ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨਸ਼ਿਆਂ ਵਿਰੁੱਧ ਦੇਸ਼ ਦੀ ਫੈਸਲਾਕੁੰਨ ਜੰਗ ਦੀ ਅਗਵਾਈ ਕਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਆਪ ਸਰਕਾਰ ਦੌਰਾਨ 28,000 ਨਸ਼ਾ ਤਸਕਰਾਂ ਵਿਰੁੱਧ ਕੇਸ ਦਰਜ, ਸਜ਼ਾ ਦਰ 88 ਫ਼ੀਸਦ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਨਹਿਰੀ ਪਾਣੀ ਤੋਂ ਲੈ ਕੇ ਮੁਫ਼ਤ ਬਿਜਲੀ ਅਤੇ ਨੌਕਰੀਆਂ ਤੱਕ, ਆਪ ਸਰਕਾਰ ਵੱਲੋਂ ਪੰਜਾਬ ਵਿੱਚ ਲੋਕ-ਪੱਖੀ ਸ਼ਾਸਨ ਬਣਾਇਆ ਜਾ ਰਿਹੈ ਯਕੀਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸਕੂਲ ਆਫ ਐਮੀਨੈਂਸ, ਆਮ ਆਦਮੀ ਕਲੀਨਿਕ ਅਤੇ ਸੜਕ ਸੁਰੱਖਿਆ ਫੋਰਸ ਪੰਜਾਬ ਦੀ ਬਦਲ ਰਹੇ ਹਨ ਨੁਹਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਬਠਿੰਡਾ, 10 ਜਨਵਰੀ 2026 (ਦੀ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਠਿੰਡਾ ਵਿੱਚ ਇੱਕ ਲੋਕ ਮਿਲਣੀ ‘ਚ ਸ਼ਿਰਕਤ ਕਰਦਿਆਂ ਪਾਰਟੀ ਆਗੂਆਂ, ਵਰਕਰਾਂ ਅਤੇ ਕਾਡਰਾਂ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਦੇ ਦੂਜੇ ਪੜਾਅ ਨੂੰ ਇੱਕ ਲੋਕ ਲਹਿਰ ਵਿੱਚ ਬਦਲਣ ਲਈ ਆਪਣੇ ਯਤਨ ਤੇਜ਼ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਨਸ਼ਿਆਂ ਵਿਰੁੱਧ ਦੇਸ਼ ਦੀ ਫੈਸਲਾਕੁੰਨ ਜੰਗ ਦੀ ਅਗਵਾਈ ਕਰ ਰਿਹਾ ਹੈ।
ਲੋਕ ਮਿਲਣੀ ਦੌਰਾਨ ਪਾਰਟੀ ਆਗੂਆਂ, ਵਰਕਰਾਂ ਅਤੇ ਹੋਰ ਕਾਡਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬਾ ਸਰਕਾਰ ਨੇ ਪੰਜਾਬ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦੇ ਸਪੱਸ਼ਟ ਉਦੇਸ਼ ਨਾਲ ਯੁੱਧ ਨਸ਼ਿਆਂ ਵਿਰੁੱਧ ਦਾ ਦੂਜਾ ਪੜਾਅ ਸ਼ੁਰੂ ਕੀਤਾ ਹੈ। ਪਿਛਲੀਆਂ ਸਰਕਾਰਾਂ ਦੇ ਵੱਡੇ-ਵੱਡੇ ਆਗੂਆਂ ਨੇ ਨਸ਼ਿਆਂ ਦੇ ਕਾਰੋਬਾਰ ਨੂੰ ਸ਼ਹਿ ਦਿੱਤੀ ਸੀ, ਪਰ ‘ਆਪ’ ਸਰਕਾਰ ਵੱਲੋਂ ਪਿਛਲੇ ਇੱਕ ਸਾਲ ਵਿੱਚ 28,000 ਨਸ਼ਾ ਤਸਕਰਾਂ ਵਿਰੁੱਧ ਕੇਸ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ ਦੋਸ਼ੀ ਠਹਿਰਾਉਣ ਦੀ ਦਰ 88 ਫ਼ੀਸਦ ਹੈ।” ਉਨ੍ਹਾਂ ਕਿਹਾ ਕਿ ਇਸ ਫੈਸਲਾਕੁੰਨ ਕਾਰਵਾਈ ਨੇ ਲੋਕਾਂ ਦਾ ਵਿਸ਼ਵਾਸ ਜਿੱਤ ਕੇ ਨਸ਼ਿਆਂ ਵਿਰੁੱਧ ਜੰਗ ਨੂੰ ਨਵੀਂ ਦਿਸ਼ਾ ਪ੍ਰਦਾਨ ਕੀਤੀ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਲੋਕਾਂ ਦਾ ਉਤਸ਼ਾਹ ਇਸ ਗੱਲ ਦਾ ਸਬੂਤ ਹੈ ਕਿ ਅਸੀਂ ਨਸ਼ਿਆਂ ਵਿਰੁੱਧ ਜੰਗ ਜਿੱਤਣ ਦੇ ਬਹੁਤ ਕਰੀਬ ਆ ਗਏ ਹਾਂ। ਸਿਰਫ਼ ਇੱਕ ਲੋਕ ਲਹਿਰ ਹੀ ਇਸ ਜੰਗ ਨੂੰ ਜਿੱਤ ਸਕਦੀ ਹੈ, ਸਿਰਫ਼ ਪੁਲਿਸ ਜਾਂ ਸਰਕਾਰੀ ਕਾਰਵਾਈ ਨਹੀਂ। ਪਿਛਲੀਆਂ ਸਰਕਾਰਾਂ ਨੇ ਨਸ਼ਿਆਂ ਦੇ ਵਪਾਰ ਨੂੰ ਸ਼ਹਿ ਦਿੱਤੀ ਸੀ, ਪਰ ਅਸੀਂ ਇਸ ‘ਤੇ ਸਖ਼ਤੀ ਕੀਤੀ ਹੈ।” ਉਨ੍ਹਾਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਉਦੇਸ਼ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਤੋਂ ਬਚਾਉਣਾ ਹੈ ਅਤੇ ਇਸ ਦੇ ਨਤੀਜੇ ਜਲਦ ਹੀ ਸਾਹਮਣੇ ਆਉਣਗੇ।
ਉਨ੍ਹਾਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਨਸ਼ਿਆਂ ਵਿਰੁੱਧ ਨਿਰਸਵਾਰਥ ਢੰਗ ਨਾਲ ਵੱਡੇ ਪੱਧਰ ‘ਤੇ ਕਾਰਵਾਈ ਲਈ ਠੋਸ ਯਤਨ ਕੀਤੇ ਜਾਣ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਨਸ਼ਿਆਂ ਵਿਰੁੱਧ ਜੰਗ ਦਾ ਇੱਕ ਰੂਪ ਹੈ ਅਤੇ ਇਸ ਰਾਹੀਂ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ, ਕਿਸਾਨਾਂ, ਪਾਣੀ ਅਤੇ ਵਾਤਾਵਰਣ ਨੂੰ ਬਚਾਉਣ ਲਈ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਇੱਕ ਵਿਆਪਕ ਅਤੇ ਬਹੁ-ਪੱਖੀ ਰਣਨੀਤੀ ਅਪਣਾਈ ਗਈ ਹੈ।
ਨਸ਼ਿਆਂ ਵਿਰੁੱਧ ਹੁਣ ਤੱਕ ਕੀਤੀ ਗਈ ਕਾਰਵਾਈ ਦਾ ਵੇਰਵਾ ਦਿੰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ” ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿੱਤੀ ਗਈ ਹੈ, ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਵੱਡੇ ਤਸਕਰਾਂ ਨੂੰ ਜੇਲ੍ਹ ਵਿੱਚ ਸੁੱਟ ਦਿੱਤਾ ਗਿਆ ਹੈ, ਨਸ਼ਾ ਪੀੜਤਾਂ ਲਈ ਇਲਾਜ ਅਤੇ ਮੁੜ ਵਸੇਬਾ ਯਕੀਨੀ ਬਣਾਇਆ ਗਿਆ ਹੈ ਅਤੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ‘ਤੇ ਬੁਲਡੋਜ਼ਰ ਚਲਾਏ ਗਏ ਹਨ।”
