ਮੈਂ 15 ਜਨਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਵਾਂਗਾ; ਮੈਂ ਆਪਣੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮੇਰਾ 15 ਜਨਵਰੀ ਨੂੰ ਕੋਈ ਹੋਰ ਪ੍ਰੋਗਰਾਮ ਨਹੀਂ ਹੈ; ਪੂਰਾ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਸਰਵਉੱਚ ਹਨ ਅਤੇ ਇਨ੍ਹਾਂ ਦੀ ਪੂਰੀ ਸ਼ਿੱਦਤ ਨਾਲ ਪਾਲਣਾ ਕੀਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 13 ਜਨਵਰੀ 2026 ( ਦੀ ਪੰਜਾਬ ਵਾਇਰ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਅਤੇ ਉਨ੍ਹਾਂ ਦੇ ਦਫ਼ਤਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਦੇ ਸਮੇਂ ਵਿੱਚ ਤਬਦੀਲੀ ਸਬੰਧੀ ਕੋਈ ਵੀ ਮੰਗ ਨਹੀਂ ਕੀਤੀ ਗਈ ਹੈ ਅਤੇ 15 ਜਨਵਰੀ ਨੂੰ ਉਨ੍ਹਾਂ ਦਾ ਕੋਈ ਹੋਰ ਪ੍ਰੋਗਰਾਮ ਨਹੀਂ ਹੈ।
ਇੱਥੇ ਅੱਜ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਹ ਇੱਕ ਨਿਮਾਣੇ ਸ਼ਰਧਾਲੂ ਸਿੱਖ ਵਜੋਂ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ ਅਤੇ ਸਮੇਂ ਵਿੱਚ ਕੋਈ ਤਬਦੀਲੀ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦਾ 15 ਜਨਵਰੀ ਨੂੰ ਕੋਈ ਹੋਰ ਪ੍ਰੋਗਰਾਮ ਨਹੀਂ ਹੈ ਅਤੇ ਉਨ੍ਹਾਂ ਨੇ ਭਾਰਤ ਦੇ ਰਾਸ਼ਟਰਪਤੀ ਦਫ਼ਤਰ ਨੂੰ ਵੀ ਉਨ੍ਹਾਂ ਦੇ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਅਸਮਰੱਥਾ ਬਾਰੇ ਸੂਚਿਤ ਕਰ ਦਿੱਤਾ ਹੈ। ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਕਿ 15 ਜਨਵਰੀ ਦਾ ਦਿਨ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਪੂਰੀ ਤਰ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸਮੇਂ ਵਿੱਚ ਕਿਸੇ ਵੀ ਤਬਦੀਲੀ ਬਾਰੇ ਉਨ੍ਹਾਂ ਜਾਂ ਉਨ੍ਹਾਂ ਦੇ ਦਫ਼ਤਰ ਵੱਲੋਂ ਕੋਈ ਅਧਿਕਾਰਤ ਪੱਤਰ ਜਾਂ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਉਨ੍ਹਾਂ ਨਿਮਰਤਾ ਨਾਲ ਕਿਹਾ ਕਿ ਉਹ ਬਿਨਾਂ ਕਿਸੇ ਬਦਲਾਅ ਦੇ 15 ਜਨਵਰੀ ਨੂੰ ਤਖ਼ਤ ਸਾਹਿਬ ਅੱਗੇ ਪੇਸ਼ ਹੋਣ ਲਈ ਪੂਰੀ ਨਿਮਰਤਾ ਨਾਲ ਤਿਆਰ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਹਰ ਸਿੱਖ ਲਈ ਬੇਹੱਦ ਪਵਿੱਤਰ ਹੈ ਅਤੇ ਇਸ ਨੂੰ ਸਿੱਖ ਧਰਮ ਦਾ ਸਭ ਤੋਂ ਉੱਚਾ ਸਥਾਨ ਮੰਨਿਆ ਜਾਂਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦਾ ਹਰ ਹੁਕਮ ਸਿਰ ਮੱਥੇ ਹੈ ਅਤੇ ਉਸ ਦਾ ਪਾਲਣ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਸਭ ਕੁਝ ਤੋਂ ਉੱਪਰ ਹਨ ਅਤੇ ਇਸ ਤੋਂ ਪ੍ਰਾਪਤ ਹੁਕਮ ਨੂੰ ਪੂਰੀ ਸ਼ਰਧਾ ਨਾਲ ਮੰਨਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਵਿੱਤਰ ਤਖ਼ਤ ਤੋਂ ਪ੍ਰਾਪਤ ਹੁਕਮ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਲਈ ਹਮੇਸ਼ਾ ਸਰਵਉੱਚ ਹੈ, ਸੀ ਅਤੇ ਰਹੇਗਾ।
