ਡਿਪਟੀ ਕਮਿਸ਼ਨਰ ਅਦਿੱਤਿਆ ਉਪਲ ਨੇ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਮੌਕੇ ਲਹਿਰਾਇਆ ਕੌਮੀ ਝੰਡਾ


ਮਹਾਨ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਦੀ ਬਦੌਲਤ ਅਸੀਂ ਆਜ਼ਾਦ ਫਿਜ਼ਾ ਵਿੱਚ ਵਿਚਰ ਰਹੇ ਹਾਂ- ਡਿਪਟੀ ਕਮਿਸ਼ਨਰ ਆਦਿਤਿਆ ਉੱਪਲ

ਗਣਤੰਤਰ ਦਿਵਸ ਸਮਾਗਮ ਦੌਰਾਨ ਪੁਲਿਸ ਜਵਾਨਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ

ਸਕੂਲੀ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ

ਵੀਰ ਨਾਰੀਆਂ, ਆਜ਼ਾਦੀ ਘੁਲਾਟੀਆ ਤੇ ਪਰਿਵਾਰਕ਼ ਮੈਂਬਰਾਂ ਨੂੰ ਕੀਤਾ ਸਨਮਾਨਿਤ

ਲੋੜਵੰਦਾਂ ਵਿਅਕਤੀਆਂ ਨੂੰ ਟਰਾਈ ਸਾਈਕਲ ਅਤੇ ਔਰਤਾਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ

ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਸ਼ਖ਼ਸੀਅਤਾਂ ਦਾ ਕੀਤਾ ਗਿਆ ਵਿਸ਼ੇਸ਼ ਸਨਮਾਨ

27 ਜਨਵਰੀ ਨੂੰ ਵਿੱਦਿਅਕ ਸੰਸਥਾਵਾਂ ਵਿੱਚ ਛੁੱਟੀ ਦਾ ਐਲਾਨ



ਗੁਰਦਾਸਪੁਰ, 27 ਜਨਵਰੀ 2026 (ਮੰਨਨ ਸੈਣੀ)– ਜ਼ਿਲਾ ਪੱਧਰੀ 77ਵਾਂ ਗਣਤੰਤਰ ਦਿਹਾੜਾ ਅੱਜ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਟੇਡੀਅਮ, ਸਰਕਾਰੀ ਕਾਲਜ, ਗੁਰਦਾਸਪੁਰ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ।



ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਗੁਰਦਾਸਪੁਰ ਅਦਿੱਤਿਆ ਉੱਪਲ ਵੱਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।  ਇਸ ਮੌਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਧਰਮ ਪਤਨੀ ਡਾ.ਆਦਿਤੀ ਉੱਪਲ,ਐੱਸ.ਐੱਸ.ਪੀ. ਗੁਰਦਾਸਪੁਰ ਆਦਿੱਤਿਆ ਅਤੇ ਉਹਨਾਂ ਦੀ ਧਰਮ ਪਤਨੀ ਡਾ.ਮਹਿਮਾ ਸਿੰਘ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਦੇਸ਼-ਵਿਦੇਸ਼ ਵਿਚ ਵੱਸਦੇ ਸਾਰੇ ਪੰਜਾਬੀਆਂ ਖਾਸ ਕਰ ਜਿਲ੍ਹਾਂ ਵਾਸੀਆਂ ਨੂੰ ਗਣਤੰਤਰ ਦਿਹਾੜੇ ਦੀ ਮੁਬਾਰਕਬਾਦ ਦਿੱਤੀ।



