ਦੇ ਇਸ ਰਵੱਈਏ ਦਾ ਸਖ਼ਤ ਵਿਰੋਧ ਕਰਦਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਜੇਲ੍ਹ ਡਿਊਟੀ, ਮੇਲਾ ਡਿਊਟੀ, ਧਾਰਮਿਕ ਸਮਾਰੋਹ ਡਿਊਟੀ, ਵੀਆਈਪੀ ਡਿਊਟੀ, ਐਮਰਜੈਂਸੀ ਡਿਊਟੀ ਦੇ ਨਾਂ ‘ਤੇ ਕਰਮਚਾਰੀਆਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ। ਜਿਸ ਕਾਰਨ ਮੁਲਾਜ਼ਮਾਂ ਵਿੱਚ ਗੁੱਸਾ ਅਤੇ ਨਿਰਾਸ਼ਾ ਪਾਈ ਜਾ ਰਹੀ ਹੈ।

ਡਿਊਟੀ ਦੌਰਾਨ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਅਤੇ ਜਾਇਜ਼ ਮੰਗਾਂ ਦੇ ਸਬੰਧ ਵਿੱਚ ਸਬੰਧਤ ਅਧਿਕਾਰੀਆਂ ਅਤੇ ਸਰਕਾਰ ਪੱਧਰ ‘ਤੇ ਆਵਾਜ਼ ਪਹੁੰਚਾਉਣ ਲਈ ਬਹੁਤ ਵਾਰ ਪਹੁੰਚ ਕੀਤੀ ਗਈ ਹੈ ਅਤੇ ਸਮਰੱਥ ਅਧਿਕਾਰੀਆਂ ਅਤੇ ਸਰਕਾਰ ਵੱਲੋਂ ਪੈਨਲ ਮੀਟਿੰਗ ਦੌਰਾਨ ਮੰਗਾਂ ਮੰਨਣ ਦਾ ਭਰੋਸਾ ਵੀ ਦਿਵਾਇਆ ਗਿਆ ਸੀ, ਪਰ ਅਜੇ ਤੱਕ ਸਰਕਾਰ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਜੇਕਰ ਸਰਕਾਰ ਨੇ ਇਸ ਮੰਗ ਪੱਤਰ ਰਾਹੀਂ ਉਨ੍ਹਾਂ ਦੀਆਂ ਮੰਗਾਂ ਦਾ ਨਿਵਾਰਨ ਜਲਦ ਤੋਂ ਜਲਦ ਨਾ ਕੀਤਾ ਤਾਂ ਮਜਬੂਰਨ ਵਿਭਾਗ ਦੇ ਮੁੱਖ ਦਫ਼ਤਰ ਸੈਕਟਰ 34 ਵਿੱਚ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਹਰ ਫਰੰਟ ‘ਤੇ ਸਰਕਾਰ ਦਾ ਵਿਰੋਧ ਕੀਤਾ ਜਾਵੇਗਾ।

ਇਸ ਮੌਕੇ ‘ਤੇ ਮਨਮੋਹਨ ਸਿੰਘ, ਰਛਪਾਲ ਸਿੰਘ, ਕੰਵਲਜੀਤ ਸਿੰਘ, ਮਨਿੰਦਰ ਸੋਨੂੰ, ਹਰਵਿੰਰਪਾਲ ਸਿੰਘ, ਸਤਿੰਦਰਪਾਲ ਕੌਰ, ਨਵਦੀਪ ਕੌਰ, ਸਤਿੰਦਰ ਸਿੰਘ, ਗਗਨਦੀਪ ਸਿੰਘ, ਰਾਮਨਾਥ, ਜਸਪਾਲ ਸਿੰਘ, ਰਾਜਨ, ਵਰਿੰਦਰ ਕੁਮਾਰ, ਸਤਪਾਲ ਸਿੰਘ, ਪਰਮਿੰਦਰ ਸਿੰਘ, ਸਤਿੰਦਰ ਸਿੰਘ ਆਦਿ ਹਾਜ਼ਰ ਸਨ।

Exit mobile version