ਉੱਘੇ ਸਮਾਜ ਸੇਵਕ ਸੰਦੀਪ ਗਿਲਹੋਤਰਾ ਦਾ ਦੇਹਾਂਤ ਸਮਾਜ ਲਈ ਨਾ ਪੂਰਾ ਹੋਣ ਵਾਲਾ ਘਾਟਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸੰਦੀਪ ਗਿਲਹੋਤਰਾ ਦਾ ਨਿਰਸਵਾਰਥ ਸੇਵਾ ਵਾਲਾ ਜੀਵਨ ਪੀੜ੍ਹੀਆਂ ਨੂੰ ਪ੍ਰੇਰਿਤ ਕਰਦਾ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸੰਦੀਪ ਗਿਲਹੋਤਰਾ ਦੇ ਅਚਾਨਕ ਦੇਹਾਂਤ ਨਾਲ ਪੈਦਾ ਹੋਇਆ ਖਲਾਅ ਭਰਿਆ ਨਹੀਂ ਜਾ ਸਕਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਫਾਜ਼ਿਲਕਾ, 21 ਫਰਵਰੀ 2026 (ਦੀ ਪੰਜਾਬ ਵਾਇਰ)– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਉੱਘੇ ਸਮਾਜ ਸੇਵਕ ਸੰਦੀਪ ਗਿਲਹੋਤਰਾ ਦੇ ਦੇਹਾਂਤ ‘ਤੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਗਿਲਹੋਤਰਾ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ, ਜਿਨ੍ਹਾਂ ਦਾ ਕੁਝ ਦਿਨ ਪਹਿਲਾਂ ਦੇਹਾਂਤ ਹੋ ਗਿਆ ਸੀ। ਸੰਦੀਪ ਗਿਲਹੋਤਰਾ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਸਹੁਰਾ ਸਾਹਿਬ ਸਨ।
ਇਸ ਔਖੀ ਘੜੀ ਵਿੱਚ ਪੀੜਤ ਪਰਿਵਾਰ ਨਾਲ ਦੁੱਖ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਵਰਗੀ ਸੰਦੀਪ ਗਿਲਹੋਤਰਾ ਨਿਰਸਵਾਰਥ ਸੇਵਾ ਦੇ ਚਾਨਣ ਮੁਨਾਰੇ ਅਤੇ ਸਮਰਪਿਤ ਸਮਾਜ ਸੇਵਕ ਸਨ, ਜਿਨ੍ਹਾਂ ਨੇ ਆਪਣਾ ਪੂਰਾ ਜੀਵਨ ਲੋਕਾਂ ਦੀ ਭਲਾਈ ਲਈ ਸਮਰਪਿਤ ਕਰ ਦਿੱਤਾ। ਉਨ੍ਹਾਂ ਨੇ ਸਮਾਜ ਦੇ ਸਾਰੇ ਵਰਗਾਂ, ਖਾਸ ਕਰ ਕੇ ਹਾਸ਼ੀਏ ‘ਤੇ ਧੱਕੇ ਭਾਈਚਾਰਿਆਂ ਦੀ ਬਿਹਤਰੀ ਲਈ ਅਣਥੱਕ ਕੰਮ ਕੀਤਾ। ਉਹ ਦੱਬੇ-ਕੁਚਲੇ ਅਤੇ ਲੋੜਵੰਦ ਲੋਕਾਂ ਦੀ ਮਦਦ ਲਈ ਹਮੇਸ਼ਾ ਤਿਆਰ ਰਹਿੰਦੇ ਸਨ।”
ਮੁੱਖ ਮੰਤਰੀ ਨੇ ਅੱਗੇ ਕਿਹਾ, “ਸੰਦੀਪ ਗਿਲਹੋਤਰਾ ਦੇ ਚੰਗੇ ਕੰਮ ਹਮੇਸ਼ਾ ਲੋਕਾਂ ਦੇ ਦਿਲਾਂ ਵਿੱਚ ਉੱਕਰੇ ਰਹਿਣਗੇ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਿਰਸਵਾਰਥ ਸੇਵਾ ਲਈ ਪ੍ਰੇਰਿਤ ਕਰਦੇ ਰਹਿਣਗੇ। ਉਨ੍ਹਾਂ ਦੇ ਬੇਵਕਤੀ ਅਕਾਲ ਚਲਾਣੇ ਨੇ ਇੱਕ ਅਜਿਹਾ ਖਲਾਅ ਪੈਦਾ ਕਰ ਦਿੱਤਾ ਹੈ, ਜੋ ਕਦੇ ਵੀ ਭਰਿਆ ਨਹੀਂ ਜਾ ਸਕਦਾ। ਇਸ ਮਹਾਨ ਸਮਾਜ ਸੇਵਕ ਦੇ ਯੋਗਦਾਨ ਹਮੇਸ਼ਾ ਸਮਾਜ ਸੇਵਾ ਦੇ ਮਾਰਗ ਨੂੰ ਰੌਸ਼ਨ ਕਰਦੇ ਰਹਿਣਗੇ।”
ਪਰਿਵਾਰ ਦੀ ਲੋਕ ਸੇਵਾ ਪ੍ਰਤੀ ਵਚਨਬੱਧਤਾ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਇਸ ਮਹਾਨ ਆਤਮਾ ਦੇ ਨਕਸ਼ੇ-ਕਦਮਾਂ ‘ਤੇ ਚੱਲਦਿਆਂ, ਉਨ੍ਹਾਂ ਦਾ ਜਵਾਈ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਮਿਸ਼ਨਰੀ ਉਤਸ਼ਾਹ ਨਾਲ ਸੂਬੇ ਦੇ ਲੋਕਾਂ ਦੀ ਸੇਵਾ ਕਰ ਰਹੇ ਹਨ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਪੀੜਤ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਸਨੇਹੀਆਂ ਨੂੰ ਇਸ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਕਰਨ ਦੀ ਤਾਕਤ ਦੇਣ ਅਤੇ ਵਿਛੜੀ ਰੂਹ ਨੂੰ ਸਦੀਵੀ ਸ਼ਾਂਤੀ ਬਖ਼ਸ਼ਣ।
ਇਸ ਮੌਕੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ, ਅਮਨਦੀਪ ਸਿੰਘ ਗੋਲਡੀ ਮੁਸਾਫਿਰ, ਜਗਦੀਪ ਕੰਬੋਜ ਗੋਲਡੀ ਅਤੇ ਹੋਰ ਵੀ ਮੌਜੂਦ ਸਨ।