ਉਨ੍ਹਾਂ ਕਿਹਾ ਕਿ ਇਹ ਮੁਹਿੰਮ ਆਉਣ ਵਾਲੇ ਸਮੇਂ ਵਿੱਚ ਵੀ ਜਾਰੀ ਰਹੇਗੀ ਅਤੇ ਉਹ ਉਦੋਂ ਤੱਕ ਆਰਾਮ ਨਾਲ ਨਹੀਂ ਬੈਠਣਗੇ ਜਦੋਂ ਤੱਕ ਪੰਜਾਬ ਨਸ਼ਿਆਂ ਦੇ ਕੋਹੜ ਤੋਂ ਪੂਰੀ ਤਰ੍ਹਾਂ ਮੁਕਤ ਨਹੀਂ ਹੋ ਜਾਂਦਾ। ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਤੋਂ ਸਰਗਰਮੀ ਨਾਲ ਸਹਿਯੋਗ ਪ੍ਰਾਪਤ ਕਰਨ ਤਾਂ ਜੋ ਨਸ਼ਿਆਂ ਵਿਰੁੱਧ ਇਸ ਫੈਸਲਾਕੁੰਨ ਜੰਗ ਦੇ ਨਤੀਜੇ ਪਹਿਲੇ ਪੜਾਅ ਦੇ ਨਤੀਜਿਆਂ ਨਾਲੋਂ ਵੀ ਬਿਹਤਰ ਹੋਣ।
ਸ਼ਾਸਨ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ‘ਆਪ’ ਸਰਕਾਰ ਨੇ ਕਈ ਲੋਕ-ਪੱਖੀ ਫ਼ੈਸਲੇ ਲਏ ਹਨ। ਪਹਿਲੀ ਵਾਰ ਨਹਿਰੀ ਪਾਣੀ ਸੂਬੇ ਦੇ ਦੂਰ-ਦੁਰਾਡੇ ਦੇ ਪਿੰਡਾਂ ਤੱਕ ਪਹੁੰਚਿਆ ਹੈ, ਜਿਸ ਨਾਲ ਲੰਬੇ ਸਮੇਂ ਤੋਂ ਲਟਕ ਰਹੇ ਸਿੰਚਾਈ ਮੁੱਦਿਆਂ ਦਾ ਹੱਲ ਹੋਇਆ ਹੈ। ਉਨ੍ਹਾਂ ਕਿਹਾ ਕਿ ਕਈ ਬੰਦ ਪਈਆਂ ਨਹਿਰਾਂ ਅਤੇ ਰਜਬਾਹਿਆਂ ਨੂੰ ਮੁੜ ਖੋਲ੍ਹੀਆਂ ਗਿਆ ਹੈ ਅਤੇ 37 ਸਾਲਾਂ ਬਾਅਦ ਕੁਝ ਖੇਤਰਾਂ ਵਿੱਚ ਪਾਣੀ ਮੁੜ ਤੋਂ ਵਗਣ ਲੱਗਾ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਕਿਸਾਨਾਂ ਨੂੰ ਹੁਣ ਦਿਨ ਵੇਲੇ ਵੀ ਬਿਜਲੀ ਮਿਲ ਰਹੀ ਹੈ ਅਤੇ 90 ਫ਼ੀਸਦ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, ਜਿਸ ਨਾਲ ਸੂਬਾ ਵਾਸੀਆਂ ‘ਤੇ ਵਿੱਤੀ ਦਬਾਅ ਘੱਟ ਰਿਹਾ ਹੈ। 61,000 ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਕਿਸੇ ਸਿਫਾਰਸ਼ ਜਾਂ ਭ੍ਰਿਸ਼ਟਾਚਾਰ ਦੇ ਪਾਰਦਰਸ਼ੀ ਢੰਗ ਨਾਲ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ 17 ਟੋਲ ਪਲਾਜ਼ਾ ਬੰਦ ਕੀਤੇ ਹਨ, ਜਿਸ ਨਾਲ ਸੂਬਾ ਵਾਸੀਆਂ ਦੀ ਰੋਜ਼ਾਨਾ ਲਗਭਗ 64 ਲੱਖ ਰੁਪਏ ਦੀ ਬਚਤ ਹੋ ਰਹੀ ਹੈ।
