ਖਣਨ ਅਤੇ ਭੂ-ਵਿਗਿਆਨ ਮੰਤਰੀ ਵੱਲੋਂ ਜ਼ਿਲ੍ਹਾ ਮਾਈਨਿੰਗ ਅਧਿਕਾਰੀਆਂ ਨਾਲ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ
ਚੰਡੀਗੜ੍ਹ, 30 ਜਨਵਰੀ 2026 (ਦੀ ਪੰਜਾਬ ਵਾਇਰ)– ਖਣਿਜ ਪਦਾਰਥਾਂ ਦੀ ਨਿਰਵਿਘਨ ਉਪਲਬਧਤਾ ਯਕੀਨੀ ਬਣਾਉਣ, ਸੂਬੇ ਦਾ ਮਾਲੀਆ ਵਧਾਉਣ ਅਤੇ ਖਣਨ ਖੇਤਰ ਵਿੱਚ ਰੈਗੂਲੇਟਰੀ ਅਨੁਸ਼ਾਸਨ ਕਾਇਮ ਰੱਖਣ ਦੇ ਉਦੇਸ਼ ਨਾਲ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਸੂਬੇ ਭਰ ਵਿੱਚ ਲੀਗਲ (ਕਾਨੂੰਨੀ) ਮਾਈਨਿੰਗ ਸਾਈਟਾਂ ਨੂੰ ਤੇਜ਼ੀ ਨਾਲ ਕਾਰਜਸ਼ੀਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿਰੁੱਧ ਸਖ਼ਤ ਕਾਰਵਾਈ ਯਕੀਨੀ ਬਣਾਉਣ ਲਈ ਸਖ਼ਤ ਹੁਕਮ ਜਾਰੀ ਕੀਤੇ ਹਨ।
ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਮੈਗਸੀਪਾ) ਵਿਖੇ ਖਣਨ ਅਤੇ ਭੂ-ਵਿਗਿਆਨ ਵਿਭਾਗ ਦੀ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਲਾਜ਼ਮੀ ਮਨਜ਼ੂਰੀਆਂ ਜਾਰੀ ਕਰਨ ਦਾ ਪ੍ਰਕਿਰਿਆ ਅਤੇ ਲਾਗੂਕਰਨ ਢਾਂਚੇ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਸਾਰੇ ਜ਼ਿਲ੍ਹਾ ਮਾਈਨਿੰਗ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਰਾਜ ਪੱਧਰੀ ਵਾਤਾਵਰਣ ਪ੍ਰਭਾਵ ਮੁਲਾਂਕਣ ਅਥਾਰਟੀ ਰਾਹੀਂ ਜ਼ਿਲ੍ਹਾ ਸਰਵੇਖਣ ਰਿਪੋਰਟਾਂ ਦੀ ਪ੍ਰਵਾਨਗੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਤਾਂ ਜੋ ਵੱਧ ਤੋਂ ਵੱਧ ਕਾਨੂੰਨੀ ਮਾਈਨਿੰਗ ਸਾਈਟਾਂ ਨੂੰ ਤੁਰੰਤ ਕਾਰਜਸ਼ੀਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਨਾਲ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਨੂੰ ਨੱਥ ਪਾਉਣ ਦੇ ਨਾਲ-ਨਾਲ ਬਾਜ਼ਾਰ ਦੀ ਮੰਗ ਨੂੰ ਪੂਰਾ ਕਰਨ ਵਿੱਚ ਮਦਦ ਮਿਲੇਗੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਮਾਈਨਰ ਖਣਿਜਾਂ ਦੀ ਢੁਕਵੀਂ ਉਪਲਬਧਤਾ ਨੂੰ ਯਕੀਨੀ ਬਣਾਉਣ ਅਤੇ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਸਮੇਂ ਸਿਰ ਪ੍ਰਵਾਨਗੀਆਂ ਜਾਰੀ ਕਰਨਾ ਬਹੁਤ ਜ਼ਰੂਰੀ ਹੈ।
