ਸਿੱਖਿਆ ਵਿਭਾਗ ਦੀਆਂ 13 ਮੁਲਾਜ਼ਮ ਜਥੇਬੰਦੀਆਂ ਨਾਲ ਕੀਤੀਆਂ ਮੀਟਿੰਗਾਂ
ਚੰਡੀਗੜ੍ਹ, 28 ਜਨਵਰੀ 2026 (ਦੀ ਪੰਜਾਬ ਵਾਇਰ)— ਪੰਜਾਬ ਦੇ ਸੰਸਦੀ ਮਾਮਲੇ ਅਤੇ ਐਨ.ਆਰ.ਆਈ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸੂਬਾ ਸਰਕਾਰ ਦੀ ਮੁਲਾਜ਼ਮਾਂ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਗੰਭੀਰ ਹੈ। ਉਨ੍ਹਾਂ ਦੱਸਿਆ ਕਿ ਕੱਚੇ ਮੁਲਾਜ਼ਮਾਂ ਸਮੇਤ ਮੁਲਾਜ਼ਮਾਂ ਦੇ ਕਈ ਅਹਿਮ ਮੁੱਦੇ ਪਹਿਲਾਂ ਹੀ ਹੱਲ ਕੀਤੇ ਜਾ ਚੁੱਕੇ ਹਨ ਅਤੇ ਬਾਕੀ ਰਹਿੰਦੀਆਂ ਜਾਇਜ਼ ਮੰਗਾਂ ‘ਤੇ ਵੀ ਸਰਕਾਰ ਸਰਗਰਮੀ ਨਾਲ ਵਿਚਾਰ ਕਰ ਰਹੀ ਹੈ।
ਪੰਜਾਬ ਸਿਵਲ ਸਕੱਤਰੇਤ ਵਿਖੇ ਵੱਖ-ਵੱਖ ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆਂ ਡਾ. ਰਵਜੋਤ ਸਿੰਘ ਨੇ ਸਿੱਖਿਆ ਵਿਭਾਗ ਨਾਲ ਸਬੰਧਤ ਮੁੱਦਿਆਂ ‘ਤੇ ਵਿਸਥਾਰਪੂਰਵਕ ਚਰਚਾ ਕੀਤੀ। ਇਸ ਮੌਕੇ ਸਕੱਤਰ ਸਿੱਖਿਆ ਸੋਨਾਲੀ ਗਿਰਿ, ਸਮੇਤ ਸਿੱਖਿਆ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।
ਮੀਟਿੰਗ ਦੌਰਾਨ ਡਾ. ਰਵਜੋਤ ਸਿੰਘ ਨੇ ਸਿੱਖਿਆ ਵਿਭਾਗ ਨਾਲ ਸਬੰਧਤ 13 ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ। ਅਧਿਆਪਕ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਪ੍ਰਕਿਰਿਆ ਅਧੀਨ ਹਨ।
ਕੈਬਨਿਟ ਮੰਤਰੀ ਨੇ ਮੀਟਿੰਗ ਦੌਰਾਨ ਨੇ ਸਿੱਖਿਆ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਨੂੰ ਜਾਇਜ਼ ਮੰਗਾਂ ‘ਤੇ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਮੁੜ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮ ਪੱਖੀ ਸਰਕਾਰ ਹੈ ਅਤੇ ਸਾਰੇ ਜਨਤਕ ਸੇਵਕਾਂ ਲਈ ਸਹਾਇਕ ਮਾਹੌਲ ਸਿਰਜਣ ਲਈ ਵਚਨਬੱਧ ਹੈ।
