ਪੰਜਾਬ ਪੁਲਿਸ ਦੇ ਸ਼ਹੀਦ ਜਵਾਨ, ਪੰਜਾਬ ਦਾ ਮਾਣ ਤੇ ਦੇਸ਼ ਦੇ ਸਿਰ ਦਾ ਤਾਜ ਹਨ- ਕੈਬਨਿਟ ਮੰਤਰੀ ਕਟਾਰੂਚੱਕ, ਭੁੱਲਰ ਅਤੇ ਕਲਸੀ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਲਾਲਜੀਤ ਸਿੰਘ ਭੁੱਲਰ, ਵਿਧਾਇਕ ਸ਼ੈਰੀ ਕਲਸੀ, ਗੁਰਦੀਪ ਸਿੰਘ ਰੰਧਾਵਾ ਅਤੇ ਹਲਕਾ ਇੰਚਾਰਜ ਸਮਸ਼ੇਰ ਸਿੰਘ, ਰਮਨ ਬਹਿਲ ਨੇ ਸ਼ਹੀਦ ਏ.ਐੱਸ.ਆਈ. ਗੁਰਨਾਮ ਸਿੰਘ ਅਤੇ ਸ਼ਹੀਦ ਪੀ.ਐੱਚ.ਜੀ. ਅਸ਼ੋਕ ਕੁਮਾਰ ਦੇ ਗ੍ਰਹਿ ਵਿਖੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਵੰਡਾਇਆ

ਪੰਜਾਬ ਸਰਕਾਰ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ 1-1 ਕਰੋੜ ਰੁਪਏ ਦੀ ਐਕਸਗ੍ਰੇਸ਼ੀਆ ਰਾਸ਼ੀ ਪ੍ਰਦਾਨ ਕਰੇਗੀ

ਕੈਬਨਿਟ ਮੰਤਰੀਆਂ ਵਲੋਂ ਪੁਲਿਸ ਜਵਾਨਾਂ ਦੀ ਸ਼ਹਾਦਤ ਤੇ ਵਿਰੋਧੀ ਪਾਰਟੀਆਂ ਵਲੋਂ ਸਿਆਸਤ ਕਰਨ ਦੀ ਕੀਤੀ ਸਖ਼ਤ ਨਿਖੇਧੀ

ਕਿਹਾ-ਵਿਰੋਧੀ ਪਾਰਟੀਆਂ ਪੰਜਾਬ ਅਤੇ ਦੇਸ਼ ਦੀ ਅਮਨ ਸ਼ਾਂਤੀ ਨੂੰ ਖਰਾਬ ਕਰਨ ਵਾਲੀਆਂ ਤਾਕਤਾਂ ਦਾ ਦੇ ਰਹੀਆਂ ਨੇ ਸਾਥ

ਗੁਰਦਾਸਪੁਰ, 28 ਫਰਵਰੀ 2026 (ਮੰਨਨ ਸੈਣੀ ) ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਲਾਲਜੀਤ ਸਿੰਘ ਭੁੱਲਰ ਨੇ ਅੱਜ ਬੀਤੇ ਦਿਨੀਂ ਪਿੰਡ ਆਦੀਆਂ ਨੇੜੇ ਦੋਰਾਂਗਲਾ ਵਿਖੇ ਵਾਪਰੀ ਮੰਦਭਾਗੀ ਘਟਨਾ ਜਿਸ ਵਿੱਚ ਪਿੰਡ ਗਾਦੜੀਆਂ ਦੇ ਸ਼ਹੀਦ ਏ.ਐੱਸ.ਆਈ. ਗੁਰਨਾਮ ਸਿੰਘ ਅਤੇ ਪਿੰਡ ਅਖਲਾਸਪੁਰ ਦੇ ਸ਼ਹੀਦ ਪੀ.ਐੱਚ.ਜੀ. ਅਸ਼ੋਕ ਕੁਮਾਰ ਸ਼ਹੀਦ ਹੋ ਗਏ ਸਨ,ਦੇ ਗ੍ਰਹਿ ਵਿਖੇ ਪਹੁੰਚ ਕੇ ਸ਼ਹੀਦ ਪਰਿਵਾਰਾਂ ਨਾਲ ਦੁੱਖ ਵੰਡਾਇਆ। ਇਸ ਮੌਕੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ, ਵਿਧਾਇਕ ਗੁਰਦੀਪ ਸਿੰਘ ਰੰਧਾਵਾ, ਗੁਰਸਿਮਰਨ ਸਿੰਘ ਢਿੱਲੋਂ,ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ, ਹਲਕਾ ਇੰਚਾਰਜ ਦੀਨਾਨਗਰ ਸਮਸ਼ੇਰ ਸਿੰਘ, ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ,ਹਲਕਾ ਇੰਚਾਰਜ ਫਤਿਹਗੜ੍ਹ ਚੂੜੀਆਂ ਬਲਬੀਰ ਸਿੰਘ ਪਨੂੰ ਸਮੇਤ ਪਾਰਟੀ ਦੇ ਆਗੂ ਤੇ ਵਰਕਰ ਮੌਜੂਦ ਸਨ।