ਸਿਹਤ ਸੇਵਾਵਾਂ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਸਿਹਤ ਸੰਭਾਲ ਪ੍ਰਦਾਨ ਕਰਨ ਲਈ ਰਾਜ ਭਰ ਵਿੱਚ 881 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ, ਜਿਨ੍ਹਾਂ ਵਿੱਚ ਮੁਫ਼ਤ ਇਲਾਜ ਅਤੇ ਦਵਾਈਆਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਸਿਹਤ ਯੋਜਨਾ ਜਲਦ ਹੀ ਸ਼ੁਰੂ ਕੀਤੀ ਜਾਵੇਗੀ, ਜਿਸ ਨਾਲ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਇਲਾਜ ਸੰਭਵ ਹੋ ਸਕੇਗਾ। ਉਨ੍ਹਾਂ ਅੱਗੇ ਕਿਹਾ ਕਿ ਸਿੱਖਿਆ ਖੇਤਰ ਵਿੱਚ ਚੁੱਕੇ ਗਏ ਮਿਸਾਲੀ ਕਦਮਾਂ ਨੂੰ ਕੌਮੀ ਪੱਧਰ ‘ਤੇ ਸ਼ਲਾਘਾ ਮਿਲੀ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੁੱਲ 118 ਸਕੂਲ ਆਫ਼ ਐਮੀਨੈਂਸ ਸਥਾਪਿਤ ਕੀਤੇ ਜਾ ਰਹੇ ਹਨ, ਜਿਨ੍ਹਾਂ ਨੂੰ ਗਰੀਬ ਬੱਚਿਆਂ ਦੇ ਸੁਨਹਿਰੀ ਭਵਿੱਖ ਨੂੰ ਸੁਰੱਖਿਅਤ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਵਜੋਂ ਦੇਖਿਆ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਲੜਕੀਆਂ ਲਈ ਮੁਫ਼ਤ ਬੱਸ ਸੇਵਾ ਹਰੇਕ ਲੜਕੀ ਤੱਕ ਸਿੱਖਿਆ ਦੀ ਪਹੁੰਚ ਨੂੰ ਯਕੀਨੀ ਬਣਾਉਂਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਹਥਿਆਰਬੰਦ ਸੈਨਾਵਾਂ ਅਤੇ ਨੀਟ, ਜੇ.ਈ.ਈ. ਸੀ.ਐਲ.ਏ.ਟੀ. ਅਤੇ ਐਨ.ਆਈ.ਐਫ.ਟੀ. ਵਰਗੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਦਾਖ਼ਲੇ ਲਈ ਵਿਸ਼ੇਸ਼ ਕੋਚਿੰਗ ਦਿੱਤੀ ਜਾ ਰਹੀ ਹੈ।
ਵਿਦਿਆਰਥੀਆਂ ਦੇ ਬੇਮਿਸਾਲ ਨਤੀਜਿਆਂ ‘ਤੇ ਮਾਣ ਪ੍ਰਗਟਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਕੂਲ ਆਫ਼ ਐਮੀਨੈਂਸ ਅਤੇ ਹੋਰ ਸਰਕਾਰੀ ਸਕੂਲਾਂ ਦੇ 265 ਵਿਦਿਆਰਥੀਆਂ ਨੇ ਜੇ.ਈ.ਈ. ਮੇਨਜ਼, 44 ਨੇ ਜੇ.ਈ.ਈ. ਐਡਵਾਂਸਡ ਅਤੇ 848 ਨੇ ਨੀਟ ਦੀ ਯੋਗਤਾ ਪ੍ਰੀਖਿਆ ਨੂੰ ਸਫ਼ਲਤਾਪੂਰਵਕ ਪਾਸ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਦੇ ਅਧਿਆਪਨ ਹੁਨਰ ਨੂੰ ਅਪਗ੍ਰੇਡ ਕਰਨ ਲਈ ਉਨ੍ਹਾਂ ਨੂੰ ਸਿਖਲਾਈ ਲਈ ਵਿਸ਼ਵ-ਪ੍ਰਸਿੱਧ ਸੰਸਥਾਵਾਂ ਵਿੱਚ ਭੇਜਿਆ ਗਿਆ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੁਆਰਾ ਗਠਿਤ ਸੜਕ ਸੁਰੱਖਿਆ ਫੋਰਸ ਨੂੰ ਦੇਸ਼ ਭਰ ਵਿੱਚ ਹੀ ਨਹੀਂ, ਸਗੋਂ ਕਿ ਦੇਸ਼ ਦੀ ਸੰਸਦ ਵਿੱਚ ਵੀ ਵਿਆਪਕ ਤੌਰ ‘ਤੇ ਪ੍ਰਸ਼ੰਸਾ ਕੀਤੀ ਗਈ ਹੈ।
