ਬਹਿਲ ਪਰਿਵਾਰ ਨੇ ਹਮੇਸ਼ਾਂ ਹੀ ਸੇਵਾ ਦੀ ਰਾਜਨੀਤੀ ਕੀਤੀ ਹੈ – ਰਮਨ ਬਹਿਲ
ਗੁਰਦਾਸਪੁਰ, 11 ਮਾਰਚ 2026 (ਮੰਨਣ ਸੈਣੀ )। ਪਿੰਡ ਜੋੜਾ ਛੱਤਰਾਂ ਦੇ ਰਹਿਣ ਵਾਲੇ ਹੀਰਾ ਸਿੰਘ ਪੁੱਤਰ ਦਰਸ਼ਨ ਸਿੰਘ ਦੇ ਪਰਿਵਾਰ ਨਾਲ ਬੀਤੀ 25 ਜਨਵਰੀ ਨੂੰ ਵਾਪਰੇ ਦੁੱਖਦਾਈ ਹਾਦਸੇ ਦੌਰਾਨ ਉਸ ਦੀਆਂ 5 ਦੁਧਾਰੂ ਗਾਂਵਾਂ ਦੀ ਮੌਤ ਹੋ ਗਈ ਸੀ। ਇਸ ਕਾਰਨ ਪਰਿਵਾਰ ਨੂੰ ਵੱਡਾ ਆਰਥਿਕ ਨੁਕਸਾਨ ਝੱਲਣਾ ਪਿਆ ਸੀ। ਇਸ ਮੁਸ਼ਕਲ ਸਮੇਂ ਵਿੱਚ ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰ ਦੀ ਮਦਦ ਲਈ ਅੱਗੇ ਆਉਂਦਿਆਂ ਮੁੱਖ ਮੰਤਰੀ ਰਾਹਤ ਫੰਡ ਵਿਚੋਂ 2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਮਨਜ਼ੂਰ ਕੀਤੀ ਗਈ ਹੈ।
ਹਲਕਾ ਇੰਚਾਰਜ ਗੁਰਦਾਸਪੁਰ ਸ੍ਰੀ ਰਮਨ ਬਹਿਲ ਦੀ ਕੋਸ਼ਿਸ਼ਾਂ ਸਦਕਾ ਇਹ ਮਾਲੀ ਸਹਾਇਤਾ ਪ੍ਰਾਪਤ ਹੋਈ। ਅੱਜ ਸ੍ਰੀ ਰਮਨ ਬਹਿਲ ਵੱਲੋਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਆਦਿੱਤਿਆ ਉੱਪਲ ਦੀ ਮੌਜੂਦਗੀ ਵਿੱਚ ਪੀੜਤ ਹੀਰਾ ਸਿੰਘ ਨੂੰ 2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਭੇਂਟ ਕੀਤਾ ਗਿਆ।
ਇਸ ਮੌਕੇ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਉਨ੍ਹਾਂ ਵੱਲੋਂ ਇਹ ਮਾਮਲਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਮਾਨ ਅਜਿਹੇ ਮਸਲਿਆਂ ਪ੍ਰਤੀ ਬਹੁਤ ਸੰਵੇਦਨਸ਼ੀਲ ਹਨ ਅਤੇ ਉਨ੍ਹਾਂ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਪੀੜਤ ਪਰਿਵਾਰ ਨੂੰ ਮੁੱਖ ਮੰਤਰੀ ਰਾਹਤ ਫੰਡ ਵਿਚੋਂ 2 ਲੱਖ ਰੁਪਏ ਦੀ ਮਾਲੀ ਸਹਾਇਤਾ ਦੇਣ ਦਾ ਭਰੋਸਾ ਦਿੱਤਾ ਗਿਆ ਸੀ। ਮਾਨ ਸਰਕਾਰ ਨੇ ਆਪਣਾ ਵਾਅਦਾ ਨਿਭਾਉਂਦਿਆਂ ਇਹ ਰਕਮ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਭੇਜੀ, ਜੋ ਅੱਜ ਹੀਰਾ ਸਿੰਘ ਨੂੰ ਸੌਂਪ ਦਿੱਤੀ ਗਈ ਹੈ।