ਇਸ ਮੌਕੇ ਪਰਿਵਾਰ ਨਾਲ ਦੁੱਖ ਵੰਡਾਉਣ ਉਪਰੰਤ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸ਼ਹੀਦ ਏ.ਐੱਸ.ਆਈ. ਗੁਰਨਾਮ ਸਿੰਘ ਅਤੇ ਪੀ.ਐੱਚ.ਜੀ. ਅਸ਼ੋਕ ਕੁਮਾਰ ਦੀ ਬਹਾਦਰੀ ਨੂੰ ਸਿਜਦਾ ਹੈ, ਜਿਨ੍ਹਾਂ ਨੇ ਡਿਊਟੀ ਦੌਰਾਨ ਆਪਣੀਆਂ ਜਾਨਾਂ ਵਾਰ ਦਿੱਤੀਆਂ। ਉਨ੍ਹਾਂ ਕਿਹਾ ਕਿ ਸ਼ਹੀਦ ਜਵਾਨ ਪੰਜਾਬ ਦਾ ਮਾਣ ਤੇ ਦੇਸ਼ ਦੇ ਸਿਰ ਦਾ ਤਾਜ ਹਨ, ਜਿਨ੍ਹਾਂ ਨੂੰ ਦੇਸ਼ ਵਿਰੋਧੀ ਤਾਕਤਾਂ ਨੇ ਕਾਇਰਾਨਾ ਹਰਕਤ ਕਰਕੇ ਸ਼ਹੀਦ ਕਰ ਦਿੱਤਾ ਗਿਆ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਸ਼ਹੀਦ ਪਰਿਵਾਰਾਂ ਨਾਲ ਮੋਢੇ ਨਾਲ ਮੋਢਾ ਲਾ ਕੇ ਖੜੀ ਹੈ ਅਤੇ ਸ਼ਹੀਦਾਂ ਦੇ ਸਨਮਾਨ ਵਿੱਚ ਪੰਜਾਬ ਸਰਕਾਰ ਉਨ੍ਹਾਂ ਦੇ ਪਰਿਵਾਰਾਂ ਨੂੰ 1-1 ਕਰੋੜ ਰੁਪਏ ਦੀ ਐਕਸਗ੍ਰੇਸ਼ੀਆ ਰਾਸ਼ੀ ਪ੍ਰਦਾਨ ਕਰੇਗੀ।

ਇਸ ਮੌਕੇ ਪੱਤਰਕਾਰਾਂ ਦੇ ਇਕ ਸਵਾਲ ਦੇ ਜਵਾਬ ਵਿੱਚ ਨੇ ਵਿਰੋਧੀ ਪਾਰਟੀ ਦੇ ਆਗੂਆਂ ਦੀ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਪੁਲਿਸ ਦੇ ਬਹਾਦਰ ਜਵਾਨਾਂ ਦੇ ਪਰਿਵਾਰਾਂ ਨਾਲ ਖੜ੍ਹਨ ਦਾ ਸਮਾਂ ਹੈ ਨਾ ਕਿ ਹਲਕੇ ਪੱਧਰ ਦੀ ਸਿਆਸਤ ਕਰਨ ਦਾ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਹਮੇਸ਼ਾ ਸੂਬੇ ਤੇ ਦੇਸ਼ ਦੀ ਰੱਖਿਆ ਲਈ ਸ਼ਹਾਦਤਾਂ ਦਿੱਤੀਆਂ ਹਨ। 

ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ, ਪੰਜਾਬ ਅਤੇ ਦੇਸ਼ ਦੀ ਅਮਨ ਸ਼ਾਂਤੀ, ਏਕਤਾ ਅਤੇ ਅਖੰਡਤਾ ਨੂੰ ਤੋੜਨ ਵਾਲੀਆਂ ਦੇਸ਼ ਵਿਰੋਧੀ ਤਾਕਤਾਂ ਦੀ ਬੋਲੀ ਬੋਲ ਰਹੀਆਂ ਹਨ , ਜੋ ਅਤਿ ਨਿੰਦਣਯੋਗ ਹੈ।

ਉਨ੍ਹਾਂ ਕਿਹਾ ਕਿ ਪਾਕਿ ਆਧਾਰਿਤ ਆਈ.ਐੱਸ.ਆਈ ਏਜੰਸੀ ਸਰਹੱਦੀ ਸੂਬੇ ਪੰਜਾਬ ਅਤੇ ਦੇਸ਼ ਦਾ ਮਾਹੌਲ ਖਰਬ ਕਰ ਰਹੀ ਹੈ ਅਤੇ ਨੌਜਵਾਨਾਂ ਨੂੰ ਗੁੰਮਰਾਹ ਕਰ ਰਹੀ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਦੇਸ਼ ਵਿਰੋਧੀ ਤਾਕਤਾਂ ਦੇ ਚੁੰਗਲ ਵਿੱਚ ਨਾ ਫਸਣ ਤੇ ਸੂਬੇ ਤੇ ਦੇਸ਼ ਦੀ ਤਰੱਕੀ ਤੇ ਖੁਸ਼ਹਾਲੀ ਲਈ ਆਪਣਾ ਯੋਗਦਾਨ ਪਾਉਣ ਲਈ ਅੱਗੇ ਆਉਣ।

ਇਸ ਮੌਕੇ ਗੱਲ ਕਰਦਿਆਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ, ਸ਼ਹੀਦਾਂ ਦੇ ਪਰਿਵਾਰਾਂ ਦੇ ਨਾਲ ਹੈ ਅਤੇ ਇਸ ਸੰਕਟ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਲਾ ਕੇ ਖੜੀ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਕਾਰਵਾਈ ਕਰਦਿਆਂ ਦੋਸ਼ੀਆਂ ਨੂੰ ਫੜ ਲਿਆ ਗਿਆ ਹੈ ਅਤੇ ਉਨ੍ਹਾਂ ਨੇ ਕਬੂਲ ਵੀ ਕਰ ਲਿਆ ਹੈ ਕਿ ਇਸ ਵਾਰਦਾਤ ਨੂੰ ਇਨ੍ਹਾਂ ਨੇ ਹੀ ਅੰਜ਼ਾਮ ਦਿੱਤਾ ਹੈ। ਉਨ੍ਹਾਂ ਸਖਤ ਲਫਜ਼ਾਂ ਵਿੱਚ ਕਿਹਾ ਕਿ ਅਮਨ ਸ਼ਾਤੀ ਭੰਗ ਕਰਨ ਵਾਲੀਆਂ ਤਾਕਤਾਂ ਨੂੰ ਬਖਸ਼ਿਆ ਨਹੀ ਜਾਵੇਗਾ।

ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਨੂੰ ਪੁਲਿਸ ਦਾ ਮਨੋਬਲ ਵਧਾਉਣਾ ਚਾਹੀਦਾ ਹੈ ਪਰ ਉਹ ਸ਼ਹਾਦਤ ਦੇ ਨਾਮ ਤੇ ਆਪਣੀਆਂ ਸਿਆਸੀ ਰੋਟੀਆਂ ਸੇਕ ਰਹੇ ਹਨ, ਜੋ ਬਹੁਤ ਨਿੰਦਣਯੋਗ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦਾ ਸ਼ਾਨਾਮੱਤਾ ਇਤਿਹਾਸ ਹੈ ਅਤੇ ਅੱਤਵਾਦ ਦੇ ਕਾਲੇ ਦੌਰ ਵਿੱਚ ਵੀ ਪੰਜਾਬ ਪੁਲਿਸ ਦੇ ਜਾਂਬਾਜ਼ ਤੇ ਬਹਾਦਰ ਜਵਾਨਾਂ ਨੇ ਆਪਣੀਆਂ ਜਾਨਾਂ ਨਿਛਾਵਰ ਕਰ ਦਿੱਤੀਆਂ ਸਨ ਤੇ ਅੱਤਵਾਦੀਆਂ ਦੇ ਮਨਸੂਬੇ ਨੂੰ ਅਸਫਲ ਕਰ ਦਿੱਤਾ ਸੀ।  ਇਸ ਲਈ ਵਿਰੋਧੀ ਪਾਰਟੀਆਂ ਨੂੰ ਸ਼ਹੀਦ ਹੋਵੇ ਜਵਾਨਾਂ ਤੇ ਸਿਆਸਤ ਕਰਨ ਦੀ ਥਾਂ ਤੇ ਪੰਜਾਬ ਪੁਲਿਸ ਦੇ ਗੌਰਵਮਈ ਇਤਿਹਾਸਤੇ ਮਾਣ ਕਰਨਾ ਚਾਹੀਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿਰੋਧੀ ਤਾਕਤਾਂ ਦੇ ਝਾਂਸਿਆ ਵਿੱਚ ਨਾ ਆਉਣ ਅਤੇ ਆਪਣੇ ਪਰਿਵਾਰ, ਸੂਬੇ ਤੇ ਦੇਸ਼ ਦੀ ਸੇਵਾ ਕਰਨ।

ਇਸ ਮੌਕੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਦੇਸ਼ ਵਿਰੋਧੀ ਤਾਕਤਾਂ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦੀਆਂ ਹਨ ਅਤੇ ਇਹੀ ਤਾਕਤਾਂ ਸੂਬੇ ਅੰਦਰ ਨਸ਼ੇ ਅਤੇ ਗੈਂਗਸਟਰ ਦੇ ਕਲਚਰ ਨੂੰ ਉਤਸਾਹਿਤ ਕਰ ਰਹੀਆਂ ਹਨ, ਜਿਸ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਨੇ ਹਮੇਸ਼ਾ ਸੂਬੇ ਅਤੇ ਦੇਸ਼ ਦੀ ਖਾਤਰ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ ।

ਉਨ੍ਹਾਂ ਕਿਹਾ ਕਿ ਸਾਨੂੰ ਪੰਜਾਬ ਪੁਲੀਸ ਤੇ ਮਾਣ ਹੈ, ਜਿਨ੍ਹਾਂ ਨੇ ਸ਼ਹੀਦ ਜਵਾਨਾਂ ਦੇ ਦੋਸ਼ੀਆਂ ਨੂੰ ਫੜ ਲਿਆ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਪੰਜਾਬ ਪੁਲਿਸ ਦਾ ਮਨੋਬਲ ਵਧਾਉਣ ਦੀ ਥਾਂ ਉਨ੍ਹਾਂ ਦੀ ਨੁਕਤਾਚੀਨੀ ਕਰ ਰਹੇ ਹਨ, ਜੋ ਬਹੁਤ ਹੀ ਨਿੰਦਣਯੋਗ ਅਤੇ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਖੁਦ ਜੱਜ ਨਾ ਬਣਨ, ਇਹ ਕਾਰਜ ਨਿਆਂ ਪਾਲਿਕਾ ਦਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਮੁੱਚੀ ਪਾਰਟੀ ਸ਼ਹੀਦ ਪਰਿਵਾਰਾਂ ਦੇ ਨਾਲ ਖੜੀ ਹੈ ਅਤੇ ਸ਼ਹੀਦਾਂ ਦੇ ਮਾਣ ਸਨਮਾਨ ਲਈ ਵਚਨਬੱਧ ਹੈ।

ਉਨ੍ਹਾਂ ਨੇ ਕਿਹਾ ਕਿ ਅਸੀਂ ਆਪਣੇ ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਇਸ ਦੁੱਖ ਦੀ ਘੜੀ ਵਿੱਚ ਮੋਢੇ ਨਾਲ ਮੋਢਾ ਲਾ ਕੇ ਖੜ੍ਹੇ ਹਾਂ।

Exit mobile version