ਉਨ੍ਹਾਂ ਕਿਹਾ ਕਿ ਮਹਾਨ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਦੀ ਬਦੌਲਤ ਅੱਜ ਅਸੀਂ ਗਣਤੰਤਰ ਦਿਵਸ ਮਨਾ ਰਹੇ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਦੇਸ ਦੇ ਆਜ਼ਾਦੀ ਸੰਗਰਾਮ ਦੌਰਾਨ ਸਭ ਤੋਂ ਜ਼ਿਆਦਾ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ। ਪੰਜਾਬ ਦੀ ਧਰਤੀ ਤੋਂ ਆਜ਼ਾਦੀ ਲਈ ਚੱਲੀਆਂ ਗਦਰ ਲਹਿਰ, ਬੱਬਰ ਅਕਾਲੀ ਲਹਿਰ, ਕੂਕਾ ਲਹਿਰ, ਗੁਰਦੁਆਰਾ ਸੁਧਾਰ ਲਹਿਰ, ਕਾਮਾਗਾਟਾਮਾਰੂ, ਪਗੜੀ ਸੰਭਾਲ ਜੱਟਾ ਆਦਿ ਸੰਘਰਸ਼਼ੀ ਲਹਿਰਾਂ ਨੇ ਭਾਰਤ ਦੇ ਆਜ਼ਾਦੀ ਸੰਘਰਸ ਨੂੰ ਨਵੀਂ ਦਿਸ਼ਾ ਅਤੇ ਦਸ਼ਾ ਦਿੱਤੀ।
ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਕਰਤਾਰ ਸਿੰਘ ਸਰਾਭਾ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਆਦਿ ਹੋਰ ਅਨੇਕਾਂ ਹੀ ਆਜ਼ਾਦੀ ਦੇ ਪਰਵਾਨਿਆਂ ਦੀਆਂ ਕੁਰਬਾਨੀਆਂ ਸਦਕਾ ਹੀ ਅਸੀਂ ਅੱਜ ਆਜ਼ਾਦ ਫ਼ਿਜ਼ਾ ਵਿੱਚ ਜ਼ਿੰਦਗੀ ਬਤੀਤ ਕਰ ਰਹੇ ਹਾਂ। ਇਸ ਮੌਕੇ ਉਨ੍ਹਾਂ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਮੇਤ ਜ਼ਿਲ੍ਹੇ ਦੇ ਸ਼ਹੀਦਾਂ ਅਤੇ ਸੁਤੰਤਰਤਾ ਸੈਲਾਨੀਆਂ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ।



ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਇਸ ਪਵਿੱਤਰ ਦਿਹਾੜੇ ਮੌਕੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦੇ ਵਡਮੁੱਲੇ ਯੋਗਦਾਨ ਨੂੰ ਵੀ ਸਿੱਜਦਾ ਕਰਦੇ ਹਨ, ਜਿਨ੍ਹਾਂ ਦੇ ਯੋਗਦਾਨ ਸਦਕਾ 26 ਜਨਵਰੀ, 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋਣ ਨਾਲ ਭਾਰਤੀ ਗਣਰਾਜ ਦੀ ਸਥਾਪਨਾ ਹੋਈ ਅਤੇ ਸਾਨੂੰ ਦੁਨੀਆ ਵਿੱਚ ਸਭ ਤੋਂ ਵੱਡੀ ਜਮਹੂਰੀਅਤ ਹੋਣ ਦਾ ਮਾਣ ਹਾਸਲ ਹੋਇਆ। ਉਨ੍ਹਾਂ ਕਿਹਾ ਕਿ ਇਹ ਦਿਹਾੜਾ ਆਜ਼ਾਦੀ ਘੁਲਾਟੀਆਂ ਅਤੇ ਸੰਵਿਧਾਨ-ਘਾੜਿਆਂ ਵੱਲੋਂ ਭਾਰਤ ਦੇ ਸੁਨਹਿਰੀ ਭਵਿੱਖ ਬਾਰੇ ਲਏ ਸੁਪਨਿਆਂ ਨੂੰ ਸਾਕਾਰ ਕਰਨ ਦੀ ਯਾਦ ਦਿਵਾਉਂਦਾ ਹੈ ਅਤੇ ਆਪਣੀ ਸਮੁੱਚੀ ਕਾਰਗੁਜ਼ਾਰੀ ‘ਤੇ ਝਾਤ ਮਾਰਨ ਦਾ ਮੌਕਾ ਪ੍ਰਦਾਨ ਕਰਦਾ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਬਪੱਖੀ ਵਿਕਾਸ ਤੇ ਲੋਕ ਭਲਾਈ ਨੂੰ ਪਹਿਲ ਦਿੱਤੀ ਜਾ ਰਹੀ ਹੈ। ਸੂਬੇ ਵਿੱਚ ਸਿਹਤ, ਸਿੱਖਿਆ, ਨਸ਼ਿਆਂ ਵਿਰੁੱਧ ਜੰਗ ਖੇਤਰਾਂ ਵਿੱਚ ਵੱਡੇ ਕਦਮ ਚੁੱਕੇ ਗਏ ਹਨ । ਨਸ਼ੇ ਦੀ ਸਪਲਾਈ ਦਾ ਲੱਕ ਤੋੜਨ ਦੇ ਨਾਲ ਨਾਲ ਪੀੜਤਾਂ ਦੇ ਮੁੜ ਵਸੇਬੇ ਲਈ ਯਤਨ ਜੰਗੀ ਪੱਧਰ ਤੇ ਜਾਰੀ ਹਨ। ਪੰਜਾਬ ਸਰਕਾਰ ਦਾ ਮਕਸਦ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ੇ ਵਿਰੁੱਧ ਲੜਾਈ ਨੂੰ ਲੋਕ ਲਹਿਰ ਬਣਾਉਣਾ ਹੈ ਤਾਂ ਜੋ ਨਸ਼ੇ ਦੇ ਕੋਹੜ ਦਾ ਖਾਤਮਾ ਕਰਕੇ ਪੀੜਤਾਂ ਨੂੰ ਸਮਾਜ ਦੀ ਮੁੱਖ ਧਾਰਾ ਵਿਚ ਲਿਆ ਕੇ ਦੇਸ਼ ਦੀ ਤਰੱਕੀ ਵਿਚ ਭਾਗੀਦਾਰ ਬਣਾਇਆ ਜਾ ਸਕੇ ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਹਿਕਾਰੀ ਖੰਡ ਮਿੱਲ ਪਨਿਆੜ ਵਿਖੇ 402 ਕਰੋੜ ਰੁਪਏ ਦੀ ਲਾਗਤ ਨਾਲ ਨਵੀਂ ਉਸਾਰੀ ਗਈ 5000 ਟੀਡੀਸੀ ਸਮੱਰਥਾ ਵਾਲੀ ਖੰਡ ਮਿੱਲ ਅਤੇ 285 ਮੈਗਾਵਾਟ ਸਮਰੱਥਾ ਵਾਲੇ ਕੋ-ਜੈਨਰੇਸ਼ਨ ਪਲਾਂਟ ਦਾ ਉਦਘਾਟਨ ਕੀਤਾ ਗਿਆ ਹੈ। ਨਵਾਂ ਪਲਾਂਟ ਸ਼ੁਰੂ ਹੋਣ ਨਾਲ ਗੰਨਾ ਪਿੜਾਈ ਦੀ ਸਮੱਰਥਾ 75 ਲੱਖ ਕੁਇੰਟਲ ਹੋ ਗਈ ਹੈ ਜੋ ਕਿ ਪਹਿਲਾ 25 ਲੱਖ ਕੁਇੰਟਲ ਸੀ। ਪੰਜਾਬ ਸਰਕਾਰ ਵੱਲੋਂ 296 ਕਰੋੜ ਰੁਪਏ ਦੀ ਲਾਗਤ ਨਾਲ ਸਹਿਕਾਰੀ ਖੰਡ ਮਿੱਲ ਬਟਾਲਾ ਦੀ ਸਮੱਰਥਾ 3500 ਟੀਡੀਸੀ ਦਾ 5000 ਟੀਡੀਸੀ ਵੱਧਣਯੋਗ ਨਵਾਂ ਸ਼ੂਗਰ ਰਿਫਾਈਨਰੀ ਪਲਾਂਟ ਸਮੇਤ 14 ਮੈਗਾਵਾਟ ਕੋ ਜੈਨਰੇਸ਼ਨ ਪਲਾਂਟ ਲਗਾਇਆ ਗਿਆ ਹੈ।