ਖਣਨ ਅਤੇ ਭੂ-ਵਿਗਿਆਨ ਮੰਤਰੀ ਨੇ ਠੇਕੇ ਵਾਲੀਆਂ ਨਵੀਆਂ ਸਾਈਟਾਂ ਅਤੇ ਵੱਡੀਆਂ ਮਾਈਨਿੰਗ ਸਾਈਟਾਂ ਦੇ ਸਬੰਧ ਵਿੱਚ ਸਾਰੀਆਂ ਲੰਬਿਤ ਵਾਤਾਵਰਣ ਪ੍ਰਵਾਨਗੀਆਂ ਨੂੰ ਪਹਿਲ ਦੇ ਆਧਾਰ ‘ਤੇ ਨਿਪਟਾਉਣ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਲੀਗਲ ਮਾਈਨਿੰਗ ਸਾਈਟਾਂ ਦਾ ਵਿਸਥਾਰ ਬਾਜ਼ਾਰ ਦੀ ਮੰਗ ਨੂੰ ਪੂਰਾ ਕਰਨ ਅਤੇ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਕਾਰਨ ਹੋਣ ਵਾਲੇ ਮਾਲੀਏ ਦੇ ਨੁਕਸਾਨ ਨੂੰ ਰੋਕਣ ਦਾ ਸਭ ਤੋਂ ਪ੍ਰਭਾਵਸ਼ਾਲੀ ਤਰੀਕਾ ਹੈ।
ਆਈ.ਆਈ.ਟੀ. ਰੋਪੜ ਦੁਆਰਾ ਹਾਲ ਹੀ ਵਿੱਚ ਕੀਤੇ ਗਏ ਸਰਵੇਖਣ ਦਾ ਹਵਾਲਾ ਦਿੰਦਿਆਂ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਨਿਰਦੇਸ਼ ਦਿੱਤੇ ਕਿ ਕਾਨੂੰਨੀ ਤੌਰ ‘ਤੇ ਮਾਈਨਿੰਗ ਸਮੱਗਰੀ ਦੀ ਉਪਲੱਬਧਤਾ ਨੂੰ ਵਧਾਉਣ ਲਈ ਸ਼ਨਾਖ਼ਤ ਕੀਤੀਆਂ ਗਈਆਂ ਸਾਰੀਆਂ ਨਵੀਆਂ ਸਾਈਟਾਂ ਨੂੰ ਜ਼ਿਲ੍ਹਾ ਸਰਵੇਖਣ ਰਿਪੋਰਟ ਪੜਾਅ-III ਵਿੱਚ ਸ਼ਾਮਲ ਕੀਤਾ ਜਾਵੇ। ਉਨ੍ਹਾਂ ਸੁਪਰਡੈਂਟ ਇੰਜੀਨੀਅਰਾਂ ਅਤੇ ਜ਼ਿਲ੍ਹਾ ਮਾਈਨਿੰਗ ਅਧਿਕਾਰੀਆਂ ਨੂੰ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਨੂੰ ਕਾਇਮ ਰੱਖਣ ਅਤੇ ਇਸ ਦੇ ਜ਼ਮੀਨੀ ਪੱਧਰ ‘ਤੇ ਸਖ਼ਤੀ ਨਾਲ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪਾਰਦਰਸ਼ਤਾ ਨੂੰ ਵਧਾਉਣ, ਰੇਤ ਅਤੇ ਖਣਿਜਾਂ ਦੀ ਮਾਈਨਿੰਗ ਨੂੰ ਨਿਯਮਤ ਕਰਨ ਅਤੇ ਰੀਵਰ ਈਕੋਲੋਜੀ ਦੀ ਸੁਰੱਖਿਆ ਲਈ ਮਾਈਨਿੰਗ ਥਾਵਾਂ ਦੀ ਨਿਲਾਮੀ-ਆਧਾਰਤ ਅਲਾਟਮੈਂਟ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਦਰਿਆ ਵਿਗਿਆਨ, ਧਰਤੀ ਹੇਠਲੇ ਪਾਣੀ ਦੀ ਸੁਰੱਖਿਆ ਅਤੇ ਹੜ੍ਹ ਪ੍ਰਬੰਧਨ ਨਾਲ ਸਬੰਧਤ ਵਾਤਾਵਰਣ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਂਦਿਆਂ ਇਸ ਦੇ ਤੇਜ਼ੀ ਨਾਲ ਮੁਲਾਂਕਣ ਲਈ ਰਾਜ ਮਾਹਰ ਮੁਲਾਂਕਣ ਕਮੇਟੀ ਅਤੇ ਐਸ.ਈ.ਆਈ.ਏ.ਏ. ਨਾਲ ਨੇੜਿਓਂ ਤਾਲਮੇਲ ਰੱਖਿਆ ਜਾ ਰਿਹਾ ਹੈ।
ਮੀਟਿੰਗ ਦੌਰਾਨ ਵਧੀਕ ਮੁੱਖ ਸਕੱਤਰ ਸ੍ਰੀਮਤੀ ਜਸਪ੍ਰੀਤ ਤਲਵਾੜ, ਡਾਇਰੈਕਟਰ ਮਾਈਨਿੰਗ ਸ੍ਰੀ ਅਭਿਜੀਤ ਕਪਲਿਸ਼, ਚੀਫ਼ ਇੰਜੀਨੀਅਰ (ਮਾਈਨਿੰਗ) ਸ. ਹਰਦੀਪ ਸਿੰਘ ਮੈਂਦੀਰੱਤਾ, ਸਮੂਹ ਸੁਪਰਡੈਂਟ ਇੰਜੀਨੀਅਰ ਅਤੇ ਵੱਖ-ਵੱਖ ਜ਼ਿਲ੍ਹਿਆਂ ਦੇ ਮਾਈਨਿੰਗ ਅਧਿਕਾਰੀ ਮੌਜੂਦ ਸਨ।