ਰਮਨ ਬਹਿਲ ਨੇ ਕਿਹਾ ਕਿ ਇਸ ਸਹਾਇਤਾ ਨਾਲ ਹੀਰਾ ਸਿੰਘ ਦੁਬਾਰਾ ਆਪਣੇ ਦੁੱਧ ਦੇ ਕਾਰੋਬਾਰ ਨੂੰ ਸ਼ੁਰੂ ਕਰ ਸਕੇਗਾ ਅਤੇ ਆਪਣੇ ਪਰਿਵਾਰ ਦੀ ਪਰਵਰਿਸ਼ ਚੰਗੇ ਤਰੀਕੇ ਨਾਲ ਕਰ ਸਕੇਗਾ। ਉਨ੍ਹਾਂ ਕਿਹਾ ਕਿ ਔਖੀ ਘੜੀ ਵਿੱਚ ਕਿਸੇ ਦੇ ਨਾਲ ਖੜ੍ਹੇ ਹੋਣਾ ਸਾਡਾ ਇਖਲਾਕੀ ਅਤੇ ਸਮਾਜਿਕ ਫਰਜ਼ ਹੈ।
ਉਨ੍ਹਾਂ ਅੱਗੇ ਕਿਹਾ ਕਿ ਬਹਿਲ ਪਰਿਵਾਰ ਨੇ ਹਮੇਸ਼ਾਂ ਹੀ ਸੇਵਾ ਦੀ ਰਾਜਨੀਤੀ ਨੂੰ ਤਰਜੀਹ ਦਿੱਤੀ ਹੈ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਦੀ ਭਲਾਈ ਅਤੇ ਸੇਵਾ ਲਈ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਉਹ ਆਪਣਾ ਇਨਸਾਨੀ ਫਰਜ਼ ਸਮਝਦੇ ਹੋਏ ਹਮੇਸ਼ਾਂ ਹੀ ਪੀੜਤ ਅਤੇ ਲੋੜਵੰਦ ਲੋਕਾਂ ਦੇ ਨਾਲ ਖੜ੍ਹੇ ਰਹਿਣਗੇ।
ਰਮਨ ਬਹਿਲ ਨੇ ਇਹ ਵੀ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਉਹ ਗੁਰਦਾਸਪੁਰ ਸ਼ਹਿਰ ਦੇ ਅਮਾਮਵਾੜਾ ਚੌਂਕ ਵਿੱਚ ਅੱਗ ਲੱਗਣ ਕਾਰਨ ਨੁਕਸਾਨ ਝੱਲਣ ਵਾਲੇ ਦੁਕਾਨਦਾਰਾਂ ਨੂੰ ਪੰਜਾਬ ਸਰਕਾਰ ਵੱਲੋਂ 1-1 ਲੱਖ ਰੁਪਏ ਦੀ ਮਾਲੀ ਸਹਾਇਤਾ ਦਿਵਾ ਚੁੱਕੇ ਹਨ। ਇਸ ਤੋਂ ਇਲਾਵਾ ਉਨ੍ਹਾਂ ਮਰਹੂਮ ਆਸ਼ੂਤੋਸ਼ ਦੇ ਪਰਿਵਾਰ ਨੂੰ ਵੀ ਪੰਜਾਬ ਸਰਕਾਰ ਵੱਲੋਂ 2 ਲੱਖ ਰੁਪਏ ਦੀ ਮਦਦ ਦਿਵਾਈ ਗਈ ਅਤੇ ਪਿੰਡ ਬੱਬੇਹਾਲੀ ਦੇ ਵਾਸੀ ਨੌਜਵਾਨ ਮਰਹੂਮ ਰਣਦੀਪ ਸਿੰਘ ਰਾਣਾ ਦੀ ਨਹਿਰ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਸੀ ਦੇ ਪਿਤਾ ਕਰਨੈਲ ਸਿੰਘ ਨੂੰ ਮੁੱਖ ਮੰਤਰੀ ਰਾਹਤ ਫ਼ੰਡ ਵਿਚੋਂ 2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਗਈ ਸੀ।
ਇਸ ਮੌਕੇ ਸਰਪੰਚ ਸ.ਨਿਸ਼ਾਨ ਸਿੰਘ ਪਿੰਡ ਜੋੜਾ ਛੱਤਰਾਂ, ਪਲਵਿੰਦਰ ਸਿੰਘ, ਹੀਰਾ ਸਿੰਘ ਦਾ ਪਰਿਵਾਰਕ ਮੈਂਬਰ ਅਤੇ ਪਿੰਡ ਦੇ ਵਿਅਕਤੀ ਮੌਜੂਦ ਸਨ।