ਡਿਪਟੀ ਕਮਿਸ਼ਨਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 10 ਕਰੋੜ ਰੁਪਏ ਦੀ ਲਾਗਤ ਨਾਲ ਬਟਾਲਾ ਵਿਖੇ ਨਵਾਂ ਤਹਿਸੀਲ ਕੰਪਲੈਕਸ ਉਸਾਰਿਆ ਗਿਆ ਹੈ, ਜਿਸ ਨਾਲ 314 ਪਿੰਡਾਂ ਦੇ ਲੋਕਾਂ ਨੂੰ ਇਕ ਛੱਤ ਹੇਠਾਂ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆਂ ਕਰਵਾਈਆਂ ਗਈਆਂ ਹਨ।ਕਲਾਨੌਰ ਵਿਖੇ 6.61 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਤਹਿਸੀਲ ਕੰਪਲੈਕਸ ਦੀ ਉਸਾਰੀ ਗਈ ਹੈ। ਦੀਨਾਨਗਰ ਵਿਖੇ 6.60 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਤਹਿਸੀਲ ਕੰਪਲੈਕਸ ਅਤੇ 2.36 ਕਰੋੜ ਰੁਪਏ ਦੀ ਲਾਗਤ ਨਾਲ ਸਬ-ਤਹਿਸੀਲ ਦਾ ਦਫ਼ਤਰ ਬਣਾਇਆ ਗਿਆ ਹੈ। ਇਨ੍ਹਾਂ ਦਫ਼ਤਰਾਂ ਦੇ ਬਣਨ ਨਾਲ ਦੀਨਾਨਗਰ ਵਾਸੀਆਂ ਨੂੰ ਵੱਡੀ ਸਹੂਲਤ ਮਿਲੀ ਹੈ।

ਉਨਾ ਅੱਗੇ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ 62 ਆਮ ਆਦਮੀ ਕਲੀਨਿਕ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮਿਆਰੀ ਸਿਹਤ ਸੇਵਾਵਾਂ ਮੁਹੱਇਆ ਕਰਵਾ ਹਰੇ ਹਨ ਅਤੇ ਰੋਜਾਨਾ ਮਰੀਜ ਆਪਣਾ ਇਲਾਜ ਕਰਵਾ ਰਹੇ ਹਨ । ਗੁਰਦਾਸਪੁਰ ਜ਼ਿਲੇ ਅੰਦਰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹੈਲਥ ਕਾਰਡ ਬਨਵਾਉਣ ਦੀ ਰਜਿਸਟਰੇਸ਼ਨ ਸ਼ੁਰੂ ਹੋ ਗਈ ਹੈ। ਜਿਲ੍ਹੇ ਵਿੱਚ 372 ਕਾਮਨ ਸਰਵਿਸ ਸੈਂਟਰਾਂ ਵਿੱਚ ਰਜਿਸਟਰੇਸ਼ਨ ਦਾ ਕੰਮ ਸ਼ੁਰੂ ਹੋ ਗਿਆ ਹੈ।

ਇਸ ਤੋਂ ਬਾਅਦ ਪਰੇਡ ਕਮਾਂਡਰ ਸ੍ਰੀ ਮਨਿੰਦਰਪਾਲ ਸਿੰਘ ਡੀ.ਐੱਸ.ਪੀ ਦੀ ਅਗਵਾਈ ਹੇਠ ਪੰਜਾਬ ਪੁਲਿਸ, ਪੰਜਾਬ ਮਹਿਲਾ ਪੁਲਿਸ, ਪੰਜਾਬ ਹੋਮਗਾਰਡ, ਐੱਨ.ਸੀ.ਸੀ. ਕੈਡਿਟਸ, ਸਕੂਲੀ ਵਿਦਿਆਰਥੀਆਂ, ਪੰਜਾਬ ਪੁਲਿਸ ਅਤੇ ਭਾਰਤੀ ਫ਼ੌਜ ਦੇ ਬੈਂਡ ਦੀਆਂ ਟੁਕੜੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਨੂੰ ਦਰਸਾਉਂਦੀਆਂ ਖੂਬਸੂਰਤ ਝਾਕੀਆਂ ਵੀ ਪੇਸ਼ ਕੀਤੀਆਂ ਗਈਆਂ।

