ਤਿੰਨ ਦਿਨਾਂ ਵਿੱਚ ਦੂਜੀ ਘਟਨਾ, ਪੁਲਿਸ ਨੇ ਜਾਂਚ ਤੇਜ਼ ਕੀਤੀ
ਗੁਰਦਾਸਪੁਰ, 27 ਦਿਸੰਬਰ 2025 (ਮਨਨ ਸੈਣੀ)। ਗੁਰਦਾਸਪੁਰ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਲੈ ਕੇ ਵਧੀਆਂ ਚਿੰਤਾਵਾਂ ਦੇ ਵਿਚਕਾਰ ਇੱਕ ਇਮੀਗ੍ਰੇਸ਼ਨ ਸੈਂਟਰ ‘ਤੇ ਫਾਈਰਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਇੰਪਰੂਵਮੈਂਟ ਟਰੱਸਟ ਸਕੀਮ ਨੰਬਰ-7 ਖੇਤਰ ਵਿੱਚ, ਨਵੇਂ ਬੱਸ ਸਟੈਂਡ ਦੀ ਮਾਰਕੀਟ ਦੇ ਸਾਹਮਣੇ ਸਥਿਤ ਇਮੀਗ੍ਰੇਸ਼ਨ ਸੈਂਟਰ ਦੇ ਬੰਦ ਸ਼ਟਰ ‘ਤੇ ਅਣਪਛਾਤੇ ਵਿਅਕਤੀਆਂ ਵੱਲੋਂ ਰਾਤ ਦੇ ਹਨੇਰੇ ਵਿੱਚ ਗੋਲੀਆਂ ਚਲਾਈਆਂ ਗਈਆਂ। ਘਟਨਾ ਦੇ ਸਮੇਂ ਸੈਂਟਰ ਬੰਦ ਸੀ ਅਤੇ ਕਿਸੇ ਕਿਸਮ ਦਾ ਜਾਨੀ ਨੁਕਸਾਨ ਨਹੀਂ ਹੋਇਆ।
ਪ੍ਰਾਪਤ ਜਾਣਕਾਰੀ ਅਨੁਸਾਰ, ਇਹ ਘਟਨਾ ਦੇਰ ਰਾਤ ਦੀ ਦੱਸੀ ਜਾ ਰਹੀ ਹੈ, ਜਿਸ ਵਿੱਚ ਤਿੰਨ ਤੋਂ ਚਾਰ ਰਾਊਂਡ ਫਾਇਰ ਕੀਤੇ ਗਏ। ਸਵੇਰੇ ਸੈਂਟਰ ਖੁੱਲ੍ਹਣ ਤੋਂ ਪਹਿਲਾਂ ਜਦੋਂ ਸਟਾਫ ਮੌਕੇ ‘ਤੇ ਪਹੁੰਚਿਆ ਤਾਂ ਸ਼ਟਰ ‘ਤੇ ਗੋਲੀਆਂ ਦੇ ਨਿਸ਼ਾਨ ਦਿਖਾਈ ਦਿੱਤੇ, ਜਿਸ ਤੋਂ ਬਾਅਦ ਪੁਲਿਸ ਨੂੰ ਸੂਚਿਤ ਕੀਤਾ ਗਿਆ। ਗੋਲੀ ਸ਼ਟਰ ਨੂੰ ਚੀਰਦੀ ਹੋਈ ਅੰਦਰ ਸ਼ੀਸ਼ੇ ‘ਤੇ ਵੀ ਲੱਗੀ।
ਇਮੀਗ੍ਰੇਸ਼ਨ ਸੈਂਟਰ ਦੇ ਮਾਲਕ ਸੰਜੇ ਕੁਮਾਰ ਸ਼ਰਮਾ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਉਨ੍ਹਾਂ ਨੂੰ ਕਥਿਤ ਤੌਰ ‘ਤੇ ਫਿਰੌਤੀ (ਰੰਗਦਾਰੀ) ਦੀ ਮੰਗ ਨੂੰ ਲੈ ਕੇ ਫੋਨ ਕਾਲ ਆਈ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਨਿੱਜੀ ਰੰਜਿਸ਼ ਨਹੀਂ ਹੈ ਅਤੇ ਉਹ ਪਿਛਲੇ ਲਗਭਗ 17 ਸਾਲਾਂ ਤੋਂ ਇਸ ਖੇਤਰ ਵਿੱਚ ਕੰਮ ਕਰ ਰਹੇ ਹਨ। ਸਾਵਧਾਨੀ ਵਜੋਂ ਉਨ੍ਹਾਂ ਨੇ ਸੈਂਟਰ ਆਉਣਾ ਘੱਟ ਕਰ ਦਿੱਤਾ ਸੀ।
ਘਟਨਾ ਦੀ ਸੂਚਨਾ ਮਿਲਦੇ ਹੀ ਸੀਆਈਏ ਇੰਚਾਰਜ ਗੁਰਮੀਤ ਸਿੰਘ ਪੁਲਿਸ ਟੀਮ ਨਾਲ ਮੌਕੇ ‘ਤੇ ਪਹੁੰਚੇ। ਇਸ ਸਬੰਧੀ ਐਸ.ਐਚ.ਓ. ਥਾਣਾ ਸਿਟੀ ਦਵਿੰਦਰ ਪ੍ਰਕਾਸ਼ ਨੇ ਦੱਸਿਆ ਕਿ ਪੁਲਿਸ ਨੇ ਸਬੂਤ ਇਕੱਠੇ ਕਰ ਲਏ ਹਨ ਅਤੇ ਕੋਲ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਤਿੰਨ ਦਿਨਾਂ ਦੇ ਅੰਦਰ ਸ਼ਹਿਰ ਵਿੱਚ ਸਾਹਮਣੇ ਆਈ ਇਹ ਦੂਜੀ ਫਾਈਰਿੰਗ ਦੀ ਘਟਨਾ ਹੈ। ਹਾਲਾਂਕਿ ਪੁਲਿਸ ਦਾ ਕਹਿਣਾ ਹੈ ਕਿ ਸਥਿਤੀ ‘ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਗਸ਼ਤ ਵਧਾਈ ਗਈ ਹੈ।
