ਚੰਡੀਗੜ੍ਹ 22 ਜਨਵਰੀ 2026 (ਦੀ ਪੰਜਾਬ ਵਾਇਰ)— ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ‘ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਪਹਿਲ ਸੂਬੇ ਦੇ ਸਿਹਤ ਖੇਤਰ ਵਿੱਚ ਇੱਕ ਇਤਿਹਾਸਕ ਮੀਲ ਪੱਥਰ ਸਾਬਤ ਹੋਵੇਗੀ।
ਉਨ੍ਹਾਂ ਕਿਹਾ ਕਿ ਕਿਸੇ ਵੀ ਗਰੀਬ ਜਾਂ ਮੱਧ ਵਰਗੀ ਪਰਿਵਾਰ ਨੂੰ ਇਲਾਜ ਲੈਣ ਲਈ ਹੁਣ ਵਿੱਤੀ ਤੰਗੀਆਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਇਸ ਯੋਜਨਾ ਤਹਿਤ ਹਰ ਪੰਜਾਬੀ ਨੂੰ ਸਾਲਾਨਾ 10 ਲੱਖ ਰੁਪਏ ਤੱਕ ਮੁਫ਼ਤ ਸਿਹਤ ਬੀਮੇ ਦਾ ਲਾਭ ਮਿਲੇਗਾ। ਉਨ੍ਹਾਂ ਅੱਗੇ ਦੱਸਿਆ ਕਿ ਮਰੀਜ਼ ਨੂੰ ਹਸਪਤਾਲ ਵਿੱਚ ਇੱਕ ਵੀ ਰੁਪਿਆ ਜਮ੍ਹਾ ਕਰਵਾਉਣ ਦੀ ਲੋੜ ਨਹੀਂ ਹੋਵੇਗੀ ਅਤੇ ਉਨ੍ਹਾਂ ਦੇ ਸਾਰੇ ਖਰਚਿਆਂ ਦਾ ਭੁਗਤਾਨ ਸਿੱਧਾ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ।
ਉਨ੍ਹਾਂ ਅੱਗੇ ਦੱਸਿਆ ਕਿ ਇਹ ਸਹੂਲਤ ਸਿਰਫ਼ ਸਰਕਾਰੀ ਹਸਪਤਾਲਾਂ ਤੱਕ ਸੀਮਤ ਨਹੀਂ ਹੈ, ਸਗੋਂ ਇਸ ਵਿੱਚ ਨਿੱਜੀ (ਸੂਚੀਬੱਧ) ਹਸਪਤਾਲਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਇਹ ਯੋਜਨਾ ਪੰਜਾਬ ਦੇ ਹਰੇਕ ਵਾਸੀ ਲਈ ਹੈ। ਇਸ ਯੋਜਨਾ ਤਹਿਤ ਜਾਤ, ਧਰਮ ਜਾਂ ਕੋਈ ਸਿਆਸੀ ਭੇਦਭਾਵ ਨਹੀਂ ਹੋਵੇਗਾ।
ਸਪੀਕਰ ਨੇ ਸੂਬਾ ਵਾਸੀਆਂ ਨੂੰ ਨਿਯਮਤ ਕਸਰਤ ਅਤੇ ਯੋਗਾ ਕਰਨ ਦੀ ਸਲਾਹ ਵੀ ਦਿੱਤੀ ਤਾਂ ਜੋ ਉਨ੍ਹਾਂ ਦਾ ਜੀਵਨ ਚੰਗੀ ਸਿਹਤ ਅਤੇ ਖੁਸ਼ੀਆਂ ਨਾਲ ਭਰਪੂਰ ਹੋਵੇ।