ਇਸ ਉਪਰੰਤ ਗਣਤੰਤਰ ਦਿਵਸ ਸਮਾਗਮ ਦੀਆਂ ਰੌਣਕਾਂ ਤੇ ਖ਼ੁਸ਼ੀਆਂ ਵਿੱਚ ਵਾਧਾ ਕਰਨ ਲਈ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।

ਗਣਤੰਤਰ ਦਿਵਸ ਸਮਾਗਮ ਦੌਰਾਨ ਬੀ.ਐੱਸ.ਐੱਫ. ਵੱਲੋਂ ਹਥਿਆਰਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ ਜੋ ਦਰਸ਼ਕਾਂ ਵਿੱਚ ਵਿਸ਼ੇਸ਼ ਖਿੱਚ ਦਾ ਕੇਂਦਰ ਬਣੀ ਰਹੀ।

ਮੁੱਖ ਮਹਿਮਾਨ ਵੱਲੋਂ ਵੱਖ-ਵੱਖ ਟੁਕੜੀਆਂ ਦੀ ਅਗਵਾਈ ਕਰ ਰਹੇ ਪਲਟੂਨ ਕਮਾਂਡਰਾਂ ਸਮੇਤ ਪਰੇਡ ਦੀ ਅਗਵਾਈ ਕਰ ਰਹੇ ਸ੍ਰੀ ਮਨਿੰਦਰਪਾਲ ਸਿੰਘ ਡੀ.ਐੱਸ.ਪੀ ਸਮੇਤ ਵੱਖ-ਵੱਖ ਖੇਤਰਾਂ ਵਿਚ ਨਾਮਣਾ ਖੱਟਣ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ।

ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਵੱਲੋਂ ਵੀਰ ਨਾਰੀਆਂ, ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਤੇ ਦਿਵਿਆਂਗਜਨਾਂ ਨੂੰ ਟਰਾਈ ਸਾਈਕਲਾਂ ਅਤੇ ਵੀਲ ਚੇਅਰ ਦੀ ਵੰਡ ਕੀਤੀ ਗਈ।

ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰ ਦਿਵਸ ਦੇ ਸਫਲ ਸਮਾਗਮ ਦੀ ਖ਼ੁਸ਼ੀ ਵਿਚ ਜ਼ਿਲ੍ਹਾ ਗੁਰਦਾਸਪੁਰ  ਦੀਆਂ ਵਿੱਦਿਅਕ ਸੰਸਥਾਵਾਂ ਵਿਚ 27 ਜਨਵਰੀ ਦੀ ਛੁੱਟੀ ਦਾ ਐਲਾਨ ਕੀਤਾ ਗਿਆ।

