ਏ ਡੀ ਸੀ ਅਨਮੋਲ ਧਾਲੀਵਾਲ ਵੱਲੋਂ ਨਯਾ ਗਾਓਂ ਦਾ ਦੌਰਾ; ਪਾਣੀ ਸਪਲਾਈ, ਐੱਸ.ਟੀ.ਪੀ. ਕੰਮ ਅਤੇ ਨਾਗਰਿਕ ਸੁਵਿਧਾਵਾਂ ਦੀ ਸਮੀਖਿਆ

ਗਰਮੀ ਤੋਂ ਪਹਿਲਾਂ ਛੇ ਨਵੇਂ ਟਿਊਬਵੈੱਲ ਲਗਾਏ ਜਾਣਗੇ

ਨਯਾ ਗਾਓਂ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 30 ਜਨਵਰੀ 2026 (ਦੀ ਪੰਜਾਬ ਵਾਇਰ)— ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ਼੍ਰੀ ਅਨਮੋਲ ਧਾਲੀਵਾਲ ਨੇ ਅੱਜ ਨਯਾ ਗਾਓਂ ਦਾ ਦੌਰਾ ਕਰਕੇ ਪ੍ਰਮੁੱਖ ਨਾਗਰਿਕ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦੀ ਸਮੀਖਿਆ ਕੀਤੀ ਅਤੇ ਆਉਣ ਵਾਲੀ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਪਾਣੀ ਦੀ ਕਮੀ ਅਤੇ ਸਫ਼ਾਈ ਨਾਲ ਸੰਬੰਧਿਤ ਇੰਤਜ਼ਾਮਾਂ ਦਾ ਜਾਇਜ਼ਾ ਲਿਆ।

ਦੌਰੇ ਦੌਰਾਨ ਏ ਡੀ ਸੀ ਨੇ ਪੀਣ ਵਾਲੇ ਪਾਣੀ ਦੀ ਢੁਕਵੀਂ ਤੇ ਲੋੜੀਂਦੀ ਸਪਲਾਈ ਨੂੰ ਯਕੀਨੀ ਬਣਾਉਣ ਅਤੇ ਗਰਮੀਆਂ ਵਿੱਚ ਪਾਣੀ ਦੀ ਕਮੀ ਦੀ ਸਮੱਸਿਆ ਨੂੰ ਦੂਰ ਕਰਨ ਲਈ ਛੇ ਨਵੇਂ ਟਿਊਬਵੈੱਲਾਂ ਦੀ ਸਥਾਪਨਾ ਲਈ ਉਚਿਤ ਥਾਵਾਂ ਦੀ ਸ਼ਨਾਖਤ ’ਤੇ ਵੀ ਵਿਚਾਰ ਕੀਤਾ। ਉਨ੍ਹਾਂ ਨੇ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਸਥਾਨ ਪਛਾਣਨ ਦੀ ਪ੍ਰਕਿਰਿਆ ਨੂੰ ਤੇਜ਼ ਕੀਤਾ ਜਾਵੇ ਤਾਂ ਜੋ ਲੋੜੀਂਦੀਆਂ ਮਨਜ਼ੂਰੀਆਂ ਅਤੇ ਕਾਰਵਾਹੀ ਸਮੇਂ ਸਿਰ ਸ਼ੁਰੂ ਕੀਤੀ ਜਾ ਸਕੇ।

ਏ ਡੀ ਸੀ ਨੇ ਨਯਾ ਗਾਓਂ ਵਿੱਚ ਚੱਲ ਰਹੇ ਨਵੇਂ ਸੀਵਰੇਜ ਟ੍ਰੀਟਮੈਂਟ ਪਲਾਂਟ (ਐੱਸ.ਟੀ.ਪੀ.) ਦੇ ਕੰਮ ਦੀ ਵੀ ਸਮੀਖਿਆ ਕੀਤੀ। ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਕਿ ਪ੍ਰਾਜੈਕਟ ਨਿਰਧਾਰਤ ਸਮਾਂ-ਸਾਰਣੀ ਅਨੁਸਾਰ ਅੱਗੇ ਵੱਧ ਰਿਹਾ ਹੈ ਅਤੇ ਫਰਵਰੀ ਦੇ ਅੰਤ ਤੱਕ ਪੂਰਾ ਹੋਣ ਦੀ ਉਮੀਦ ਹੈ। ਏ ਡੀ ਸੀ ਧਾਲੀਵਾਲ ਨੇ ਕੰਮ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ’ਤੇ ਜ਼ੋਰ ਦਿੰਦਿਆਂ ਅਧਿਕਾਰੀਆਂ ਨੂੰ ਨਿਰਧਾਰਤ ਸਮੇਂ ਅੰਦਰ ਪ੍ਰਾਜੈਕਟ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

ਸਫ਼ਾਈ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ, ਏ ਡੀ ਸੀ ਨੇ ਮਿਊਂਸਿਪਲ ਕੌਂਸਲ ਦੇ ਕਰਮਚਾਰੀਆਂ ਨੂੰ ਨਿਯਮਿਤ ਤੌਰ ’ਤੇ ਕੂੜਾ ਇਕੱਠਾ ਕਰਨ ਅਤੇ ਨਯਾ ਗਾਓਂ ਦੇ ਸਾਰੇ ਇਲਾਕਿਆਂ ਵਿੱਚ ਸਫ਼ਾਈ ਬਣਾਈ ਰੱਖਣ ਲਈ ਹਦਾਇਤਾਂ ਦਿੱਤੀਆਂ। ਉਨ੍ਹਾਂ ਨੇ ਸਪਸ਼ਟ ਕੀਤਾ ਕਿ ਸਫ਼ਾਈ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ।

ਇਸ ਤੋਂ ਇਲਾਵਾ, ਏ ਡੀ ਸੀ ਨੇ ਨਗਰ ਨਿਗਮ/ਮਿਊਂਸਿਪਲ ਅਧਿਕਾਰੀਆਂ ਨੂੰ ਸਰਕਾਰੀ ਜ਼ਮੀਨ ਅਤੇ ਸੜਕਾਂ ’ਤੇ ਹੋ ਰਹੇ ਗੈਰਕਾਨੂੰਨੀ ਕਬਜ਼ਿਆਂ ਨੂੰ ਹਟਾਉਣ ਲਈ ਐਂਟੀ-ਇੰਕਰੋਚਮੈਂਟ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ, ਤਾਂ ਜੋ ਆਵਾਜਾਈ, ਸਫ਼ਾਈ ਅਤੇ ਸਮੁੱਚੀਆਂ ਨਾਗਰਿਕ ਸੁਵਿਧਾਵਾਂ ਵਿੱਚ ਸੁਧਾਰ ਲਿਆਂਦਾ ਜਾ ਸਕੇ।

ਏ ਡੀ ਸੀ ਅਨਮੋਲ ਧਾਲੀਵਾਲ ਨੇ ਦੁਹਰਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਨੂੰ ਬਿਹਤਰ ਬੁਨਿਆਦੀ ਢਾਂਚਾ ਅਤੇ ਨਾਗਰਿਕ ਸੁਵਿਧਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਸਾਰੇ ਵਿਕਾਸ ਕਾਰਜਾਂ ਦੀ ਸਖ਼ਤ ਨਿਗਰਾਨੀ ਯਕੀਨੀ ਬਣਾਈ ਜਾਵੇਗੀ।

Exit mobile version