ਚੰਡੀਗੜ੍ਹ 30 ਜਨਵਰੀ, 2026 ( ਦੀ ਪੰਜਾਬ ਵਾਇਰ)– ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਡਾ. ਹਰਕੀਰਤ ਗਿੱਲ, ਐਸ.ਐਮ.ਓ., ਅਤੇ ਸਤਵਿੰਦਰ ਸਿੰਘ ਸੀਨੀਅਰ ਸਹਾਇਕ ਨੂੰ 32000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਦੱਸਣਯੋਗ ਹੈ ਕਿ ਉਕਤ ਦੋਵੇਂ ਮੁਲਜ਼ਮ ਕਮਿਊਨਿਟੀ ਹੈਲਥ ਸੈਂਟਰ ਸਿੱਧਵਾਂ ਬੇਟ ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਹਨ।
ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਸਿਹਤ ਕਰਮਚਾਰੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਸਿੱਧਵਾਂ ਬੇਟ ਦੇ ਕਮਿਊਨਿਟੀ ਹੈਲਥ ਸੈਂਟਰ ਵਿੱਚ ਆਡਿਟ ਚੱਲ ਰਿਹਾ ਸੀ, ਜਿਸ ਦੇ ਸਬੰਧ ਵਿੱਚ ਡਾ. ਹਰਕੀਰਤ ਗਿੱਲ ਐਸ.ਐਮ.ਓ. ਨੇ ਸਤਵਿੰਦਰ ਸਿੰਘ ਸੀਨੀਅਰ ਸਹਾਇਕ ਕਮਿਊਨਿਟੀ ਹੈਲਥ ਸੈਂਟਰ, ਸਿੱਧਵਾਂ ਬੇਟ ਰਾਹੀਂ ਸਿੱਧਵਾਂ ਬੇਟ ਸੀਐਚਸੀ ਵਿਖੇ ਤਾਇਨਾਤ ਲਗਭਗ 50 ਕਰਮਚਾਰੀਆਂ ਤੋਂ ਆਡਿਟ ਟੀਮ ਨੂੰ ਰਿਸ਼ਵਤ ਦੇਣ ਦੇ ਨਾਂਅ ‘ਤੇ ਪ੍ਰਤੀ ਕਰਮਚਾਰੀ 2500 ਤੋਂ 6000 ਰੁਪਏ ਰਿਸ਼ਵਤ ਮੰਗੀ।ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਈ.ਓ.ਡਬਲਯੂ. ਲੁਧਿਆਣਾ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਸਤਵਿੰਦਰ ਸਿੰਘ, ਸੀਨੀਅਰ ਸਹਾਇਕ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 32,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ।ਇਸ ਸਬੰਧ ਵਿੱਚ ਡਾ. ਹਰਕੀਰਤ ਗਿੱਲ ਐਸ.ਐਮ.ਓ. ਸਿੱਧਵਾਂ ਬੇਟ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਰੇਡ ਦੌਰਾਨ, ਡਾ. ਹਰਕੀਰਤ ਗਿੱਲ ਐਸ.ਐਮ.ਓ. ਦੇ ਪਰਸ ਵਿੱਚੋਂ ਕੁੱਲ 1,04,500 ਰੁਪਏ ਅਤੇ ਮੁਲਜ਼ਮ ਸਤਵਿੰਦਰ ਸਿੰਘ, ਸੀਨੀਅਰ ਸਹਾਇਕ ਕੋਲੋਂ 1,07,000 ਰੁਪਏ ਦੀ ਰਕਮ ਬਰਾਮਦ ਕੀਤੀ ਗਈ ਹੈ।ਇਸ ਸਬੰਧ ਵਿੱਚ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਆਰਥਿਕ ਅਪਰਾਧ ਸ਼ਾਖਾ, ਲੁਧਿਆਣਾ, ਪੰਜਾਬ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸਦੀ ਅਗਲੇਰੀ ਜਾਂਚ ਜਾਰੀ ਹੈ।