ਇਸ ਮੌਕੇ ਮਾਣਯੋਗ ਵਧੀਕ ਸ਼ੈਸਨ ਜੱਜ ਮੈਡਮ ਪੂਨਮ ਬਾਂਸਲ, ਸ੍ਰੀ ਰਵੀ ਗੁਲਾਟੀ, ਸ੍ਰੀ ਰਮਨ ਗੋਕਲਾਨੀ, ਸ੍ਰੀ ਸੁਮਿਤ ਭੱਲਾ, ਸ੍ਰੀ ਅਜੀਤ ਪਾਲ ਸਿੰਘ, ਸ੍ਰੀ ਰੰਜੀਵ ਪਾਲ ਸਿੰਘ ਚੀਮਾ, ਸਿਵਿਲ ਜੱਜ ਸੀਨੀਅਰ ਡਵੀਜ਼ਨ ਸ੍ਰੀ ਹੇਮ ਅਮਿਤ ਮਾਹੀ, ਸੀਪੀਐਮ ਮੈਡਮ ਸੁੁਰੇਖਾ ਡਡਵਾਲ, ਸਿਵਿਲ ਜੱਜ ਜੂਨੀਅਰ ਡਵੀਜ਼ਨ ਮੈਡਮ ਸੁਪਰੀਤ ਕੌਰ, ਮੈਡਮ ਸਵੇਤਾ ਠਾਕੁਰ, ਸ੍ਰੀ ਹਰਪ੍ਰੀਤ ਸਿੰਘ ਸੀਜੀ ਐਮ -ਕਮ-ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ, ਸ੍ਰੀ   ਚੰਦਰ ਹਾਂਸ, ਮੈਡਮ ਗੁਰਪ੍ਰੀਤ ਕੌਰ, ਵਿਜੇ ਡਡਵਾਲ ਅਤੇ ਸ੍ਰੀ ਪ੍ਰਭਜੋਤ ਸਿੰਘ ਸੇਠੀ (ਸਾਰੇ ਮਾਣਯੋਗ ਸਿਵਿਲ ਜੱਜ ਜੂਨੀਅਰ ਡਵੀਜ਼ਨ)
, ਵਧੀਕ ਡਿਪਟੀ ਕਮਿਸ਼ਨਰ  ਸ੍ਰੀ ਗੁਰਸਿਮਰਨ ਸਿੰਘ ਢਿੱਲੋ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਗੁਰਪ੍ਰੀਤ ਸਿੰਘ ਗਿੱਲ, ਸਹਾਇਕ ਕਮਿਸ਼ਨਰ (ਜ) ਸ੍ਰੀ ਅਦਿੱਤਿਆ ਗੁਪਤਾ, ਐੱਸ.ਡੀ.ਐੱਮ ਗੁਰਦਾਸਪੁਰ ਅਨੂਪ੍ਰੀਤ ਕੌਰ, ਜੁਗਰਾਜ ਸਿੰਘ ਐੱਸ.ਪੀ (ਐੱਚ) ਗੁਰਦਾਸਪੁਰ ਦੇ ਹਲਕਾ ਇੰਚਾਰਜ ਰਮਨ ਬਹਿਲ , ਦੀਨਾਨਗਰ ਦੇ ਹਲਕਾ ਇੰਚਾਰਜ  ਹਲਕਾ ਇੰਚਾਰਜ ਸ਼ਮਸ਼ੇਰ ਸਿੰਘ, ਚੇਅਰਮੈਨ ਜ਼ਿਲ੍ਹਾ ਪਲਾਨਿੰਗ ਬੋਰਡ ਜੋਬਨ ਰੰਧਾਵਾ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਾਜੀਵ ਸ਼ਰਮਾ, ਡਾਇਰੈਕਟਰ ਕਸ਼ਮੀਰ ਸਿੰਘ ਵਾਹਲਾ, ਜਿਲਾ ਮਾਲ ਅਫਸਰ ਜਸਕਰਨ ਸਿੰਘ, ਚੇਅਰਮੈਨ ਭਾਰਤ ਭੂਸ਼ਣ ਸ਼ਰਮਾ, ਚੇਅਰਮੈਨ ਸਿਮਰਨਜੀਤ ਸਿੰਘ, ਅੰਗ੍ਰੇਜ਼ ਸਿੰਘ ਯੂਵਾ ਸਕੱਤਰ ਪੰਜਾਬ, ਜਗਜੀਤ ਸਿੰਘ ਪਿੰਟਾ ਮੈਬਰ ਜਿਲ੍ਹਾ ਪਲਾਨਿੰਗ ਬੋਰਡ, ਡਾ. ਅਰਸ਼ਦੀਪ ਸਿੰਘ ਜਿਲਾ ਕੁਆਰਡੀਨੇਟਰ ਨਸ਼ਾ ਮੁਕਤੀ ਮੋਰਚਾ, ਟਰੱਸਟੀ ਪੀਟਰ ਮੱਟੂ, ਜ਼ਿਲ੍ਹਾ ਰੋਜ਼ਗਾਰ ਅਫ਼ਸਰ ਪ੍ਰਸ਼ੋਤਮ ਸਿੰਘ, ਨੋਡਲ ਅਫਸਰ ਪਰਮਿੰਦਰ ਸਿੰਘ ਸੈਣੀ, ਸਹਾਇਕ ਨੋਡਲ ਅਫਸਰ ਮੁਕੇਸ ਵਰਮਾ, ਇਕਬਾਲ ਸਿੰਘ ਸਮਰਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਜ਼ਿਲ੍ਹਾ ਵਾਸੀ ਹਾਜ਼ਰ ਸਨ।

Exit mobile version