ਗੁਰਦਾਸਪੁਰ, 18 ਮਾਰਚ 2026 (ਮੰਨਣ ਸੈਣੀ)। ਨੈਸ਼ਨਲ ਵੈਕਟਰ ਬੋਰਨ ਡਿਜ਼ੀਜ਼ ਕੰਟਰੋਲ ਪ੍ਰੋਗਰਾਮ ਤਹਿਤ ਸਿਵਲ ਸਰਜਨ ਗੁਰਦਾਸਪੁਰ ਡਾ. ਮਹੇਸ਼ ਕੁਮਾਰ ਪ੍ਰਭਾਕਰ ਦੀ ਅਗੁਵਾਈ ਹੇਠ ਗੁਰਦਾਸਪੁਰ ਜ਼ਿਲ੍ਹੇ ਵਿੱਚ ਆਰਮੀ ਦੇ ਬੀਆਰਓ ਕਾਹਲਾਵਾਲੀ ਵਿਖੇ ਜਾਗਰੂਕਤਾ ਅਤੇ ਜਾਂਚ ਮੁਹਿੰਮ ਚਲਾਈ ਗਈ।
ਮੁਹਿੰਮ ਦੀ ਅਗੁਵਾਈ ਕਰਦੇ ਹੋਏ ਜ਼ਿਲ੍ਹਾ ਐਪੀਡਮੋਲੋਜਿਸਟ ਡਾ. ਗੁਰਪ੍ਰੀਤ ਕੌਰ ਅਤੇ ਡਾ. ਕੁਲਵਿੰਦਰ ਕੌਰ ਨੇ ਆਪਣੀ ਟੀਮ ਸਮੇਤ ਆਰਮੀ ਏਰੀਏ ਵਿੱਚ ਮੱਛਰ ਦੇ ਲਾਰਵੇ ਦੀ ਜਾਂਚ ਕੀਤੀ ਅਤੇ ਮੱਛਰ ਜਨਿਤ ਰੋਗਾਂ ਦੀ ਰੋਕਥਾਮ ਸਬੰਧੀ ਕੀਤੇ ਜਾਣ ਵਾਲੇ ਉਪਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ।
ਇਸ ਮੌਕੇ ਉਨ੍ਹਾਂ ਦੱਸਿਆ ਕਿ ਇਨ੍ਹੀਂ ਦਿਨੀਂ ਬਰਸਾਤ ਕਾਰਨ ਜਗ੍ਹਾ-ਜਗ੍ਹਾ ਜਮ੍ਹਾਂ ਪਾਣੀ ਵਿੱਚ ਮੱਛਰ ਦਾ ਲਾਰਵਾ ਪੈਦਾ ਹੋਣ ਦਾ ਖ਼ਤਰਾ ਬਣਿਆ ਹੋਇਆ ਹੈ। ਜ਼ਿਲ੍ਹੇ ਵਿੱਚ ਡੇਂਗੂ ਅਤੇ ਮਲੇਰੀਆ ਦੀ ਰੋਕਥਾਮ ਲਈ ਫੀਲਡ ਸਟਾਫ਼ ਵੱਲੋਂ ਘਰਾਂ ਅਤੇ ਹੋਰ ਥਾਵਾਂ ‘ਤੇ ਮੱਛਰ ਦੇ ਲਾਰਵੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਗੰਦੇ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਬਾਰੇ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਤੇ ਵੀ ਫ਼ਾਲਤੂ ਪਾਣੀ ਜਮ੍ਹਾਂ ਨਾ ਹੋਣ ਦਿੱਤਾ ਜਾਵੇ। ਜੇਕਰ ਕਿਤੇ ਮੱਛਰ ਦਾ ਲਾਰਵਾ ਹੋਵੇ ਤਾਂ ਉਸ ਨੂੰ ਤੁਰੰਤ ਨਸ਼ਟ ਕੀਤਾ ਜਾਵੇ। ਬੁਖ਼ਾਰ ਹੋਣ ‘ਤੇ ਨੇੜਲੇ ਸਿਹਤ ਕੇਂਦਰ ਤੋਂ ਜਾਂਚ ਕਰਵਾਈ ਜਾਵੇ ਅਤੇ ਡਾਕਟਰ ਦੀ ਸਲਾਹ ਨਾਲ ਹੀ ਦਵਾਈ ਲਈ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਸਮੂਹ ਸਰਕਾਰੀ ਹਸਪਤਾਲਾਂ ਵਿੱਚ ਡੇਂਗੂ ਦਾ ਟੈਸਟ ਅਤੇ ਇਲਾਜ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ।
ਇਸ ਮੌਕੇ ਡਾਕਟਰਾਂ ਨੇ ਕਰਨਲ ਸੰਤੋਸ਼ ਜਗਦਲੇ ਅਤੇ ਮੈਡੀਕਲ ਅਫ਼ਸਰ ਡਾ. ਅਮਨ ਕੁਮਾਰ ਨੂੰ ਭਰੋਸਾ ਦਿੱਤਾ ਕਿ ਕਾਹਲਾਵਾਲੀ ਡਰੇਨ ਦੀ ਸਫ਼ਾਈ ਲਈ ਸੰਬੰਧਤ ਵਿਭਾਗ ਨੂੰ ਜਲਦੀ ਪੱਤਰ ਲਿਖਿਆ ਜਾਵੇਗਾ।
