ਪੰਜਾਬ ਸਰਕਾਰ ਦੀਆਂ ਸਿਹਤ ਸਹੂਲਤਾਂ ਹੁਣ ਲੋਕਾਂ ਦੇ ਬਰੂਹਾਂ ‘ਤੇ ਪਹੁੰਚੀਆਂ-ਰਮਨ ਬਹਿਲ

ਵਾਰਡ ਨੰਬਰ 19 (ਝੂਲਣਾ ਮਹਿਲ) ਵਿਖੇ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਤਹਿਤ ਵਿਸ਼ੇਸ਼ ਕੈਂਪ

ਗੁਰਦਾਸਪੁਰ, 31 ਜਨਵਰੀ 2026 (ਮੰਨਨ ਸੈਣੀ)– ਗੁਰਦਾਸਪੁਰ ਦੇ ਹਲਕਾ ਇੰਚਾਰਜ ਰਮਨ ਬਹਿਲ ਦੀ ਅਗਵਾਈ ਵਿੱਚ ਵਾਰਡ ਨੰਬਰ 19 (ਝੂਲਣਾ ਮਹਿਲ) ਵਿਖੇ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਤਹਿਤ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਦੌਰਾਨ ਲੋਕਾਂ ਦੇ 10 ਲੱਖ ਰੁਪਏ ਵਾਲੇ ਮੁਫ਼ਤ ਇਲਾਜ ਦੇ ਕਾਰਡ ਬਣਾਏ ਗਏ।

ਇਸ ਮੌਕੇ ਗੱਲ ਕਰਦਿਆਂ ਰਮਨ ਬਹਿਲ ਨੇ ਕਿਹਾ ਕਿ ਸਾਡਾ ਮਕਸਦ ਹੈ ਕਿ ਕੋਈ ਵੀ ਪਰਿਵਾਰ ਪੈਸੇ ਦੀ ਤੰਗੀ ਕਾਰਨ ਇਲਾਜ ਤੋਂ ਵਾਂਝਾ ਨਾ ਰਹੇ, ਜਿਸ ਤਹਿਤ ਪੰਜਾਬ ਸਰਕਾਰ ਦੀਆਂ ਸਿਹਤ ਸਹੂਲਤਾਂ ਲੋਕਾਂ ਦੇ ਬਰੂਹਾਂ ਤੱਕ ਪੁਜਦਾ ਕੀਤੀਆਂ ਜਾ ਰਹੀਆਂ ਹਨ।

ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਮੁਫ਼ਤ ਸਿਹਤ ਸੰਭਾਲ ਦੇ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 22 ਜਨਵਰੀ ਨੂੰ ਮੋਹਾਲੀ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਦੀ ਸ਼ੁਰੂਆਤ ਕੀਤੀ ਗਈ, ਜਿਸ ਨਾਲ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਇਸ ਯੋਜਨਾ ਦੇ ਲਾਗੂ ਹੋਣ ਨਾਲ ਅਮੀਰਾਂ ਦੀ ਪਹੁੰਚ ਵਿੱਚ ਆਉਂਦੇ ਸਭ ਤੋਂ ਮਹਿੰਗੇ ਨਿੱਜੀ ਹਸਪਤਾਲ ਵੀ ਗਰੀਬਾਂ ਲਈ ਖੋਲ੍ਹ ਦਿੱਤੇ ਗਏ ਹਨ, ਜੋ ਲੋਕ ਸੇਵਾ ਵਿੱਚ ਫੈਸਲਾਕੁੰਨ ਬਦਲਾਅ ਹੈ।

ਰਮਨ ਬਹਿਲ ਨੇ ਕਿਹਾ, “ਵੱਡੀਆਂ ਅਤੇ ਛੋਟੀਆਂ ਬਿਮਾਰੀਆਂ ਲਈ 10 ਲੱਖ ਰੁਪਏ ਤੱਕ ਦੀਆਂ ਸਾਰੀਆਂ ਦਵਾਈਆਂ ਅਤੇ ਟੈਸਟ ਮੁਫ਼ਤ ਹੋਣਗੇ। ਜਿਵੇਂ ਹੀ ਮਰੀਜ਼ ਹਸਪਤਾਲ ਵਿੱਚ ਦਾਖਲ ਹੁੰਦਾ ਹੈ, ਸਭ ਕੁਝ ਮੁਫ਼ਤ ਹੋਵੇਗਾ। ਉਨ੍ਹਾਂ ਤੋਂ ਕੁਝ ਨਹੀਂ ਪੁੱਛਿਆ ਜਾਵੇਗਾ, ਸਿਰਫ਼ ਆਪਣਾ ਹੈਲਥ ਕਾਰਡ ਲੈ ਕੇ ਜਾਣਾ ਹੋਵੇਗਾ। ਪੰਜਾਬ ਵਿੱਚ ਲਗਭਗ 65 ਲੱਖ ਪਰਿਵਾਰ ਹਨ ਅਤੇ ਕਿਸੇ ਨੂੰ ਵੀ ਇਸ ਤੋਂ ਬਾਹਰ ਨਹੀਂ ਰੱਖਿਆ ਗਿਆ।”

ਉਨ੍ਹਾਂ ਨੇ ਅੱਗੇ ਕਿਹਾ ਕਿ ਇਹ ਕਾਰਡ ਸਾਰਿਆਂ ਲਈ ਹੈ ਅਤੇ 65 ਲੱਖ ਪਰਿਵਾਰਾਂ ਨੂੰ ਸਿੱਧਾ ਲਾਭ ਹੋਵੇਗਾ। ਸੂਬੇ ਦੇ ਸਾਰੇ 65 ਲੱਖ ਪਰਿਵਾਰਾਂ (ਕੁੱਲ ਤਿੰਨ ਕਰੋੜ ਨਾਗਰਿਕਾਂ) ਨੂੰ ਸਿਹਤ ਕਾਰਡ ਜਾਰੀ ਕੀਤੇ ਜਾਣਗੇ। ਇਹ ਪਹਿਲੀ ਵਾਰ ਹੈ ਕਿ ਇਸ ਯੋਜਨਾ ਲਈ ਕੋਈ ਆਮਦਨ ਸੀਮਾ ਨਿਰਧਾਰਤ ਨਹੀਂ ਕੀਤੀ ਗਈ ਹੈ ਅਤੇ ਇਸ ਯੋਜਨਾ ਦੀ ਸ਼ੁਰੂਆਤ ਨਾਲ ਪੰਜਾਬ ਨੇ ਦੇਸ਼ ਦੇ ਸਾਹਮਣੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਹੈ।  ਇਸ ਯੋਜਨਾ ਤਹਿਤ 850 ਸਰਕਾਰੀ ਅਤੇ ਨਿੱਜੀ ਹਸਪਤਾਲ ਪਹਿਲਾਂ ਹੀ ਸੂਚੀਬੱਧ ਕੀਤੇ ਜਾ ਚੁੱਕੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਹਸਪਤਾਲ ਸ਼ਾਮਲ ਕੀਤੇ ਜਾਣਗੇ।

ਉਨ੍ਹਾਂ ਕਿਹਾ ਕਿ ਇਸ ਸਕੀਮ ਵਿੱਚ 2356 ਤੋਂ ਵੱਧ ਇਲਾਜ ਪੈਕੇਜ ਸ਼ਾਮਲ ਕੀਤੇ ਗਏ ਹਨ, ਜਦੋਂ ਕਿ ਪਹਿਲਾਂ ਇਹ ਪੈਕੇਜ ਸਿਰਫ਼ 1600 ਸਨ। ਇਸ ਸਿਹਤ ਯੋਜਨਾ ਅਧੀਨ ਆਰਥੋਪੀਡਿਕਸ, ਜਨਰਲ ਮੈਡੀਸਨ, ਕਾਰਡੀਓਲੋਜੀ, ਨਿਊਰੋਲੋਜੀ, ਨੈਫਰੋਲੋਜੀ, ਯੂਰੋਲੋਜੀ, ਓਨਕੋਲੋਜੀ ਸਮੇਤ ਹੋਰ ਵਿਸ਼ੇਸ਼ ਇਲਾਜ ਸੇਵਾਵਾਂ ਲੋਕਾਂ ਨੂੰ ਪ੍ਰਦਾਨ ਕੀਤੀਆਂ ਜਾਣਗੀਆਂ।

Exit mobile version